ਜਲੰਧਰ/ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਰਚ, 2015 ਤੱਕ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਲੜਕਿਆਂ ਤੇ ਲੜਕੀਆਂ ਲਈ ਵੱਖਰੇ ਤੌਰ ’ਤੇ ਪਖਾਨੇ ਬਣਾਉਣ ਦੇ ਟੀਚੇ ਨੂੰ ਅਮਲੀ ਜਾਮਾ ਪਹਿਨਾਇਆ ਜਾਵੇ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਸ. ਬਾਦਲ ਨੇ ਅੱਜ ਸਵੇਰੇ ਇੱਥੇ ਆਪਣੇ ਦਫਤਰ ਵਿਖੇ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਹ ਫੈਸਲਾ ਲਿਆ। ਉਨ੍ਹਾਂ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਆਦੇਸ਼ ਦਿੱਤਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਜਿੱਥੇ-ਜਿੱਥੇ ਵੀ ਪਖਾਨੇ ਦੀ ਸਹੂਲਤ ਦੇਣ ਦੀ ਲੋੜ ਹੈ, ਉਨ੍ਹਾਂ ਸਕੂਲਾਂ ਵਿੱਚ ਪਹਿਲ ਦੇ ਆਧਾਰ ’ਤੇ ਉਸਾਰੀ ਤੇ ਮੁਰੰਮਤ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ। ਇਸ ਮੰਤਵ ਲਈ 19 ਕਰੋੜ ਰੁਪਏ ਦੀ ਯੋਜਨਾ ਨੂੰ ਪ੍ਰਵਾਨਗੀ ਦਿੰਦਿਆਂ ਮੁੱਖ ਮੰਤਰੀ ਨੇ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ
(ਲੋਕ ਸਭਾ ਅਤੇ ਰਾਜ ਸਭਾ) ਨੂੰ ਆਪੋ-ਆਪਣੇ ਹਲਕਿਆਂ ਵਿੱਚ ਸਰਕਾਰੀ ਸਕੂਲਾਂ ਲਈ ਸਥਾਨਕ ਖੇਤਰ ਵਿਕਾਸ ਫੰਡ ਵਿੱਚੋਂ 50-50 ਲੱਖ ਰੁਪਏ ਦਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਸ. ਬਾਦਲ ਨੇ ਅੱਗੇ ਆਖਿਆ ਕਿ ਇਸ ਪ੍ਰਾਜੈਕਟ ਵਿੱਚ ਬਾਕੀ ਹਿੱਸਾ ਸੂਬਾ ਸਰਕਾਰ ਵੱਲੋਂ ਪਾਇਆ ਜਾਵੇਗਾ। ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਗਗਨਦੀਪ ਸਿੰਘ ਬਰਾੜ ਅਤੇ ਸ੍ਰੀ ਅਜੋਏ ਕੁਮਾਰ ਸ਼ਰਮਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਇਸ ਵੇਲੇ ਸੂਬੇ ਵਿੱਚ ਸਿਰਫ 1288 ਸਕੂਲ (545 ਸਕੂਲ ਲੜਕਿਆਂ ਦੇ ਅਤੇ 743 ਲੜਕੀਆਂ ਦੇ) ਹੀ ਇਸ ਸਹੂਲਤ ਤੋਂ ਵਾਂਝੇ ਰਹਿੰਦੇ ਹਨ ਜਦਕਿ 2256 ਸਕੂਲਾਂ ਵਿੱਚ ਪਖਾਨੇ ਚਾਲੂ ਨਹੀਂ ਹਨ। ਮੀਟਿੰਗ ਵਿੱਚ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਸ੍ਰੀ ਸੀ. ਰਾਊਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਗਗਨਦੀਪ ਸਿੰਘ ਬਰਾੜ ਤੇ ਸ੍ਰੀ ਅਜੋਏ ਕੁਮਾਰ ਸ਼ਰਮਾ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ੍ਰੀ ਜੀ.ਕੇ. ਸਿੰਘ ਹਾਜ਼ਰ ਸਨ।



