Skip to content
Independent perspectives. Global stories.
BREAKING

ਅਨੁਸੂਚਿਤ ਜਾਤੀਆਂ ਦੀ ਭਲਾਈ ਪੰਜਾਬ ਸਰਕਾਰ ਦੀ ਤਰਜੀਹ : ਰਣੀਕੇ

Share this story

ਚੰਡੀਗੜ੍ਹ, 26 ਸਤੰਬਰ (ਪੀ. ਟੀ.)- ਪੰਜਾਬ ਦੇ ਭਲਾਈ ਮੰਤਰੀ ਸ੍ਰੀ ਗੁਲਜ਼ਾਰ ਸਿੰਘ ਰਣੀਕੇ ਨੇ ਭਲਾਈ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਕਿਸੇ ਵੀ ਲਾਭਪਾਤਰੀ ਅਤੇ ਇਨ੍ਹਾਂ ਵਰਗਾਂ ਦੇ ਲੋਕਾਂ ਨੂੰ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ। ਇੱਥੇ ਵਿਭਾਗ ਦੀ ਉੱਚ ਪੱਧਰੀ ਮੀਟਿੰਗ ਦੌਰਾਨ ਉਨ੍ਹਾਂ ਵੱਖ-ਵੱਖ ਭਲਾਈ ਸਕੀਮਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।ਸ੍ਰੀ ਰਣੀਕੇ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਤੇ ਵਿਕਾਸ ਪੰਜਾਬ ਸਰਕਾਰ ਦਾ ਤਰਜੀਹੀ ਖੇਤਰ ਹੈ ਅਤੇ ਪਿਛਲੇ ਸੱਤ ਸਾਲਾਂ ਦੌਰਾਨ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਇਸ ਪਾਸੇ ਖਾਸ ਧਿਆਨ ਦਿੱਤਾ ਹੈ। ਉਨ੍ਹਾਂ ਦੱਸਿਆ ਕਿ 2007 ਤੋਂ ਅਗਸਤ 2014 ਤੱਕ ਸ਼ਗਨ ਸਕੀਮ ਤਹਿਤ 593.39 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ ਜਿਸ ਦਾ ਫਾਇਦਾ 3,99,985 ਲਾਭਪਾਤਰੀਆਂ ਨੂੰ ਮਿਲਿਆ ਹੈ। ਇਸੇ ਪ੍ਰਕਾਰ ਅਨੁਸੂਚਿਤ ਜਾਤੀ ਦੇ 9,86,033 ਵਿਦਿਆਰਥੀਆਂ ਨੂੰ ਸੱਤ ਸਾਲਾਂ ਦੌਰਾਨ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 549.54 ਕਰੋੜ ਰੁਪਏ ਦੀ ਰਾਸ਼ੀ

ਦਿੱਤੀ ਜਾ ਚੁੱਕੀ ਹੈ।ਉਨ੍ਹਾਂ ਕਿਹਾ ਕਿ ਕੁਝ ਕਾਂਗਰਸੀ ਆਗੂਆਂ ਵੱਲੋਂ ਗਲਤ ਪ੍ਰਚਾਰ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਦਲਿਤਾਂ ਨਾਲ ਸਬੰਧ ਸਕੀਮਾਂ ਨੂੰ ਠੰਡੇ ਬਸਤੇ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿੰਨਾ ਕੁਝ ਅਕਾਲੀ-ਭਾਜਪਾ ਸਰਕਾਰ ਨੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਤੇ ਘੱਟ ਗਿਣਤੀ ਵਰਗ ਲਈ ਕੀਤਾ ਹੈ ਉਸ ਦੇ ਮੁਕਾਬਲੇ ਕਾਂਗਰਸ ਦੀ ਸਰਕਾਰ ਨੇ ਡੱਕਾ ਵੀ ਨਹੀਂ ਤੋੜਿਆ। ਉਨ੍ਹਾਂ ਕਿਹਾ ਕਿ ਰਾਮ ਤੀਰਥ ਸਥਾਨ ਦੀ ਸਥਾਪਨਾ, ਹੁਸ਼ਿਆਰਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ ਅਤੇ ਖੁਰਾਲਗੜ੍ਹ ਵਿਖੇ ਗੁਰੁ ਰਵਿਦਾਸ ਜੀ ਦੀ ਉਸਾਰੀ ਅਧੀਨ ਯਾਦਗਾਰ ਪੰਜਾਬ ਸਰਕਾਰ ਦੀਆਂ ਵਿਸ਼ੇਸ਼ ਪ੍ਰਾਪਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਅਨੁਸੂਚਿਤ ਜਾਤੀ ਦੇ ਘਰਾਂ ਨੂੰ 200 ਬਿਜਲੀ ਦੇ ਮੁਫਤ ਯੂਨਿਟ, ਆਟਾ-ਦਾਲ ਸਕੀਮ, ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵਜ਼ੀਫਾ, ਪਾਠ-ਪੁਸਤਕਾਂ ਦੀ ਮੁਫਤ ਸਪਲਾਈ ਅਤੇ ਸਟੈਨੋਗ੍ਰਾਫੀ ਦੀ ਮੁਫਤ ਸਿਖਲਾਈ ਆਦਿ ਭਲਾਈ ਸਕੀਮਾਂ ਨਿਰਵਿਘਨ ਜਾਰੀ ਹਨ। ਸ੍ਰੀ ਰਣੀਕੇ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਨੂੰ ਪਰਮ ਅਗੇਤ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਇਸ ਸਾਲ ਭਲਾਈ ਸਕੀਮਾਂ ਲਈ ਰੱਖੀ ਰਾਸ਼ੀ ਵਿਚ 37.42 ਫੀਸਦੀ ਦਾ ਵਾਧਾ ਕੀਤਾ ਗਿਆ ਹੈ।

WRITTEN BY