Tuesday , 16 July 2019
Breaking News
You are here: Home » HEALTH » ਅੰਮ੍ਰਿਤਸਰ ਰੇਲ ਹਾਦਸਾ: ਪੰਜਾਬ ਸਰਕਾਰ ਵੱਲੋਂ 36 ਜ਼ਖਮੀਆਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਭੇਟ

ਅੰਮ੍ਰਿਤਸਰ ਰੇਲ ਹਾਦਸਾ: ਪੰਜਾਬ ਸਰਕਾਰ ਵੱਲੋਂ 36 ਜ਼ਖਮੀਆਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਭੇਟ

ਸਿਹਤ ਮੰਤਰੀ ਨੇ ਸਿਵਲ ਹਸਪਤਾਲ ਅਤੇ ਗੁਰੂ ਨਾਨਕ ਹਸਪਤਾਲ ਨੂੰ 10-10 ਲੱਖ ਰੁਪਏ ਦਿੱਤੇ

ਅੰਮ੍ਰਿਤਸਰ, 28 ਅਕਤੂਬਰ- ਪੰਜਾਬ ਦੇ ਕੈਬਨਿਟ ਮੰਤਰੀਆਂ ਸ੍ਰੀ ਬ੍ਰਹਮ ਮਹਿੰਦਰਾ, ਸ. ਨਵਜੋਤ ਸਿੰਘ ਸਿੱਧੂ , ਸ. ਸਾਧੂ ਸਿੰਘ ਧਰਮਸੋਤ ਅਤੇ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਅੰਮ੍ਰਿਤਸਰ ਦੇ ਪੰਜ ਹਸਪਤਾਲਾਂ ਵਿੱਚ ਜਾ ਕੇ ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ। ਜ਼ਿਕਰਯੋਗ ਹੈ ਕਿ ਦੁਸਹਿਰੇ ਦੀ ਸ਼ਾਮ ਅੰਮ੍ਰਿਤਸਰ ਵਿਖੇ ਵਾਪਰੇ ਰੇਲ ਹਾਦਸੇ ਵਿੱਚ 58 ਵਿਅਕਤੀਆਂ ਦੀ ਮੌਤ ਹੋ ਗਈ ਅਤੇ 38 ਜ਼ਖਮੀ ਹੋ ਗਏ ਸਨ, ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ। ਇਸ ਮੌਕੇ ਸਿਵਲ ਹਸਪਤਾਲ ਅੰਮ੍ਰਿਤਸਰ ਅਤੇ ਗੁਰੂ ਨਾਨਕ ਹਸਪਤਾਲ ਵੱਲੋਂ ਦਾਖਲ ਮਰੀਜ਼ਾਂ ਦੀ ਕੀਤੀ ਗਈ ਸਾਂਭ-ਸੰਭਾਲ ਅਤੇ ਇਲਾਜ ਤੋਂ ਸੰਤੁਸ਼ਟ ਹੋ ਕੇ ਸਿਹਤ ਮੰਤਰੀ ਨੇ ਮਰੀਜ਼ਾਂ ਦੇ ਕੰਮ ਆਉਣ ਵਾਲੀ ਮਸ਼ੀਨਰੀ ਖਰੀਦਣ ਵਾਸਤੇ ਆਪਣੇ ਅਖਤਿਆਰੀ ਫੰਡ ਵਿੱਚੋਂ ਦੋਵਾਂ ਹਸਪਤਾਲਾਂ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਕੋਈ ਵੀ ਮਰੀਜ਼ ਇਲਾਜ ਤੋਂ ਵਿਰਵਾ ਨਹੀਂ ਰਹਿਣਾ ਚਾਹੀਦਾ ਅਤੇ ਹਰੇਕ ਮਰੀਜ਼ ਨੂੰ ਪੂਰੀ ਤਰ੍ਹਾਂ ਤੰਦਰੁਸਤ ਹੋਣ ਤੋਂ ਬਾਅਦ ਹੀ ਹਸਪਤਾਲ ਵਿੱਚੋਂ ਛੁੱਟੀ ਦਿੱਤੀ ਜਾਵੇ। ਉਨ੍ਹਾਂ ਉਕਤ ਹਸਪਤਾਲਾਂ ਦੇ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ ਵੱਲੋਂ ਸੰਕਟ ਦੇ ਇਸ ਸਮੇਂ ਵਿੱਚ ਦਿੱਤੀਆਂ ਸੇਵਾਵਾਂ ਉਤੇ ਤਸੱਲੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਪੀੜਤ ਪਰਿਵਾਰਾਂ ਦੇ ਮੁੜ ਵਸੇਬੇ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਉਥੇ ਜ਼ਖਮੀਆਂ ਦੇ ਇਲਾਜ ਵਿੱਚ ਕਿਸੇ ਤਰ੍ਹਾਂ ਦੀ ਕਮੀ ਨਾ ਰਹਿਣ ਦੇਣ ਲਈ ਵੀ ਆਖਿਆ ਗਿਆ ਹੈ। ਸ੍ਰੀ ਮਹਿੰਦਰਾ ਨੇ ਕਿਹਾ ਕਿ ਜ਼ਖਮੀਆਂ ਦਾ ਇਲਾਜ ਮੈਡੀਕਲ ਜ਼ਰੂਰਤ ਪੂਰੀ ਹੋਣ ਤੱਕ ਜਾਰੀ ਰਹਿਣਾ ਚਾਹੀਦਾ ਹੈ, ਚਾਹੇ ਉਸ ਲਈ ਕਿੰਨਾ ਵੀ ਸਮਾਂ ਜਾਂ ਪੈਸਾ ਕਿਉਂ ਨਾ ਲੱਗੇ। ਉਨ੍ਹਾਂ ਡਾਕਟਰਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਮਰੀਜ਼ਾਂ ਦਾ ਧਿਆਨ ਰੱਖਣ ਤੇ ਹਰ ਲੋੜ ਪੂਰੀ ਕਰਨ। ਉਨ੍ਹਾਂ ਅੰਮ੍ਰਿਤਸਰ ਕਾਰਪੋਰੇਸ਼ਨ ਵੱਲੋਂ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਨੌਕਰੀ ਦੇਣ ਦੇ ਕੀਤੇ ਐਲਾਨ ’ਤੇ ਸੰਤਸ਼ੁਟੀ ਜ਼ਾਹਿਰ ਕਰਦੇ ਕਿਹਾ ਕਿ ਇਹ ਇਨ੍ਹਾਂ ਦਾ ਜੀਵਨ ਨਿਰਬਾਹ ਕਰਨ ਵਿੱਚ ਸਹਾਈ ਹੋਵੇਗਾ। ਸ. ਸਰਕਾਰੀਆ ਨੇ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਰੇਲ ਹਾਦਸੇ ਦੇ ਪੀੜਤਾਂ ਦੀ ਸਾਰ ਲੈਣ ਲਈ ਕੀਤੇ ਵਿਸ਼ੇਸ਼ ਯਤਨਾਂ ਉਤੇ ਸੰਤੁਸ਼ਟੀ ਜ਼ਾਹਰ ਕੀਤੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਨਾ ਕੇਵਲ ਹਸਪਤਾਲਾਂ ਵਿੱਚ ਜਾ ਕੇ ਮਰੀਜ਼ਾਂ ਦਾ ਹਾਲ ਪੁੱਛਿਆ, ਸਗੋਂ ਮ੍ਰਿਤਕ ਅਤੇ ਜ਼ਖ਼ਮੀ ਵਿਅਕਤੀਆਂ ਨੂੰ ਮਾਲੀ ਮਦਦ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ। ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇਹ ਪੀੜਤ ਪਰਿਵਾਰ, ਉਨ੍ਹਾਂ ਦੇ ਆਪਣੇ ਪਰਿਵਾਰ ਦਾ ਹਿੱਸਾ ਹਨ ਅਤੇ ਮੈਂ ਇਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਤੇ ਬਜ਼ੁਰਗਾਂ ਦੀ ਸਾਂਭ-ਸੰਭਾਲ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਵਿੰਦਰ ਸਿੰਘ, ਸੀਨੀਅਰ ਡਿਪਟੀ ਮੇਅਰ ਸ੍ਰੀ ਰਮਨ ਬਖਸ਼ੀ, ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ, ਐਸ.ਡੀ.ਐਮ. ਸ੍ਰੀ ਰਾਜੇਸ਼ ਸ਼ਰਮਾ, ਸਹਾਇਕ ਕਮਿਸ਼ਨਰ ਸ੍ਰੀ ਸ਼ਿਵਰਾਜ ਸਿੰਘ ਬੱਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Comments are closed.

COMING SOON .....


Scroll To Top
11