Monday , 9 December 2019
Breaking News
You are here: Home » Religion » 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਨੇ ਕੀਤੀ ਸ਼ਿਰਕਤ

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਨੇ ਕੀਤੀ ਸ਼ਿਰਕਤ

ਗੁਰੂ ਸਾਹਿਬ ਜੀ ਦਾ ਉਪਦੇਸ਼ ਵਿਸ਼ਵ ਸ਼ਾਂਤੀ ਤੇ ਭਾਈਚਾਰਕ ਏਕਤਾ ਲਈ ਬੇਹੱਦ ਅਹਿਮ: ਸ੍ਰੀ ਮਨੋਹਰ ਲਾਲ ਖੱਟਰ

ਸੁਲਤਾਨਪੁਰ ਲੋਧੀ, 11 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅੱਜ ਲੱਖਾਂ ਸੰਗਤਾਂ ਨਤਮਸਤਕ ਹੋਈਆਂ। ਇਸੇ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਜੈ ਰਾਮ ਠਾਕੁਰ ਨੇ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਸ਼ਿਰਕਤ ਕੀਤੀ।। ਇਸ ਤੋਂ ਇਲਾਵਾ ਉੜੀਸਾ ਦੇ ਸਪੀਕਰ ਸ੍ਰੀ ਸੂਰਿਆ ਨਰਾਇਣ ਪਾਤਰੋ, ਨਿਊਜ਼ੀਲੈਂਡ ਦੇ ਮੈਂਬਰ ਪਾਰਲੀਮੈਂਟ ਸ. ਕੰਵਲਜੀਤ ਸਿੰਘ ਬਖ਼ਸ਼ੀ, ਯੁਰਪੀਅਨ ਯੂਨੀਅਨ ਦੀ ਮੈਂਬਰ ਸ੍ਰੀਮਤੀ ਨੀਨਾ ਗਿੱਲ, ਘੱਟਗਿਣਤੀ ਕਮਿਸ਼ਨ ਗੁਜਰਾਤ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ ਛਾਬੜਾ, ਹਿਮਾਚਲ ਪ੍ਰਦੇਸ਼ ਦੇ ਵਿਧਾਇਕ ਸ. ਪਰਮਜੀਤ ਸਿੰਘ ਸਮੇਤ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਗੁਰੂ ਘਰ ਮੱਥਾ ਟੇਕ ਕੇ ਅਸ਼ੀਰਵਾਦ ਹਾਸਲ ਕੀਤਾ। ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਦੋਹਾਂ ਸੂਬਿਆਂ ਦੇ ਮੁੱਖ ਮੰਤਰੀਆਂ ਸਮੇਤ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਨਾਲ ਸਨਮਾਨ ਦਿੱਤਾ। ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਨਾਨਕ ਸਟੇਡੀਅਮ ਵਿਖੇ ਲਗਾਏ ਗਏ ਪੰਡਾਲ ਵਿਚ ਸੰਗਤ ਨੂੰ ਸੰਬੋਧਨ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਜੀਵਨ ਦਾ ਹਰ ਪਹਿਲੂ ਮਨੁੱਖਤਾ ਲਈ ਮਾਰਗ ਦਰਸ਼ਨ ਹੈ। ਗੁਰੂ ਸਾਹਿਬ ਨੇ ਮਨੁੱਖ ਮਾਤਰ ਨੂੰ ਜੀਵਨ ਦਾ ਅਸਲ ਮਨੋਰਥ ਦਿਖਾਉਣ ਲਈ ਜੋ ਉਪਦੇਸ਼ ਦਿੱਤਾ, ਉਹ ਵਿਸ਼ਵ ਸ਼ਾਂਤੀ ਤੇ ਭਾਈਚਾਰਕ ਏਕਤਾ ਲਈ ਬੇਹੱਦ ਅਹਿਮ ਹੈ ਅੱਜ ਦੀ ਸਮੱਸਿਆਵਾਂ ਦਾ ਹੱਲ ਗੁਰੂ ਸਾਹਿਬ ਦੀ ਪਾਵਨ ਬਾਣੀ ਵਿੱਚੋਂ ਸਹਿਜੇ ਹੀ ਲੱਭਿਆ ਜਾ ਸਕਦਾ ਹੈ। ਸਮਾਗਮ ਦੌਰਾਨ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਜੈ ਰਾਮ ਠਾਕੁਰ ਨੇ 550ਵੇਂ ਪ੍ਰਕਾਸ਼ ਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਉੱਘੇ ਦਾਰਸ਼ਨਿਕ ਗੁਰੂ, ਸਮਾਜ ਸੁਧਾਰਕ ਅਤੇ ਮਨੁੱਖ ਦੀਆਂ ਮਾਨਸਿਕ ਉਲਝਣਾਂ ਨੂੰ ਸੁਲਝਾਉਣ ਵਾਲੇ ਹਨ। ਸਟੇਜ ਦੀ ਸੇਵਾ ਨਿਭਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਭਾਈ ਗੁਰਦਾਸ ਜੀ ਦੀਆਂ ਵਾਰਾਂ ਅਨੁਸਾਰ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਨੂੰ ਸੰਖੇਪ ਰੂਪ ਵਿਚ ਨਾਲੋ-ਨਾਲ ਸਾਂਝਾ ਕੀਤਾ। ਸਮਾਗਮ ਦੌਰਾਨ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ, ਜਦਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਅਨੁਸਾਰ ਜੀਵਨ ਜਿਊਣ ਦੀ ਸੰਗਤ ਨੂੰ ਪ੍ਰੇਰਣਾ ਕੀਤੀ। ਮੁੱਖ ਸਮਾਗਮ ਮੌਕੇ ਕੇਵਲ ਬਾਹਰੋਂ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਹੀ ਸਟੇਜ਼ ‘ਤੇ ਬਿਰਾਜਮਾਨ ਰਹੇ। ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕਰਨ ਮੌਕੇ ਭਾਈ ਲੌਂਗੋਵਾਲ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਨੇ ਸਹਿਯੋਗ ਕੀਤਾ। ਸਮਾਗਮ ਦੌਰਾਨ ਬਾਬਾ ਜਗਤਾਰ ਸਿੰਘ ਕਾਰਸੇਵਾ ਵਾਲੇ, ਬਾਬਾ ਭੁਪਿੰਦਰ ਸਿੰਘ, ਬਾਬਾ ਮਹਿੰਦਰ ਸਿੰਘ ਨਿਸ਼ਕਾਮ ਸੇਵਾ, ਬਾਬਾ ਜੀਤ ਸਿੰਘ ਜੌਲਾਂ ਵਾਲੇ, ਬਾਬਾ ਹਰਭਜਨ ਸਿੰਘ ਕਿਲ੍ਹਾ ਅਨੰਦਗੜ੍ਹ, ਬਾਬਾ ਜਸਪਾਲ ਸਿੰਘ ਜੌਲਾ, ਬਾਬਾ ਹਰਦੀਪ ਸਿੰਘ, ਬਾਬ ਗੜਗੱਜਪਾਲ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ।

Comments are closed.

COMING SOON .....


Scroll To Top
11