Monday , 14 October 2019
Breaking News
You are here: Home » HEALTH » ਬਟਾਲਾ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ

ਬਟਾਲਾ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ

ਬਟਾਲਾ ਪੁਲਿਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਸਹਿਯੋਗ ਦੇਣ ਦਾ ਸੱਦਾ

ਬਟਾਲਾ, 26 ਜੂਨ (ਰਾਜੂ ਖਹਿਰਾ, ਸ਼ੰਮੀ ਸ਼ਰਮਾ)- ਨਸ਼ਾ ਇੱਕ ਗੰਭੀਰ ਤੇ ਵਿਸ਼ਵ-ਵਿਆਪੀ ਸਮੱਸਿਆ ਹੈ ਜਿਸਨੂੰ ਠੱਲ ਪਾਉਣ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਰਲ ਕੇ ਯਤਨ ਕਰਨੇ ਪੈਣਗੇ। ਇਹ ਪ੍ਰਗਟਾਵਾ ਐੱਸ.ਐੱਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਅੱਜ ਸ਼ਿਵ ਬਟਾਲਵੀ ਆਡੀਟੋਰੀਅਮ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਬਟਾਲਾ ਪੁਲਿਸ ਵਲੋਂ ਕਰਾਏ ਗਏ ਇੱਕ ਜਾਗਰੂਕਤਾ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ। ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਸਰਕਾਰ ਪੂਰੀ ਤਰਾਂ ਦ੍ਰਿੜ ਹੈ ਅਤੇ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਵਿਸ਼ੇਸ਼ ਨਸ਼ਾ ਰੋਕੂ ਮੁਹਿੰਮ ਚਲਾਈ ਜਾ ਰਹੀ ਹੈ। ਉਨਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਪੁਲਿਸ ਵਲੋਂ ਲੋਕਾਂ ਦਾ ਸਹਿਯੋਗ ਲੈ ਕੇ ਇੱਕ ਲੋਕ ਲਹਿਰ ਖੜੀ ਕੀਤੀ ਜਾ ਰਹੀ ਹੈ।
ਐੱਸ.ਐੱਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਨਸ਼ਿਆਂ ਦੇ ਖਾਤਮੇ ਲਈ ਆਪਣੀ ਵੱਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਪੁਲਿਸ
ਵੱਲੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ ਜ਼ਿਲਾ ਪੱਧਰ ਤੋਂ ਲੈ ਕੇ ਪਿੰਡ ਪੱਧਰ ਤੱਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਉਨਾਂ ਕਿਹਾ ਕਿ ਨੌਜਵਾਨ ਪੀੜੀ ਨੂੰ ਕੁਰਾਹੇ ਪੈਣ ਤੋਂ ਰੋਕਣ ਲਈ ਬਜ਼ੁਰਗ ਸਭ ਤੋਂ ਅਹਿਮ ਭੂਮਿਕਾ ਨਿਭਾ ਸਕਦੇ ਹਨ ਅਤੇ ਬਜ਼ੁਰਗਾਂ ਦੀ ਸੇਧ ਅਤੇ ਅਸੀਸ ਨੌਜਵਾਨਾਂ ਦਾ ਮਾਰਗ ਦਰਸ਼ਨ ਬਣ ਸਕਦੀ ਹੈ। ਉਨਾਂ ਕਿਹਾ ਕਿ ਸਰਬੱਤ ਦੇ ਭਲੇ ਦੀ ਸੋਚ ਅਪਣਾ ਕੇ ਅਸੀਂ ਆਪਣੇ ਸਮਾਜ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਬਚਾ ਸਕਦੇ ਹਾਂ। ਸ. ਘੁੰਮਣ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਨਸ਼ਾ ਵਿਰੋਧੀ ਮੁਹਿੰਮ ‘ਚ ਪੁਲਿਸ ਦਾ ਸਾਥ ਦੇਣ ਅਤੇ ਜੇਕਰ ਉਨਾਂ ਦੇ ਆਲੇ-ਦੁਆਲੇ ਕੋਈ ਨਸ਼ੇ ਦਾ ਕਾਰੋਬਾਰ ਕਰਦਾ ਹੈ ਤਾਂ ਉਸਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਅਜਿਹੇ ਗਲਤ ਅਨਸਰਾਂ ਨੂੰ ਕਾਨੂੰਨ ਦੇ ਸਿਕੰਜੇ ਹੇਠ ਲਿਆਂਦਾ ਜਾ ਸਕੇ। ਇਸ ਤੋਂ ਪਹਿਲਾਂ ਜ਼ਿਲ੍ਹਾ ਪੁਲਿਸ ਮੁਖੀ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਸੈਮੀਨਾਰ ਵਿੱਚ ਹਾਜ਼ਰ ਪੁਲਿਸ ਅਧਿਕਾਰੀਆਂ, ਜਵਾਨਾਂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਸ਼ਹਿਰੀਆਂ ਨੂੰ ਨਸ਼ਾ ਮੁਕਤ ਸਮਾਜ ਸਿਰਜਣ ਦੀ ਸਹੁੰ ਚੁਕਾਈ। ਸ. ਘੁੰਮਣ ਨੇ ਪੁਲਿਸ ਵਿਭਾਗ ਨੂੰ ਇਹ ਅਹਿਦ ਵੀ ਦਿਵਾਇਆ ਕਿ ਉਹ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਾ ਜ਼ੋਰ ਲਗਾ ਦੇਣਗੇ ਅਤੇ ਇੱਕ ਗ੍ਰਾਂਮ ਵੀ ਨਸ਼ਾ ਪੁਲਿਸ ਜ਼ਿਲ੍ਹਾ ਬਟਾਲਾ ਵਿੱਚ ਨਹੀਂ ਵਿਕਣ ਦੇਣਗੇ। ਇਸ ਮੌਕੇ ਡੀ.ਐੱਸ.ਪੀ. ਸ੍ਰੀ ਸਿੰਗਲਾ ਨੇ ਕਿਹਾ ਕਿ ਬਟਾਲਾ ਪੁਲਿਸ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰਾਂ ਵਚਨਬੱਧ ਹੈ ਅਤੇ ਇਸ ਕੋਹੜ ਨੂੰ ਖਤਮ ਕਰਕੇ ਹੀ ਦਮ ਲਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨਾਲ ਜੁੜਨ ਅਤੇ ਆਪਣੇ ਸਮਾਜ ਨੂੰ ਨਸ਼ਾ ਮੁਕਤ ਕਰਨ ਵਿੱਚ ਆਪਣਾ ਯੋਗਦਾਨ ਪਾਉਣ। ਇਸੇ ਦੌਰਾਨ ਐੱਸ.ਐੱਮ.ਓ. ਡਾ. ਸੰਜੀਵ ਭੱਲਾ ਨੇ ਕਿਹਾ ਕਿ ਨਸ਼ਾ ਕਿ ਮਾਨਸਿਕ ਬਿਮਾਰੀ ਹੈ ਅਤੇ ਇਸਨੂੰ ਸਹੀ ਇਲਾਜ ਨਾਲ ਹਮੇਸ਼ਾਂ ਲਈ ਛੱਡਿਆ ਜਾ ਸਕਦਾ ਹੈ। ਉਨਾਂ ਨਸ਼ੇ ਦੀ ਦਲ-ਦਲ ‘ਚ ਫਸੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਸਰਕਾਰੀ ਹਸਪਤਾਲ ‘ਚ ਸਥਿਤ ਨਸ਼ਾ ਛੁਡਾਓ ਕੇਂਦਰ ‘ਚ ਆਪਣਾ ਇਲਾਜ ਕਰਾਉਣ। ਇਸ ਮੌਕੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੇ ਵੀ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਨਸ਼ੇ ਛੱਡ ਕੇ ਹੁਣ ਖੁਸ਼ਹਾਲ ਜ਼ਿੰਦਗੀ ਬਤੀਤ ਕਰ ਰਹੇ ਹਨ, ਜਦਕਿ ਜਦੋਂ ਉਹ ਨਸ਼ੇ ਕਰਦੇ ਸਨ ਤਾਂ ਉਨ੍ਹਾਂ ਦੀ ਜ਼ਿੰਦਗੀ ਨਰਕ ਬਣ ਗਈ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਨਸ਼ੇ ਛੁਡਾਉਣ ਦੇ ਕੀਤੇ ਜਾ ਰਹੇ ਯਤਨਾ ਨੇ ਉਨ੍ਹਾਂ ਨੂੰ ਨਵੀਂ ਜ਼ਿੰਦਗੀ ਦਿੱਤੀ ਹੈ ਅਤੇ ਉਹ ਹੁਣ ਜ਼ਿੰਦਗੀ ਭਰ ਨਸ਼ਿਆਂ ਦੇ ਲਾਗੇ ਨਹੀਂ ਜਾਣਗੇ। ਉਨ੍ਹਾਂ ਨਸ਼ੇ ਦੀ ਆਦਤ ਦੇ ਸ਼ਿਕਾਰ ਹੋਰ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ਨੂੰ ਛੱਡ ਕੇ ਖੁਸ਼ਹਾਲ ਜ਼ਿੰਦਗੀ ਨੂੰ ਚੁਣਨ। ਇਸ ਮੌਕੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਤ ਵੀ ਕੀਤਾ ਗਿਆ।

Comments are closed.

COMING SOON .....


Scroll To Top
11