Tuesday , 19 March 2019
Breaking News
You are here: Home » Editororial Page » ਚੁਣੇ ਹੋਏ ਨੇਤਾਵਾਂ ਤੋਂ ਨਮੋਸ਼ੀ ਕਿਉਂ?

ਚੁਣੇ ਹੋਏ ਨੇਤਾਵਾਂ ਤੋਂ ਨਮੋਸ਼ੀ ਕਿਉਂ?

ਦੁਨੀਆਂ ਦੇ ਸਭ ਤੋਂ ਵਡੇ ਲੋਕਤੰਤਰ ਦੀਆਂ 17ਵੀਂ ਲੋਕ ਸਭਾ ਲਈ ਆਮ ਚੋਣਾਂ ਦਾ ਐਲਾਨ ਹੋ ਚੁਕਾ ਹੈ ਅਤੇ ਰਾਜਨੀਤਿਕ ਪਾਰਟੀਆਂ ਆਪਣੀ ਪੂਰੀ ਤਾਕਤ ਨਾਲ ਚੋਣਾਂ ਵਿਚ ਜਿਤਣ ਲਈ ਪਬਾਂ ਭਾਰ ਹੋ ਗਈਆਂ ਹਨ। ਸਾਲ 1951-52 ਵਿਚ ਭਾਰਤ ਵਿਚ ਪਹਿਲੀ ਵਾਰ ਆਮ ਚੋਣਾਂ ਹੋਈਆਂ ਅਤੇ 489 ਸੀਟਾਂ ਵਿਚੋਂ 364 ਸੀਟਾਂ ਕਾਂਗਰਸ ਨੇ ਜਿਤੀਆਂ ਅਤੇ ਪੰਡਿਤ ਜਵਾਹਰ ਲਾਲ ਨਹਿਰੂ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਬਣੇ।
ਦੇਸ਼ ਵਿਚ ਵਖੋ ਵਖਰੀਆਂ ਚੋਣਾਂ ਤੋਂ ਬਾਅਦ ਦਾ ਇਤਿਹਾਸ ਗਵਾਹ ਰਿਹਾ ਹੈ ਕਿ ਲੋਕਾਂ ਦੇ ਜ਼ਿਆਦਾਤਰ ਆਮ ਮਸਲੇ ਜਿਉਂ ਦੇ ਤਿਉਂ ਬਣੇ ਰਹਿੰਦੇ ਹਨ ਅਤੇ ਲੋਕ ਸਰਕਾਰਾਂ ਦੀ ਕਾਰਗੁਜ਼ਾਰੀ ਤੋਂ ਜ਼ਿਆਦਾ ਸੁਤੰਸ਼ਟ ਨਹੀਂ ਹੁੰਦੇ। ਵੋਟਾਂ ਤੋਂ ਪਹਿਲਾਂ ਰਾਜਨੀਤਿਕ ਪਾਰਟੀਆਂ ਆਪਣੇ ਚੋਣ ਮਨੋਰਥ ਪਤਰਾਂ ਵਿਚ ਲੋਕ ਲੁਭਾਵਨੇ ਵਾਅਦਿਆਂ ਦੀ ਭਰਮਾਰ ਕਰ ਦਿੰਦੀਆਂ ਹਨ ਅਤੇ ਚੋਣਾਂ ਜਿਤਣ ਤੋਂ ਬਾਅਦ ਉਹਨਾਂ ਵਾਅਦਿਆਂ ਦਾ ਆਕਾਰ ਹੀ ਬਦਲ ਜਾਂਦਾ ਹੈ ਅਤੇ ਸਰਕਾਰਾਂ ਉਹਨਾਂ ਵਾਅਦਿਆਂ ਤੇ ਖਰ੍ਹਾ ਨਹੀਂ ਉਤਰਦੀਆਂ। ਲੋਕ ਕਦੇ ਇਕ ਪਾਰਟੀ ਨੂੰ ਜਿਤਾ ਛਡਦੇ ਹਨ ਕਦੇ ਦੂਜੀ ਨੂੰ, ਪਰੰਤੂ ਸਮਸਿਆਵਾਂ ਦਾ ਪਰਨਾਲਾ ਉਥੇ ਦਾ ਉਥੇ ਰਹਿੰਦਾ ਹੈ ਅਤੇ ਜ਼ਿਆਦਾਤਰ ਵੋਟਰ ਆਪਣੇ ਆਪ ਨੂੰ ਠਗਿਆ ਹੋਇਆ ਮਹਿਸੂਸ ਕਰਦੇ ਹਨ।
ਲੋਕਤੰਤਰ ਵਿਚ ਅਸਲ ਸ਼ਕਤੀ ਲੋਕਾਂ ਕੋਲ ਹੁੰਦੀ ਹੈ, ਸਰਕਾਰਾਂ ਲੋਕ ਚੁਣਦੇ ਹਨ ਅਤੇ ਉਹਨਾਂ ਨੂੰ ਹੀ ਆਪਣੇ ਚੁਣੇ ਹੋਏ ਪ੍ਰਤੀਨਿਧਾਂ ਤੋਂ ਨਮੋਸ਼ੀ ਪਲੇ ਪੈਂਦੀ ਹੈ ਅਜਿਹਾ ਕਿਉਂ? ਇਸ ਸਵਾਲ ਦੇ ਨੈਤਿਕ ਉਤਰ ਦੀ ਘੋਖ ਪੜਤਾਲ ਕਰਨ ਦੇ ਸਾਫ਼ ਹੋ ਜਾਂਦਾ ਹੈ ਕਿ ਸਰਕਾਰਾਂ ਦੀ ਅਸੰਤੋਸ਼ਜਨਕ ਕਾਰਗੁਜਾਰੀ ਪਿਛੇ ਵੀ ਆਮ ਲੋਕ ਸਿਧੇ ਤੌਰ ਤੇ ਜ਼ਿੰਮੇਵਾਰ ਹਨ।
ਇਹ ਕੌੜੀ ਸਚਾਈ ਹੈ ਕਿ ਲੋਕਤੰਤਰ ਦੀ ਬੁਨਿਆਦੀ ਕੜੀ ਵੋਟਾਂ ਸਮੇਂ ਖੁਦ ਭ੍ਰਿਸ਼ਟ ਹੋ ਕੇ, ਜਾਤ ਪਾਤ, ਧਰਮ, ਨਸ਼ਾ, ਪੈਸਾ ਜਾਂ ਕਿਸੇ ਹੋਰ ਲਾਲਚ ਵਸ ਪੈ ਕੇ ਪਾਈ ਵੋਟ ਦਾ ਸਿਟਾ ਕਦੇ ਚੰਗਾ ਨਹੀਂ ਹੁੰਦਾ ਅਤੇ ਆਪਣੇ ਪੰਜ ਸਾਲ ਗਲਤ ਹਥਾਂ ਵਿਚ ਦੇ ਛਡਣਾ ਹੈ। ਦੇਸ਼ ਵਿਚ ਜਿਆਦਾਤਰ ਲੋਕ ਨੇਤਾਵਾਂ ਨੂੰ ਸਵਾਲ ਕਰਨ ਦੇ ਆਦੀ ਨਹੀਂ ਅਤੇ ਇਕ ਤੰਗ ਮਾਨਸਿਕਤਾ ਤੋਂ ਪੀੜਤ ਹਨ ਕਿ ਉਹ ਆਪਣੇ ਲਈ, ਨਿਰਪਖ ਹੋ ਕੇ ਵੋਟ ਦਾ ਭੁਗਤਾਨ ਨਹੀਂ ਕਰਦੇ ਸਗੋਂ ਕਿਸੇ ਲਈ ਵੋਟ ਪਾਉਂਦੇ ਹਨ ਜੋ ਕਿ ਲੋਕਤੰਤਰੀ ਵਿਵਸਥਾ ਲਈ ਚਿੰਤਾਜਨਕ ਹੈ ਅਤੇ ਸਰਕਾਰਾਂ ਦੀ ਕਾਰਗੁਜਾਰੀ ਤੋਂ ਨਮੋਸ਼ੀ ਦਾ ਵਡਾ ਕਾਰਨ ਬਣਦਾ ਹੈ।
ਸਮੇ ਦਾ ਯਥਾਰਥ ਇਹੋ ਹੈ ਕਿ ਲੋਕ ਲੀਡਰਾਂ ਦੀ ਚਾਪਲੂਸੀ, ਡਰ ਜਾਂ ਕਿਸੇ ਹੋਰ ਕਾਰਨ ਵਸ ਚੁਪ ਰਹਿ ਕੇ ਵੋਟ ਭੁਗਤਾਉਣ ਦੀ ਥਾਂ ਆਪਣੇ ਮਸਲਿਆਂ ਲਈ ਸਵਾਲ ਕਰਨ ਦੀ ਆਦਤ ਨੂੰ ਆਪਣੇ ਸੁਭਾਅ ਵਿਚ ਸ਼ਾਮਿਲ ਕਰਨ ਅਤੇ ਆਪਣੇ ਬਿਹਤਰ ਭਵਿਖ ਲਈ ਨਿਰਪਖ ਹੋ ਕੇ ਆਪਣੇ ਲਈ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ। ਲੋਕ ਆਪਣੇ ਮਸਲਿਆ ਲਈ ਲੀਡਰਾਂ ਦੀ ਜ਼ਿੰਮੇਵਾਰੀ ਤਹਿ ਕਰਨ ਅਤੇ ਇਹੋ ਉਦੋਂ ਹੀ ਸੰਭਵ ਹੈ ਜਦ ਲੋਕ ਲੀਡਰਾਂ ਨੂੰ ਸਵਾਲ ਕਰਨਗੇ। ਜਿਸ ਦਿਨ ਲੋਕਾਂ ਦੀ ਜੁਬਾਨ ਤੇ ਲੀਡਰਾਂ ਲਈ ਸਵਾਲ ਆਉਣਗੇ, ਲੋਕਤੰਤਰ ਲਈ ਸ਼ੁਭ ਸੰਕੇਤ ਹੋਵੇਗਾ।

Comments are closed.

COMING SOON .....


Scroll To Top
11