ਚੰਡੀਗੜ੍ਹ, 16 ਦਸੰਬਰ (ਪੀ. ਟੀ.)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸਰਹੱਦ ਪਾਰ ਤੋਂ ਆਉਂਦੇ ਨਸ਼ਿਆਂ ਨੂੰ ਠੱਲ੍ਹ ਪਾਉਣ ਵਾਸਤੇ ਪ੍ਰਭਾਵੀ ਕਦਮ ਚੁੱਕਣ ਲਈ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰਨ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ ਹੈ ਕਿਉਂਕਿ ਇਹ ਨਸ਼ੇ ਕੌਮੀ ਤੇ ਕੌਮਾਂਤਰੀ ਮੰਡੀ ਵਿੱਚ ਪਹੁੰਚਣ ਤੋਂ ਪਹਿਲਾਂ ਸੂਬੇ ਰਾਹੀਂ ਅੱਗੇ ਸਪਲਾਈ ਹੁੰਦੇ ਹਨ। ਸ੍ਰੀ ਰਾਜਨਾਥ ਸਿੰਘ ਨੂੰ ਲਿਖੇ ਇਕ ਪੱਤਰ ਵਿੱਚ ਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਜੰਗ ਲਈ ਸੂਬਾ ਸਰਕਾਰ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਨਸ਼ਿਆਂ ਦਾ ਵੱਡਾ ਹਿੱਸਾ ਭਾਰਤ-ਪਾਕਿਸਤਾਨ ਸਰਹੱਦ ਪਾਰ ਤੋਂ ਸੂਬੇ ਵਿੱਚ ਆਉਂਦਾ ਹੈ। ਸ. ਬਾਦਲ ਨੇ ਕਿਹਾ ਕਿ 1980ਵਿਆਂ ਦੇ ਅਤਿਵਾਦ ਦੇ ਅਰਸੇ ਦੌਰਾਨ ਸਰਹੱਦ ’ਤੇ ਕੰਡਿਆਲੀ ਤਾਰ ਲਾ ਦਿੱਤੀ ਸੀ ਪਰ ਉਸ ਵਿੱਚ ਕੁਝ ਪਾੜ ਅਜੇ ਵੀ ਰਹਿੰਦੇ
ਹਨ। ਮੁੱਖ ਮੰਤਰੀ ਨੇ ਕਿਹਾ ਗ੍ਰਿਫਤਾਰ ਕੀਤੇ ਗਏ ਸਮੱਗਲਰਾਂ ਪਾਸੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਤੇ ਪਾਕਿਸਤਾਨ ਵਿਚਲੇ ਨਸ਼ਾ ਤਸਕਰਾਂ ਦੇ ਆਪਸੀ ਗਹਿਰੇ ਸਬੰਧ ਹਨ। ਉਨ੍ਹਾਂ ਕਿਹਾ ਕਿ ਦੋਵਾਂ ਮੁਲਕਾਂ ਦੀ ਸਮੱਗਲਰਾਂ ਦੀ ਇਹ ਸਾਂਝ ਪੀੜੀ ਦਰ ਪੀੜੀ ਚਲਦੀ ਰਹਿੰਦੀ ਹੈ ਅਤੇ ਇਹੀ ਕਾਰਨ ਹੈ ਕਿ ਕੇਂਦਰ ਅਤੇ ਸੂਬੇ ਦੀਆਂ ਚੌਕਸੀ ਏਜੰਸੀਆਂ ਦੀਆਂ ਗੰਭੀਰ ਕੋਸ਼ਿਸ਼ਾਂ ਦੇ ਬਾਵਜੂਦ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਲਗਾਤਾਰ ਜਾਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਝੌਤਾ ਐਕਸਪ੍ਰੈਸ ਰੇਲਵੇ ਲਿੰਕ ਅਤੇ ਇੰਡੋ-ਪਾਕਿ ਬੱਸ ਸਰਵਿਸ ਰਾਹੀਂ ਨਸ਼ਿਆਂ ਦੀ ਸਮੱਗਲਿੰਗ ਵਧ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸਮਝੌਤਾ ਐਕਸਪ੍ਰੈਸ ਪਾਕਿਸਤਾਨ ਦੇ ਸਮੱਗਲਰਾਂ ਦਾ ਨਸ਼ੇ ਭੇਜਣ ਦਾ ਮਨਪਸੰਦ ਰਾਹ ਬਣ ਗਿਆ ਹੈ। ਉਨ੍ਹਾਂ ਹੋਰ ਕਿਹਾ ਕਿ ਸਮਝੌਤਾ ਐਕਸਪ੍ਰੈਸ ਅਤੇ ਇੰਡੋ-ਪਾਕਿ ਦੇ ਮੁਸਾਫਰਾਂ ਰਾਹੀਂ ਨਸ਼ਿਆਂ ਦੀ ਤਸਕਰੀ ਕਰਨ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਹਾਲਾਤ ਵਿੱਚ ਨਸ਼ਾ ਤਸਕਰੀ ਨੂੰ ਰੋਕਣਾ ਸਾਰੀਆਂ ਚੌਕਸੀ ਏਜੰਸੀਆਂ ਦੀ ਸਾਂਝੀ ਜ਼ਿੰਮੇਵਾਰੀ ਬਣ ਗਈ ਹੈ ਅਤੇ ਇਸ ਵਿੱਚ ਭਾਰਤ ਸਰਕਾਰ ਦਾ ਮੋਹਰੀ ਰੋਲ ਹੈ ਕਿਉਂਕਿ ਇਸ ਅਧੀਨ ਕੰਮ ਕਰਨ ਵਾਲੀ ਬੀ.ਐਸ.ਐਫ. ਕੌਮਾਂਤਰੀ ਸਰਹੱਦਾਂ ਦੀ ਰਾਖੀ ਲਈ ਜ਼ਿੰਮੇਵਾਰੀ ਹੈ ਜਦੋਂਕਿ ਕਸਟਮ ਵਿਭਾਗ ਨੇ ਨਸ਼ਿਆਂ ਦੀ ਸਮੱਗਲਿੰਗ ਨੂੰ ਰੋਕਣਾ ਹੈ।



