Monday , 19 February 2018
Breaking News
You are here: Home » PUNJAB NEWS » ਪੰਜਾਬ ਸਰਕਾਰ ਅਧਿਆਪਕਾਂ ਲਈ ਜ਼ਿਲ੍ਹਾ ਕਾਡਰ ਬਣਾਉਣ ਬਾਰੇ ਵਿਚਾਰ ਕਰੇਗੀ : ਕੈਪਟਨ

ਪੰਜਾਬ ਸਰਕਾਰ ਅਧਿਆਪਕਾਂ ਲਈ ਜ਼ਿਲ੍ਹਾ ਕਾਡਰ ਬਣਾਉਣ ਬਾਰੇ ਵਿਚਾਰ ਕਰੇਗੀ : ਕੈਪਟਨ

ਮੁੱਖ ਮੰਤਰੀ ਨੇ ਖੇਤੀਬਾੜੀ ਨੀਤੀ ਅਤੇ ਜਲ ਨੀਤੀ ਬਾਰੇ ਸੀ.ਆਰ.ਆਰ.ਆਈ.ਡੀ. ਦੇ ਸੁਝਾਅ ਮੰਗੇ

ਚੰਡੀਗੜ੍ਹ, 9 ਫਰਵਰੀ- ਹਾਲਾਂਕਿ ਸੀ.ਐਸ.ਆਰ ਪ੍ਰੋਗਰਾਮਾਂ ਰਾਹੀਂ ਸੂਬੇ ਵਿਚ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਵਡੀ ਪੱਧਰ ’ਤੇ ਕਾਰਪੋਰੇਟ ਕੰਪਨੀਆਂ ਨੂੰ ਸ਼ਾਮਲ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਇਸ ਦੇ ਨਾਲ ਹੀ ਪੰਜਾਬ ਸਰਕਾਰ ਅਧਿਆਪਕਾਂ ਲਈ ਜ਼ਿਲ੍ਹਾ ਕਾਡਰ ਬਣਾਉਣ ਲਈ ਵਿਚਾਰ ਕਰ ਰਹੀ ਹੈ ਤਾਂ ਜੋ ਇਨ੍ਹਾਂ ਅਧਿਆਪਕਾਂ ਦਾ ਸਬੰਧਤ ਖੇਤਰਾਂ ਵਿਚ ਹੀ ਰਹਿਣਾ ਯਕੀਨੀ ਬਣਾਇਆ ਜਾ ਸਕੇ ਅਤੇ ਉਨ੍ਹਾਂ ਉਤੇ ਪੜ੍ਹਾਈ ਦੇ ਖੇਤਰ ’ਚ ਵਧੀਆ ਪ੍ਰਦਰਸ਼ਨ ਕਰਨ ਲਈ ਸਮਾਜਿਕ ਦਬਾਅ ਪੈ ਸਕੇ। ਖੇਤੀਬਾੜੀ ਅਤੇ ਖੇਤੀ ਵਿਭਿੰਨਤਾ ਦੇ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣ ਤੋਂ ਇਲਾਵਾ ਸਿੱਖਿਆ ਅਤੇ ਹੁਨਰ ਵਿਕਾਸ ਵਰਗੇ ਵੱਖ-ਵੱਖ ਮੁੱਦਿਆਂ ਉਤੇ ਸੈਂਟਰ ਫਾਰ ਰਿਸਰਚ ਇਨ ਰੂਰਲ ਐਂਡ ਇੰਡਸਟਰੀਅਲ ਡਿਵੈਲਪਮੈਂਟ (ਸੀ.ਆਰ.ਆਰ.ਆਈ.ਡੀ) ਵਿਖੇ ਖੋਜਕਰਤਾਵਾਂ ਅਤੇ ਪ੍ਰੋਫੈਸਰਾਂ ਨਾਲ ਵਿਚਾਰ ਵਟਾਂਦਰੇ ਦੌਰਾਨ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਪਰੋਕਤ ਗੱਲ ਆਖੀ। ਸੂਬੇ ਵਿਚ, ਖਾਸ ਤੌਰ ’ਤੇ ਪੇਂਡੂ ਖੇਤਰਾਂ ਵਿਚ ਸਿਖਿਆ ਨੂੰ ਦਰਪੇਸ਼ ਚੁਣੌਤੀਆਂ ਉੱਤੇ ਚਿੰਤਾ ਪ੍ਰਗਟ ਕਰਦੇ ਹੋਏ ਮੁਖ ਮੰਤਰੀ ਨੇ ਪ੍ਰਾਥਮਿਕਤਾ ਦੇ ਅਧਾਰ ’ਤੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਕੈਪਟਨ ਅਮਰਿੰਦਰ ਨੇ ਕਿਹਾ ਕਿ ਸਰਕਾਰ ਸਕੂਲਾਂ ਅਤੇ ਉਚ ਸਿਖਿਆ ਦੋਵਾਂ ਦਾ ਮਿਆਰ ਵਧਾਉਣ ਦੇ ਨਾਲ ਨਾਲ ਨੌਜਵਾਨਾਂ ਨੂੰ ਫਾਇਦੇਮੰਦ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਲੋੜੀਂਦੇ ਹੁਨਰ ਨਾਲ ਸਮਰੱਥ ਬਣਾਉਣ ਵਾਸਤੇ ਮੌਕਿਆਂ ਦੀ ਤਲਾਸ਼ ਕਰ ਰਹੀ ਹੈ। ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਸੂਬਾ ਪਧਰੀ ਹੁਨਰ ਵਿਕਾਸ ਸਹੂਲਤਾਂ ਪ੍ਰਦਾਨ ਕਰਨ ਲਈ ਸ਼ਾਮ 5 ਵਜੇ ਤੋਂ ਬਾਅਦ ਆਈ.ਟੀ.ਆਈਜ਼ ਦੀ ਵਰਤੋਂ ਕਰਨ ਦੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਕਮਜ਼ੋਰ ਵਿੱਤੀ ਹਾਲਤ ਦੇ ਮੱਦੇਨਜ਼ਰ ਪਹਿਲਾਂ ਹੀ ਉਪਲਭੱਧ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਇਨ੍ਹਾਂ ਤੋਂ ਲਾਭ ਉਠਾਇਆ ਜਾਣਾ ਚਾਹੀਦਾ ਹੈ। ਇਸ ਦੌਰਾਨ ਸੀ.ਆਰ.ਆਰ.ਆਈ.ਡੀ. ਨੇ ਰੁਜ਼ਗਾਰ ਨਾਲ ਸਬੰਧਤ ਮਾਮਲਿਆਂ ਵਿਚ ਦਖ਼ਲ ਦੇਣ ਲਈ ਸੂਬਾ ਸਰਕਾਰ ਨੂੰ ਇੱਕ ਢੁੱਕਵੀਂ ਰੁਜ਼ਗਾਰ ਨੀਤੀ ਬਣਾਉਣ ਦੀ ਸਲਾਹ ਦਿੱਤੀ। ਸੀ.ਆਰ.ਆਰ. ਆਈ.ਡੀ ਨੇ ਪੰਜਾਬ ਵਿਚ ਪਾਣੀ ਰੈਗੂਲੇਟਰੀ ਅਥਾਰਟੀ ਦੀ ਸਥਾਪਨਾ ਕਰਨ ਦਾ ਸੁਝਾਅ ਦਿੱਤਾ। ਮੁਖ ਮੰਤਰੀ ਨੇ ਬਾਰਸ਼ ਦੇ ਪਾਣੀ ਦੀ ਸੰਭਾਲ ਲਈ ਇਕ ਆਕ੍ਰਸ਼ਿਤ ਲਹਿਰ ਤਿਆਰ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਇਕ ਮਹਤਵਪੂਰਣ ਮੁਦਾ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਬਿਜਲੀ ਦੀ ਬਚਤ ਹੋਵੇਗੀ ਅਤੇ ਪਾਣੀ ਨੂੰ ਬਚਾਇਆ ਜਾ ਸਕੇਗਾ। ਇਸ ਮੌਕੇ ਸੀ.ਆਰ.ਆਰ.ਆਈ ਦੇ ਚੇਅਰਮੈਨ ਪ੍ਰੋਫੈਸਰ ਆਰ.ਪੀ. ਬੰਬਾਹ, ਕਾਰਜਕਾਰੀ ਉਪ-ਚੇਅਰਮੈਨ ਡਾ. ਰਸ਼ਪਾਲ ਮਲਹੌਤਰਾ ਸੀਨੀਅਰ ਉਪ-ਪ੍ਰਧਾਨ ਡਾ. ਐਸ.ਕੇ. ਮੰਗਲ, ਡਾਇਰੈਕਟਰ ਜਨਰਲ ਪ੍ਰੋਫੈਸਰ ਸੁਖਪਾਲ ਸਿੰਘ, ਪ੍ਰੋਫੈਸਰ ਸੁੱਚਾ ਸਿੰਘ ਗਿੱਲ, ਆਰ.ਐਸ. ਘੁੰਮਣ ਅਤੇ ਸਤੀਸ਼ ਵਰਮਾ ਨੇ ਵੀ ਵਿਚਾਰ ਚਰਚਾ ਵਿਚ ਹਿੱਸਾ ਲਿਆ। ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਅਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਵੀ ਹਾਜ਼ਰ ਸਨ।

Comments are closed.

COMING SOON .....
Scroll To Top
11