Wednesday , 19 December 2018
Breaking News
You are here: Home » BUSINESS NEWS » ਪੰਜਾਬ ਸਰਕਾਰ ਗੰਨਾ ਉਤਪਾਦਕਾਂ ਨੂੰ ਪ੍ਰਤੀ ਕੁਇੰਟਲ 25 ਰੁਪਏ ਦੀ ਸਿੱਧੀ ਅਦਾਇਗੀ ਕਰੇਗੀ

ਪੰਜਾਬ ਸਰਕਾਰ ਗੰਨਾ ਉਤਪਾਦਕਾਂ ਨੂੰ ਪ੍ਰਤੀ ਕੁਇੰਟਲ 25 ਰੁਪਏ ਦੀ ਸਿੱਧੀ ਅਦਾਇਗੀ ਕਰੇਗੀ

ਨਿੱਜੀ ਖੰਡ ਮਿੱਲਾਂ ਨੂੰ ਗੰਨਾ ਪੀੜਣ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਹੁਕਮ

ਚੰਡੀਗੜ੍ਹ, 5 ਦਸੰਬਰ- ਗੰਨੇ ਦੀ ਪਿੜਾਈ ਦੇ ਮਸਲੇ ਦਾ ਨਿਪਟਾਰਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਅੱਜ 25 ਰੁਪਏ ਪ੍ਰਤੀ ਕੁਇੰਟਲ ਸਿੱਧਾ ਗੰਨਾ ਉਤਪਾਦਕ ਕਿਸਾਨਾਂ ਨੂੰ ਅਦਾ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਕਿਸਾਨਾਂ ਦੇ ਬਕਾਏ ਦੇ ਭੁਗਤਾਨ ਲਈ ਨਿੱਜੀ ਖੰਡ ਮਿੱਲ ਮਾਲਕਾਂ ਵੱਲੋਂ ਚੁੱਕੇ ਕਰਜ਼ੇ ’ਤੇ ਵਿਆਜ ਦੇ ਰੂਪ ਵਿੱਚ 65 ਕਰੋੜ ਰੁਪਏ ਤੁਰੰਤ ਜਾਰੀ ਕਰਨ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਨਿੱਜੀ ਖੰਡ ਮਿੱਲਾਂ ਨੂੰ ਗੰਨੇ ਦੀ ਪਿੜਾਈ ਤੁਰੰਤ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ ਜੋ ਪਹਿਲਾਂ ਹੀ ਦੋ ਹਫ਼ਤੇ ਪਛੜ ਗਈ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਸਟੇਟ ਐਸ਼ੋਰਡ ਪ੍ਰਾਈਸ (ਐਸ.ਏ.ਪੀ.) ਦੇ 310 ਰੁਪਏ ਪ੍ਰਤੀ ਕੁਇੰਟਲ ਵਿੱਚੋਂ 25 ਰੁਪਏ ਪ੍ਰਤੀ ਕੁਇੰਟਲ ਸਿੱਧੇ ਤੌਰ ’ਤੇ ਕਿਸਾਨਾਂ ਨੂੰ ਅਦਾ ਕੀਤਾ ਜਾਣਗੇ ਜਦੋਂ ਕਿ ਬਾਕੀ 285 ਰੁਪਏ ਪ੍ਰਤੀ ਕੁਇੰਟਲ ਦਾ ਭੁਗਤਾਨ ਕਿਸਾਨਾਂ ਨੂੰ ਨਿੱਜੀ ਖੰਡ ਮਿੱਲਾਂ ਵੱਲੋਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਇਹ ਫੈਸਲਾ ਅੱਜ ਬਾਅਦ ਦੁਪਹਿਰ ਇੱਥੇ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਨਿੱਜੀ ਮਿੱਲ ਮਾਲਕਾਂ ਨਾਲ ਹੋਈ ਮੀਟਿੰਗ ਦੌਰਾਨ ਲਿਆ ਗਿਆ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਕਮਿਸ਼ਨਰ (ਵਿਕਾਸ) ਨੂੰ ਪਿੜਾਈ ਦਾ ਨਿਰਵਿਘਨ ਕੰਮ ਸ਼ੁਰੂ ਕਰਵਾਉਣ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਖੰਡ ਮਿੱਲ ਮਾਲਕਾਂ ਅਤੇ ਸੂਬਾ ਸਰਕਾਰ ਦਰਮਿਆਨ ਹੋਏ ਸਮਝੌਤੇ ਨੂੰ ਪੂਰਨ ਢੰਗ ਨਾਲ ਅਮਲੀਜਾਮਾ ਪਹਿਨਾਉਣ ਲਈ ਆਖਿਆ। ਨਿੱਜੀ ਖੰਡ ਮਿੱਲ ਮਾਲਕਾਂ ਨੇ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਸਾਲ 2017-18 ਦੇ ਪਿੜਾਈ ਸੀਜ਼ਨ ਦੀ ਕਿਸਾਨਾਂ ਦੀ ਬਕਾਇਆ ਰਾਸ਼ੀ ਉਨ੍ਹਾਂ ਵੱਲੋਂ ਸਿੱਧੇ ਤੌਰ ’ਤੇ ਛੇਤੀ ਤੋਂ ਛੇਤੀ ਅਦਾ ਕਰ ਦਿੱਤੀ ਜਾਵੇਗੀ। ਮੀਟਿੰਗ ਵਿੱਚ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਐਡਵੋਕੇਟ ਜਨਰਲ ਅਤੁਲ ਨੰਦਾ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਵਿੱਤ ਕਮਿਸ਼ਨਰ ਵਿਕਾਸ ਵਿਸਵਾਜੀਤ ਖੰਨਾ, ਪ੍ਰਮੁੱਖ ਸਕੱਤਰ ਵਿੱਤ ਅਨੁਰਿਧ ਤਿਵਾੜੀ ਅਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਵੀ ਹਾਜ਼ਰ ਸਨ। ਇਸ ਦੌਰਾਨ ਮੀਟਿੰਗ ਵਿੱਚ ਹਾਜ਼ਰ ਨਿੱਜੀ ਮਿੱਲ ਮਾਲਕਾਂ ਵਿੱਚ ਰਜਿੰਦਰ ਸਿੰਘ ਚੱਢਾ, ਕਮਲ ਓਸਵਾਲ, ਰਾਣਾ ਇੰਦਰ ਪ੍ਰਤਾਪ ਸਿੰਘ, ਜਰਨੈਲ ਸਿੰਘ ਵਾਹਦ ਅਤੇ ਕੁਨਲ ਯਾਦਵ ਸ਼ਾਮਲ ਸਨ।

Comments are closed.

COMING SOON .....


Scroll To Top
11