Monday , 20 January 2020
Breaking News
You are here: Home » PUNJAB NEWS » ਕੇਂਦਰ ਤੇ ਪੰਜਾਬ ਦੇ ਉੱਚ ਅਧਿਕਾਰੀਆਂ ਵੱਲੋਂ ਲਾਂਘੇ ਦੇ ਵਿਕਾਸ ਕੰਮਾਂ ਦਾ ਜਾਇਜ਼ਾ

ਕੇਂਦਰ ਤੇ ਪੰਜਾਬ ਦੇ ਉੱਚ ਅਧਿਕਾਰੀਆਂ ਵੱਲੋਂ ਲਾਂਘੇ ਦੇ ਵਿਕਾਸ ਕੰਮਾਂ ਦਾ ਜਾਇਜ਼ਾ

ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣਗੇ ਸਾਰੇ ਕਾਰਜ : ਮੰਤਰੀ ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ੍ਹ/ਡੇਰਾ ਬਾਬਾ ਨਾਨਕ (ਗੁਰਦਾਸਪੁਰ), 14 ਅਕਤੂਬਰ- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਖੁੱਲ੍ਹ ਰਹੇ ਕਰਤਾਰਪੁਰ ਲਾਂਘੇ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਵਾਸਤੇ ਅੱਜ ਕੇਂਦਰ ਤੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਵਿਚਾਲੇ ਮੀਟਿੰਗ ਹੋਈ। ਭਾਰਤ ਸਰਕਾਰ ਦੇ ਵਫਦ ਦੀ ਅਗਵਾਈ ਕਰ ਰਹੇ ਗ੍ਰਹਿ ਸਕੱਤਰ ਸ੍ਰੀ ਅਜੈ ਭੱਲਾ, ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਦੇ ਅਧਿਕਾਰੀਆਂ ਦੇ ਵਫਦ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸ੍ਰੀ ਸੁਰੇਸ਼ ਕੁਮਾਰ ਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ ਨੇ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ ਅਤੇ ਜ਼ਮੀਨੀ ਪੱਧਰ ‘ਤੇ ਚੱਲ ਰਹੇ ਕੰਮਾਂ ਦੀ ਸਮੀਖਿਆ ਵੀ ਕੀਤੀ।
ਕੇਂਦਰ ਤੇ ਸੂਬਾ ਸਰਕਾਰ ਦੇ ਉਚ ਪੱਧਰੀ ਵਫਦ ਨੇ ਕਰਤਾਰਪੁਰ ਲਾਂਘੇ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਇਸ ਕੰਮ ਵਿੱਚ ਲੱਗੇ ਅਧਿਕਾਰੀਆਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨ ਲਈ ਦਿਸ਼ਾ ਨਿਰਦੇਸ਼ ਵੀ ਦਿੱਤੇ। ਲਾਂਘੇ ਦੇ ਨਿਰਮਾਣ ਕੰਮ ਵਿੱਚ ਲੱਗੀ ਕੰਪਨੀ ਸ਼ਾਪੂਰਜੀ ਪਲੌਂਜੀ ਗਰੁੱਪ ਦੇ ਨੁਮਾਇੰਦਿਆਂ ਨੇ ਵਫਦ ਨੂੰ ਵਿਸ਼ਵਾਸ ਦਿਵਾਇਆ ਕਿ ਸਾਰਾ ਕੰਮ 31 ਅਕਤੂਬਰ ਤੱਕ ਮੁਕੰਮਲ ਹੋ ਜਾਵੇਗਾ। ਵਫਦ ਵੱਲੋਂ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ‘ਤੇ ਚੱਲ ਰਹੇ ਵਿਕਾਸ ਕਾਰਜਾਂ ਦੇ ਪ੍ਰਬੰਧਾਂ ਦਾ ਵੀ ਨਿਰੀਖਣ ਕੀਤਾ ਗਿਆ, ਇਸ ਉਪਰੰਤ ਉਨ੍ਹਾਂ ਇੰਟੀਗਰੇਟਿਡ ਚੈੱਕ ਪੋਸਟ (ਆਈ.ਸੀ.ਪੀ) ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਥੋਂ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਨਵੰਬਰ ਮਹੀਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਕਰਤਾਰਪੁਰ ਲਾਂਘੇ ਦੇ ਕੀਤੇ ਜਾਣ ਵਾਲੇ ਉਦਘਾਟਨ ਸਬੰਧੀ ਅਧਿਕਾਰੀਆਂ ਨਾਲ ਵਿਸਥਾਰ ਵਿਚ ਚਰਚਾ ਕੀਤੀ। ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਵੱਲੋਂ ਕੀਤੀ ਜਾਣ ਵਾਲੀ ਜਨਤਕ ਰੈਲੀ ਦੀ ਥਾਂ ਅਤੇ ਭਾਰਤ-ਪਾਕਿਸਤਾਨ ਸਰਹੱਦ ਦੇ ਨਜ਼ਦੀਕ ਵਾਲੀ ਜਗ੍ਹਾਂ ਦਾ ਨਿਰੀਖਣ ਵੀ ਕੀਤਾ। ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ
ਵੱਲੋਂ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਪੂਰੇ ਜ਼ੋਰਾ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਸੰਗਤਾਂ ਦੇ ਠਹਿਰਣ ਲਈ ਟੈਂਟ ਸਿਟੀ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਸੰਗਤਾਂ ਦੀ ਸਹੂਲਤ ਲਈ ਪੰਡਾਲ ਅਤੇ ਪਾਰਕਿੰਗ ਆਦਿ ਦੀ ਵਿਵਸਥਾ ਤੋਂ ਇਲਾਵਾ ਪਾਰਕਿੰਗ ਤੋਂ ਪੰਡਾਲ ਵਾਲੀ ਜਗ੍ਹਾਂ ਤੱਰ ਲਿਜਾਣ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਿਲ ਪੇਸ਼ ਨਹੀ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਸੂਬਾ ਸਰਕਾਰ 550ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਤ ਸਾਰੇ ਕੰਮ ਹਰ ਹੀਲੇ 31 ਅਕਤੂਬਰ ਤੱਕ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਅੱਜ ਕੇਂਦਰ ਤੇ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਵੱਲੋਂ ਇਸੇ ਮਕਸਦ ਤਹਿਤ ਮੀਟਿੰਗ ਕੀਤੀ ਗਈ ਹੈ ਕਿ ਕਰਤਾਰਪੁਰ ਲਾਂਘੇ ਦੇ ਉਦਘਾਟਨ ਤੋਂ ਪਹਿਲਾਂ ਜੋ ਤਿਆਰੀਆਂ ਕਰਨ ਵਾਲੀਆਂ ਹਨ, ਉਹ ਨਿਸ਼ਚਿਤ ਸਮੇਂ ਅੰਦਰ ਕਰ ਲਈਆਂ ਜਾਣ। ਉਨ੍ਹਾਂ ਦੱਸਿਆ ਕਿ ਲੈਂਡ ਪੋਰਟ ਆਫ ਅਥਾਰਟੀ ਦੇ ਅਧਿਕਾਰੀਆਂ ਨੂੰ ਦੱਸਿਆ ਹੈ ਕਿ 31 ਅਕਤੂਬਰ ਤਕ ਕੌਮੀ ਮਾਰਗ ਅਤੇ ਇੰਟੀਗਰੇਟਿਡ ਚੈਕ ਪੋਸਟ ਦੇ ਵਿਕਾਸ ਕੰਮ ਮੁਕੰਮਲ ਕਰ ਲਏ ਜਾਣਗੇ, ਇਸ ਉਪਰੰਤ ਪ੍ਰਧਾਨ ਮੰਤਰੀ ਵੱਲੋਂ ਨਵੰਬਰ ਮਹੀਨੇ ਵਿਚ ਇਸ ਦਾ ਉਦਘਾਟਨ ਕੀਤਾ ਜਾਵੇਗਾ।

Comments are closed.

COMING SOON .....


Scroll To Top
11