Wednesday , 15 August 2018
Breaking News
You are here: Home » PUNJAB NEWS » ਜੂਨ ’84 ਦੇ ਸ਼ਹੀਦਾਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਹੀਦੀ ਸਮਾਗਮ

ਜੂਨ ’84 ਦੇ ਸ਼ਹੀਦਾਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਹੀਦੀ ਸਮਾਗਮ

ਸਰਕਾਰਾਂ ਜ਼ੇਲ੍ਹ ’ਚ ਨਜ਼ਰਬੰਦ ਰਹੇ ਸਿੱਖਾਂ ਦੇ ਮੁੜ ਵਸੇਬੇ ਦੇ ਪ੍ਰਬੰਧ ਕਰਨ : ਗਿਆਨੀ ਗੁਰਬਚਨ ਸਿੰਘ

ਅੰਮ੍ਰਿਤਸਰ, 6 ਜੂਨ: ਜੂਨ ’84 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਕੇਂਦਰ ਸਰਕਾਰ ਦੇ ਹੁਕਮ ’ਤੇ ਭਾਰਤੀ ਫੌਜ ਵੱਲੋਂ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ 34ਵੀਂ ਸਲਾਨਾ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਇ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਲਿਆ। ਸ਼ਹੀਦੀ ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਸਮੇਤ ਵੱਡੀ ਗਿਣਤੀ ਵਿਚ ਪੰਥਕ ਸ਼ਖ਼ਸੀਅਤਾਂ, ਸ਼ਹੀਦ ਹੋਏ ਸਿੰਘਾਂ ਦੇ ਪਰਿਵਾਰਕ ਮੈਂਬਰ ਅਤੇ ਸੰਗਤਾਂ ਹਾਜ਼ਰ ਹੋਈਆਂ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਦਿੰਦਿਆਂ ਕਿਹਾ ਕਿ ਜੂਨ 1984 ਵਿਚ ਜ਼ਾਲਮ ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਘੱਲੂਘਾਰੇ ਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ 1984 ਦੇ ਘੱਲੂਘਾਰੇ ਵਿਚ ਭਾਰਤੀ ਫੌਜ ਵੱਲੋਂ ਕੀਤੇ ਗਏ ਜ਼ੁਲਮ ਵਿਰੁੱਧ ਸੂਰਬੀਰ ਯੋਧੇ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ, ਸ਼ਹੀਦ ਭਾਈ ਅਮਰੀਕ ਸਿੰਘ, ਜਨਰਲ ਸ਼ੁਬੇਗ ਸਿੰਘ, ਬਾਬਾ ਠਾਹਰਾ ਸਿੰਘ ਸਮੇਤ ਬੇਅੰਤ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਨੇ ਸ਼ਹਾਦਤਾਂ ਦਿੱਤੀਆਂ, ਜਿਨ੍ਹਾਂ ਨੂੰ ਸਿੱਖ ਕੌਮ ਹਰ ਸਾਲ ਸ਼ਹੀਦੀ ਸਮਾਗਮ ਕਰ ਕੇ ਯਾਦ ਕਰਦੀ ਹੈ। ਆਪਣੇ ਸੰਦੇਸ਼ ਦੌਰਾਨ ਸਿੰਘ ਸਾਹਿਬ ਨੇ ਭਾਰਤ ਅਤੇ ਪੰਜਾਬ ਸਰਕਾਰ ਨੂੰ ਬੈਰਕਾਂ ਛੱਡਣ ਵਾਲੇ ਧਰਮੀ ਫ਼ੌਜੀਆਂ ਅਤੇ ਜੋਧਪੁਰ ਜ਼ੇਲ੍ਹ ਵਿਚ ਨਜ਼ਰਬੰਦ ਰਹੇ ਸਿੱਖਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕਰਨ ਲਈ ਕਿਹਾ। ਉਨ੍ਹਾਂ ਭਾਰਤ ਸਰਕਾਰ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਇੰਗਲੈਂਡ ਦੀ ਸਰਕਾਰ ਵੱਲੋਂ 1984 ਦੇ ਫ਼ੌਜੀ ਹਮਲੇ ਨਾਲ ਸਬੰਧਤ ਦਸਤਾਵੇਜ਼ਾਂ ਨੂੰ ਜਾਰੀ ਕੀਤਾ ਗਿਆ ਹੈ, ਇਸੇ ਤਰ੍ਹਾਂ ਉਹ ਵੀ 1984 ਦੇ ਘੱਲੂਘਾਰੇ ਨਾਲ ਸਬੰਧਤ ਸਰਕਾਰੀ ਦਸਤਾਵੇਜ਼ਾਂ ਨੂੰ ਜਨਤਕ ਕਰੇ, ਤਾਂ ਜੋ ਦੁਨੀਆ ਨੂੰ ਪਤਾ ਲੱਗਾ ਸਕੇ ਕਿ ਇਸ ਘੱਲੂਘਾਰੇ ਪਿੱਛੇ ਕਿਹੜੇ-ਕਿਹੜੇ ਦੇਸ਼ ਅਤੇ ਕਿਹੜੀਆਂ ਕਿਹੜੀਆਂ ਸ਼ਕਤੀਆਂ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਸਾਬਕਾ ਰੱਖਿਆ ਮੰਤਰੀ ਜਾਰਜ ਫਰਨਾਂਡਿਜ ਨੇ ਮੰਨਿਆ ਸੀ ਕਿ 1984 ਦੇ ਹਮਲੇ ਦੌਰਾਨ ਸਿੱਖ ਕੌਮ ਦਾ ਚੁੱਕਿਆ ਮਨਮੋਲ ਖ਼ਜ਼ਾਨਾ ਅਤੇ ਸਿੱਖ ਰੈਂਫਰੈਂਸ ਲਾਇਬ੍ਰੇਰੀ ਵਿੱਚੋਂ ਲਿਜਾਏ ਗਏ ਅਹਿਮ ਦਸਤਾਵੇਜ਼ ਭਾਰਤ ਸਰਕਾਰ ਪਾਸ ਮੌਜੂਦ ਹਨ, ਇਸ ਲਈ ਭਾਰਤ ਦੀ ਮੌਜੂਦਾ ਸਰਕਾਰ ਸਿੱਖ ਕੌਮ ਦਾ ਅਨਮੋਲ ਖ਼ਜ਼ਾਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਾਪਸ ਕਰੇ। ਉਨ੍ਹਾਂ ਕਿਹਾ ਕਿ ਸਿੱਖ ਇਕ ਵੱਖਰੀ ਕੌਮ ਹੈ, ਪੰਥ ਵਿਰੋਧੀ ਸ਼ਖਤੀਆਂ ਅਤੇ ਸਿੱਖਾਂ ਨੂੰ ਚੁਣੌਤੀ ਦੇਣ ਵਾਲਿਆਂ ਦਾ ਖ਼ਾਲਸਾ ਪੰਥ ਡਟ ਕੇ ਮੁਕਾਬਲਾ ਕਰੇਗਾ। ਉਨ੍ਹਾਂ ਸਮੁੱਚੇ ਸਿੱਖ ਜਗਤ ਨੂੰ ਪੰਥਕ ਮਸਲਿਆਂ ਅਤੇ ਦਰਪੇਸ਼ ਚੁਣੌਤੀਆਂ ਦੇ ਹੱਲ ਲਈ ਇਕਜੁੱਟ ਹੋ ਕੇ ਯਤਨ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਏਕਤਾ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਸਮੁੱਚੇ ਖ਼ਾਲਸਾ ਪੰਥ ਨੂੰ ਸੰਜੀਦਗੀ ਨਾਲ ਸੋਚਣਾ ਪਵੇਗਾ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤੀ ਗਈ ਇਕ ਪਿੰਡ ਇਕ ਗੁਰਦੁਆਰਾ ਮੁਹਿੰਮ ਵਿਚ ਸੰਗਤਾਂ ਨੂੰ ਭਰਪੂਰ ਸਹਿਯੋਗ ਕਰਨ ਲਈ ਕਿਹਾ ਤਾਂ ਜੋ ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਸਹੀ ਤਰੀਕੇ ਨਾਲ ਹੋ ਸਕੇ। ਸਿੰਘ ਸਾਹਿਬ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਪੰਥਕ ਪਰਿਵਾਰ ਦਾ ਹਿੱਸਾ ਬਣਨ। ਇਸੇ ਦੌਰਾਨ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸੰਗਤਾਂ ਨੂੰ ਸਮਾਜਿਕ ਕੁਰੀਤੀਆਂ ਤੋਂ ਬਚਣ ਦੀ ਵੀ ਅਪੀਲ ਕੀਤੀ। ਸਮਾਗਮ ਦੌਰਾਨ ਸੰਤ ਬਾਬਾ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁਤਰੀ ਬੀਬੀ ਸਤਵੰਤ ਕੌਰ ਤੇ ਭਰਾਤਾ ਭਾਈ ਮਨਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸ਼ਹੀਦ ਭਾਈ ਨਛੱਤਰ ਸਿੰਘ ਭਲਵਾਨ ਦੇ ਸਪੁੱਤਰ ਭਾਈ ਭੁਪਿੰਦਰ ਸਿੰਘ ਭਲਵਾਨ, ਸ਼ਹੀਦ ਭਾਈ ਸਤਵੰਤ ਸਿੰਘ ਅਗਵਾਨ ਦੇ ਭਤੀਜੇ ਭਾਈ ਸੁਖਵਿੰਦਰ ਸਿੰਘ ਅਗਵਾਨ ਅਤੇ ਹੋਰ ਸ਼ਹੀਦਾਂ ਦੇ ਪਰਿਵਾਰਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸਿੰਘ ਸਾਹਿਬ ਗਿਆਨੀ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨ ਦਿੱਤਾ।

Comments are closed.

COMING SOON .....
Scroll To Top
11