ਦੀਵਿਆਂ ਦੇ ਆਸਰੇ ਕੱਟ ਰਹੇ ਨੇ ਜ਼ਿੰਦਗੀ
ਰਾਮ ਸਿੰਘ ਧਨੌਲਾ ਦੀ ਵਿਸ਼ੇਸ਼ ਰਿਪੋਰਟ
ਬਰਨਾਲਾ, 30 ਨਵੰਬਰ- ਪੰਜਾਬ ਦੇ ਕਰੀਬ ਦੋ ਲੱਖ ਘਰਾਂ ’ਚ ਨਿੱਤ ਦੀਵੇ ਹੀ ਬਲਦੇ ਹਨ। ਲੋਕ ਤਾਂ ਦੀਵਾਲੀ ਨੂੰ ਖੁਸ਼ੀ ਦੇ ਦੀਵੇ ਬਾਲਦੇ ਨੇ ਪ੍ਰੰਤੂ ਇਨ੍ਹਾਂ ਘਰਾਂ ਨੂੰ ਇਕੱਲੇ ਦੀਵੇ ਹੀ ਨਹੀਂ ਨਸੀਬ ਹੋਏ ਹਨ, ਖੁਸ਼ੀ ਨਹੀਂ। ਪੰਜਾਬ ਦੀ ਤਰੱਕੀ ਦੇ ਨਕਸ਼ੇ ਤੋਂ ਇਹ ਪਰਿਵਾਰ ਬਾਹਰ ਹਨ। ਪੰਜਾਬ ਦੇ ਪੰਜਾਹ ਫੀਸਦੀ ਜ਼ਿਲ੍ਹਿਆਂ ਵਿੱਚ ਹਜ਼ਾਰਾਂ ਘਰਾਂ ਨੂੰ ਬਿਜਲੀ ਦਾ ਬਲਬ ਨਹੀਂ ਜੁੜ ਸਕਿਆ। ਇਹ ਪਰਿਵਾਰ ਅੱਜ ਵੀ ਘਰਾਂ ’ਚ ਦੀਵੇ ਬਾਲਦੇ ਹਨ। ਲਾਲਟੈਨ ਜਾਂ ਮੋਮਬੱਤੀ ਦੇ ਚਾਨਣ ਨੂੰ ਹੀ ਇਹ ਪਰਿਵਾਰ ਆਪਣਾ ਭਾਗ ਸਮਝਦੇ ਹਨ। ਜਿਨ੍ਹਾਂ ਘਰਾਂ ’ਚ ਬਿਜਲੀ ਦੇ ਬਿੱਲਾਂ ਦੇ ਭਾਰ ਨੇ ਹਨੇਰਾ ਕਰ ਦਿੱਤਾ ਹੈ। ਉਨ੍ਹਾਂ ਦੀ ਗਿਣਤੀ ਵੱਖਰੀ ਹੈ। ਇਨ੍ਹਾਂ ਘਰਾਂ ਦੇ ਕੁਨੈਕਸ਼ਨ ਕੱਟੇ ਗਏ ਹਨ। ਇਨ੍ਹਾਂ ਪਰਿਵਾਰਾਂ ’ਚ ਦਲਿਤ ਵਰਗ ਅਤੇ ਛੋਟੀ ਕਿਸਾਨੀ ਸ਼ਾਮਲ ਹੈ। ਇਨ੍ਹਾਂ ਪਰਿਵਾਰਾਂ ਦਾ ਝੋਰਾ ਹੈ ਕਿ ਕੋਈ ਤਿਉਹਾਰ ਉਨ੍ਹਾਂ ਦੀ ਜ਼ਿੰਦਗੀ ਨੂੰ ਰੁਸ਼ਨਾ ਨਹੀਂ ਸਕਿਆ। ਇਨ੍ਹਾਂ ਘਰਾਂ ਦੀਆਂ ਕਈ-ਕਈ ਪੀੜ੍ਹੀਆਂ ਦੀਵੇ ਦੇ ਚਾਨਣ ਦਾ ਪਰਛਾਵਾਂ ਬਣ ਕੇ ਹੀ ਤੁਰ ਗਈਆਂ। ਅੰਕੜਿਆਂ ਅਨੁਸਾਰ
ਪੰਜਾਬ 2012 ਜੋ 5 ਮਾਰਚ 2013 ਨੂੰ ਰਿਲੀਜ਼ ਹੋਇਆ, ਦੇ ਤੱਥਾਂ ਅਨੁਸਾਰ ਪੰਜਾਬ ਦੇ 2,20,142 ਲੱਖ ਘਰਾਂ ’ਚ ਬਿਜਲੀ ਦੀ ਸਹੂਲਤ ਨਹੀਂ ਹੈ। ਜਿਨ੍ਹਾਂ ਘਰਾਂ ਦਾ ਚਾਨਣ ਸਿਰਫ ਦੀਵੇ ਹੀ ਬਣਦੇ ਹਨ। ਸਾਲ 2011 ਦੀ ਜਨਗਣਨਾ ਅਨੁਸਾਰ ੰਪਜਾਬ ਵਿੱਚ 54,09,699 ਘਰ ਹਨ। ਜਦੋਂ ਘਰੇਲੂ ਬਿਜਲੀ ਦੇ ਕੁਨੈਕਸ਼ਨਾਂ ਦੀ ਗਿਣਤੀ 51,89,557 ਹੈ। ਇਸ ਹਿਸਾਬ ਨਾਲ 2.20 ਲੱਖ ਘਰ ਘਰੇਲੂ ਬਿਜਲੀ ਦੇ ਕੁਨੈਕਸ਼ਨ ਤੋਂ ਵਿਰਵੇ ਹਨ। ਮਾਲਵਾ ਪੱਟੀ ਵਿੱਚ ਵੱਡੀ ਗਿਣਤੀ ਵਿੱਚ ਖੇਤ ਮਜ਼ਦੂਰਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਹੋਏ ਹਨ, ਜਿਸ ਕਰਕੇ ਇਨ੍ਹਾਂ ਘਰਾਂ ’ਚ ਵੀ ਹੁਣ ਦੁੱਖਾਂ ਦੇ ਦੀਵੇ ਬਲਦੇ ਹਨ। ਸਰਕਾਰੀ ਤੱਥਾਂ ਅਨੁਸਾਰ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਹਰ ਘਰ ਬਿਜਲੀ ਕੁਨੈਕਸ਼ਨ ਹੈ, ਉਨ੍ਹਾਂ ਵਿੱਚ ਜ਼ਿਲ੍ਹਾ ਕਪੂਰਥਲਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਰੋਪੜ, ਮੁਹਾਲੀ, ਲੁਧਿਆਣਾ, ਮਾਨਸਾ, ਸੰਗਰੂਰ ਪਟਿਆਲਾ ਤੇ ਫਤਿਹਗੜ੍ਹ ਸਾਹਿਬ ਸ਼ਾਮਿਲ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਘਰਾਂ ਤੋਂ ਜ਼ਿਆਦਾ ਕੁਨੈਕਸ਼ਨਾਂ ਦੀ ਗਿਣਤੀ ਹੈ, ਬਰਨਾਲਾ ਜ਼ਿਲ੍ਹੇ ਵਿੱਚ 7152 ਘਰਾਂ ਵਿੱਚ ਬਿਜਲੀ ਦਾ ਇੱਕ ਵੀ ਬਲਬ ਨਹੀਂ ਹੈ। ਇਸ ਜ਼ਿਲ੍ਹੇ ਵਿੱਚ 1,72,792 ਘਰ ਹਨ। ਜਦੋਂ ਕਿ ਘਰੇਲੂ ਬਿਜਲੀ ਦੇ ਕੁਨੈਕਸ਼ਨਾਂ ਦੀ ਗਿਣਤੀ 1,59,750 ਹੈ। ਬਠਿੰਡਾ ਜ਼ਿਲ੍ਹੇ ਦੇ 30196 ਘਰਾਂ ’ਚ ਬਿਜਲੀ ਕੁਨੈਕਸ਼ਨ ਨਹੀਂ ਹੈ। ਇਨ੍ਹਾਂ ਘਰਾਂ ’ਚ ਲਾਲਟੈਨ ਜਾਂ ਦੀਵੇ ਦੀ ਰੋਸ਼ਨੀ ’ਚ ਜ਼ਿੰਦਗੀ ਚੱਲ ਰਹੀ ਹੈ। ਜ਼ਿਲ੍ਹੇ ਵਿੱਚ 2,66,035 ਘਧਰ ਹਨ ਜਦੋਂ ਕਿ ਬਿਜਲੀ ਕੁਨੈਕਸ਼ਨਾਂ ਦੀ ਗਿਣਤੀ 2,35,839 ਹੈ। ਇਸ ਤਰ੍ਹੰ ਜ਼ਿਲ੍ਹਾ ਮੋਗਾ ’ਚ 15053 ਘਰਾਂ ’ਚ ਬਿਜਲੀ ਨਹੀਂ ਹੈ। ਜਦੋਂ ਕਿ ਜ਼ਿਲ੍ਹਾ ਫਰੀਦਕੋਟ ਦੇ 3532 ਘਰਾਂ ’ਚ ਬਿਜਲੀ ਦਾ ਚਾਨਣ ਨਹੀਂ ਹੈ। ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਥੋੜ੍ਹੇ ਸਮੇਂ ਵਿੱਚ ਪੰਜਾਬ ਸਰਪਲੱਸ ਬਿਜਲੀ ਵਾਲਾ ਸੂਬਾ ਬਣ ਜਾਣਾ ਹੈ। ਦੱਸੋ ਵਾਧੂ ਬਿਜਲੀ ਦਾ ਇਨ੍ਹਾਂ ਘਰਾਂ ਨੂੰ ਕੀ ਫਾਇਦਾ ਹੋਵੇਗਾ। ਇਸ ਤੋਂ ਇਲਾਵਾ ਅੰਮ੍ਰਿਤਸਰ ਜ਼ਿਲ੍ਹੇ ਵਿੱਚ 26124 ਘ੍ਰਾਂ ਅਤੇ ਤਰਨਤਾਰਨ ਦੇ 35718 ਘਰ ਬਿਜਲੀ ਤੋਂ ਵਾਂਝੇ ਹਨ।



