ਸ਼ਹੀਦ ਕੌਮ ਦਾ ਵੱਡਮੁੱਲਾ ਸਰਮਾਇਆ
ਲੁਧਿਆਣਾ 10 ਨਵੰਬਰ (ਪੀ. ਟੀ.)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇ: ਅਵਤਾਰ ਸਿੰਘ ਨੇ ਕਿਹਾ ਕਿ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਿੱਥੇ ਸਮੁੱਚੇ ਸੰਸਾਰ ਅੰਦਰ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਉਥੇ ਨਾਲ ਹੀ ਕੌਮ ਦੇ ਸ਼ਹੀਦਾਂ ਵਲੋਂ ਕੀਤੀਆਂ ਗਈਆਂ ਲਾਸਾਨੀ ਕੁਰਬਾਨੀਆਂ ਨੂੰ ਆਪਣਾ ਸਿੱਜਦਾ ਭੇਂਟ ਕਰਨ ਲਈ ਉਨ੍ਹਾਂ ਦੀਆਂ ਵੱਡੇ ਪੱਧਰ ’ਤੇ ਸ਼ਹੀਦੀ ਯਾਦਗਾਰਾਂ ਦਾ ਨਿਰਮਾਣ ਕਰਵਾਉਣ ਵਿੱਚ ਵੀ ਆਪਣੀ ਅਹਿਮ ਭੂਮਿਕਾ ਨਿਭਾ ਰਹੀ ਹੈ ਤਾਂ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਸ਼ਹੀਦਾਂ ਦੀਆਂ ਯਾਦਗਾਰਾਂ ਨੂੰ ਨਤਮਸਤਕ ਹੋ ਕੇ ਉਨ੍ਹਾਂ ਦੇ ਵਲੋਂ ਪਾਏ ਹੋਏ ਪੂਰਨਿਆਂ ’ਤੇ ਚੱਲ ਕੇ ਕੌਮ ਦਾ ਨਾਮ ਹੋਰ ਰੋਸ਼ਨ ਕਰ ਸਕਣ। ਅੱਜ ਆਪਣੇ ਗ੍ਰਹਿ ਵਿਖੇ ਸ਼ਹੀਦ
ਬਾਬਾ ਜੀਵਨ ਸਿੰਘ ਨਿਸ਼ਕਾਮ ਸੇਵਾ ਸੁਸਾਇਟੀ (ਰਜਿ.) ਦੇ ਚੇਅਰਮੈਨ ਅਮਰੀਕ ਸਿੰਘ ਸ਼ੇਰਗਿੱਲ ਤੇ ਬਾਬਾ ਜੀਵਨ ਸਿੰਘ ਜੀ ਰੰਗਰੇਟਾ ਵੈਲਫੇਅਰ ਸੁਸਾਇਟੀ (ਰਜਿ.) ਦੇ ਪੰਜਾਬ ਪ੍ਰਧਾਨ ਅਮਰਜੀਤ ਸਿੰਘ ਦੁੱਗਰੀ ਦੀ ਅਗਵਾਈ ਹੇਠ ਉਚੇਚੇ ਤੌਰ ’ਤੇ ਮਿਲਣ ਆਏ ਸੁਸਾਇਟੀ ਦੇ ਪ੍ਰਮੁੱਖ ਅਹੁਦੇਦਾਰਾਂ ਨਾਲ ਗੱਲਬਾਤ ਕਰਨ ਉਪਰੰਤ ਜੱਥੇ: ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸ਼ਹੀਦ ਕੌਮ ਦਾ ਵੱਡਮੁੱਲਾ ਸਰਮਾਇਆ ਹੁੰਦੇ ਹਨ । ਇਸ ਲਈ ਸ਼੍ਰੋਮਣੀ ਕਮੇਟੀ ਵੱਡੇ ਪੱਧਰ ਤੇ ਸ਼ਹੀਦਾਂ ਦੇ ਦਿਹਾੜੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਂਦੀ ਹੈ, ਖਾਸ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦ ਬਾਬਾ ਜੀਵਨ ਸਿੰਘ ਦੀ ਲਾਸਾਨੀ ਕੁਰਬਾਨੀ ਨੂੰ ਸਦੀਵੀ ਤੌਰ ’ਤੇ ਕਾਇਮ ਰੱਖਣ ਦੇ ਮਨੋਰਥ ਨਾਲ ਬੁੰਗਾ ਰੰਗਰੇਟਿਆਂ ਨੂੰ ਨਵੀਂ ਤੇ ਸੁੰਦਰ ਦਿਖ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਨੇ ਸ਼ਹੀਦ ਬਾਬਾ ਜੀਵਨ ਸਿੰਘ ਸੁਸਾਇਟੀ ਦੇ ਸਮੂਹ ਅਹੁਦੇਦਾਰਾਂ ਨੂੰ ਭਰੋਸਾ ਦਿੱਤਾ ਕਿ 22 ਦਸੰਬਰ ਨੂੰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਸ਼ਹੀਦੀ ਦਿਵਸ ਸ਼੍ਰੋਮਣੀ ਕਮੇਟੀ ਦੇ ਵੱਲੋਂ ਬੜੀ ਸ਼ਰਧਾ ਤੇ ਉਤਸ਼ਾਹ ਦੇ ਨਾਲ ਮਨਾਇਆ ਜਾਵੇਗਾ।
ਇਸ ਦੌਰਾਨ ਸੁਸਾਇਟੀ ਦੇ ਚੇਅਰਮੈਨ ਅਮਰੀਕ ਸਿੰਘ ਸ਼ੇਰਗਿੱਲ ਤੇ ਪ੍ਰਧਾਨ ਅਮਰਜੀਤ ਸਿੰਘ ਦੁੱਗਰੀ ਵੱਲੋਂ ਜੱਥੇ: ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਸਾਂਝੇ ਰੂਪ ਵਿੱਚ ਇੱਕ ਬੇਨਤੀ ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਡਾ. ਪਰਮਜੀਤ ਸਿੰਘ ਸਰੋਆ ਐਡੀਸ਼ਨਲ ਸਕੱਤਰ ਸ਼੍ਰੋਮਣੀ ਕਮੇਟੀ, ਸੁਖਵਿੰਦਰ ਸਿੰਘ ਗਰੇਵਾਲ ਮੈਨੇਜਰ ਤਖਤ ਸ਼੍ਰੀ ਕੇਸਗੜ• ਸਾਹਿਬ, ਕਸ਼ਮੀਰ ਸਿੰਘ ਰੰਧਾਵਾ, ਕੈਪਟਨ ਪ੍ਰੀਤਮ ਸਿੰਘ, ਮਲਕੀਅਤ ਸਿੰਘ, ਸ. ਰੁਲਦਾ ਸਿੰਘ, ਗੁਰਦਿਆਲ ਸਿੰਘ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।



