Skip to content
Independent perspectives. Global stories.
BREAKING

ਸ਼੍ਰੋਮਣੀ ਕਮੇਟੀ ਪੰਥ ਦੋਖੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਕਾਨੂੰਨੀ ਲੜਾਈ ਲੜੇਗੀ : ਜੱਥੇ. ਅਵਤਾਰ ਸਿੰਘ

Share this story

Page-1_32 ਲੁਧਿਆਣਾ, 11 ਦਸੰਬਰ (ਪੀ. ਟੀ.)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਨੇ ਕਿਹਾ ਹੈ ਕਿ ਪਿਛਲੇ ਦਿਨੀਂ ਪਿੰਡ ਜੋਧਪੁਰ (ਤਰਨਤਾਰਨ) ਦੇ ਗੁਰਦੁਆਰਾ ਸਾਹਿਬ ਵਿਖੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਂਟ ਕਰਨ ਵਾਲੇ ਪੰਥ ਦੋਖੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾਵਾਂ ਦਿਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੁੱਚੀਆਂ ਸਿੱਖ ਜੱਥੇਬੰਦੀਆਂ ਤੇ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਆਪਣੇ ਤੌਰ ’ਤੇ ਕਾਨੂੰਨੀ ਲੜਾਈ ਲੜੇਗੀ। ਅੱਜ ਮਾਡਲ ਟਾਊਨ ਐਕਸਟੈਂਸ਼ਨ ਲੁਧਿਆਣਾ ਸਥਿਤ ਆਪਣੇ ਗ੍ਰਹਿ ਵਿਖੇ ਉਕਤ ਮਸਲੇ ਸਬੰਧੀ ਉਚੇਚੇ ਤੌਰ ’ਤੇ ਵਿਚਾਰ-ਵਟਾਂਦਰਾ ਕਰਨ ਲਈ ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ਦੇ ਪ੍ਰਧਾਨ ਬਲਜਿੰਦਰ ਸਿੰਘ ਛੰਨਾ, ਖਾਲਸਾ ਗੁਰਮਤਿ ਪ੍ਰਚਾਰ ਗ੍ਰੰਥੀ ਸਭਾ ਦੇ ਪ੍ਰਧਾਨ ਪਰਮਿੰਦਰ ਸਿੰਘ ਗਿੱਦੜਵਿੰਡੀ, ਬਾਬਾ ਅੱਛਰ ਸਿੰਘ ਤੇ ਹਰਨੇਕ ਸਿੰਘ ਨਿੱਝਰ ਪ੍ਰਮੁੱਖ

ਆਗੂ ਸਤਿਕਾਰ ਕਮੇਟੀ ਦੀ ਅਗਵਾਈ ਹੇਠ ਪੁੱਜੀਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਪੂਰਨ ਰੂਪ ਵਿੱਚ ਭਰੋਸਾ ਦਿੰਦਿਆਂ ਹੋਇਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜੱਥੇ. ਅਵਤਾਰ ਸਿੰਘ ਨੇ ਸਪਸ਼ਟ ਰੂਪ ਵਿੱਚ ਕਿਹਾ ਕਿ ਪਿੰਡ ਜੋਧਪੁਰ ਵਿੱਚ ਵਾਪਰੇ ਮੰਦਭਾਗੇ ਦੁਖਾਂਤ ਤੋਂ ਬਾਅਦ ਉਤਪੰਨ ਹੋਏ ਮਸਲੇ ਨੂੰ ਪੂਰੀ ਸੰਜੀਦਗੀ ਦੇ ਨਾਲ ਹੱਲ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੀ ਤਰ੍ਹਾਂ ਦ੍ਰਿੜ ਹੈ। ਉਨ੍ਹਾਂ ਨੇ ਕਿਹਾ ਕਿ ਪੰਥ ਨੂੰ ਢਾਹ ਲਾਉਣ ਵਾਲੀਆਂ ਤਾਕਤਾਂ ਦਾ ਜ਼ੋਰਦਾਰ ਮੁਕਾਬਲਾ ਕਰਨ ਲਈ ਸਮੁੱਚੇ ਪੰਥ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ-ਛਾਇਆ ਹੇਠ ਇਕੱਠੇ ਹੋਏ ਕੇ ਇਨ੍ਹਾਂ ਦੇ ਹਮਲਿਆਂ ਦਾ ਮੁਕਾਬਲਾ ਸਬਰ ਨਾਲ ਕਰਨਾ ਚਾਹੀਦਾ ਹੈ ਤਾਂ ਹੀ ਅਸੀਂ ਆਪਣੇ ਆਰੰਭੇ ਹੋਏ ਮਿਸ਼ਨ ਵਿੱਚ ਸਫਲਤਾ ਪ੍ਰਾਪਤ ਕਰ ਸਕਦੇ ਹਾਂ। ਇਸ ਦੌਰਾਨ ਵੱਖ-ਵੱਖ ਸਿੱਖ ਜੱਥੇਬੰਦੀਆਂ ਦੇ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜੱਥੇ: ਅਵਤਾਰ ਸਿੰਘ ਨੂੰ ਭਰੋਸਾ ਦਿੱਤਾ ਕਿ ਪੰਥ ਦੋਖੀਆਂ ਨੂੰ ਸਖਤ ਸਜ਼ਾਵਾਂ ਦਿਵਾਉਣ ਦੇ ਲਈ ਉਨ੍ਹਾਂ ਵੱਲੋਂ ਕੀਤੀ ਜਾ ਰਹੀ ਕਾਨੂੰਨੀ ਕਾਰਵਾਈ ਵਿੱਚ ਉਹ ਆਪਣਾ ਹਰ ਪੱਖੋਂ ਸਹਿਯੋਗ ਦੇਣਗੇ ਅਤੇ ਸ਼ਾਂਤਮਈ ਢੰਗ ਦੇ ਨਾਲ ਪੰਥ ਵਿਰੋਧੀ ਤਾਕਤਾਂ ਦੇ ਖਿਲਾਫ ਪੂਰਨ ਰੂਪ ਵਿੱਚ ਆਪਣਾ ਸੰਘਰਸ਼ ਜਾਰੀ ਰੱਖਣਗੇ। ਇਸ ਸਮੇਂ ਹੋਰਨਾਂ ਤੋਂ ਇਲਾਵਾ ਡਾ. ਪਰਮਜੀਤ ਸਿੰਘ ਸਰੋਆ ਐਡੀਸ਼ਨਲ ਸਕੱਤਰ, ਇਕਬਾਲ ਸਿੰਘ, ਪਿਆਰਾ ਸਿੰਘ, ਸੁਖਵਿੰਦਰ ਸਿੰਘ ਸਫਰੀ, ਸੁਖਦੀਪ ਸਿੰਘ, ਕੰਵਲਜੀਤ ਸਿੰਘ, ਮੇਜਰ ਸਿੰਘ, ਮੋਹਨ ਸਿੰਘ ਆਦਿ ਪ੍ਰਮੁਖ ਸ਼ਖਸੀਅਤਾਂ ਹਾਜ਼ਰ ਸਨ।

WRITTEN BY