Thursday , 27 February 2020
Breaking News
You are here: Home » EDITORIALS » ਕੈਪਟਨ ਸਾਹਬ ਤੋਂ ਵੱਡੀਆਂ ਉਮੀਦਾਂ

ਕੈਪਟਨ ਸਾਹਬ ਤੋਂ ਵੱਡੀਆਂ ਉਮੀਦਾਂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੇਹੱਦ ਦਿਆਨਤਦਾਰੀ ਅਤੇ ਪ੍ਰਤੀਬੱਧਤਾ ਨਾਲ ਪੰਜਾਬ ਦੀ ਸੇਵਾ ਕਰ ਰਹੇ ਹਨ। ਮੁੱਖ ਮੰਤਰੀ ਵਜੋਂ ਦੂਜੀ ਪਾਰੀ ਦੇ ਪਿਛਲੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੇ ਨਿੱਜੀ ਕਿਰਦਾਰ ਉੱਪਰ ਕੋਈ ਦਾਗ ਨਹੀਂ ਲੱਗਿਆ। ਉਨ੍ਹਾਂ ਨੇ ਆਮ ਸਿਆਸਤਦਾਨਾਂ ਤੋਂ ਬਿਲਕੁੱਲ ਵੱਖਰਾ ਰਵੱਈਆ ਅਪਣਾਇਆ ਹੋਇਆ ਹੈ। ਇਸ ਰਵੱਈਏ ਵਿੱਚ ਰਿਸ਼ਵਤਖੋਰੀ ਅਤੇ ਨਿੱਜੀ ਲਾਭ ਲਈ ਕੋਈ ਥਾਂ ਨਹੀਂ ਹੈ। ਪੰਜਾਬ ਦੇ ਲੋਕਾਂ ਨੂੰ ਇਸ ਗੱਲ ਲਈ ਮੁੱਖ ਮੰਤਰੀ ਦਾ ਧੰਨਵਾਦੀ ਹੋਣਾ ਚਾਹੀਦਾ ਹੈ ਕਿ ਉਹ ਪੰਜਾਬ ਦੇ ਸਿਆਸੀ ਮੁਖੀ ਹੋਣ ਦੇ ਨਾਤੇ ਬਰਾਬਰ ‘ਤੇ ਆਪਣਾ ਕੋਈ ਨਿੱਜੀ ਧੰਦਾ ਜਾਂ ਕਾਰੋਬਾਰ ਨਹੀਂ ਚਲਾ ਰਹੇ। ਪੰਜਾਬ ਦੇ ਵੱਖ-ਵੱਖ ਮੁੱਦਿਆਂ ਪ੍ਰਤੀ ਉਨ੍ਹਾਂ ਦਾ ਰਵੱਈਆ ਬੇਹੱਦ ਸੁਹਿਰਦ ਅਤੇ ਸਪੱਸ਼ਟ ਹੈ। ਇਹ ਗੱਲ ਵੱਖਰੀ ਹੈ ਕਿ ਵਿਰਾਸਤ ਵਿੱਚ ਮਿਲੀਆਂ ਆਰਥਿਕ ਮੁਸ਼ਕਿਲਾਂ ਕਾਰਨ ਉਨ੍ਹਾਂ ਦੀ ਸਰਕਾਰ ਹਾਲੇ ਇੱਛੁਤ ਨਤੀਜੇ ਪ੍ਰਾਪਤ ਨਹੀਂ ਕਰ ਰਹੀ। ਪੰਜਾਬ ਸਿਰ ਚੜ੍ਹੇ ਕੇਂਦਰੀ ਕਰਜ਼ੇ ਵੀ ਸਰਕਾਰ ਦੇ ਰਾਹ ਵਿੱਚ ਵੱਡੀ ਮੁਸ਼ਕਿਲ ਬਣੇ ਹੋਏ ਹਨ। ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਲੋੜੀਂਦਾ ਸਹਿਯੋਗ ਅਤੇ ਸਮਰਥਨ ਨਹੀਂ ਦਿੱਤਾ ਜਾ ਰਿਹਾ। ਇਸ ਸਭ ਕੁੱਝ ਦੇ ਬਾਵਜੂਦ ਮੁੱਖ ਮੰਤਰੀ ਪੰਜਾਬ ਵੱਲੋਂ ਸਥਿਤੀਆਂ ਦਾ ਬਹੁਤ ਹੀ ਦਲੇਰੀ ਨਾਲ ਮੁਕਾਬਲਾ ਕੀਤਾ ਜਾ ਰਿਹਾ ਹੈ। ਪਿਛਲੇ ਤਿੰਨ ਸਾਲਾਂ ਦੌਰਾਨ ਮੁੱਖ ਮੰਤਰੀ ਦੀ ਇਹ ਕੋਸ਼ਿਸ਼ ਰਹੀ ਹੈ ਕਿ ਪੰਜਾਬ ਦੇ ਵੱਖ-ਵੱਖ ਵਰਗਾਂ ਨੂੰ ਰਾਹਤ ਦਿੱਤੀ ਜਾਵੇ। ਇਸ ਭਾਵਨਾ ਤਹਿਤ ਹੀ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਗਏ। ਪਹਿਲਾਂ ਤੋਂ ਚੱਲ ਰਹੀਆਂ ਸਮਾਜ ਭਲਾਈ ਸਕੀਮਾਂ ਨੂੰ ਜਾਰੀ ਰੱਖਣਾ ਮੌਜੂਦਾ ਸਮੇਂ ਦੀ ਵੱਡੀ ਚੁਣੌਤੀ ਸੀ। ਸਾਰੀਆਂ ਮੁਸ਼ਕਿਲਾਂ ਦੇ ਬਾਵਜੂਦ ਮੁੱਖ ਮੰਤਰੀ ਵੱਲੋਂ ਭਲਾਈ ਸਕੀਮਾਂ ਨੂੰ ਜਾਰੀ ਰੱਖਿਆ ਗਿਆ ਅਤੇ ਸੇਵਾਵਾਂ ਵਿੱਚ ਪਾਰਦਰਸ਼ਤਾ ਲਿਆਂਦੀ ਗਈ। ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਮੁੱਦੇ ਉੱਪਰ ਵੀ ਨਵੀਆਂ ਪਹਿਲਾਂ ਲਈਆਂ ਗਈਆਂ ਹਨ। ਇਸੇ ਤਰ੍ਹਾਂ ਉਦਯੋਗਿਕ ਵਿਕਾਸ ਵੱਲ ਵੀ ਸਰਕਾਰ ਨੇ ਉਚੇਚਾ ਧਿਆਨ ਦਿੱਤਾ ਹੈ। ਵੱਡੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਬੁਲਾ ਕੇ ਉਨ੍ਹਾਂ ਨੂੰ ਨਵਾਂ ਪੂੰਜੀ ਨਿਵੇਸ਼ ਕਰਨ ਲਈ ਪ੍ਰੇਰਿਆ ਗਿਆ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਨਸ਼ੇ ਦੀ ਤਸਕਰੀ ਨੂੰ ਵੱਡੇ ਪੱਧਰ ‘ਤੇ ਠੱਲ੍ਹ ਪਾਈ ਗਈ ਹੈ। ਵੱਡੀ ਗਿਣਤੀ ਵਿੱਚ ਪੀੜਤਾਂ ਨੂੰ ਨਸ਼ੇ ਦੀ ਗ੍ਰਿਫਤ ਵਿੱਚੋਂ ਬਾਹਰ ਕੱਢਿਆ ਗਿਆ ਹੈ। ਸਰਕਾਰ ਦੀ ਨੀਅਤ ਅਤੇ ਨੀਤੀ ਕਾਰਨ ਹੀ ਇਸ ਸਮੇਂ ਪੰਜਾਬ ਵਿੱਚ ਨਸ਼ਾ ਵਿਰੋਧੀ ਮਾਹੌਲ ਬਣਿਆ ਹੋਇਆ ਹੈ। ਆਮ ਲੋਕ ਨਸ਼ਾ ਮੁਕਤੀ ਦੀ ਮੁਹਿੰਮ ਵਿੱਚ ਯੋਗਦਾਨ ਪਾ ਰਹੇ ਹਨ। ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਟਾ ਕੇ ਨਹੀਂ ਦੇਖਿਆ ਜਾਣਾ ਚਾਹੀਦਾ। ਸਿਆਸੀ ਵਿਰੋਧੀਆਂ ਵੱਲੋਂ ਲੋਕਾਂ ਨੂੰ ਤਸਵੀਰ ਦਾ ਇਕ ਪਾਸਾ ਹੀ ਦਿਖਾਇਆ ਜਾ ਰਿਹਾ ਹੈ। ਜੇਕਰ ਸੰਤੁਲਿਤ ਸੋਚ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਕਾਰਗੁਜਾਰੀ ਨੂੰ ਪਰਖਣਾ ਹੋਵੇ ਤਾਂ ਇਹ ਗੱਲ ਸਪੱਸ਼ਟ ਹੋ ਜਾਵੇਗੀ ਕਿ ਸਰਕਾਰ ਨੇ ਕਈ ਦਿਸ਼ਾਵਾਂ ਵਿੱਚ ਮਹੱਤਵਪੂਰਨ ਅਤੇ ਜ਼ਿਕਰਯੋਗ ਕੰਮ ਕੀਤਾ ਹੈ। ਇਸ ਕਾਰਗੁਜਾਰੀ ਨੂੰ ਹੋਰ ਬੇਹੱਤਰ ਬਣਾਉਣ ਦੀ ਗੁੰਜਾਇਸ਼ ਮੌਜੂਦ ਹੈ। ਇਸ ਵਿੱਚ ਸਾਰੀਆਂ ਸਬੰਧਤ ਧਿਰਾਂ ਨੂੰ ਯੋਗਦਾਨ ਪਾਉਣਾ ਹੋਵੇਗਾ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਸਿਆਸੀ ਤੌਰ ‘ਤੇ ਪੰਜਾਬ ਨੂੰ ਬੇਹੱਤਰ ਅਗਵਾਈ ਦੇ ਸਕਦੇ ਹਨ। ਉਨ੍ਹਾਂ ਦਾ ਪੰਜਾਬ ਕੋਲ ਹਾਲੇ ਕੋਈ ਬਦਲ ਨਹੀਂ ਹੈ। ਇਹ ਕਾਮਨਾ ਕਰਨੀ ਚਾਹੀਦੀ ਹੈ ਕਿ ਉਹ ਆਪਣੇ ਬਾਕੀ ਰਹਿੰਦੇ ਕਾਰਜਕਾਲ ਵਿੱਚ ਪੰਜਾਬ ਨੂੰ ਇਕ ਨਵੀਂ ਦਿਸ਼ਾ ਅਤੇ ਨਵੇਂ ਮੁਕਾਮ ‘ਤੇ ਲੈ ਕੇ ਜਾਣਗੇ।
– ਬਲਜੀਤ ਸਿੰਘ ਬਰਾੜ

Comments are closed.

COMING SOON .....


Scroll To Top
11