Wednesday , 19 December 2018
Breaking News
You are here: Home » Religion » ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸ਼ੁਰੂਆਤ ਡੇਰਾ ਬਾਬਾ ਨਾਨਕ ਤੋਂ ਹੋਵੇਗੀ : ਭਾਈ ਲੌਂਗੋਵਾਲ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸ਼ੁਰੂਆਤ ਡੇਰਾ ਬਾਬਾ ਨਾਨਕ ਤੋਂ ਹੋਵੇਗੀ : ਭਾਈ ਲੌਂਗੋਵਾਲ

ਅੰਮ੍ਰਿਤਸਰ, 17 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਆਰੰਭਤਾ ਡੇਰਾ ਬਾਬਾ ਨਾਨਕ ਸਥਿਤ ਭਾਰਤ-ਪਾਕਿ ਸਰਹੱਦ ’ਤੇ ਕਰਤਾਰਪੁਰ ਸਾਹਿਬ ਦੇ ਲਾਂਘਾ ਦਰਸ਼ਨ ਸਥਲ ਤੋਂ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਅੱਜ ਇੱਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ, ਜਨਰਲ ਸਕੱਤਰ ਸ. ਮਨਜਿੰਦਰ ਸਿੰਘ ਸਿਰਸਾ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਮੁੱਢਲੀ ਰੂਪ-ਰੇਖਾ ਸਬੰਧੀ ਵਿਸ਼ੇਸ਼ ਇਕੱਤਰਤਾ ਕੀਤੀ, ਜਿਸ ਤੋਂ ਬਾਅਦ ਇਕ ਪ੍ਰੈਸ ਕਾਨਫਰੰਸ ਦੌਰਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ, ਸੰਤ ਸਮਾਜ ਅਤੇ ਸਮੂਹ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ 550 ਸਾਲਾ ਪ੍ਰਕਾਸ਼ ਪੁਰਬ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ। ਭਾਈ ਲੌਂਗੋਵਾਲ ਨੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਰੂਪ-ਰੇਖਾ ਦਾ ਐਲਾਨ ਕਰਦਿਆਂ ਦੱਸਿਆ ਕਿ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਆਰੰਭਤਾ 10 ਅਤੇ 11 ਨਵੰਬਰ ਨੂੰ ਭਾਰਤ-ਪਾਕਿਸਤਾਨ ਸਰਹੱਦ ’ਤੇ ਵੱਸੇ ਇਤਿਹਾਸਕ ਕਸਬੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਚ ਹੋਵੇਗੀ, ਜਿਥੇ ਵਿਸ਼ੇਸ਼ ਲੇਜ਼ਰ ਸ਼ੋਅ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੇਗਾ। ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਸਜਾਏ ਜਾਣਗੇ। 5 ਵਿਸ਼ਾਲ ਨਗਰ ਕੀਰਤਨ ਵੀ ਸਜਾਏ ਜਾਣਗੇ, ਜਿਸ ਤਹਿਤ 1 ਅਕਤੂਬਰ ਨੂੰ ਗੁਰਦੁਆਰਾ ਕੋੜੀ ਘਾਟ ਉਤਰ ਪ੍ਰਦੇਸ਼ ਤੋਂ ਪਹਿਲਾ ਵਿਸ਼ਾਲ ਨਗਰ ਕੀਰਤਨ ਆਰੰਭ ਹੋ ਕੇ ਹਰਿਆਣਾ ਤੋਂ ਹੁੰਦਾ ਹੋਇਆ 8 ਅਕਤੂਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਸਮਾਪਤ ਹੋਵੇਗਾ। ਇਸ ਤੋਂ ਪਹਿਲਾਂ 30 ਸਤੰਬਰ ਨੂੰ ਗੁਰਦੁਆਰਾ ਕੋੜੀ ਘਾਟ ਵਿਖੇ ਇਕ ਵਿਸ਼ਾਲ ਗੁਰਮਤਿ ਸਮਾਗਮ ਵੀ ਹੋਵੇਗਾ। ਇਸ ਤਰ੍ਹਾਂ ਇਕ ਨਗਰ ਕੀਰਤਨ 23 ਫਰਵਰੀ 2019 ਨੂੰ ਗੁਰਦੁਆਰਾ ਮਟਨ ਸਾਹਿਬ ਜੰਮੂ-ਕਸ਼ਮੀਰ ਤੋਂ ਆਰੰਭ ਹੋ ਕੇ 25 ਫਰਵਰੀ 2019 ਨੂੰ ਸੰਪੰਨ ਹੋਵੇਗਾ। ਹੋਰ ਸਮਾਗਮਾਂ ਦਾ ਵੇਰਵਾ ਦਿੰਦਿਆਂ ਭਾਈ ਲੌਂਗੋਵਾਲ ਨੇ ਦੱਸਿਆ ਕਿ 23 ਮਾਰਚ 2019 ਨੂੰ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ (ਕਰਨਾਟਕਾ) ਵਿਖੇ ਇਕ ਵਿਸ਼ੇਸ਼ ਗੁਰਮਤਿ ਸਮਾਗਮ ਹੋਵੇਗਾ। ਸਮਾਗਮਾਂ ਦੀ ਸਫਲਤਾ ਲਈ ਸਮੂਹ ਸਿੱਖ ਜਥੇਬੰਦੀਆਂ, ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ, ਗੁਰਮਤਿ ਟਕਸਾਲਾਂ, ਸਿੰਘ ਸਭਾਵਾਂ ਸਿੱਖ ਸੰਪਰਦਾਵਾਂ, ਧਾਰਮਿਕ ਸਭਾ-ਸੁਸਾਇਟੀਆਂ ਆਦਿ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕਰਨ ਲਈ ਇਕ ਵਿਸ਼ੇਸ਼ ਇਕੱਤਰਤਾ 12 ਅਕਤੂਬਰ ਨੂੰ ਕੀਤੀ ਜਾਵੇਗੀ, ਦਿੱਲੀ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ. ਤੇ ਜਨਰਲ ਸਕੱਤਰ ਸ. ਮਨਜਿੰਦਰ ਸਿੰਘ ਸਿਰਸਾ ਨੇ ਪਹਿਲੇ ਪਾਤਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਕੌਮ ਲਈ ਇਕ ਸੁਨਹਿਰੀ ਸਮਾਂ ਦੱਸਿਆ ਅਤੇ ਕਿਹਾ ਕਿ ਇਸ ਮੌਕੇ ਸਮੁੱਚੀਆਂ ਸਿੱਖ ਜਥੇਬੰਦੀਆਂ ਨਾਲ ਮਿਲ ਕੇ ਸਮਾਗਮਾਂ ਨੂੰ ਯਾਦਗਾਰੀ ਬਣਾਇਆ ਜਾਵੇਗਾ। ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਸ. ਲਖਬੀਰ ਸਿੰਘ ਅਰਾਈਆਂਵਾਲਾ, ਸ. ਸੱਜਣ ਸਿੰਘ ਬੱਜੂਮਾਨ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂੰ, ਸ. ਮਨਜੀਤ ਸਿੰਘ ਬੱਪੀਆਣਾ, ਦਿੱਲੀ ਕਮੇਟੀ ਦੇ ਧਰਮ ਪ੍ਰਚਾਰ ਦੇ ਚੇਅਰਮੈਨ ਸ. ਪਰਮਜੀਤ ਸਿੰਘ ਰਾਣਾ, ਸ. ਕੁਲਮੋਹਨ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ, ਸ. ਦਰਸ਼ਨ ਸਿੰਘ ਲੌਂਗੋਵਾਲ, ਸੁਪ੍ਰਿੰਟੈਂਡੈਂਟ ਸ. ਸਤਨਾਮ ਸਿੰਘ ਤੇ ਸਹਾਇਕ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਅਤੇ ਹੋਰ ਮੌਜੂਦ ਸਨ।

Comments are closed.

COMING SOON .....


Scroll To Top
11