Saturday , 20 April 2019
Breaking News
You are here: Home » Editororial Page » ਪਰਾਲੀ ਜਲਾਉਣ ਦਾ ਮੁੱਦਾ, ਪ੍ਰਦੂਸ਼ਣ ਅਤੇ ਸਰਕਾਰ ਦਾ ਫ਼ਰਜ਼

ਪਰਾਲੀ ਜਲਾਉਣ ਦਾ ਮੁੱਦਾ, ਪ੍ਰਦੂਸ਼ਣ ਅਤੇ ਸਰਕਾਰ ਦਾ ਫ਼ਰਜ਼

ਪੰਜਾਬ ਵਿਚ ਪਰਾਲੀ ਜਲਾਉਣ ਦੇ ਦੋਸ਼ ਵਿਚ ਕਿਸਾਨਾਂ ਨੂੰ ਭਾਰੀ ਭਰਕਮ ਜ਼ੁਰਮਾਨੇ ਕੀਤੇ ਜਾ ਰਹੇ ਹਨ। ਉਪਗ੍ਰਹਿ ਰਾਹੀਂ ਪ੍ਰਾਪਤ ਸੂਚਨਾ ਦੇ ਅਧਾਰ ਉਤੇ ਖੇਤ ਦੀ ਨਿਸ਼ਾਨਦੇਹੀ ਕਰਕੇ ਸਬੰਧਤ ਅਫ਼ਸਰ (ਪਟਵਾਰੀ ਸਮੇਤ) ਮੌਕੇ ਦਾ ਮੁਆਇਨਾ ਕਰਦੇ ਹਨ ਅਤੇ ਕਿਸਾਨਾਂ ਨੂੰ ਸਬ- ਡਿਵੀਜ਼ਨ ਦਫ਼ਤਰਾਂ ‘ਚ ਸਦਕੇ ਜ਼ੁਰਮਾਨੇ ਲਾਏ ਜਾ ਰਹੇ ਹਨ। ਉਹ ਸਰਕਾਰ ਜਿਸ ਵਲੋਂ ਡੰਕੇ ਦੀ ਚੋਟ ਉਤੇ ਇਹ ਕਿਹਾ ਗਿਆ ਸੀ ਕਿ ਕਿਸਾਨ ਅਗਲੇ ਸਾਲ ਪਰਾਲੀ ਨਾ ਜਲਾਉਣ, ਉਹਨਾ ਨੂੰ ਪਰਾਲੀ ਸੰਭਾਲਣ ਵਾਲੀਆਂ ਮਸ਼ੀਨਾਂ ਭਾਰੀ-ਭਰਕਮ ਸਬਸਿਡੀ ਉਤੇ ਦਿਤੀਆਂ ਜਾਣਗੀਆਂ। ਉਪਰਲੀ, ਹੇਠਲੀ, ਸਰਕਾਰ ਦਾ ਇਹ ਵਾਅਦਾ ਆਖ਼ਰ ਵਫਾ ਕਿਉਂ ਨਹੀਂ ਹੋਇਆ?
ਕਿਸਾਨ ਕਹਿੰਦੇ ਹਨ ਕਿ ਇਕ ਏਕੜ ਫਸਲ ਦੀ ਪਰਾਲੀ ਜਾਲਣ ਲਈ ਇਕ ਤੋਂ ਡੇਢ ਹਜ਼ਾਰ ਰੁਪਏ ਦਾ ਖਰਚ ਆਉਂਦਾ ਹੈ, ਪਰ ਖੇਤ ਵਿਚ ਰੂਟਾਵੇਟਰ ਜਿਹੀਆਂ ਮਸ਼ੀਨਾਂ ਦੇ ਰਾਹੀਂ ਪਰਾਲੀ ਖੇਤ ਵਿਚ ਗਾਲਣ ਲਈ ਵਹਾਈ ਆਦਿ ਦਾ ਖਰਚ ਪੰਜ ਤੋਂ ਛੇ ਹਜ਼ਾਰ ਰੁਪਏ ਹੈ। ਪੰਜਾਬ ਤੇ ਹਰਿਆਣਾ ਦੋਵਾਂ ਸਰਕਾਰਾਂ ਦੇ ਨਾਲ-ਨਾਲ ਕੇਂਦਰ ਸਰਕਾਰ ਨੇ ਇਸ ਮਾਮਲੇ ਉਤੇ ਕਿਸਾਨਾਂ ਪ੍ਰਤੀ ਬੇਰੁਖੀ ਵਿਖਾਈ ਹੈ। ਸਿਟਾ ਮਜ਼ਬੂਰਨ ਕਿਸਾਨ ਪਰਾਲੀ ਜਲਾ ਰਹੇ ਹਨ, ਜ਼ੁਰਮਾਨੇ ਭਰ ਰਹੇ ਹਨ, ਨਤੀਜਾ ਦਿਲੀ-ਐਨ ਸੀ ਆਰ ਦੇ ਲੋਕ ਜਿਹੜੇ ਪਹਿਲਾਂ ਹੀ ਪ੍ਰਦੂਸ਼ਨ ਦੀ ਮਾਰ ਹੇਠ ਹਨ, ਦਿਲੀ ਸਰਕਾਰ ਅਨੁਸਾਰ ਇਸ ਧੂੰਏ ਕਾਰਨ ਹੋਰ ਵੀ ਪ੍ਰੇਸ਼ਾਨ ਹੋ ਰਹੇ ਹਨ। ਸਰਕਾਰ ਜਿਹੜੀ ਪਹਿਲਾਂ ਹੀ ਲੋਕਾਂ ਦੀ ਸਿਖਿਆ, ਸਿਹਤ ਸਹੂਲਤ ਤੋਂ ਮੂੰਹ ਮੋੜੀ ਬੈਠੀ ਹੈ, ਉਹ ਵਾਤਾਵਰਨ ਦੀ ਸ਼ੁਧਤਾ ਅਤੇ ਸਾਫ ਸੁਥਰਾ ਪਾਣੀ ਆਮ ਲੋਕਾਂ ਨੂੰ ਮੁਹਈਆ ਕਰਨ ਤੋਂ ਆਤੁਰ ਹੋਈ ਬੈਠੀ ਹੈ?
ਹਾਲੀ ਵਰ੍ਹਾ ਹੀ ਬੀਤਿਆ ਹੈ, ਕੇਂਦਰ ਦੀ ਸਰਕਾਰ ਨੇ ਪ੍ਰਦੂਸ਼ਣ ਦੀ ਰੋਕਥਾਮ ਲਈ ਉਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਨੂੰ ਥੋੜ੍ਹੀ ਰਾਹਤ ਦੇਣ ਦਾ ਵਾਇਦਾ ਕਰਕੇ ਇਹ ਆਖਿਆ ਸੀ ਕਿ ਕੇਂਦਰ ਸਰਕਾਰ ਉਹਨਾ ਤੋਂ ਪਰਾਲੀ ਖਰੀਦੇਗੀ, ਉਸਤੋਂ ਬਿਜਲੀ ਦਾ ਉਤਪਾਦਨ ਕਰੇਗੀ। ਇਸ ਸਬੰਧੀ ਪੰਜਾਬ ਦੀ ਸਰਕਾਰ ਨੇ ਪਰਾਲੀ ਪ੍ਰਬੰਧਨ ਮਸ਼ੀਨਾਂ ਲਈ 100 ਫੀਸਦੀ ਖਰਚਾ ਚੁਕਣ ਲਈ ਕਿਹਾ, ਜਦਕਿ ਮੌਜੂਦਾ ਨਿਯਮਾਂ ਅਨੁਸਾਰ 40 ਫੀਸਦੀ ਖਰਚਾ ਸੂਬਾ ਸਰਕਾਰ ਨੂੰ ਸਹਿਣ ਕਰਨਾ ਪੈਂਦਾ ਹੈ ਪਰ ਇਹ ਮਸ਼ੀਨਾਂ ਦਾ ਪ੍ਰਬੰਧ ਹੁਣ ਤਕ ਵੀ ਨਾ ਹੋ ਸਕਿਆ ਕਿਉਂਕਿ ਕੇਂਦਰ ਦੀ ਸਰਕਾਰ ਨੇ ਮਸ਼ੀਨਾਂ ਖਰੀਦਣ ਲਈ ਕੋਈ ਰਾਹਤ ਹੀ ਨਾ ਦਿਤੀ। ਖਜ਼ਾਨਾ ਖਾਲੀ ਹੋਣ ਦਾ ਰੌਲਾ ਪਾਉਣ ਵਾਲੀ ਪੰਜਾਬ ਸਰਕਾਰ ਨੇ ‘ਊਠ ਤੋਂ ਛਾਨਣੀ‘ ਲਾਹੁਣ ਵਾਂਗਰ ਪ੍ਰਤੀ ਕਵਿੰਟਲ ਪਰਾਲੀ ਉਤੇ 100 ਰੁਪਏ ਦੀ ਪਰਾਲੀ ਦੇਣ ਦੀ ਘੋਸ਼ਣਾ ਕਰ ਦਿਤੀ। ਬਾਵਜੂਦ ਸੁਪਰੀਮ ਕੋਰਟ ਦੇ ਹੁਕਮਾਂ ਦੇ ਕਿ ਇਸ ਅਤਿਅੰਤ ਵਡੀ ਸਮਸਿਆ ਦਾ ਹਲ ਲਭਣ ਲਈ ਕੋਈ ਸਥਾਈ ਹਲ ਲਭਿਆ ਜਾਣਾ ਚਾਹੀਦਾ ਹੈ। ਦਿਲੀ ਹਾਈ ਕੋਰਟ ਵਿਚ ਵੀ ਪਰਾਲੀ ਤੋਂ ਦੇਸੀ ਖਾਦ ਬਨਾਉਣ ਦੀ ਮੰਗ ਰਖੀ ਗਈ ਤਾਂ ਉਸ ਵਲੋਂ ਵੀ ਕਿਹਾ ਗਿਆ ਕਿ ਕਿਸਾਨਾਂ ਦੀ ਪੈਦਾਵਾਰ ਵੀ ਵਧੇ ਅਤੇ ਪ੍ਰਦੂਸ਼ਣ ਤੇ ਲਗਾਮ ਵੀ ਪਵੇ। ਪਰ ਕੇਂਦਰ ਸਰਕਾਰ ਦੇ ਕੰਨਾਂ ਉਤੇ ਜੂੰ ਤਕ ਨਾ ਸਰਕੀ! ਆਖਰ ਸਰਕਾਰ ਇੰਨੀ ਸੰਵੇਦਨਹੀਣ ਕਿਉਂ ਹੋ ਗਈ ਹੈ? ਜਿਹੜੀ ਵੋਟ ਦੀ ਰਾਜਨੀਤੀ ਲਈ ਤਾਂ ਵਿਰਾਸਤ ਸੰਭਾਲਣ ਦੇ ਨਾਮ ਉਤੇ 2900 ਕਰੋੜ ਖਰਚੀ ਜਾਂਦੀ ਹੈ, ਪਰ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਕੁਝ ਹਜ਼ਾਰ ਕਰੋੜ ਰੁਪਏ ਖਰਚ ਕਰਨ ਲਈ ਵੀ ਤਿਆਰ ਨਹੀਂ ਦਿਸਦੀ।
ਪੰਜਾਬ ਤੇ ਹਰਿਆਣਾ ਹਰ ਸਾਲ ਤਿੰਨ ਕਰੋੜ ਟਨ ਪਰਾਲੀ ਪੈਦਾ ਕਰਦਾ ਹੈ। ਇਸ ਵਿਚੋਂ 2.3 ਕਰੋੜ ਟਨ ਪਰਾਲੀ ਖੇਤਾਂ ਵਿਚ ਹੀ ਜਾਲ ਦਿਤੀ ਜਾਂਦੀ ਹੈ। ਭਾਵੇਂ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਕਹਿਣਾ ਹੈ ਕਿ ਬੀਤੇ ਦੋ ਸਾਲਾਂ ਦੀ ਨਿਸਬਤ ਪਰਾਲੀ ਜਲਾਉਣ ਦੀਆਂ ਘਟਨਾਵਾਂ ਪੰਜ ਗੁਣਾ ਤਕ ਘਟ ਹੋਈਆਂ ਹਨ, ਹਾਲਾਂਕਿ ਕਿ ਪਰਾਲੀ ਦੇ ਨਿਪਟਾਰੇ ਲਈ ਕਿਸੇ ਖਾਸ ਤਕਨੀਕ ਦੀ ਵਰਤੋਂ ਨਹੀਂ ਹੋਈ। ਤਦ ਵੀ ਪੰਜਾਬ ਹਰਿਆਣਾ ‘ਚ ਪਰਾਲੀ ਜਲਾਉਣ ਦਾ ਅਸਰ ਦਿਲੀ ਦੇ ਮੁਖ ਮੰਤਰੀ ਅਨੁਸਾਰ ਦਿਲੀ-ਐਨ ਸੀ ਆਰ ‘ਚ ਦੇਖਣ ਨੂੰ ਮਿਲਿਆ ਹੈ, ਜਿਥੇ ਹਵਾ ਗੁਣਵਤਾ ਬਹੁਤ ਖਰਾਬ ਹੈ। ਇਥੇ ਈ ਸੀ ਆਈ (ਏਅਰ ਕਵਾਲਟੀ ਇੰਡੈਕਸ) ਇੰਡੈਕਸ 400 ਅੰਕ ਦੀ ਖਤਰਨਾਕ ਹਾਲਤ ਟਪ ਚੁਕਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਸਫਰ ਭਾਵ ਸਿਸਟਮ ਆਫ ਏਅਰ ਕਵਾਲਿਟੀ ਫੋਰਕਾਸਟਿੰਗ ਐਂਡ ਰਿਕਾਰਡ ਦੇ ਅਨੁਸਾਰ ਇਹ ਹੋਰ ਵੀ ਵਧਣ ਦੀ ਸੰਭਾਵਨਾ ਹੈ। ਇਹੋ ਜਿਹੀਆਂ ਹਾਲਤਾਂ ਵਿਚ ਕੀ ਦਿਲੀ-ਐਨ ਸੀ ਆਰ ਗੈਸ ਚੈਂਬਰ ਦਾ ਰੂਪ ਧਾਰਨ ਕਰਨ ਤੋਂ ਬਚ ਜਾਏਗੀ। ਹਰ ਵਰ੍ਹੇ ਅਕਤੂਬਰ-ਨਵੰਬਰ ਵਿਚ ਸਰਕਾਰਾਂ ਪ੍ਰਦੂਸ਼ਣ ਮੁਕਤੀ ਦੀ ਡੌਂਡੀ ਪਿਟਦੀਆਂ ਹਨ, ਬਾਕੀ 10 ਮਹੀਨੇ ਉਹਨਾ ਦੇ ਮੂੰਹ ਦੇ ਚੇਪੀ ਲਗ ਜਾਂਦੀ ਹੈ। ਕੇਂਦਰ ਸਰਕਾਰ, ਸੂਬਾ ਸਰਕਾਰ, ਮਿਊਂਸੀਪਲ ਕਾਰਪੋਰੇਸ਼ਨ, ਕੇਂਦਰੀ ਅਤੇ ਸੂਬਾਈ ਕੰਟਰੋਲ ਬੋਰਡ ਇਸ ਨਹਾਇਤ ਗੰਭੀਰ ਸਮਸਿਆ ਤੋਂ ਲੋਕਾਂ ਨੂੰ ਛੁਟਕਾਰਾ ਦੁਆਉਣ ਲਈ ਅਮਲੀ ਕਦਮ ਪੁਟਣ ਦੀ ਥਾਂ ਉਲਟਾ ਇਕ ਦੂਜੇ ਉਤੇ ਦੋਸ਼ ਲਗਾਉਣ ਦਾ ਸਿਲਸਿਲਾ ਚਾਲੂ ਕਰ ਦਿੰਦੇ ਹਨ।
ਵੇਖਣ ਦੀ ਲੋੜ ਹੈ ਕਿ ਕੀ ਦਿਲੀ ਵਿਚ ਪ੍ਰਦੂਸ਼ਣ ਸਿਰਫ ਪਰਾਲੀ ਜਲਾਉਣ ਨਾਲ ਪੈਦਾ ਹੁੰਦਾ ਹੈ। ਇਹ ਇਕ ਕਾਰਨ ਤਾਂ ਹੋ ਸਕਦਾ ਹੈ, ਪਰ ਇਕੋ ਇਕ ਨਹੀਂ। ਮੰਨਿਆ ਕਿ ਯੂ.ਪੀ., ਪੰਜਾਬ, ਹਰਿਆਣਾ ਦੇ ਕੁਝ ਹਿਸਿਆਂ ਵਿਚ ਜਲਾਈ ਜਾਣ ਵਾਲੀ ਪਰਾਲੀ ਇਸਦੀ ਕੁਝ ਹਦ ਤਕ ਜ਼ਿੰਮੇਵਾਰ ਹੋਏਗੀ ਪਰ ਪੰਜਾਬ ਦੇ ਅਧਿਕਾਰੀ ਦਾਅਵਾ ਕਰਦੇ ਹਨ ਕਿ ਪਰਾਲੀ ਸਾੜਨ ਦਾ ਅਸਰ ਇਸ ਵਰ੍ਹੇ ਦਿਲੀ ਵਲ ਨਹੀਂ ਗਿਆ, ਕਿਉਂਕਿ ਹਵਾ ਦਾ ਰੁਖ ਰਾਜਸਥਾਨ ਵਲ ਹੈ। ਪਰ ਸੜਕਾਂ ਉਤੇ ਚਲਦੇ ਵਾਹਨ ਅਤੇ ਇਮਾਰਤਾਂ ਦੇ ਨਿਰਮਾਣ ਸਮੇਂ ਉਡਦੇ ਪੀ ਐਮ ਧੂੜ ਦੇ ਕਣ ਵੀ ਪ੍ਰਦੂਸ਼ਣ ‘ਚ ਕੋਈ ਘਟ ਯੋਗਦਾਨ ਨਹੀਂ ਪਾਉਂਦੇ। ਹਰ ਦਿਨ 1400 ਵਾਹਨ ਦੇਸ਼ ਵਿਚ ਸੜਕਾਂ ਉਤੇ ਨਵੇਂ ਵੇਖਣ ਨੂੰ ਮਿਲ ਰਹੇ ਹਨ। ਹਵਾ ਪ੍ਰਦੂਸ਼ਣ ਵਿਚ ਪੀਐਮ 2.5 ਕਣਾਂ ਦੀ 28 ਫੀਸਦੀ ਹਿਸੇਦਾਰੀ ਹੈ। ਇਸ ਹਵਾ ਪ੍ਰਦੂਸ਼ਣ ਕਾਰਨ ਇਕਲੀ ਦਿਲੀ-ਐਨ ਸੀ ਆਰ ਹੀ ਨਹੀਂ, ਪੂਰਾ ਦੇਸ਼ ਇਸ ਸਮਸਿਆ ਨਾਲ ਜੂਝ ਰਿਹਾ ਹੈ। ਵਿਸ਼ਵ ਸਿਹਤ ਸੰਗਠਨ ਦੀ ਇਕ ਰਿਪੋਰਟ ਦਸਦੀ ਹੈ ਜਿਸ ਵਿਚ 4300 ਸ਼ਹਿਰਾਂ ਦਾ ਸਰਵੇ ਕੀਤਾ ਗਿਆ ਹੈ, ਜਿਹਨਾ ਵਿਚ ਉਪਰਲੇ ਸਭ ਤੋਂ ਵਧ 20 ਪ੍ਰਦੂਸ਼ਿਤ ਸ਼ਹਿਰਾਂ ਵਿਚ ਕਾਨਪੁਰ (ਯੂ.ਪੀ.)ਨੰਬਰ ਇਕ ਹੈ। ਇਸ ਸੂਚੀ ਵਿਚ ਦਿਲੀ ਵੀ ਹੈ, ਫਰੀਦਾਬਾਦ ਵੀ। ਗਾਜ਼ੀਆਬਾਦ ਵੀ ਹੈ ਅਤੇ ਗੁੜਗਾਉਂ ਅਤੇ ਨੋਇਡਾ ਵੀ ਹੈ। ਰਿਪੋਰਟ ਅਨੁਸਾਰ ਦਿਲੀ ਤੇ ਇਸਦੇ ਆਸ ਪਾਸ ਦੇ ਪੰਜ ਵਡੇ ਸ਼ਹਿਰਾਂ ‘ਚ ਹਵਾ ਦੀ ਗੁਣਵਤਾ ਖਤਰਨਾਕ ਪਧਰ ਤਕ ਪੁਜ ਚੁਕੀ ਹੈ। 2016 ਦੀ ਵਿਸ਼ਵ ਸੰਗਠਨ ਰਿਪੋਰਟ ਅਨੁਸਾਰ ਪ੍ਰਦੂਸ਼ਿਤ ਜ਼ਹਿਰੀਲੀ ਹਵਾ ਕਾਰਨ ਦੇਸ਼ ਭਰ ‘ਚ ਪੰਜ ਸਾਲ ਤਕ ਦੇ ਇਕ ਲਖ ਬਚਿਆਂ ਦੀ ਮੌਤ ਹੋ ਗਈ ਸੀ। ਪ੍ਰਦੂਸ਼ਿਤ ਹਵਾ ਭਿਅੰਕਰ ਬੀਮਾਰੀਆਂ ਮਨੁਖ ਨੂੰ ਵੀ, ਜਾਨਵਰਾਂ, ਪਸ਼ੂ ਪੰਛੀਆਂ ਨੂੰ ਵੀ ਦਿੰਦੀ ਹੈ। ਇਸ ਕਾਰਨ ਸਥਿਤੀ ਇੰਨੀ ਗੰਭੀਰ ਹੈ ਕਿ ਹਵਾ ਪ੍ਰਦੂਸ਼ਣ ਕਾਰਨ ਸਥਿਤੀ ਕਿਸੇ ਵੀ ਸਮੇਂ ਵਿਸਫੋਟਕ ਹੋ ਸਕਦੀ ਹੈ।
ਬਹੁਤ ਵਡੀਆਂ ਸਕੀਮਾਂ ਭਾਰਤ ਦੇ ਨਾਗਰਿਕਾਂ ਲਈ ਕੇਂਦਰ ਸਰਕਾਰ ਵਲੋਂ ਘੜੀਆਂ ਗਈਆਂ ਹਨ। ਉਹਨਾ ਵਿਚੋਂ ਸਵਛ ਭਾਰਤ ਬਹੁਤ ਪ੍ਰਚਾਰੀ ਗਈ ਹੈ। ਇਸ ਸਕੀਮ ਅਧੀਨ ਸਿਰਫ ਟਾਇਲਟ ਉਸਾਰੇ ਜਾ ਰਹੇ ਹਨ। ਪਿਛਲੇ ਚਾਰ ਸਾਲਾਂ ਵਿਚ ਸੈਪਟਿਕ ਟੈਂਕ ਵਾਲੇ ਸਤ ਕਰੋੜ ਟਾਇਲਟ ਬਣਾਏ ਗਏ ਹਨ ਕਿਉਂਕਿ ਸਰਕਾਰ ਦਾ ਧਿਆਨ ਕੇਵਲ ਖੁਲ੍ਹੇ ‘ਚ ਲੋਕਾਂ ਨੂੰ ਟਾਇਲਟ ਜਾਣ ਤੋਂ ਰੋਕਣਾ ਹੈ, ਪਰ ਦੇਸ਼ ‘ਚ ਬਣਾਏ ਗਏ ਅੰਡਰ ਗਰਾਊਂਡ ਸੀਵਰੇਜ ਸਿਸਟਮ ਦੀ ਹਾਲਤ ਮੰਦੀ ਹੈ, ਜਿਹੜਾ ਦਰਜਨਾਂ ਬੀਮਾਰੀਆਂ ਦਾ ਕਾਰਨ ਹੈ। ਇਹ ਸੀਵਰੇਜ ਬਹੁਤ ਥਾਵਾਂ ਤੋਂ ਲੀਕ ਕਰਦੇ ਹਨ, ਇਹਨਾ ਦੀ ਸਫਾਈ ਦਾ ਕੰਮ ਬਹੁਤਾ ਕਰਕੇ ਸਫਾਈ ਕਰਮਚਾਰੀ ਕਰਦੇ ਹਨ। ਪਿਛਲੇ ਇਕ ਦਹਾਕੇ ‘ਚ ਮੁੰਬਈ ਤੇ ਦਿਲੀ ਵਿਚ ਹੀ 1794 ਸਫਾਈ ਕਰਮਚਾਰੀਆਂ ਦੀ ਮੌਤ ਇਹਨਾ ਸੀਵਰੇਜ ਮੈਨ ਹੋਲ ਦੀ ਸਫਾਈ ਕਰਦਿਆਂ ਹੋਈ। ਹਾਲੇ ਤਕ ਕਿਸੇ ਰੋਬੋਟਿਕ ਤਕਨੀਕ ਨੂੰ ਇਸ ਸਫਾਈ ਲਈ ਨਹੀਂ ਵਰਤਿਆਂ ਜਾਂਦਾ। ਸੀਵਰੇਜ ਦਾ ਪਾਣੀ ਖਾਸ ਕਰਕੇ ਬਰਸਾਤਾਂ ਦੇ ਦਿਨਾਂ ਵਿਚ ਮਿਊਂਸਪਲ ਕਮੇਟੀ ਵਲੋਂ ਸਪਲਾਈ ਪਾਣੀ ‘ਚ ਲੀਕੇਜ ਕਾਰਨ ਰਲਗਡ ਹੋ ਜਾਂਦਾ ਹੈ ਤੇ ਬੀਮਾਰੀਆਂ ਦਾ ਕਾਰਨ ਬਣਦਾ ਹੈ।
ਹਵਾ ਤੇ ਪਾਣੀ ਪ੍ਰਦੂਸ਼ਣ ਦੀ ਸਮਸਿਆ ਦੇਸ਼ ਵਿਚ ਵਡੀਆਂ ਸਮਸਿਆਵਾਂ ਪੈਦਾ ਕਰ ਰਹੀ ਹੈ।ਹਵਾ ਪ੍ਰਦੂਸ਼ਣ ਕਾਰਨ ਸਾਲ 2010 ਵਿਚ ਦੇਸ਼ ਵਿਚ 6.2 ਲਖ ਅਣਆਈਆਂ ਮੌਤਾਂ ਸਮੇਂ ਤੋਂ ਪਹਿਲਾਂ ਹੋਈਆਂ ਜਦਕਿ 2000 ਵਿਚ ਇਹਨਾ ਮੌਤਾਂ ਦੀ ਗਿਣਤੀ ਇਕ ਲਖ ਸੀ। ਇਹ ਸਥਿਤੀ ਪਿਛਲੇ ਸਾਲਾਂ ‘ਚ ਹੋਰ ਵੀ ਭਿਅੰਕਰ ਹੋਈ ਹੈ! ਮਨੁਖ ਦੀ ਪਹਿਲੀ ਲੋੜ ਜੇਕਰ ਧਰਤੀ ਉਤੇ ਹੈ ਤਾਂ ਉਹ ਸਾਫ ਪਾਣੀ ਅਤੇ ਸਾਫ ਹਵਾ ਹੈ। ਜੇਕਰ ਸਰਕਾਰਾਂ ਦਾ ਚੰਗੀ ਸਿਹਤ, ਚੰਗੀ ਪੜ੍ਹਾਈ ਦੇ ਨਾਲ ਨਾਲ ਆਪਣੇ ਨਾਗਰਿਕਾਂ ਨੂੰ ਸ਼ੁਧ ਵਾਤਾਵਰਨ ਦੇਣ ਪ੍ਰਤੀ ਅਵੇਸਲਾਪਨ ਇਵੇਂ ਹੀ ਰਹੇਗਾ ਜਾਂ ਉਹ ਲੋਕ ਹਿਤ ਯੋਜਨਾਵਾਂ ਲਾਗੂ ਕਰਕੇ ਦੇਸ਼ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹਈਆੲ ਨਹੀਂ ਕਰਨਗੇ ਤਦ ਹੋਰ ਵੀ ਦੁਭਰ ਹੋ ਜਾਏਗੀ, ਲੋਕਾਂ ਦੀ ਜ਼ਿੰਦਗੀ । ਸਿਰਫ ਪਰਾਲੀ ਜਲਾਉਣ ਵਰਗੇ ਮੁਦਿਆਂ ਉਤੇ ਰਾਜਨੀਤੀ ਕਰਕੇ ਦੇਸ਼ ਦੇ ਮਾਹੌਲ ਨੂੰ ਗੰਦਲਾ ਕਰਨ ਨਾਲ ਕੁਝ ਵੀ ਸੌਰਨ ਵਾਲਾ ਨਹੀਂ ਹੈ।

Comments are closed.

COMING SOON .....


Scroll To Top
11