ਸੁਖਬੀਰ ਬਾਦਲ ਦਾ ਖਿਡਾਰੀਆਂ ਨੂੰ ਸੱਦਾ
ਬਰਨਾਲਾ, 19 ਦਸੰਬਰ- ਪੰਜਾਬ ਵਿਚ ਨੌਜਾਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨ ਦੇ ਉਦੇਸ਼ ਹੇਠ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਖਿਡਾਰੀਆਂ ਨੂੰ ਸੱਦਾ ਦਿੱਤਾ ਹੈ ਕਿ ਕੌਮਾਂਤਰੀ ਅਤੇ ਕੌਮੀ ਪੱਧਰ ’ਤੇ ਖੇਡ ਮੁਕਾਬਲਿਆਂ ਵਿੱਚ ਤਮਗੇ ਜਿੱਤੋ ਅਤੇ ਉਚ ਅਹੁਦਿਆਂ ’ਤੇ ਸਰਕਾਰੀ ਨੌਕਰੀ ਹਾਸਲ ਕਰੋ। ਸ. ਬਾਦਲ ਅੱਜ ਇਥੇ ਬਰਨਾਲਾ ਦੇ ਬਾਬਾ ਕਾਲਾ ਮਹਿਰ ਸਿੰਘ ਸਟੇਡੀਅਮ ਵਿਖੇ ਪੰਜਵੇਂ ਕਬੱਡੀ ਵਿਸ਼ਵ ਕੱਪ-2014 ਦੇ ਪੁਰਸ਼ ਤੇ ਮਹਿਲਾ ਵਰਗ ਦੇ ਤੀਜੀ ਸਥਾਨ ਲਈ ਖੇਡੇ ਮੈਚਾਂ ਦੌਰਾਨ ਖਚਾਖਚ ਭਰੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਪ ਮੁੱਖ ਮੰਤਰੀ ਨੇ ਬਰਨਾਲਾ ਵਾਸੀਆਂ ਨੂੰ ਮੈਚਾਂ ਲਈ ਰਿਕਾਰਡ ਤੋੜ ਇਕੱਠ ਕਰਨ ਲਈ ਵਧਾਈ ਵੀ ਦਿੱਤੀ।ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖਿਡਾਰੀਆਂ ਨੂੰ ਪਹਿਲਾਂ ਵੀ ਨੌਕਰੀਆਂ ਦਿੱਤੀਆਂ ਹਨ ਜਿਸ ਤਹਿਤ ਪਿਛਲੇ ਸਮੇਂ ਦੌਰਾਨ 10 ਕੌਮਾਂਤਰੀ ਖਿਡਾਰੀਆਂ ਨੂੰ ਡੀ.ਐਸ.ਪੀ. ਬਣਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਆਉਣ ਵਾਲੀ ਕੈਬਨਿਟ ਵਿੱਚ
125 ਖਿਡਾਰੀਆਂ ਨੂੰ ਨੌਕਰੀ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਜਾਵੇਗੀ ਜਿਨ੍ਹਾਂ ਨੇ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਤਮਗੇ ਜਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਓਲੰਪਿਕ, ਰਾਸ਼ਟਰਮੰਡਲ ਤੇ ਏਸ਼ਿਆਈ ਖੇਡਾਂ ਅਤੇ ਕੌਮੀ ਪੱਧਰ ’ਤੇ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਉਨ੍ਹਾਂ ਦੀ ਪ੍ਰਾਪਤੀ ਅਨੁਸਾਰ ਨੌਕਰੀ ਦੇਵੇਗੀ। ਉਨ੍ਹਾਂ ਇਸ ਮੌਕੇ ਇਹ ਵੀ ਕਿਹਾ ਕਿ ਰਾਜ ਸਰਕਾਰ ਪੰਜਾਬ ਦੀ ਮਾਂ ਖੇਡ ਕਬੱਡੀ ਨੂੰ ਓਲੰਪਿਕ ਵਿਚ ਸ਼ਾਮਲ ਕਰਾਉਣ ਲਈ ਕੇਂਦਰ ਸਮੇਤ ਹੋਰਨਾ ਦੇਸ਼ਾਂ ਨਾਲ ਵੀ ਰਾਬਤਾ ਬਣਾਵੇਗੀ।
ਦਰਸ਼ਕਾਂ ਦੇ ਭਾਰੀ ਇਕੱਠ ਨੂੰ ਦੇਖਦਿਆਂ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਬਰਨਾਲਾ ਵਿਖੇ ਵਧੀਆ ਸਟੇਡੀਅਮ ਬਣਾਉਣ ਦੀ ਰੱਖੀ ਮੰਗ ਨੂੰ ਮੌਕੇ ’ਤੇ ਪੂਰਾ ਕਰਦਿਆਂ ਉਪ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਅਗਲੇ ਸਾਲ ਬਰਨਾਲਾ ਵਿਖੇ ਵਿਸ਼ਵ ਪੱਧਰ ਦੇ ਅਤਿ-ਆਧੁਨਿਕ ਸਹੂਲਤਾਂ ਵਾਲੇ ਸਟੇਡੀਅਮ ਵਿੱਚ ਮੈਚ ਖੇਡੇ ਜਾਣਗੇ ਜਿਸ ਉਪਰ 4 ਕਰੋੜ ਰੁਪਏ ਦੀ ਲਾਗਤ ਆਵੇਗੀ। ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਨੂੰ ਨੌਕਰੀਆਂ ਦੇਣ ਤੋਂ ਇਲਾਵਾ ਰਾਜ ਵਿਚ ਸਪੈਸ਼ਿਲਟੀ ਸੈਂਟਰ ਵੀ ਸਥਾਪਤ ਕਰ ਰਹੀ ਹੈ ਜਿਸ ਦੀ ਦੇਖ-ਰੇਖ ਮੁਹਾਲੀ ਵਿਖੇ ਸਥਾਪਤ ਕੀਤੀ ਜਾ ਰਹੀ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਵਲੋਂ ਕੀਤੀ ਜਾਵੇਗੀ। ਇਸੇ ਤਰ੍ਹਾਂ ਹਰ ਬਲਾਕ ਵਿੱਚ 1.60 ਕਰੋੜ ਰੁਪਏ ਦੀ ਲਾਗਤ ਨਾਲ ਖੇਡ ਸੈਂਟਰ ਅਤੇ ਸਟੇਡੀਅਮ ਬਣਾਏ ਜਾ ਰਹੇ ਹਨ ਜਿਨ੍ਹਾਂ ਵਿੱਚੋਂ 20 ਬਲਾਕਾਂ ਵਿੱਚ ਸਟੇਡੀਅਮ ਦਾ ਕੰਮ ਅਗਲੇ ਮਹੀਨੇ ਸ਼ੁਰੂ ਹੋ ਜਾਵੇਗਾ।
ਇਸ ਤੋਂ ਪਹਿਲਾਂ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਉਪ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਰਨਾਲਾ ਵਾਸੀਆਂ ਨੇ ਵੱਡਾ ਇਕੱਠ ਕਰ ਕੇ ਸ. ਬਾਦਲ ਦਾ ਮਾਣ ਰੱਖਿਆ ਹੈ ਅਤੇ ਮਾਂ ਖੇਡ ਕਬੱਡੀ ਨੂੰ ਪਿਆਰ ਦਿੱਤਾ ਹੈ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨੇ ਮੈਚਾਂ ਦੌਰਾਨ ਵਿਸ਼ੇਸ਼ ਤੌਰ ’ਤੇ ਪੁੱਜੇ ਸ. ਬਾਦਲ, ਹੋਰ ਮਹਿਮਾਨਾਂ, ਖਿਡਾਰੀਆਂ ਅਤੇ ਦਰਸ਼ਕਾਂ ਦਾ ਧੰਨਵਾਦ ਕੀਤਾ। ਮੈਚਾਂ ਦੇ ਵਿਸ਼ੇਸ਼ ਮਹਿਮਾਨ ਵਜੋਂ ਉਦਯੋਗ, ਵਣਜ ਅਤੇ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਮਦਨ ਮੋਹਨ ਮਿੱਤਲ ਨੇ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਸੰਸਦੀ ਸਕੱਤਰ ਸੰਤ ਬਲਬੀਰ ਸਿੰਘ ਘੁੰਨਸ, ਸਾਬਕਾ ਮੰਤਰੀ ਸ.ਗੋਬਿੰਦ ਸਿੰਘ ਲੌਂਗੋਵਾਲ ਤੇ ਸ. ਗੋਬਿੰਦ ਸਿੰਘ ਕਾਂਝਲਾ, ਪੰਜਾਬ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਸ੍ਰੀ ਰਾਜਿੰਦਰ ਗੁਪਤਾ, ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਸ. ਪਰਮਜੀਤ ਸਿੰਘ ਖਾਲਸਾ, ਸ਼ਹਿਰੀ ਪ੍ਰਧਾਨ ਸ੍ਰੀ ਸੰਜੀਵ ਸ਼ੋਰੀ, ਭਾਜਪਾ ਦੇ ਜ਼ਿਲਾ ਪ੍ਰਧਾਨ ਸ੍ਰੀ ਗੁਰਮੀਤ ਸਿੰਘ ਹੰਢਿਆਇਆ, ਅਕਾਲੀ ਆਗੂ ਸ੍ਰੀ ਕੁਲਵੰਤ ਸਿੰਘ ਕੀਤੂ, ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀ ਤੇਜਿੰਦਰ ਸਿੰਘ ਧਾਲੀਵਾਲ, ਡਿਪਟੀ ਕਮਿਸ਼ਨਰ ਸ੍ਰੀ ਗੁਰਲਵਲੀਨ ਸਿੰਘ ਸਿੱਧੂ, ਐਸ.ਐਸ.ਪੀ. ਉਪਿੰਦਰਜੀਤ ਸਿੰਘ ਘੁੰਮਣ, ਓਲੰਪੀਅਨ ਤੇ ਰਾਸ਼ਟਰਮੰਡਲ ਖੇਡਾਂ ਦੇ ਚੈਂਪੀਅਨ ਸ. ਪਲਵਿੰਦਰ ਸਿੰਘ ਚੀਮਾ ਡੀ.ਐਸ.ਪੀ. ਆਦਿ ਹਾਜ਼ਰ ਸਨ।



