Monday , 19 August 2019
Breaking News
You are here: Home » EDITORIALS » ਮੁੱਖ ਮੰਤਰੀ ਦੀ ਚੰਗੀ ਪਹਿਲ

ਮੁੱਖ ਮੰਤਰੀ ਦੀ ਚੰਗੀ ਪਹਿਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਚੰਗੀ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਵੱਲੋਂ ਇਸ ਸਬੰਧ ਵਿੱਚ ਸੁਲਤਾਨਪੁਰ ਲੋਧੀ ਵਿਖੇ ਸੰਤ ਸਮਾਜ ਨਾਲ ਕੀਤੀ ਗਈ ਬੈਠਕ ਇਕ ਚੰਗੀ ਸ਼ੁਰੂਆਤ ਹੈ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਵੱਲੋਂ ਪ੍ਰਗਟ ਕੀਤੇ ਗਏ ਵਿਚਾਰ ਵੀ ਸ਼ਲਾਘਾਯੋਗ ਹਨ। ਉਨ੍ਹਾਂ ਨੇ ਸਿੱਖ ਸੰਗਤਾਂ ਅਤੇ ਸੰਤ ਸਮਾਜ ਨੂੰ ਭਰੋਸਾ ਦਿੱਤਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਮੌਕੇ ਹੋ ਰਹੇ ਇਤਿਹਾਸਕ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਪੰਜਾਬ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।ਉਹ ਕੇਂਦਰ ਸਰਕਾਰ ਨੂੰ ਅਪੀਲ ਕਰਨਗੇ ਕਿ ਜਿਨ੍ਹਾਂ ਰਸਤਿਆਂ ਤੋਂ ਗੁਰੂ ਨਾਨਕ ਦੇਵ ਜੀ ਲੰਘੇ ਸਨ, ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ ਦਾ ਨਾਮ ਦਿਤਾ ਜਾਵੇ। ਇਹ ਸੜਕਾਂ ਅੰਮ੍ਰਿਤਸਰ, ਖਡੂਰ ਸਾਹਿਬ, ਲੁਧਿਆਣਾ ਵਾਲੀਆਂ ਹਨ।ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿਤਰ ਕਾਲੀ ਵੇਈਂ ਦੀ ਸਫਾਈ ਵੀ ਕਰਵਾਈ ਜਾਵੇ।ਇਹ ਚੰਗੀ ਸੋਚ ਹੈ ਕਿ ਸਰਕਾਰ ਦੀ ਤਰਫੋ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਸਾਰੀਆਂ ਧਿਰਾਂ ਦਾ ਸਹਿਯੋਗ ਲਿਆ ਜਾਵੇਗਾ।ਪੰਜਾਬ ਸਰਕਾਰ ਨੇ ਸਾਲ ਭਰ ਚਲਣ ਵਾਲੇ ਇਨ੍ਹਾਂ ਸਮਾਗਮਾਂ ਲਈ ਬੁਨਿਆਦੀ ਢਾਂਚੇ ਵਾਸਤੇ ਕੇਂਦਰ ਸਰਕਾਰ ਤੋਂ 2145.31 ਕਰੋੜ ਦੇ ਫੰਡ ਮੰਗੇ ਹਨ।ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ ਸਬੰਧ ਵਿੱਚ ਤੁਰੰਤ ਕਾਰਵਾਈ ਕਰੇ ਤਾਂ ਜੋ ਹੋਣ ਵਾਲੇ ਸਮਾਗਮਾਂ ਦੀ ਰੂਪ ਰੇਖਾ ਤਿਆਰ ਕੀਤੀ ਜਾ ਸਕੇ। ਇਹ ਵੀ ਚੰਗੀ ਗੱਲ ਹੈ ਕਿ ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ਸੰਤ ਸਮਾਜ ਦੇ ਆਗੂ ਸੰਤਾਂ ਵੱਲੋਂ ਬਹੁਤ ਹੀ ਵਧੀਆ ਸੁਝਾਅ ਦਿੱਤੇ ਗਏ ਹਨ। ਇਹ ਉਮੀਦ ਕਰਨੀ ਚਾਹੀਦੀ ਹੈ ਕਿ ਸਰਕਾਰ ਸੰਤਾਂ ਵੱਲੋਂ ਦਿੱਤੇ ਗਏ ਸੁਝਾਅ ਧਿਆਨ ਵਿੱਚ ਰੱਖੇਗੀ। ਪੰਜਾਬ ਸਰਕਾਰ ਵੱਲੋਂ ਇਸ ਅਹਿਮ ਮੌਕੇ ਉਪਰ ਅੰਮ੍ਰਿਤਸਰ ਵਿਚ ਨੈਸ਼ਨਲ ਇੰਸਟੀਚਿਊਸ਼ਨ ਆਫ ਇੰਟਰਫੇਥ ਸਟਡੀ, ਗੁਰਦਾਸਪੁਰ ’ਚ 500 ਬਿਸਤਰਿਆਂ ਦਾ ਸੁਪਰ ਸਪੈਸ਼ਲਿਸਟ ਹਸਪਤਾਲ ਅਤੇ ਸੁਲਤਾਨਪੁਰ ਲੋਧੀ ਵਿਚ ਪਿੰਡ ਬੇਬੇ ਨਾਨਕੀ ਬਣਾਉਣ ਦਾ ਫੈਸਲਾ ਲਿਆ ਗਿਆ ਹੈ। ਇਹ ਸਾਰੇ ਪ੍ਰੋਜੈਕਟ ਸਮੇਂ ਸਿਰ ਨੇਪਰੇ ਚਾੜੇ ਜਾਣੇ ਚਾਹੀਦੇ ਹਨ। ਇਸ ਸਬੰਧ ਵਿੱਚ ਸ਼ੁਰੂ ਕੀਤੀ ਗਈ ਸਰਗਰਮੀ ਲਈ ਮੁੱਖ ਮੰਤਰੀ ਵਧਾਈ ਦੇ ਪਾਤਰ ਹਨ।
– ਬਲਜੀਤ ਸਿੰਘ ਬਰਾੜ

Comments are closed.

COMING SOON .....


Scroll To Top
11