ਅੰਮ੍ਰਿਤਸਰ, 14 ਅਕਤੂਬਰ (ਬਲਜੀਤ ਸਿੰਘ)- ਪੰਜਾਬ ਸਰਕਾਰ ਵਲੋਂ ਮੰਗਲਵਾਰ ਨੂੰ ਸਾਬਕਾ ਸੰਸਦੀ ਮੈਂਬਰ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਵਾਪਸ ਲਏ ਜਾਣ ਤੋਂ ਬਾਅਦ ਉਨ੍ਹਾਂ ਦੀ ਪਤਨੀ ਸੰਸਦੀ ਸਕੱਤਰ ਡਾ. ਨਵਜੋਤ ਕੌਰ ਸਿੱਧੂ ਦੇ ਤੇਵਰ ਕਾਫੀ ਗਰਮ ਨਜ਼ਰ ਆ ਰਹੇ ਹਨ। ਨਵਜੋਤ ਕੌਰ ਸਿੱਧੂ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ’ਤੇ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੇ ਪਤੀ ਨਾਲ ਕਿਸੇ ਤਰ੍ਹਾਂ ਦੀ ਵੀ ਅਣਹੋਣੀ ਹੁੰਦੀ ਹੈ ਤਾਂ ਇਸ ਦੇ ਜ਼ਿੰਮਵਾਰ ਦੋਵੇਂ ਬਾਦਲ ਹੋਣਗੇ। ਸੂਤਰਾਂ ਮੁਤਾਬਕ ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਜਿਸ ਤਰ੍ਹਾਂ ਨਵਜੋਤ ਸਿੰਘ ਸਿੱਧੂ ਹਰਿਆਣਾ ‘ਚ ਬਾਦਲਾਂ ਦੇ ਖਿਲਾਫ ਗਰਜੇ ਹਨ, ਉਸ ਤੋਂ ਬਾਅਦ ਉਹ ਆਪਣੀ ਧਰਮ ਪਤਨੀ ਨਵਜੋਤ ਕੌਰ ਸਿੱਧੂ ਨੂੰ ਸਰਕਾਰ ‘ਚੋਂ ਅਸਤੀਫਾ ਦੇਣ ਲਈ ਕਹਿ ਸਕਦੇ ਹਨ। ਇਹ ਵੀ ਹੋ ਸਕਦਾ ਹੈ ਕਿ ਸਿੱਧੂ ਦੇ ਬਿਆਨ ਕਿ ਅਕਾਲੀ ਸਰਕਾਰ ਲੋਕਾਂ ਨੂੰ ਲੁੱਟਦੀ ਅਤੇ ਕੁੱਟਦੀ ਹੈ, ਤੋਂ ਬਾਅਦ ਪੰਜਾਬ ਦੀਆਂ ਸਿਆਸੀ ਪਾਰਟੀਆਂ ਆਉਣ ਵਾਲੇ ਸਮੇਂ ‘ਚ ਨਵਜੋਤ ਕੌਰ ਸਿੱਧੂ ਦੇ ਅਸਤੀਫੇ ਦੀ ਮੰਗ ਕਰਨ। ਫਿਲਹਾਲ ਇਸ ਬਾਰੇ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।