ਕੇਂਦਰੀ ਰਾਜ ਮੰਤਰੀ ਸਾਂਪਲਾ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਅੰਮ੍ਰਿਤਸਰ, 13 ਨਵੰਬਰ (ਪਰਦੀਪ ਸ਼ਰਮਾ, ਸੁਨੀਲ ਗੁਪਤਾ)- ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਵੱਲੋਂ ਟਿਕਟ ਮਿਲਣ ’ਤੇ ਪਹਿਲੀ ਵਾਰ ਲੋਕ ਸਭਾ ਦੀ ਸੀਟ ਜਿੱਤ ਕੇ ਮੰਤਰੀ ਬਣੇ ਸ੍ਰੀ ਵਿਜੇ ਸਾਂਪਲਾ ਅੱਜ ਆਪਣੀ ਅੰਮ੍ਰਿਤਸਰ ਦੀ ਪਹਿਲੀ ਫੇਰੀ ਦੌਰਾਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਕੋਲੋਂ ਸਮਾਜ ਦੀ ਸੇਵਾ ਕਰਨ ਲਈ ਸ਼ਕਤੀ ਬਖਸ਼ਣ ਦੀ ਅਰਦਾਸ ਕੀਤੀ।ਸ੍ਰੀ ਵਿਜੇ ਸਾਂਪਲਾ ਕੇਂਦਰੀ ਵਜ਼ਾਰਤ ਵਿੱਚ ਸਮਾਜਿਕ ਨਿਆਂ ਤੇ ਸ਼ਸਤਰੀਕਰਨ ਵਿਭਾਗ ਦਾ ਅਹੁਦਾ ਸੰਭਾਲਣ ਤੋਂ ਉਪਰੰਤ ਸ੍ਰੀ ਅੰਮ੍ਰਿਤਸਰ ਵਿਖੇ ਪਹੁੰਚਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਸਰਕਟ ਹਾਊਸ ਵਿਖੇ ਉਨ੍ਹਾਂ ਦੇ ਸਨਮਾਨ ਵਿੱਚ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਸਲਾਮੀ ਦਿੱਤੀ ਗਈ। ਇਥੇ ਪੱਤਰਕਾਰਾਂ ਨਾਲ
ਗੱਲਬਾਤ ਕਰਦਿਆਂ ਸ੍ਰੀ ਸਾਂਪਲਾ ਨੇ ਕਿਹਾ ਕਿ ਭਾਜਪਾ ਤੇ ਅਕਾਲੀ ਪਾਰਟੀਆਂ ਦਾ ਗਠਜੋੜ ਬਹੁਤ ਮਜ਼ਬੂਤ ਹੈ ਅਤੇ ਦੋਹਾਂ ਪਾਰਟੀਆਂ ਵਿਚਕਾਰ ਕੋਈ ਮੱਤਭੇਦ ਨਹੀਂ ਹਨ। ਉਨ੍ਹਾਂ ਪੱਤਰਕਾਰਾਂ ਦੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਅਤੀਤ ਵਿੱਚ ਵਿਧਾਨ ਸਭਾ ਤੇ ਲੋਕ ਸਭਾ ਦੀਆਂ ਚੋਣਾਂ ਰਲ ਕੇ ਲੜੀਆਂ ਗਈਆਂ ਸਨ ਅਤੇ ਭਵਿੱਖ ਵਿੱਚ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਦੋਵੇ ਪਾਰਟੀਆਂ ਰਲ ਕੇ ਚੋਣਾਂ ਲੜਨਗੀਆਂ।ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਨੁਮਾਇੰਦਿਆਂ ਵੱਲੋਂ ਸ੍ਰੀ ਵਿਜੇ ਸਾਂਪਲਾ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਗੁਰੂ ਦਾ ਸਿਰੋਪਾਓ ਭੇਂਟ ਕੀਤਾ ਗਿਆ। ਉਪਰੰਤ ਸ੍ਰੀ ਸਾਂਪਲਾ ਨੇ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਬਦੌਲਤ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਪਰੰਤ ਸ੍ਰੀ ਸਾਂਪਲਾਂ ਸ੍ਰੀ ਦੁਰਗਿਆਣਾ ਮੰਦਿਰ ਨਤਮਸਤਕ ਹੋਏ ਅਤੇ ਪ੍ਰਮਾਤਮਾ ਦਾ ਆਸ਼ੀਰਵਾਦ ਲਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਅਨਿਲ ਜੋਸ਼ੀ ਕੈਬਨਿਟ ਵਜ਼ੀਰ ਪੰਜਾਬ, ਸ੍ਰੀ ਬਖਸ਼ੀ ਰਾਮ ਅਰੋੜਾ ਮੇਅਰ ਅੰਮ੍ਰਿਤਸਰ, ਸ੍ਰੀ ਰਜਿੰਦਰ ਮੋਹਨ ਸਿੰਘ ਛੀਨਾ ਭਾਜਪਾ ਆਗੂ, ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ, ਸ੍ਰੀ ਜਤਿੰਦਰ ਸਿੰਘ ਔਲਖ ਕਮਿਸ਼ਨਰ ਪੁਲਿਸ, ਸ੍ਰੀ ਭੁਪਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਸ੍ਰੀ ਰੋਹਿਤ ਗੁਪਤਾ ਐ¤ਸ.ਡੀ.ਐ¤ਮ ਅੰਮ੍ਰਿਤਸਰ-1 ਆਦਿ ਹਾਜ਼ਰ ਸਨ।



