Wednesday , 24 October 2018
Breaking News
You are here: Home » PUNJAB NEWS » ਕੈਪਟਨ ਵੱਲੋਂ ਦਿੱਲੀ ਵਿਖੇ ਰਾਹੁਲ ਗਾਂਧੀ ਨਾਲ ਮੁਲਾਕਾਤ

ਕੈਪਟਨ ਵੱਲੋਂ ਦਿੱਲੀ ਵਿਖੇ ਰਾਹੁਲ ਗਾਂਧੀ ਨਾਲ ਮੁਲਾਕਾਤ

ਲੋਕ ਸਭਾ ਚੋਣਾਂ ਦੀ ਤਿਆਰੀ ਲਈ ਵਿਚਾਰਾਂ

ਚੰਡੀਗੜ੍ਹ, 7 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੀ ਪੰਜਾਬ ਇਕਾਈ ਅਤੇ ਪੰਜਾਬ ਮੰਤਰੀ ਮੰਡਲ ਦੇ ਪੁਨਰਗਠਨ ਦਾ ਮਾਮਲਾ ਵਿਚਾਰਨ ਲਈ ਬੁਧਵਾਰ ਨੂੰ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁਖ ਮੰਤਰੀ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਮਾਮਲਿਆਂ ਬਾਰੇ ਪਾਰਟੀ ਇੰਚਾਰਜ ਆਸ਼ਾ ਕੁਮਾਰੀ ਵੀ ਹਾਜ਼ਰ ਸਨ। ਪਾਰਟੀ ਦੇ ਬੁਲਾਰ ਮੁਤਾਬਿਕ ਮੀਟਿੰਗ ਦੌਰਾਨ ਵਿਚਾਰ-ਚਰਚਾ ਪੰਜਾਬ ਕਾਂਗਰਸ ਦੇ ਸੰਗਠਨਾਤਮਕ ਢਾਂਚੇ ਦੇ ਪੁਨਰਗਠਨ ਦੁਆਲੇ ਕੇਂਦਰਿਤ ਸੀ ਤਾਂ ਕਿ ਸੂਬੇ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਅਗਲੇ ਵਰ੍ਹੇ ਹੋਣ ਵਾਲੀਆਂ ਸੰਸਦੀ ਚੋਣਾਂ ਲਈ ਪੁਖਤਾ ਤਿਆਰੀ ਕੀਤੀ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਅਤੇ ਰਾਹੁਲ ਗਾਂਧੀ ਨੇ ਆਲ ਇੰਡੀਆ ਕਾਂਗਰਸ ਕਮੇਟੀ ਦਾ ਸੈਸ਼ਨ ਪੰਜਾਬ ਵਿਚ ਕਰਾਉਣ ਦੀ ਸੰਭਾਵਨਾ ‘ਤੇ ਵੀ ਵਿਚਾਰ ਕੀਤੀ ਜੋ ਮਾਰਚ-ਅਪ੍ਰੈਲ ਵਿਚ ਹੋਣ ਦੀ ਆਸ ਹੈ।ਬੁਲਾਰੇ ਨੇ ਦਸਿਆ ਕਿ ਇਸ ਸੈਸ਼ਨ ਲਈ ਦਿਲੀ ਤੋਂ ਇਲਾਵਾ ਪੰਜਾਬ ਨੂੰ ਵੀ ਸੰਭਾਵੀ ਸਥਾਨ ਵਜੋਂ ਵਿਚਾਰਿਆ ਜਾ ਰਿਹਾ ਹੈ ਪਰ ਇਸ ਸਬੰਧੀ ਅਜੇ ਕੋਈ ਅੰਤਿਮ ਫੈਸਲਾ ਨਹੀਂ ਹੋਇਆ।
ਪਤਾ ਲੱਗਾ ਹੈ ਕਿ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਪੰਜਾਬ ਮੰਤਰੀ ਮੰਡਲ ਦਾ ਵਿਸਥਾਰ ਵਿਧਾਨ ਸਭਾ ਦੇ ਬਜਟ ਸੈਸ਼ਨ ਤੋਂ ਪਹਿਲਾਂ ਕੀਤਾ ਜਾਵੇ। ਅਨੁਮਾਨ ਲਾਇਆ ਜਾ ਰਿਹਾ ਹੈ ਕਿ ਇਹ ਵਿਸਥਾਰ ਮਾਰਚ ਦੇ ਪਹਿਲੇ ਹਫਤੇ ਹੋ ਸਕਦਾ ਹੈ। ਮੰਤਰੀਆਂ ਦੇ ਨਾਵਾਂ ਬਾਰੇ ਵੀ ਚਰਚਾ ਕੀਤੀ ਗਈ।

Comments are closed.

COMING SOON .....


Scroll To Top
11