ਸ੍ਰੀ ਮੁਕਤਸਰ ਸਾਹਿਬ, 1 ਨਵੰਬਰ (ਸੋਨੂੰ ਖੇੜਾ)- ਸਰਕਾਰ ਵੱਲੋਂ ਕਿਸਾਨਾਂ ਨੂੰ ਸੁਧਰੀਆਂ ਕਿਸਮਾਂ ਦੇ ਬੀਜ ਉਪਲਬੱਧ ਕਰਵਾਉਣ ਦੀ ਨੀਤੀ ਤਹਿਤ ਖੇਤੀਬਾੜੀ ਵਿਭਾਗ ਰਾਹੀਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕਣਕ ਦਾ 15134 ਕੁਇੰਟਲ ਬੀਜ ਕਿਸਾਨਾਂ ਨੂੰ ਹੁਣ ਤੱਕ ਸਬਸਿਡੀ ਤੇ ਉਪਲਬੱਧ ਕਰਵਾਇਆ ਜਾ ਚੁੱਕਿਆ ਹੈ ਜਦ ਕਿ ਇਹ ਵੰਡ ਲਗਾਤਾਰ ਜਾਰੀ ਹੈ ਅਤੇ ਕਿਸਾਨਾਂ ਨੂੰ ਮੰਗ ਅਨੁਸਾਰ ਬੀਜ ਉਪਲਬੱਧ ਕਰਵਾਇਆ ਜਾਵੇਗਾ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ: ਜਸਕਿਰਨ ਸਿੰਘ ਆਈ.ਏ.ਐਸ. ਨੇ. ਅੱਜ ਇੱਥੇ ਦਿੱਤੀ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ: ਬੇਅੰਤ ਸਿੰਘ ਵੀ ਹਾਜਰ ਸਨ। ਡਿਪਟੀ ਕਮਿਸ਼ਨਰ ਸ: ਜਸਕਿਰਨ ਸਿੰਘ ਆਈ.ਏ.ਐਸ. ਨੇ ਇਸ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਕਣਕ ਦੀਆਂ ਤਿੰਨ ਵਧੇਰੇ ਝਾੜ ਦੇਣ ਵਾਲੀਆਂ ਕਿਸਮਾਂ ਕ੍ਰਮਵਾਰ ਐਚ.ਡੀ. 2967, ਪੀ.ਬੀ.ਡਬਲਯੂ.-621 ਅਤੇ ਪੀ.ਬੀ.ਡਬਲਯੂ
-550 ਦਾ ਬੀਜ ਕਿਸਾਨਾਂ ਨੂੰ ਉਪਲਬੱਧ ਕਰਵਾਇਆ ਜਾ ਰਿਹਾ ਹੈ। ਇੰਨ੍ਹਾਂ ਕਿਸਮਾਂ ਦੇ ਬੀਜ ਦਾ ਬਾਜਾਰ ਮੁੱਲ 2325 ਰੁਪਏ ਹੈ ਜਦ ਕਿ ਸਰਕਾਰ ਵੱਲੋਂ 700 ਰੁਪਏ ਦੀ ਸਬਸਿਡੀ ਨਾਲ ਕਿਸਾਨਾਂ ਨੂੰ ਇਹ ਬੀਜ 1625 ਰੁਪਏ ਪ੍ਰਤੀ ਕੁਇੰਟਲ ਦੀ ਦਰ ਨਾਲ ਪ੍ਰਤੀ ਬੈਗ 650 ਰੁਪਏ ਦੀ ਦਰ ਨਾਲ ਉਪਲਬੱਧ ਕਰਵਾਇਆ ਜਾ ਰਿਹਾ ਹੈ। ਇਸ ਲਈ ਜ਼ਿਲ੍ਹੇ ਵਿਚ ਵਿਭਾਗ ਵੱਲੋਂ ਸ੍ਰੀ ਮੁਕਤਸਰ ਸਾਹਿਬ, ਬਰੀਵਾਲਾ, ਥਾਂਦੇਵਾਲਾ, ਦੋਦਾ, ਗਿੱਦੜਬਾਹਾ, ¦ਬੀ, ਅੱਬੁਲ ਖੁਰਾਣਾ ਅਤੇ ਮਲੋਟ ਵਿਖੇ 8 ਵਿਕਰੀ ਕੇਂਦਰ ਸਥਾਪਿਤ ਕੀਤੇ ਗਏ ਹਨ। ਇਕ ਕਿਸਾਨ ਨੂੰ 5 ਏਕੜ ਦਾ ਬੀਜ ਦਿੱਤਾ ਜਾ ਰਿਹਾ ਹੈ। ਹੁਣ ਤੱਕ ਜ਼ਿਲ੍ਹੇ ਵਿਚ 7567 ਕਿਸਾਨ ਇਹ ਬੀਜ ਪ੍ਰਾਪਤ ਕਰ ਚੁੱਕੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਬੀਜ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਕਿਸਾਨਾਂ ਨੂੰ ਬੀਜ ਸੋਧ ਕਰਕੇ ਕਣਕ ਦੀ ਬਿਜਾਈ ਕਰਨ ਦੀ ਅਪੀਲ ਵੀ ਕੀਤੀ ਹੈ। ਬੀਜ ਦੀ ਸੋਧ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਡਾ: ਬੇਅੰਤ ਸਿੰਘ ਨੇ ਕਿਹਾ ਕਿ ਕਿਸਾਨ ਚੁਹਿਆਂ ਅਤੇ ਪੰਛੀਆਂ ਤੋਂ ਬੀਜ ਨੂੰ ਬਚਾਉਣ ਅਤੇ ਪਹਿਲੇ ਪਾਣੀ ਤੋਂ ਬਾਅਦ ਕਣਕ ਤੇ ਹੋਣ ਵਾਲੇ ਚੇਪੇ ਦੇ ਹਮਲੇ ਦੀ ਰੋਕਥਾਮ ਲਈ ਕਣਕ ਦੇ ਬੀਜ ਨੂੰ 4 ਗ੍ਰਾਮ ਕੋਲੋਰੋਪਾਇਰੀਫਾਸ ਪ੍ਰਤੀ ਕਿਲੋ ਬੀਜ ਦੀ ਦਰ ਨਾਲ ਸੋਧ ਕਰਨ।



