Sunday , 17 December 2017
Breaking News
You are here: Home » Carrier » ਸਰਕਾਰ ਸਕੂਲੀ ਬੱਚਿਆਂ ਨੂੰ ਕਿਤਾਬਾਂ ਤੇ ਵਰਦੀ ਅਕਾਦਮਿਕ ਸੈਸ਼ਨ ਤੋਂ ਪਹਿਲਾਂ ਦੇਵੇਗੀ : ਵਿਧਾਇਕ ਫਤਿਹ ਬਾਜਵਾ

ਸਰਕਾਰ ਸਕੂਲੀ ਬੱਚਿਆਂ ਨੂੰ ਕਿਤਾਬਾਂ ਤੇ ਵਰਦੀ ਅਕਾਦਮਿਕ ਸੈਸ਼ਨ ਤੋਂ ਪਹਿਲਾਂ ਦੇਵੇਗੀ : ਵਿਧਾਇਕ ਫਤਿਹ ਬਾਜਵਾ

ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ

ਬਟਾਲਾ, 6 ਦਸੰਬਰ (ਰਾਜੂ ਖਹਿਰਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਿਆਰੀ ਸਿੱਖਿਆ ਲਈ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਇਸ ਵਾਰ ਵਿਦਿਆਰਥੀਆਂ ਨੂੰ ਸਮੇਂ ਤੋਂ ਪਹਿਲਾਂ ਪੁਸਤਕਾਂ ਅਤੇ ਵਰਦੀਆਂ ਦੇਣ ਉੱਪਰ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ ਅਤੇ ਅਗਲਾ ਵਿੱਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ 28 ਫਰਵਰੀ 2018 ਤੱਕ ਵਿਦਿਆਰਥੀਆਂ ਨੂੰ ਪੁਸਤਕਾਂ ਅਤੇ ਵਰਦੀਆਂ ਦੇ ਦਿੱਤੀਆਂ ਜਾਣਗੀਆਂ। ਇਹ ਪ੍ਰਗਟਾਵਾ ਕਰਦਿਆਂ ਹਲਕਾ ਕਾਦੀਆਂ ਦੇ ਵਿਧਾਇਕ ਸ. ਫਤਿਹਜੰਗ ਸਿੰਘ ਬਾਜਵਾ ਨੇ ਕਿਹਾ ਕਿ ਸੂਬਾ ਸਰਕਾਰ ਰਾਜ ਵਿੱਚ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਲਿਆਉਣ ਲਈ ਸਿਰਤੋੜ ਯਤਨ ਕਰ ਰਹੀ ਹੈ ਅਤੇ ਪ੍ਰਾਇਮਰੀ ਸਿੱਖਿਆ ਦਾ ਪੱਧਰ ਉਚਾ ਚੁੱਕਣ ਲਈ ਪੰਜਾਬ ਸਰਕਾਰ ਨੇ ਪ੍ਰੀ ਪ੍ਰਾਇਮਰੀ ਕਲਾਸਾਂ ਸ਼ੁਰੂ ਕਰ ਕੇ ਕ੍ਰਾਂਤੀਕਾਰੀ ਕਦਮ ਉਠਾਇਆ ਹੈ ਅਤੇ ਇਹ ਕਦਮ ਚੁੱਕਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ ਹੈ। ਉਨਾਂ ਕਿਹਾ ਕਿ ਹੁਣ 3 ਤੋਂ 6 ਸਾਲ ਤੱਕ ਦੇ ਬੱਚੇ ਵੀ ਸਰਕਾਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਕਲਾਸਾਂ ਵਿੱਚ ਦਾਖਲਾ ਲੈ ਸਕਣਗੇ। ਇਸ ਤੋਂ ਪਹਿਲਾਂ 6 ਸਾਲ ਤੋਂ ਛੋਟੇ ਬੱਚੇ ਪ੍ਰਾਈਵੇਟ ਸਕੂਲਾਂ ਵਿੱਚ ਦਾਖਲਾ ਲੈਣ ਜਾਂ ਘਰ ਬੈਠਣ ਲਈ ਮਜਬੂਰ ਸਨ। ਵਿਧਾਇਕ ਸ. ਬਾਜਵਾ ਨੇ ਕਿਹਾ ਕਿ ਕੈਪਟਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਰੋਕਣ ਲਈ ਪੂਰੀ ਤਰਾਂ ਸੁਹਿਰਦ ਹੈ ਅਤੇ ਸਰਕਾਰ ਨੇ ਸਬੰਧੀ ਰੈਗੂਲੇਟਰੀ ਅਥਾਰਟੀ ਕਾਇਮ ਕੀਤੀ ਹੈ ਜੋ ਆਪਣਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਨਿੱਜੀ ਸਕੂਲ 8 ਫੀਸਦੀ ਤੋਂ ਵੱਧ ਫੀਸਾਂ ਵਿੱਚ ਵਾਧਾ ਕਰਦਾ ਹੈ ਤਾਂ ਮਾਪੇ ਜਾਂ ਵਿਦਿਆਰਥੀ ਡਿਵੀਜ਼ਨ ਪੱਧਰ ’ਤੇ ਕਮਿਸ਼ਨਰ ਕੋਲ ਸ਼ਿਕਾਇਤ ਕਰ ਸਕਦੇ ਹਨ। ਸ. ਬਾਜਵਾ ਨੇ ਕਿਹਾ ਰਾਜ ਸਰਕਾਰ ਦੇ ਉਪਰਾਲੇ ਸਿੱਖਿਆ ਦੇ ਖੇਤਰ ਵਿੱਚ ਨਵੇਂ ਯੁੱਗ ਦੀ ਸ਼ੁਰੂਆਤ ਕਰਨਗੇ ਅਤੇ ਸੂਬਾ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣੇਗਾ।

Comments are closed.

COMING SOON .....
Scroll To Top
11