ਚੰਡੀਗੜ੍ਹ, 22 ਅਕਤੂਬਰ (ਪੀ. ਟੀ.)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਦੇਸ਼-ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਨੂੰ ਰੌਸ਼ਨੀ ਦੇ ਪਵਿੱਤਰ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ। ਇਸ ਪਵਿੱਤਰ ਮੌਕੇ ਆਪਣੇ ਇਕ ਸੁਨੇਹੇ ਵਿੱਚ ਸ. ਬਾਦਲ ਨੇ ਕਿਹਾ ਕਿ ਦੀਵਾਲੀ ਭਾਰਤ ਦੇ ਆਕਰਸ਼ਕ ਤੇ ਰੰਗੀਨ ਤਿਉਹਾਰਾਂ ਵਿੱਚੋਂ ਇਕ ਅਜਿਹਾ ਤਿਉਹਾਰ ਹੈ ਜੋ ਸਾਨੂੰ ਖੁਸ਼ੀ ਅਤੇ ਖੇੜਾ ਪ੍ਰਦਾਨ ਕਰਦਾ ਹੈ। ਸ. ਬਾਦਲ ਨੇ ਕਿਹਾ, ‘‘ਇਹ ਤਿਉਹਾਰ ਹਨੇਰੇ ਉਤੇ ਚਾਨਣ, ਬੁਰਾਈ ਉਤੇ ਚੰਗਿਆਈ ਅਤੇ ਨਿਰਾਸ਼ਾ ਉਪਰ ਉਮੀਦ ਦੀ ਜਿੱਤ ਦਾ ਪ੍ਰਤੀਕ ਹੈੂ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਸਮੁੱਚੇ ਦੇਸ਼ ਵਾਸੀਆਂ ਖਾਸ ਕਰਕੇ ਸਿੱਖ ਪੰਥ ਨੂੰ ਇਤਿਹਾਸਕ ਬੰਦੀ ਛੋੜ ਦਿਵਸ ਦੀ ਵੀ ਵਧਾਈ ਦਿੱਤੀ ਹੈ। ਇਹ ਦਿਵਸ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਜੀ ਵੱਲੋਂ ਸਾਲ 1612 ਵਿੱਚ ਗਵਾਲੀਅਰ ਦੇ ਕਿਲੇ ਤੋਂ ਮੁਕਤ ਹੋਣ ਦੇ ਸਬੰਧ ਵਿੱਚ ਮਨਾਇਆ ਜਾਂਦਾ ਹੈ ਅਤੇ ਇਸੇ ਦਿਨ ਉਨ੍ਹਾਂ ਨੇ 52 ਹਿੰਦੂ
ਰਾਜਿਆਂ ਨੂੰ ਰਿਹਾਅ ਕਰਵਾਇਆ ਸੀ। ਸ. ਬਾਦਲ ਨੇ ਕਿਹਾ ਕਿ ਦੀਵਾਲੀ ਦਾ ਤਿਉਹਾਰ ਅਤੇ ਬੰਦੀ ਛੋੜ ਦਿਵਸ ਸਾਡੇ ਵਿੱਚ ਸ਼ਾਂਤੀ ਅਤੇ ਖੁਸ਼ਹਾਲੀ ਤੋਂ ਇਲਾਵਾ ਅਸੀਮ ਖੁਸ਼ੀਆਂ-ਖੇੜੇ ਲੈ ਕੇ ਆਉਂਦਾ ਹੈ।ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੀਵਾਲੀ ਅਤੇ ਬੰਦੀ ਛੋੜ ਦਿਵਸ ਜਾਤ, ਰੰਗ, ਨਸਲ ਅਤੇ ਧਰਮ ਤੋਂ ਉਪਰ ਉਠ ਕੇ ਰਵਾਇਤੀ ਉਤਸ਼ਾਹ ਅਤੇ ਖੁਸ਼ੀਆਂ ਨਾਲ ਮਨਾਉਣ ਜਿਸ ਨਾਲ ਇਕਜੁਟਤਾ, ਸੁਹਿਰਦਤਾ ਅਤੇ ਆਪਸੀ ਪਿਆਰ ਦੀਆਂ ਤੰਦਾਂ ਹੋਰ ਪੀਡੀਆਂ ਹੋਣਗੀਆਂ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸਮੁੱਚੇ ਬ੍ਰਹਿਮੰਡ ਦੇ ਰਚੇਤਾ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ।