Skip to content
Independent perspectives. Global stories.
BREAKING

ਮੁੱਖ ਮੰਤਰੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣ ਵਾਲੇ ਪਸ਼ੂ ਧਨ ਐਕਸਪੋ-2015 ਦੇ ਪ੍ਰਬੰਧਾਂ ਦਾ ਜਾਇਜ਼ਾ

Share this story

Page-1_18 ਚੰਡੀਗੜ੍ਹ, 6 ਜਨਵਰੀ (ਪੀ. ਟੀ.)- ਸੂਬੇ ਵਿੱਚ ਖੇਤੀ ਨਾਲ ਸਬੰਧਤ ਕਿੱਤਿਆਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ 8 ਜਨਵਰੀ ਤੋਂ 12 ਜਨਵਰੀ ਤੱਕ ਹੋਣ ਵਾਲੇ ਪੰਜ ਦਿਨਾ ਪਸ਼ੂ ਧਨ ਐਕਸਪੋ-2015 ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਇਸ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਐਕਸਪੋ ਦੌਰਾਨ ਪ੍ਰਦਰਸ਼ਨੀਆਂ, ਸੈਮੀਨਾਰ ਅਤੇ ਪਸ਼ੂ ਧਨ ਬਾਰੇ ਵੱਖ-ਵੱਖ ਤਕਨੀਕੀ ਸੈਸ਼ਨ ਕਰਵਾਏ ਜਾਣਗੇ ਅਤੇ ਇਸ ਦੌਰਾਨ ਕਿਸਾਨਾਂ ਨੂੰ ਪਸ਼ੂ ਪਾਲਣ ਬਾਰੇ ਅਤਿ ਆਧੁਨਿਕ ਢੰਗ-ਤਰੀਕਿਆਂ ਬਾਰੇ ਜਾਣਕਾਰੀ ਦੇਣ ਲਈ ਆ ਰਹੀ ਨਵੀਂ ਤਕਨਾਲੋਜੀ ਤੇ ਰਣਨੀਤੀ ਬਾਰੇ ਵਿਸ਼ੇਸ਼ ਜ਼ੋਰ ਦਿੱਤਾ

ਜਾਵੇਗਾ। ਪਸ਼ੂ ਪਾਲਣ ਦੇ ਖੇਤਰ ਵਿੱਚ ਤਕਨੀਕੀ ਵਿਕਾਸ ਅਤੇ ਆਧੁਨਿਕ ਅਮਲਾਂ ਦੇ ਬਾਰੇ ਮਾਹਿਰ, ਟੈਕਨੋਕਰੇਟ ਅਤੇ ਅਗਾਂਹਵਧੂ ਕਿਸਾਨ ਵਿਸਤ੍ਰਿਤ ਵਿਚਾਰ-ਚਰਚਾ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਇਸ ਵੱਡੇ ਸਮਾਰੋਹ ਸਬੰਧੀ ਪ੍ਰਬੰਧਾਂ ਦਾ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇਕ ਉਚ ਪੱਧਰੀ ਮੀਟਿੰਗ ਦੌਰਾਨ ਜਾਇਜ਼ਾ ਲਿਆ। ਮੁੱਖ ਮੰਤਰੀ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਦੱਸਿਆ ਗਿਆ ਕਿ ਇਸ ਸਾਲ ਰਵਾਇਤੀ ਪਸ਼ੂ ਧਨ ਮੇਲੇ ਦਾ ਥਾਂ ਸੂਬਾ ਸਰਕਾਰ ਵੱਲੋਂ ਪਹਿਲਾ ਪਸ਼ੂ ਧਨ ਐਕਸਪੋ-2015 ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਪੀ.ਐਚ.ਡੀ. ਚੈਂਬਰ ਆਫ ਕਾਮਰਸ ਦੀ ਸਰਗਰਮ ਸ਼ਮੂਲੀਅਤ ਹੋਵੇਗੀ। ਇਸ ਵਿੱਚ ਪਸ਼ੂ ਧਨ ਨਾਲ ਸਬੰਧਤ 130 ਕੰਪਨੀਆਂ ਹਿੱਸਾ ਲੈਣਗੀਆਂ ਜੋ ਆਪਣੀਆਂ ਸਰਗਰਮੀਆਂ ਅਤੇ ਹੁਨਰ ਨੂੰ ਪ੍ਰਦਰਸ਼ਿਤ ਕਰਨਗੀਆਂ। ਮੁੱਖ ਮੰਤਰੀ ਨੇ ਪਸ਼ੂ ਪਾਲਣ ਵਿਭਾਗ ਨੂੰ ਪਸ਼ੂਆਂ ਦੇ ਰਹਿਣ ਅਤੇ ਚਾਰੇ ਦਾ ਪੂਰਾ ਪ੍ਰਬੰਧ ਕਰਨ ਲਈ ਆਖਿਆ ਹੈ ਤਾਂ ਜੋ ਇਸ ਵਾਰ ਵੱਡੀ ਗਿਣਤੀ ਵਿੱਚ ਪਸ਼ੂ ਆ ਸਕਣ। ਸ. ਬਾਦਲ ਨੇ ਕਿਸਾਨਾਂ ਦੇ ਵੀ ਬਿਨਾਂ ਕਿਸੇ ਸਮੱਸਿਆ ਤੋਂ ਰਿਹਾਇਸ਼ ਨੂੰ ਯਕੀਨੀ ਬਣਾਉਣ ਵਾਸਤੇ ਆਖਿਆ। ਉਨ੍ਹਾਂ ਨੇ ਕਿਸਾਨਾਂ ਨੂੰ ਟਰਾਂਸਪੋਰਟ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੀ ਕਿਹਾ ਹੈ ਤਾਂ ਜੋ ਉਹ ਬਿਨਾਂ ਕਿਸੇ ਦਿੱਕਤ ਤੋਂ ਐਕਸਪੋ ਵਿੱਚ ਪਹੁੰਚ ਸਕਣ। ਮੁੱਖ ਮੰਤਰੀ ਨੇ ਪਸ਼ੂ ਪਾਲਣ ਵਿਭਾਗ ਨੂੰ ਇਹ ਵੀ ਕਿਹਾ ਕਿ ਪਸ਼ੂਆਂ ਨਾਲ ਸਬੰਧਤ ਸਾਜ਼ੋ-ਸਾਮਾਨ ਤੇ ਮਸ਼ੀਨਰੀ ਬਣਾਉਣ ਵਾਲੀਆਂ ਵਿਸ਼ਵੀ ਪੱਧਰੀ ਕੰਪਨੀਆਂ ਨੂੰ ਵੀ ਇੱਥੇ ਪਹੁੰਚ ਕੇ ਆਪਣੇ ਉਤਪਾਦਾਂ ਦੀ ਪ੍ਰਦਰਸ਼ਨੀ ਲਾਉਣ ਲਈ ਸੰਪਰਕ ਕਰਨ ਤਾਂ ਕਿ ਇਸ ਕਿਸਾਨਾਂ ਨੂੰ ਲਾਭ ਹੋ ਸਕੇ। ਉਨ੍ਹਾਂ ਨੇ ਭਰੋਸਾ ਪ੍ਰਗਟ ਕੀਤਾ ਕਿ ਇਸ ਐਕਸਪੋ ਦੌਰਾਨ ਖੇਤੀ ਵਿਭਿੰਨਤਾ ਯੋਜਨਾ ਨੂੰ ਹੋਰ ਉਤਸ਼ਾਹਿਤ ਕਰੇਗਾ ਅਤੇ ਲੱਖਾਂ ਕਿਸਾਨਾਂ ਨੂੰ ਇਹ ਲਾਭਕਾਰੀ ਹੋਵੇਗਾ।

WRITTEN BY