Saturday , 22 September 2018
Breaking News
You are here: Home » PUNJAB NEWS » ‘ਨਾਨਕ ਸ਼ਾਹ ਫਕੀਰ’ ਫਿਲਮ ਪੰਜਾਬ ’ਚ ਰਲੀਜ਼ ਨਹੀਂ ਹੋਵੇਗੀ

‘ਨਾਨਕ ਸ਼ਾਹ ਫਕੀਰ’ ਫਿਲਮ ਪੰਜਾਬ ’ਚ ਰਲੀਜ਼ ਨਹੀਂ ਹੋਵੇਗੀ

ਫ਼ਿਲਮ ਦੇ ਮਾਮਲੇ ਵਿਚ ਇਸ ਵੇਲੇ ਕਿਸੇ ਦਖਲ ਦੀ ਜ਼ਰੂਰਤ ਨਹੀਂ : ਮੁੱਖ ਮੰਤਰੀ

ਚੰਡੀਗੜ੍ਹ, 10 ਅਪ੍ਰੈਲ- ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿਵਾਦਪੂਰਨ ਫ਼ਿਲਮ ‘ਨਾਨਕ ਸ਼ਾਹ ਫਕੀਰ’ ਦੇ ਮੁਦੇ ’ਤੇ ਕੋਈ ਵੀ ਦਖਲ ਨਾ ਦੇਣ ਦਾ ਫੈਸਲਾ ਕੀਤਾ ਹੈ ਕਿਉਂਕਿ ਫ਼ਿਲਮ ਨਿਰਮਾਤਾ ਨੇ ਹੀ ਸੂਬੇ ਵਿਚ ਫ਼ਿਲਮ ਨੂੰ ਰਲੀਜ਼ ਨਾ ਕਰਨ ਦਾ ਨਿਰਨਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਫਿਲਮ ਦੇ ਨਿਰਮਾਤਾ ਵੱਲੋਂ ਇਸ ਨੂੰ ਰਲੀਜ਼ ਨਾ ਕਰਨ ਦੇ ਲਏ ਗਏ ਫੈਸਲੇ ਦੇ ਮੱਦੇਨਜ਼ਰ ਇਸ ਫ਼ਿਲਮ ਉੱਤੇ ਪਾਬੰਦੀ ਲਾਉਣ ਦਾ ਕੋਈ ਵੀ ਫ਼ੈਸਲਾ ਗੈਰ-ਜ਼ਰੂਰੀ ਬਣ ਗਿਆ ਹੈ। ਫ਼ਿਲਮ ਦੇ ਨਿਰਮਾਤਾ ਨੇ ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਇਰ ਕਰਕੇ ਸਪਸ਼ਟ ਤੌਰ ’ਤੇ ਕਿਹਾ ਹੈ ਕਿ ਇਸ ਮੁਦੇ ਦੀ ਨਾਜ਼ੁਕਤਾ ਨੂੰ ਦੇਖਦੇ ਹੋਏ ਅਤੇ ਲੋਕਾਂ ਦੀਆਂ ਭਾਵਨਾਵਾਂ ਦੇ ਕਾਰਨ ਉਨ੍ਹਾਂ ਨੇ ਹਾਲ ਦੀ ਘੜੀ ਪੰਜਾਬ ਸੂਬੇ ਵਿਚ ਫ਼ਿਲਮ ਰਲੀਜ਼ ਨਾ ਕਰਨ ਦਾ ਫੈਸਲਾ ਕੀਤਾ ਹੈ।
ਮੁਖ ਮੰਤਰੀ ਵਲੋਂ ਜਾਰੀ ਕੀਤੇ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਇਸ ਵੇਲੇ ਇਸ ਮਾਮਲੇ ਵਿਚ ਸੂਬਾ ਸਰਕਾਰ ਵੱਲੋਂ ਕੋਈ ਵੀ ਕਾਰਵਾਈ ਕੀਤੇ ਜਾਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਥਿਤੀ ਦਾ ਜਾਇਜ਼ਾ ਲਵੇਗੀ ਅਤੇ ਜੇਕਰ ਭਵਿਖ ਵਿਚ ਜ਼ਰੂਰੀ ਹੋਇਆ ਤਾਂ ਇਸ ਸਬੰਧ ਵਿਚ ਢੁੱਕਵਾਂ ਫੈਸਲਾ ਲਿਆ ਜਾਵੇਗਾ। ਮੁਖ ਮੰਤਰੀ ਨੇ ਇਹ ਵੀ ਸਪਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਜ਼ਰੂਰਤ ਪੈਣ ਉੱਤੇ ਸਾਰੇ ਸੰਭਵੀ ਕਦਮ ਚੁੱਕੇਗੀ ਤਾਂ ਜੋ ਸੂਬੇ ਵਿਚ ਕਾਨੂੰਨ ਵਿਵਸਥਾ ਵਿਚ ਵਿਘਨ ਨਾ ਪੈਣ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਾਂਤੀ ਵਾਲੇ ਮਾਹੌਲ ਨੂੰ ਖਰਾਬ ਕਰਨ ਦੀ ਕਿਸੇ ਵੀ ਕੋਸ਼ਿਸ਼ ਨਾਲ ਸਖ਼ਤੀ ਨਾਲ ਨਜਿਠਿਆ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਇਸ ਫ਼ਿਲਮ ਦੇ ਸਬੰਧ ਵਿਚ ਅਕਾਲ ਤਖ਼ਤ ਦੇ ਫੈਸਲੇ ਦਾ ਵੀ ਨੋਟਿਸ ਲਿਆ ਹੈ। ਅਕਾਲ ਤਖ਼ਤ ਨੇ ਕਲ੍ਹ ਬਹੁਤ ਸਾਰੀਆਂ ਸਿੱਖ ਸੰਸਥਾਵਾਂ ਵੱਲੋਂ ਵਿਰੋਧ ਕੀਤੇ ਜਾਣ ਕਾਰਨ ਫ਼ਿਲਮ ਉੱਤੇ ਪਾਬੰਦੀ ਦਾ ਫੈਸਲਾ ਕੀਤਾ ਸੀ ਕਿਉਂਕਿ ਇਨ੍ਹਾਂ ਸੰਸਥਾਵਾਂ ਨੇ ਗੁਰੂ ਨਾਨਕ ਦੇਵ ਜੀ ਦੇ ਚਿਤਰਣ ਕਰਨ ਉੱਤੇ ਇਤਰਾਜ਼ ਕੀਤਾ ਹੈ ਅਤੇ ਕਿਹਾ ਹੈ ਕਿ ਕਿਸੇ ਵੀ ਸਿਖ ਗੁਰੂ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਪਰਦੇ ’ਤੇ ਚਿਤਰਣ ਸਿਖ ਧਰਮ ਦੇ ਸਿਧਾਂਤਾਂ ਦੇ ਵਿਰੁਧ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਨੂੰ ਮਾਨਵ ਵਜੋਂ ਪੇਸ਼ ਕੀਤਾ ਗਿਆ ਹੈ ਜੋ ਕਿ ਸਿਖੀ ਦੇ ਸਿਧਾਂਤਾਂ ਦੇ ਖਿਲਾਫ ਹੈ। ਮੁਖ ਮੰਤਰੀ ਦਾ ਵਿਚਾਰ ਹੈ ਕਿ ਲੇਖਕਾਂ, ਫ਼ਿਲਮ ਨਿਰਮਾਤਾਵਾਂ ਆਦਿ ਦੀ ਪ੍ਰਗਟਾਵੇ ਦੀ ਸਿਰਜਣਾਤਮਕ ਆਜ਼ਾਦੀ ਹੈ ਪਰ ਇਹ ਆਜ਼ਾਦੀ ਕਿਸੇ ਵੀ ਭਾਈਚਾਰੇ ਦੀਆਂ ਧਾਰਮਿਕ ਸੰਵੇਦਨਸ਼ੀਲਤਾਵਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੰਦੀ। ਇਸ ਦੌਰਾਨ ਉਨ੍ਹਾਂ ਨੇ ਵਿਰੋਧ ਕਰ ਰਹੀਆਂ ਸਿੱਖ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਨਾ ਤਾਂ ਹਿੰਸਾ ਕਰਨ ਅਤੇ ਨਾ ਹੀ ਫ਼ਿਲਮ ਵਿਰੁੱਧ ਰੋਸ ਵਿਖਾਉਣ ਲਈ ਜੀਵਨ ਅਤੇ ਜਾਇਦਾਦ ਨੂੰ ਕੋਈ ਨੁਕਸਾਨ ਪਹੁੰਚਾਉਣ। ਮੀਡੀਆ ਵਿਚ ਪਾਬੰਦੀ ਲਾਉਣ ਦੀਆਂ ਆ ਰਹੀਆਂ ਰਿਪੋਰਟਾਂ ਦੇ ਉਲਟ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਵਿਚ ਫ਼ਿਲਮ ’ਤੇ ਪਾਬੰਦੀ ਲਾਉਣ ਦਾ ਕੋਈ ਹੁਕਮ ਜਾਰੀ ਨਹੀਂ ਕੀਤਾ।

Comments are closed.

COMING SOON .....
Scroll To Top
11