March 29, 2024 10:28 am

ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ

ਅੰਮ੍ਰਿਤਸਰ, 15 ਫਰਵਰੀ-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਨੂੰ ਮਹੰਤ ਨਰਾਇਣ ਦਾਸ ਅਤੇ ਉਸ ਦੇ ਗੁੰਡਿਆਂ ਪਾਸੋਂ ਅਜ਼ਾਦ ਕਰਵਾਉਣ ਲਈ 100 ਸਾਲ ਪਹਿਲਾਂ ਵਾਪਰੇ ਸਾਕੇ ਦੌਰਾਨ ਸ਼ਹੀਦ ਹੋਏ ਭਾਈ ਲਛਮਣ ਸਿੰਘ ਧਾਰੋਵਾਲੀ ਦੀ ਤਸਵੀਰ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀ ਗਈ। ਤਸਵੀਰ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਨਿਭਾਈ।ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰਦੁਆਰਾ ਸੁਧਾਰ ਲਹਿਰ ਦੌਰਾਨ ਸ੍ਰੀ ਨਨਕਾਣਾ ਸਾਹਿਬ ਨੂੰ ਕੁਕਰਮੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਲਈ ਸਿੱਖਾਂ ਦੀਆਂ ਕੁਰਬਾਨੀਆਂ ਮਿਸਾਲੀ ਹਨ, ਜਿਨ੍ਹਾਂ ਵਿਚ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦਾ ਨਾਂ ਪ੍ਰਮੁੱਖ ਹੈ। ਉਨ੍ਹਾਂ ਕਿਹਾ ਕਿ ਕੌਮ ਦੇ ਸ਼ਹੀਦ ਭਵਿੱਖ ਦੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਹਨ ਅਤੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਸ਼ਹੀਦ ਭਾਈ ਲਛਮਣ ਸਿੰਘ ਦੀ ਤਸਵੀਰ ਲਗਾਉਣ ਨਾਲ ਇਥੇ ਆਉਣ ਵਾਲੀਆਂ ਸੰਗਤਾਂ ਨੂੰ ਗੁਰਧਾਮਾਂ ਦੀ ਮਾਣ-ਮਰਯਾਦਾ ਲਈ ਕੁਰਬਾਨੀਆਂ ਦੇਣ ਵਾਲੀਆਂ ਸ਼ਖ਼ਸੀਅਤਾਂ ਦੇ ਜਜ਼ਬੇ ਪ੍ਰਤੀ ਜਾਣਕਾਰੀ ਮਿਲੇਗੀ। ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਿਥੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ, ਉਥੇ ਹੀ ਭਾਈ ਲਛਮਣ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੇ ਫੈਸਲੇ ਲਈ ਸ਼੍ਰੋਮਣੀ ਕਮੇਟੀ ਦੀ ਸ਼ਲਾਘਾ ਕੀਤੀ। ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਮੂਹ ਅੰਦਰ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਸਿੱਖ ਕੌਮ ਦਾ ਇਤਿਹਾਸ ਸਮੋਈ ਬੈਠਾ ਹੈ, ਜਿਥੋਂ ਸੰਗਤਾਂ ਆਪਣੇ ਇਤਿਹਾਸ ਪ੍ਰਤੀ ਜਾਣਕਾਰੀ ਲੈ ਕੇ ਜਾਂਦੀਆਂ ਹਨ। ਉਨ੍ਹਾਂ ਸ਼ਹੀਦ ਭਾਈ ਲਛਮਣ ਸਿੰਘ ਦੇ ਜੀਵਨ ਤੋਂ ਸੇਧ ਲੈਂਦਿਆਂ ਸਿੱਖੀ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਰਹਿਣ ਦੀ ਸੰਗਤ ਨੂੰ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਤੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਵੀ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਸ਼ਹੀਦ ਭਾਈ ਲਛਮਣ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ, ਜਨਰਲ ਸਕੱਤਰ ਐਵਡੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਮੈਂਬਰ ਅਜਾਇਬ ਸਿੰਘ ਅਭਿਆਸੀ, ਸ. ਹਰਦੀਪ ਸਿੰਘ ਮੋਹਾਲੀ, ਸ. ਹਰਪਾਲ ਸਿੰਘ ਜੱਲ੍ਹਾ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਹਰਜਿੰਦਰ ਸਿੰਘ ਕੈਰੋਂਵਾਲ, ਮੈਨੇਜਰ ਸ. ਮੁਖਤਾਰ ਸਿੰਘ ਚੀਮਾ, ਸ. ਜਸਬੀਰ ਸਿੰਘ ਘੁੰਮਣ, ਡਾ. ਅਮਰੀਕ ਸਿੰਘ ਲਤੀਫਪੁਰ, ਸ. ਸੁਖਬੀਰ ਸਿੰਘ, ਸ. ਨਿਰਵੈਲ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ ਅਤੇ ਸ਼ਹੀਦ ਭਾਈ ਲਛਮਣ ਸਿੰਘ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਸ. ਗੁਰਨਾਮ ਸਿੰਘ, ਸ. ਦੁਰਲੱਭ ਸਿੰਘ, ਜਥੇਦਾਰ ਹਰਦੀਪ ਸਿੰਘ, ਸ. ਹਰਪਾਲ ਸਿੰਘ ਐਸਪੀ, ਸ. ਗੁਰਵਿੰਦਰ ਸਿੰਘ, ਮਾਤਾ ਪ੍ਰਕਾਸ਼ ਕੌਰ, ਬੀਬੀ ਰਾਜਭੁਪਿੰਦਰ ਕੌਰ ਆਦਿ ਮੌਜੂਦ ਸਨ।

Send this to a friend