Skip to content
Independent perspectives. Global stories.
BREAKING

ਮੰਤਰੀ ਮੰਡਲ ਵੱਲੋਂ ‘ਪੰਜਾਬ ਰਾਜ ਐਫੋਰਡਏਬਲ ਹਾਊਸਿੰਗ ਡਿਵੈਲਪਮੈਂਟ ਅਥਾਰਟੀ’ ਕਾਇਮ ਕਰਨ ਦੀ ਪ੍ਰਵਾਨਗੀ

Share this story

ਅਥਾਰਟੀ ਦਾ ਉਦੇਸ਼ ਹਰੇਕ ਨੂੰ ਵਾਜਬ ਦਰਾਂ ’ਤੇ ਘਰ ਮੁਹੱਈਆ ਕਰਵਾਉਣਾ

Page-1_06 ਜਲੰਧਰ/ਚੰਡੀਗੜ੍ਹ, 26 ਨਵੰਬਰ- ਪੰਜਾਬ ਮੰਤਰੀ ਮੰਡਲ ਨੇ ਅੱਜ ‘ਹਰੇਕ ਨਾਗਰਿਕ ਨੂੰ ਘਰ’ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ‘ਪੰਜਾਬ ਰਾਜ ਐਫੋਰਡਏਬਲ ਹਾਊਸਿੰਗ ਡਿਵੈਲਪਮੈਂਟ ਅਥਾਰਟੀ’ ਕਾਇਮ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਅਥਾਰਟੀ ਕਮਜ਼ੋਰ ਵਰਗਾਂ ਨੂੰ ਅਗਲੇ ਦੋ ਸਾਲਾਂ ਵਿੱਚ ਇਕ ਲੱਖ ਮਕਾਨ ਬਣਾ ਕੇ ਦੇਵੇਗੀ ਜਿਨ੍ਹਾਂ ਵਿੱਚ ਅਨੁਸੂਚਿਤ ਜਾਤੀਆਂ,

ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀਆਂ, ਬਜ਼ੁਰਗਾਂ ਅਤੇ ਸਰੀਰਕ ਤੌਰ ’ਤੇ ਅਪਾਹਜ ਵਿਅਕਤੀਆਂ ਵਰਗੇ ਆਰਥਿਕ ਤੌਰ ’ਤੇ ਪਛੜੇ ਵਰਗਾਂ, ਘੱਟ ਆਮਦਨ ਵਾਲੇ ਤਬਕਿਆਂ ਅਤੇ ਸਮਾਜ ਦੇ ਹੋਰ ਲੋੜਵੰਦ ਵਰਗ ਸ਼ਾਮਲ ਹੋਣਗੇ। ਇਸ ਦਾ ਉਦੇਸ਼ ਸੂਬੇ ਵਿੱਚ ਹਰੇਕ ਨੂੰ ਘਰ ਮੁਹੱਈਆ ਕਰਵਾਉਣਾ ਹੈ।
ਮੰਤਰੀ ਮੰਡਲ ਨੇ ਬਠਿੰਡਾ, ਲੁਧਿਆਣਾ ਤੇ ਜਲੰਧਰ ਵਿਖੇ ਤਿੰਨ ਨਵੀਂਆਂ ਫੋਰੈਂਸਿਕ ਸਾਇੰਸ ਲੈਬਾਰਟਰੀਆਂ ਦੀ ਸਥਾਪਨਾ ਕਰਨ ਅਤੇ ਏ.ਬੀ.ਸੀ. ਤੇ ਡੀ. ਸ਼੍ਰੇਣੀਆਂ ਦੀਆਂ 33 ਅਸਾਮੀਆਂ ਦੀ ਰਚਨਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਪੰਜਾਬ ਮੰਤਰੀ ਮੰਡਲ ਨੇ ਸਿਵਲ ਜੱਜ (ਜੂਨੀਅਰ ਡਿਵੀਜ਼ਨ)-ਕਮ-ਜੁਡੀਸ਼ਲ ਮੈਜਿਸਟਰੇਟ ਦੀਆਂ 118 ਅਸਾਮੀਆਂ ਦੀ ਭਰਤੀ ਦਾ ਕੰਮ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਅਧਿਕਾਰ ਖੇਤਰ ਵਿੱਚੋਂ ਕੱਢ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਸੌਂਪਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਸੂਬੇ ਵਿੱਚ ਕਰੇਨਾਂ ਤੇ ਮਿੱਟੀ ਪੁੱਟਣ ਵਾਲੀ ਮਸ਼ੀਨਰੀ ਸਮੇਤ ਭਾਰੀ ਮਸ਼ੀਨਰੀ ਦੇ ਵਪਾਰ ਨੂੰ ਵੱਡੀ ਰਾਹਤ ਦਿੰਦੇ ਹੋਏ ਮੰਤਰੀ ਮੰਡਲ ਨੇ ਇਸ ਮਸ਼ੀਨਰੀ ’ਤੇ ਮੌਜੂਦਾ ਸਮੇਂ ਵੈਟ ਦੀ ਦਰ 13 ਫੀਸਦੀ+10 ਫੀਸਦੀ ਸਰਚਾਰਜ ਨੂੰ ਘਟਾ ਕੇ 5.5 ਫੀਸਦੀ+10 ਫੀਸਦੀ ਸਰਚਾਰਜ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਸਮਾਜ ਦੇ ਆਰਥਿਕ ਪੱਖੋਂ ਕਮਜ਼ੋਰ ਵਰਗਾਂ ਨੂੰ ਸਸਤੇ ਰੇਟਾਂ ’ਤੇ ਆਟਾ/ਦਾਲ ਮੁਹੱਈਆ ਕਰਵਾਉਣ ਲਈ ਮੰਤਰੀ ਮੰਡਲ ਨੇ ਕੌਮੀ ਖੁਰਾਕ ਸੁਰੱਖਿਆ ਐਕਟ-2013/ਨਵੀਂ ਆਟਾ ਦਾਲ ਸਕੀਮ ਨੂੰ ਲਾਗੂ ਕਰਨ ਲਈ ਸੂਬੇ ਦੀ ਸੋਧੀ ਹੋਈ ਆਟਾ-ਦਾਲ ਸਕੀਮ ਨੂੰ ਕਾਰਜ-ਬਾਅਦ ਪ੍ਰਵਾਨਗੀ ਦੇ ਦਿੱਤੀ ਹੈ। ਇਸ ਕਦਮ ਨਾਲ 31 ਲੱਖ ਲਾਭਪਾਤਰੀ ਪਰਿਵਾਰਾਂ ਨੂੰ ਲਾਭ ਮਿਲੇਗਾ। ਮੰਤਰੀ ਮੰਡਲ ਨੇ 15 ਜਨਵਰੀ, 2015 ਤੱਕ ਸਾਰੇ ਡਿਪਟੀ ਕਮਿਸ਼ਨਰਾਂ ਪਾਸੋਂ ਇਸ ਸਕੀਮ ਹੇਠ ਸਾਰੇ ਮੌਜੂਦਾ ਕਾਰਡਾਂ ਦੀ ਸ਼ਨਾਖਤ ਕਰਵਾਉਣ ਦਾ ਫੈਸਲਾ ਕੀਤਾ ਹੈ ਅਤੇ ਉਸ ਸਮੇਂ ਤੱਕ ਕੋਈ ਨਵਾਂ ਕਾਰਡ ਜਾਰੀ ਨਹੀਂ ਕੀਤਾ ਜਾਵੇਗਾ।
ਮਾਲਵਾ ਪੱਟੀ ਦੇ ਨੌਜਵਾਨਾਂ ਨੂੰ ਉਚ ਮਿਆਰੀ ਤਕਨੀਕੀ ਸਿੱਖਿਆ ਮੁਹੱਈਆ ਕਰਵਾਉਣ ਲਈ ਮੰਤਰੀ ਮੰਡਲ ਨੇ ਬਠਿੰਡਾ ਵਿਖੇ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ ਦੀ ਸਥਾਪਨਾ ਲਈ ਆਰਡੀਨੈਂਸ ਲਿਆਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਯੂਨੀਵਰਸਿਟੀ ਦੇ ਅਧਿਕਾਰ ਖੇਤਰ ਵਿੱਚ ਬਠਿੰਡਾ, ਬਰਨਾਲਾ, ਫਰੀਦਕੋਟ, ਫਤਹਿਗੜ੍ਹ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ ਤੇ ਸੰਗਰੂਰ ਜ਼ਿਲ੍ਹੇ ਸ਼ਾਮਲ ਹੋਣਗੇ। ਮੰਤਰੀ ਮੰਡਲ ਨੇ ਖੇਡ ਕੋਟੇ ਤਹਿਤ ਚੌਥਾ ਦਰਜਾ ਕੈਟਾਗਰੀ ਦੀ ਸਿੱਧੀ ਭਰਤੀ ਲਈ ਨਿਯਮਾਂ ਵਿੱਚ ਢਿੱਲ ਦੇ ਕੇ ਕੌਮੀ ਪੱਧਰ ਦੀ ਕਬੱਡੀ ਖਿਡਾਰਨ ਜਸਪ੍ਰੀਤ ਕੌਰ ਨੂੰ ਚੌਥਾ ਦਰਜਾ ਅਸਾਮੀ ’ਤੇ ਭਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਜ਼ਿਕਰਯੋਗ ਹੈ ਕਿ ਜਸਪ੍ਰੀਤ ਕੌਰ 25 ਨਵੰਬਰ, 2001 ਨੂੰ ਪਟਿਆਲਾ ਵਿਖੇ ਕੌਮੀ ਖੇਡਾਂ ਦੌਰਾਨ ਖੇਡਦੇ ਸਮੇਂ ਗਹਿਰੀ ਸੱਟ ਵੱਜਣ ਕਾਰਨ ਸਰੀਰਕ ਤੌਰ ’ਤੇ 100 ਫੀਸਦੀ ਅਪਾਹਜ ਹੋ ਗਈ ਸੀ।

WRITTEN BY