ਨਾਨਕਸ਼ਾਹੀ ਕੈਲੰਡਰ ਬਾਰੇ ਫੈਸਲਾ ਅਕਾਲ ਤਖਤ ਸਾਹਿਬ ਕਰੇਗਾ :”ਜਥੇਦਾਰ ਅਵਤਾਰ ਸਿੰਘ
ਅੰਮ੍ਰਿਤਸਰ, 23 ਦਸੰਬਰ (ਪੀ. ਟੀ.)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖੀ ਦੀ ਲਹਿਰ ਪ੍ਰਚੰਡ ਕਰਨ ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਭਰਤੀ ਕੀਤੇ 27 ਨਵੇਂ ਪ੍ਰਚਾਰਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੋ ਨੌਜਵਾਨ ਬੱਚੇ-ਬੱਚੀਆਂ ਸਿੱਖੀ ਤੋਂ ਬੇਮੁੱਖ ਹੋ ਰਹੇ ਹਨ ਉਨ੍ਹਾਂ ਭੁੱਲੇ ਭਟਕਿਆਂ ਨੂੰ ਸਿੱਖੀ ਸਰੂਪ ਵਿੱਚ ਦੁਬਾਰਾ ਲਿਆਉਣ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਹਮੇਸ਼ਾਂ ਯਤਨਸ਼ੀਲ ਰਹੀ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਚਾਰਕਾਂ ਵਿੱਚ ਪੋਸਟ ਗਰੈਜੂਏਟ, ਗਰੈਜੂਏਟ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਸਿੱਖ ਮਿਸ਼ਨਰੀ ਕਾਲਜਾਂ ਵਿਚ ਕੋਰਸ ਕਰਕੇ ਤਿਆਰ ਹੋਏ ਪ੍ਰਚਾਰਕਾਂ ਨੂੰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਚੋਂ ਪੰਜ ਪ੍ਰਚਾਰਕਾਂ ਨੂੰ ਸਿੱਖ ਮਿਸ਼ਨ ਗੁਜਰਾਤ, ਅਹਿਮਦਾਬਾਦ, ਯੂ ਪੀ ਸਿੱਖ ਮਿਸ਼ਨ ਹਾਪੜ, ਸ੍ਰੀ ਗੁਰੂ ਨਾਨਕ ਦੇਵ ਗੁਰਮਤਿ ਵਿਦਿਆਲਾ ਸ਼ਾਹਜਹਾਨਪੁਰ, ਸ੍ਰੀ ਗੁਰੂ ਨਾਨਕ
ਦੇਵ ਗੁਰਮਤਿ ਵਿਦਿਆਲਾ ਛਤੀਸਗੜ੍ਹ ਅਤੇ ਬਾਕੀਆਂ ਨੂੰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਨਿਯੁਕਤ ਕੀਤਾ ਗਿਆ ਹੈ ਤਾਂ ਜੋ ਪਤਿਤਪੁਣੇ ਤੇ ਨਸ਼ਿਆਂ ਵਿੱਚ ਗਲਤਾਨ ਹੋਏ ਭੁੱਲੇ ਭਟਕਿਆਂ ਨੂੰ ਪ੍ਰਚਾਰ-ਪ੍ਰਸਾਰ ਰਾਹੀਂ ਪਰੇਰ ਕੇ ਅਸਲੀ ਪਹਿਚਾਣ ਵਿੱਚ ਲਿਆਂਦਾ ਜਾ ਸਕੇ ਅਤੇ ਬਾਣੀ ਤੇ ਬਾਣੇ ਨਾਲ ਜੋੜਿਆ ਜਾ ਸਕੇ। ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਧਰਮ ਦੀ ਮੁਢਲੀ ਜਾਣਕਾਰੀ ਘਰ-ਘਰ ਪਹੁੰਚਾਉਣ ਲਈ ਪੱਤਰ ਵਿਹਾਰ ਕੋਰਸ ਵਿੱਚ ਪਹਿਲੇ ਤੇ ਦੂਸਰੇ ਸਾਲ ਦੇ ਪਹਿਲੇ, ਦੂਜੇ ਤੇ ਤੀਜੇ ਦਰਜੇ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਜਥੇਦਾਰ ਅਵਤਾਰ ਸਿੰਘ ਵੱਲੋਂ ਮੋਮੈਂਟੋ ਤੇ ਕਰਮਵਾਰ 5100/-, 4100/- ਤੇ 3100/- ਰੁਪਏ ਦੀ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਹੁਣ ਤਕ ਹਜ਼ਾਰਾਂ ਵਿਦਿਆਰਥੀ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਵਿਚ ਦਾਖਲਾ ਲੈ ਕੇ ਸਫਲਤਾ ਪੂਰਵਕ ਕੋਰਸ ਮੁਕੰਮਲ ਕਰਕੇ ਸੰਸਥਾ ਵਲੋਂ ਪ੍ਰਾਰੰਭ ਹੋਏ ਗੁਰਮਤਿ ਸਿੱਖਿਆ ਲਹਿਰ ਦੇ ਇਸ ਕਾਰਜ ਰਾਹੀਂ ਸਿੱਖ ਧਰਮ ਬਾਰੇ ਜਾਣਕਾਰੀ ਵਿਸ਼ਵ ਭਰ ਵਿਚ ਫੈਲਾਉਣ ਲਈ ਅਹਿਮ ਸਾਰਥਿਕ ਭੂਮਿਕਾ ਨਿਭਾ ਰਹੇ ਹਨ। ਨਾਨਕਸ਼ਾਹੀ ਕੈਲੰਡਰ ਬਾਰੇ ਪੁੱਛੇ ਸਵਾਲ ਦੇ ਜੁਆਬ ਵਿੱਚ ਉਨ੍ਹਾਂ ਕਿਹਾ ਕਿ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੈ, ਪੰਥ ‘ਚੋਂ ਦੁਬਿਧਾ ਖਤਮ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਵੀ ਫੈਸਲਾ ਹੋਵੇਗਾ ਸ਼੍ਰੋਮਣੀ ਕਮੇਟੀ ਉਸ ਨੂੰ ਲਾਗੂ ਕਰੇਗੀ। ਇਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸਿੱਖ ਇਕ ਵੱਖਰੀ ਕੌਮ ਹੈ, ਸਾਡਾ ਅੱਡਰਾ ਸਿਧਾਂਤ ਹੈ, ਇਸ ਲਈ ਧਾਰਾ 25 ਬੀ ਪੂਰੀ ਤਰ੍ਹਾਂ ਖਤਮ ਕੀਤੀ ਜਾਣੀ ਚਾਹੀਦੀ ਹੈ। ਜਬਰੀ ਧਰਮ ਪਰਿਵਰਤਨ ਬਾਰੇ ਚੱਲ ਰਹੇ ਵਾਵਰੋਲੇ ਬਾਰੇ ਉਨ੍ਹਾਂ ਕਿਹਾ ਕਿ ਜਬਰੀ ਧਰਮ ਪਰਿਵਰਤਨ ਕਰਵਾਉਣਾ ਉਚਿੱਤ ਨਹੀਂ ਹੈ। ਉਨ੍ਹਾਂ ਕਿਹਾ ਕਿ ਔਰੰਗਜੇਬ ਵੀ ਕਸ਼ਮੀਰੀ ਪੰਡਤਾਂ ਦਾ ਜਬਰੀ ਧਰਮ ਪਰਿਵਰਤਨ ਕਰਨਾ ਚਾਹੁੰਦਾ ਸੀ ਪਰੰਤੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਾਤਸ਼ਾਹ ਨੇ ਸ਼ਹਾਦਤ ਦੇ ਕੇ ਇਹ ਸਪਸ਼ਟ ਸੰਦੇਸ਼ ਦਿੱਤਾ ਹੈ ਕਿ ਕਿਸੇ ਵੀ ਧਰਮ ਨੂੰ ਜਬਰੀ ਨਹੀਂ ਦਬਾਇਆ ਜਾ ਸਕਦਾ। ਇਸ ਤੋਂ ਪਹਿਲਾਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ੍ਰ: ਸਤਬੀਰ ਸਿੰਘ ਵੱਲੋਂ ਇਕੱਤਰਤਾ ਵਿੱਚ ਪਹੁੰਚੇ ਨਵ-ਨਿਯੁਕਤ ਪ੍ਰਚਾਰਕਾਂ ਤੇ ਪੱਤਰ ਵਿਹਾਰ ਕੋਰਸ ਵਿੱਚ ਅੱਵਲ ਆਉਣ ਵਾਲੇ ਸਨਮਾਨਿਤ ਕੀਤੇ ਗਏ ਵਿਦਿਆਰਥੀਆਂ ਨੂੰ ਜੀ ਆਇਆਂ ਕਿਹਾ ਗਿਆ।
ਇਸ ਮੌਕੇ ਇਕੱਤਰਤਾ ਵਿੱਚ ਸ੍ਰ: ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ, ਸ੍ਰ: ਰਾਮ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਸ੍ਰ: ਦਲਮੇਘ ਸਿੰਘ, ਸ੍ਰ: ਰੂਪ ਸਿੰਘ, ਸ੍ਰ: ਮਨਜੀਤ ਸਿੰਘ ਤੇ ਸ੍ਰ: ਸਤਬੀਰ ਸਿੰਘ ਸਕੱਤਰ, ਸ੍ਰ: ਦਿਲਜੀਤ ਸਿੰਘ ਬੇਦੀ, ਸ੍ਰ: ਪਰਮਜੀਤ ਸਿੰਘ ਸਰੋਆ, ਸ੍ਰ: ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ, ਸ੍ਰ: ਸਤਿੰਦਰ ਸਿੰਘ ਨਿਜੀ ਸਹਾਇਕ, ਸ੍ਰ: ਪ੍ਰਤਾਪ ਸਿੰਘ ਮੈਨੇਜਰ, ਸ੍ਰ: ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ੍ਰ: ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ੍ਰ: ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸ੍ਰ: ਪ੍ਰੀਤਪਾਲ ਸਿੰਘ ਐਲ ਏ, ਸ੍ਰ: ਇੰਦਰ ਮੋਹਣ ਸਿੰਘ ‘ਅਨਜਾਣ’ ਆਦਿ ਮੌਜੂਦ ਸਨ।



