ਅੱਜ-ਕੱਲ੍ਹ ਪੰਜਾਬ ਦੀ ਪ੍ਰਤੀ ਵਿਅਕਤੀ ਆਮਦਨ ਵੱਧ ਕੇ 68998 ਰੁਪਏ ਸਲਾਨਾ ਦਰਜ ਕੀਤੀ ਗਈ ਹੈ, ਪਰ ਜੇ ਹਰ ਵਿਅਕਤੀ ਦੀ ਇੰਨੀਂ ਹੀ ਆਮਦਨ ਹੋਵੇ ਤਾਂ ਪੰਜਾਬ ਦਾ ਕੋਈ ਵੀ ਵਿਅਕਤੀ ਗ਼ਰੀਬੀ ਦੀ ਰੇਖਾ ਤੋਂ ਥੱਲੇ ਨਹੀਂ ਹੋਵੇਗਾ, ਪਰ ਇਹ ਬਿਲਕੁਲ ਨਹੀਂ, ਜਿਸ ਤਰ੍ਹਾਂ ਭਾਰਤ ਦੇ 80 ਫੀਸਦੀ ਲੋਕਾਂ ਦੀ ਆਮਦਨ 20 ਰੁਪਏ ਪ੍ਰਤੀ ਦਿਨ ਹੈ, ਉਸੇ ਤਰ੍ਹਾਂ ਹੀ ਪੰਜਾਬ ਵਿੱਚ ਹੈ।ਅਸਲ ਵਿੱਚ 1991 ਤੋਂ ਬਾਅਦ ਜਦੋਂ ਤੋਂ ਆਰਥਿਕ ਸੁਧਾਰਾਂ ਦੀਆਂ ਨਵੀਆਂ ਨੀਤੀਆਂ ਨੂੰ ਅਪਣਾਇਆ ਗਿਆ ਹੈ, ਆਰਥਿਕ ਖੁੱਲ੍ਹਾਂ ਕਰਕੇ ਆਰਥਿਕ ਨਾਬਰਾਬਰੀ ਬੜੀ ਤੇਜ਼ ਰਫ਼ਤਾਰ ਨਾਲ ਵਧੀ ਹੈ। 1991 ਤੋਂ ਬਾਅਦ ਸ਼ਾਇਦ ਹੀ ਕੋਈ ਇਹੋ ਜਿਹਾ ਸਾਲ ਰਿਹਾ ਹੋਵੇ, ਜਿਸ ਸਾਲ ਨੌ ਫੀਸਦੀ ਤੋਂ ਘੱਟ ਕੀਮਤਾਂ ਵਧੀਆਂ ਹੋਣ। ਕਈ ਸਾਲਾਂ ਵਿੱਚ ਤਾਂ ਕੀਤਾਂ 12 ਫੀਸਦੀ ਤੋਂ ਵੀ ਜ਼ਿਆਦਾ ਵਧੀਆਂ ਹਨ। ਪਰ ਇੱਕ ਤਾਂ ਆਮਦਨ ਹਰ ਸਾਲ ਇਨੀਂ ਨਹੀਂ ਵਧੀ ਅਤੇ ਦੂਜਾ ਇਹ ਜਿਹੜੀਆਂ ਕੀਮਤਾਂ ਵਧਦੀਆਂ ਹਨ, ਇਨ੍ਹਾਂ ਦਾ ਲਾਭ ਸਿਰਫ਼ ਵਪਾਰੀਆਂ ਨੂੰ ਹੁੰਦਾ ਹੈ। ਆਮ ਆਦਮੀ ਜਿਹੜੇ 93 ਫੀਸਦੀ ਦੇ ਅਸੰਗਠਿਤ ਖੇਤਰ ਵਿੱਚ ਆਉਂਦੇ ਹਨ, ਉਨ੍ਹਾਂ ਨੂੰ ਇਨ੍ਹਾਂ ਉੱਚੀਆਂ ਕੀਮਤਾਂ ਦੇ ਕਾਰਨ ਆਪਣੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨੀਆਂ ਵੀ ਮੁਸ਼ਕਲ ਹੋ ਜਾਂਦੀਆਂ ਹਨ। ਇਸ ਵਰਗ ਨੂੰ ਤਾਂ ਕੋਈ ਮਹਿੰਗਾਈ ਭੱਤਾ ਵੀ ਨਹੀਂ ਮਿਲਦਾ।
ਬੇਰੋਜ਼ਗਾਰੀ ਤੋਂ ਇਲਾਵਾ ਅਰਧ-ਬੇਰੋਜ਼ਗਾਰੀ ਵੀ ਪਛੜੇਪਣ ਦਾ ਬਹੁਤ ਵੱਡਾ ਕਾਰਨ ਹੈ ਅਤੇ ਅਰਧ-ਬੇਰੋਜ਼ਗਾਰੀ ਜ਼ਿਆਾਖੇਤੀ ਖੇਤਰ ਵਿੱਚ ਹੀ ਹੁੰਦੀ ਹੈ। ਜੇ ਇੱਕ ਵਿਅਕਤੀ ਨੂੰ ਦਿਨ ਵਿੱਚ 8 ਘੰਟੇ ਅਤੇ ਸਾਲ ਵਿੱਚ 300 ਦਿਨ ਕੰਮ ਕਰਨਾ ਆਰਥਿਕ ਰੋਜ਼ਗਾਰ ਹੈ ਤਾਂ ਖੇਤੀ ਵਿੱਚ ਇੱਕ ਦਿਨ ਵਿੱਚ 8 ਘੰਟੇ ਕੰਮ ਵੀ ਨਹੀਂ ਅਤੇ ਸਾਲ ਵਿੱਚ ਮੌਸਮੀ ਕੰਮ ਹੋਣ ਕਰਕੇ ਅਤੇ ਮਸ਼ੀਨੀਕਰਣ ਦੇ ਵਧਣ ਕਾਰਨ ਸਾਲ ਵਿੱਚ 300 ਦਿਨ ਦਾ ਕੰਮ ਵੀ ਨਹੀਂ। ਜੇ ਕੰਮ ਨਹੀਂ ਤਾਂ ਉਤਪਾਦਨ ਨਹੀਂ ਅਤੇ ਆਮਦਨ ਵੀ ਨਹੀਂ। ਪੰਜਾਬ ਦੀ ਜਿਹੜੀ 60 ਫੀਸਦੀ ਵਸੋਂ ਖੇਤੀ ‘ਤੇ ਨਿਰਭਰ ਕਰਦੀ ਹੈ, ਉਸ ਵਿੱਚੋਂ ਜ਼ਿਆਦਾਤਰ ਅਰਧ-ਬੇਰੋਜ਼ਗਾਰ ਵੀ ਹੈ ਅਤੇ ਉਨ੍ਹਾਂ ਬੇਰੋਜ਼ਗਾਰਾਂ ਦੀ ਬੇਰੋਜ਼ਗਾਰੀ ਛੁਪੀ ਹੋਈ ਵੀ ਹੈ, ਕਿਉਂ ਜੋ ਉਨ੍ਹਾਂ ਨੇ ਕਦੀ ਇਸ ਗੱਲ ਨੂੰ ਮਹਿਸੂਸ ਨਹੀਂ ਕੀਤਾ ਕਿ ਉਨ੍ਹਾਂ ਨੂੰ ਰੁਜ਼ਗਾਰ ਦੀ ਤਲਾਸ਼ ਦੀ ਲੋੜ ਹੈ। ਭਾਵੇਂ ਉਹ ਦਿਨ ‘ਚ ਕੁਝ ਘੰਟੇ ਹੀ ਕੰਮ ਕਰਦੇ ਹਨ, ਪਰ ਆਪਣੇ-ਆਪ ਨੂੰ ਪੂਰੀ ਤਰ੍ਹਾਂ ਰੁਜ਼ਗਾਰ ‘ਤੇ ਲੱਗੇ ਹੋਏ ਮਹਿਸੂਸ ਕਰਦੇ ਹਨ, ਭਾਵੇਂ ਕਿ ਉਨ੍ਹਾਂ ਦੀ ਉਤਪਾਦਿਕਤਾ ਕੋਈ ਵੀ ਨਹੀਂ। ਬੇਰੋਜ਼ਗਾਰੀ ਨੂੰ ਮੁੱਖ ਸਮੱਸਿਆ ਸਮਝਦੇ ਹੋਏ ਆਰਥਿਕ ਨੀਤੀਆਂ ਨੂੰ ਬੇਰੋਜ਼ਗਾਰੀ ਦੂਰ ਕਰਨ ‘ਤੇ ਕੇਂਦਰਿਤ ਹੋਣਾ ਚਾਹੀਦਾ ਹੈ। ਪੰਜਾਬ ਦਾ ਗ਼ੈਰ-ਖੇਤੀ ਪੇਂਡੂ ਖੇਤਰ, ਉਹ ਖ਼ੇਤਰ ਹੈ, ਜਿਹੜਾ ਸਭ ਤੋਂ ਵੱਧ ਬੇਰੋਜ਼ਗਾਰੀ ਵਾਲਾ ਹੈ। ਖੇਤੀ ਖੇਤਰ ਦੇ ਅਰਧ ਬੇਰੋਜ਼ਗਾਰ ਵੀ ਇਸ ਵਿੱਚ ਹੀ ਆਉਂਦੇ ਹਨ। ਸ਼ਹਿਰਾਂ ਵਿੱਚ ਰੋਜ਼ਗਾਰ ਵਿਕਸਿਤ ਨਾ ਹੋਣ ਕਰਕੇ, ਖੇਤੀ ਅਧਾਰਤ ਲੋਕਾਂ ਅਤੇ ਗ਼ੈਰ-ਖੇਤੀ ਅਧਾਰਤ ਲੋਕਾਂ ਦੀ ਪ੍ਰਤੀ ਵਿਅਕਤੀ ਆਮਦਨ ਬਹੁਤ ਥੱਲੇ ਰਹਿ ਜਾਂਦੀ ਹੈ। ਭਾਵੇਂ ਕਿ ਖੇਤੀ ਉਪਜ ਵਿੱਚ ਪੰਜਾਬ ਅਜੇ ਵੀ ਭਾਰਤ ਪਹਿਲੇ ਨੰਬਰ ਦਾ ਪ੍ਰਾਂਤ ਹੈ, ਪਰ ਖੇਤੀ ਉਪਜ ਨੂੰ ਤਿਆਰ ਕੀਤੀਆਂ ਵਸਤੂਆਂ ਵਿੱਚ ਬਦਲਣ ਲਈ ਸਿਰਫ਼ 2 ਫੀਸਦੀ ਉਪਜ ਹੀ ਵਰਤੀ ਜਾਂਦੀ ਹੈ, ਜਦੋਂ ਕਿ ਵਿਕਸਿਤ ਦੇਸ਼ਾਂ ਦੀ ਖੇਤੀ ਉਪਜ ਦਾ 26 ਫੀਸਦੀ ਤਿਆਰ ਵਸਤੂਆਂ ਲਈ ਵਰਤਿਆ ਜਾਂਦਾ ਹੈ।
ਭਾਵੇਂ ਕਿ ਪੰਜਾਬ ਦੀ ਪ੍ਰਤੀ ਵਿਅਕਤੀ ਆਮਦਨ 68998 ਰੁਪਏ ਸਾਲਾਨਾ ਭਾਰਤ ਦੀ ਪ੍ਰਤੀ ਵਿਅਕਤੀ ਆਮਦਨ 53331 ਰੁਪਏ ਸਾਲਾਨਾ ਤੋਂ ਕੁਝ ਵੱਧ ਹੈ, ਪਰ ਪਿਛਲੇ ਸਾਲਾਂ ਵਿੱਚ ਜਿਸ ਤਰ੍ਹਾਂ ਇਹ ਫ਼ਰਕ ਘਟਦਾ ਜਾ ਰਿਹਾ ਹੈ, ਇਸ ਤੋਂ ਤਾਂ ਇਸ ਤਰ੍ਹਾਂ ਲੱਗਦਾ ਹੈ ਕਿ ਕੁਝ ਸਾਲਾਂ ਵਿੱਚ ਇਹ ਭਾਰਤ ਦੀ ਔਸਤ ਆਮਦਨ ਦੇ ਬਰਾਬਰ ਹੋ ਜਾਵੇਗੀ। ਜੇ ਦਿੱਲੀ ਅਤੇ ਚੰਡੀਗੜ੍ਹ ਵਰਗੇ ਪ੍ਰਾਂਤਾਂ, ਜਿੱਥੇ ਜ਼ਿਆਦਾਤਰ ਲੋਕਾਂ ਦੀ ਆਮਦਨ ਸਰਕਾਰੀ ਨੌਕਰੀਆਂ ਅਤੇ ਸੰਗਠਿਤ ਖੇਤਰ ‘ਤੇ ਨਿਰਭਰ ਕਰਦੀ ਹੈ, ਉਨ੍ਹਾਂ ਨੂੰ ਛੱਡ ਵੀ ਦਿੱਤਾ ਜਾਵੇ ਤਾਂ ਫਿਰ ਵੀ ਗੋਆ ਦੀ ਪ੍ਰਤੀ ਵਿਅਕਤੀ ਆਮਦਨ 1 ਲੱਖ 68572 ਰੁਪਏ, ਪੰਜਾਬ ਦੀ ਆਮਦਨ ਦੇ ਦੋ ਗੁਣਾਂ ਤੋਂ ਵੀ ਜ਼ਿਆਦਾ ਹੈ। ਗੁਜਰਾਤ ਦੀ 75000, ਮਹਾਂਰਾਸ਼ਟਰ ਦੀ 83471, ਕੇਰਲਾ ਦੀ 71000, ਆਦਿ ਤੋਂ ਘੱਟ ਹੋਣ ਅਤੇ ਹਰ ਸਾਲ ਪਛੜਦੇ ਜਾਣ ਦੇ ਕਾਰਨਾਂ ਨੂੰ ਜਾਨਣਾ ਅਤੇ ਉਨ੍ਹਾਂ ਦਾ ਹੱਲ ਕਰਨਾ ਆਉਣ ਵਾਲੇ ਸਾਲਾਂ ਦੀ ਆਰਥਿਕ ਨੀਤੀ ਦਾ ਮੁੱਖ ਉਦੇਸ਼ ਹੋਣਾ ਚਾਹੀਦਾ ਹੈ।


