Skip to content
Independent perspectives. Global stories.
BREAKING

ਮੁੱਖ ਮੰਤਰੀ ਵੱਲੋਂ ਪਰਵਾਸੀ ਪੰਜਾਬੀਆਂ ਦੀ ਭਲਾਈ ਨਾਲ ਸਬੰਧਤ ਨੀਤੀਆਂ ਦੀ ਸਮੀਖਿਆ ਕਰਨ ਦਾ ਐਲਾਨ

Share this story

ਵਤਨੋਂ ਦੂਰ ਰਹਿੰਦੇ ਪੰਜਾਬੀਆਂ ਦੀ ਭਲਾਈ ਵਿਚ ਨਹੀਂ ਰਹਿਣ ਦਿੱਤੀ ਜਾਵੇਗੀ ਕੋਈ ਕਸਰ
Page-1_03 ਜਲੰਧਰ/ਲੁਧਿਆਣਾ, 18 ਜਨਵਰੀ- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸਿਰਫ ਐਨ.ਆਰ.ਆਈਜ਼. ਲਈ ਰੱਖੇ ਗਏ ਤਿੰਨ ਸੰਗਤ ਦਰਸ਼ਨ ਸਮਾਗਮਾਂ ਦੌਰਾਨ ਪਰਵਾਸੀ ਪੰਜਾਬੀਆਂ ਤੋਂ ਮਿਲੇ ਸੁਝਾਵਾਂ ਅਨੁਸਾਰ ਮੁੱਖ ਨੀਤੀਆਂ ਦੀ ਸਮੀਖਿਆ ਕੀਤੀ ਜਾਵੇਗੀ।ਅੱਜ ਇੱਥੇ ਐਨ.ਆਰ.ਆਈਜ. ਲਈ ਰੱਖੇ ਗਏ ਤੀਜੇ ਅਤੇ ਆਖਰੀ ਸੰਗਤ ਦਰਸ਼ਨ ਦੌਰਾਨ ਪਰਵਾਸੀ ਭਾਰਤੀਆਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਹ ਸੰਗਤ ਦਰਸ਼ਨ ਸਰਕਾਰ ਅਤੇ ਪਰਵਾਸੀ ਦੋਵਾਂ ਲਈ ਲਾਭਕਾਰੀ ਸਿੱਧ ਹੋਏ ਹਨ ਕਿਉਂਕਿ ਇਨ੍ਹਾਂ ਰਾਹੀਂ ਐਨ.ਆਰ.ਆਈਜ਼. ਨੇ ਸਰਕਾਰ ਦੀਆਂ ਸਕੀਮਾਂ ਨੂੰ ਬਿਹਤਰ ਤਰੀਕੇ ਨਾਲ ਸਮਝਿਆ ਹੈ। ਪਰਵਾਸੀ ਪੰਜਾਬੀਆਂ

ਨੂੰ ਵਿਦੇਸ਼ਾਂ ਵਿੱਚ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ‘ਦੂਤ’ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਰਵਾਸੀ ਪੰਜਾਬੀ ਸਮੂਹ ਪੰਜਾਬੀ ਭਾਈਚਾਰੇ ਦਾ ਮਾਣ ਹਨ ਅਤੇ ਇਹ ਸੂਬਾ ਸਰਕਾਰ ਦਾ ਵੀ ਫਰਜ਼ ਹੈ ਕਿ ਉਹ ਆਪਣੇ ਪਰਵਾਸੀ ਪੰਜਾਬੀਆਂ ਦੇ ਹਿੱਤਾਂ ਦਾ ਪੂਰਾ ਖਿਆਲ ਰੱਖੇ। ਸ: ਬਾਦਲ ਨੇ ਕਿਹਾ ਕਿ ਇਨ੍ਹਾਂ ਤਿੰਨ ਸੰਗਤ ਦਰਸ਼ਨ ਦੌਰਾਨ ਉਨ੍ਹਾਂ ਪਰਵਾਸੀਆਂ ਦੀਆਂ ਮੁਸ਼ਕਲਾਂ ਨੂੰ ਨੇੜਿਓਂ ਸਮਝਿਆ ਹੈ ਅਤੇ ਇਨ੍ਹਾਂ ਦੇ ਹੱਲ ਲਈ ਢੁਕਵੀਂ ਕਾਰਜਪ੍ਰਣਾਲੀ ਦੀ ਸਿਰਜਣਾ ਕੀਤੀ ਜਾਵੇਗੀ।
      ਐਨ.ਆਰ.ਆਈ. ਲੋਕਾਂ ਨਾਲ ਸੰਬੰਧਤ ਨੀਤੀਆਂ ਦੀ ਸਮੀਖਿਆ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਰਵਾਸੀਆਂ ਖਿਲਾਫ ਪੁਲੀਸ ਕੇਸਾਂ ਦੀ ਜਾਂਚ ਦਾ ਅਧਿਕਾਰ ਸਬੰਧਤ ਐਸ.ਐਸ.ਪੀ. ਨੂੰ ਦੇਣ ’ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਝੂਠੀਆਂ ਪੁਲਿਸ ਸ਼ਿਕਾਇਤਾਂ ਕਾਰਨ ਹੁੰਦੀ ਖੱਜਲ-ਖੁਆਰੀ ਰੋਕਣ ਲਈ ਹੁਣ ਅਜਿਹੀ ਸ਼ਿਕਾਇਤ ਦੀ ਪੜਤਾਲ ਇੰਸਪੈਕਟਰ ਜਨਰਲ ਐਨ.ਆਰ.ਆਈ.ਸੈੱਲ ਵੱਲੋਂ ਕੀਤੀ ਜਾਂਦੀ ਹੈ। ਸ. ਬਾਦਲ ਨੇ ਕਿਹਾ ਕਿ ਸੰਗਤ ਦਰਸ਼ਨ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਛੇਤੀ ਨਿਆਂ ਲਈ ਇਹ ਪੜਤਾਲ ਸਬੰਧਤ ਜ਼ਿਲ੍ਹੇ ਦੇ ਐਸ.ਐਸ.ਪੀ. ਨੂੰ ਸੌਂਪੀ ਜਾਵੇ ਅਤੇ ਸਰਕਾਰ ਇਸ ਸਬੰਧੀ ਉਚਿਤ ਕਾਰਵਾਈ ਕਰੇਗੀ।
ਇਸੇ ਦੌਰਾਨ ਮੁੱਖ ਮੰਤਰੀ ਨੇ ਆਖਿਆ ਕਿ ਮਾਲ ਅਦਾਲਤਾਂ ਦੇ ਬਕਾਇਆ ਮਾਮਲਿਆਂ ਦੇ ਨਿਪਟਾਰੇ ਦੇ ਕੰਮ ਨੂੰ ਸੁਖਾਲਾ ਕਰਨ ਦੀ ਲੋੜ ਹੈ ਜਿਸ ਲਈ ਸੂਬਾ ਸਰਕਾਰ ਵੱਲੋਂ ਢੁਕਵੇਂ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਪਰਵਾਸੀ ਪੰਜਾਬੀ ਭਾਈਚਾਰੇ ਨੂੰ ਆਪਣੇ ਕੇਸਾਂ ਦੇ ਨਿਪਟਾਰੇ ਲਈ ਇਨ੍ਹਾਂ ਅਦਾਲਤਾਂ ਵਿੱਚ ਲੰਮਾ ਸਮਾਂ ਉਡੀਕ ਕਰਨੀ ਪੈਂਦੀ ਹੈ ਜਿਸ ਕਰਕੇ ਸੂਬਾ ਸਰਕਾਰ ਵੱਲੋਂ ਇਨ੍ਹਾਂ ਕੇਸਾਂ ਦੇ ਛੇਤੀ ਨਿਪਟਾਰੇ ਲਈ ਢੁਕਵੇਂ ਕਦਮ ਚੁੱਕੇ ਜਾਣਗੇ।
ਇਕ ਹੋਰ ਮਾਮਲੇ ਨੂੰ ਉਠਾਉਂਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬੇ ਦੇ ਵਿਕਾਸ ਵਿੱਚ ਪਰਵਾਸੀ ਪੰਜਾਬੀ ਭਾਈਚਾਰੇ ਦੀ ਭਾਈਵਾਲੀ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਮੈਚਿੰਗ ਗਰਾਂਟ ਸਕੀਮ ਦੀਆਂ ਤਰੁੱਟੀਆਂ ਦੂਰ ਕੀਤੀਆਂ ਜਾਣਗੀਆਂ ਤਾਂ ਕਿ ਪਰਵਾਸੀ ਪੰਜਾਬੀ ਆਪਣੇ ਜੱਦੀ ਪਿੰਡ ਜਾਂ ਸ਼ਹਿਰ ਦਾ ਵੱਧ ਤੋਂ ਵੱਧ ਵਿਕਾਸ ਕਰਨ ਲਈ ਸਰਗਰਮ ਹੋਣ। ਸ. ਬਾਦਲ ਨੇ ਆਖਿਆ ਕਿ ਇਸ ਸਕੀਮ ਨੂੰ ਪਰਵਾਸੀ ਪੰਜਾਬੀਆਂ ਦੇ ਅਨੁਕੂਲ ਬਣਾਉਣ ਲਈ ਢੰਗ-ਤਰੀਕਾ ਲੱਭਿਆ ਜਾਵੇਗਾ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬੇ ਵਿੱਚ ਐਨ.ਆਰ.ਆਈਜ਼ ਦੀਆਂ ਜਾਇਦਾਦਾਂ ਖਾਲੀ ਕਰਵਾਉਣ ਲਈ ਪ੍ਰਕ੍ਰਿਆ ਨੂੰ ਦਿੱਕਤ ਰਹਿਤ ਬਣਾਇਆ ਜਾਵੇਗਾ ਤਾਂ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਜਲੰਧਰ ਵਿਖੇ ਐਨ.ਆਰ.ਆਈਜ਼ ਲਈ ਸਥਾਪਤ ਸਮਰਪਿਤ ਸਿਵਲ ਅਦਾਲਤ ਵਿੱਚ ਬਕਾਇਆ ਮਾਮਲਿਆਂ ’ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਕੋਲ ਰੱਖਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਗਤ ਦਰਸ਼ਨ ਪ੍ਰੋਗਰਾਮਾਂ ਵਿੱਚ ਵੱਡੀ ਗਿਣਤੀ ’ਚ ਐਨ.ਆਰ.ਆਈਜ਼ ਨੇ ਇਸ ਮਸਲੇ ਨੂੰ ਉਠਾਇਆ ਹੈ। ਸ. ਬਾਦਲ ਨੇ ਕਿਹਾ ਕਿ ਉਹ ਚੀਫ ਜਸਟਿਸ ਨੂੰ ਐਨ.ਆਰ.ਆਈਜ਼ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਅਪੀਲ ਕਰਨਗੇ।
੍ਯਮੁੱਖ ਮੰਤਰੀ ਨੇ ਆਖਿਆ ਕਿ ਇਹ ਸੰਗਤ ਦਰਸ਼ਨ ਪ੍ਰੋਗਰਾਮ ਲੰਮੇ ਵਿਚਾਰ-ਵਟਾਂਦਰੇ ਰਾਹੀਂ ਪਰਵਾਸੀ ਪੰਜਾਬੀ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਡੂੰਘਾਈ ਨਾਲ ਸਮਝਣ ਲਈ ਬੇਹੱਦ ਸਹਾਈ ਹੋਏ ਹਨ। ਸ. ਬਾਦਲ ਨੇ ਐਨ.ਆਰ.ਆਈਜ਼ ਨੂੰ ਸੱਦਾ ਦਿੱਤਾ ਕਿ ਉਹ ਐਨ.ਆਰ.ਆਈਜ਼ ਮਾਮਲਿਆਂ ਬਾਰੇ ਵਿਭਾਗ ਦੇ ਕੰਮਕਾਜ ਵਿੱਚ ਸੁਧਾਰ ਲਈ ਆਪਣੇ ਸੁਝਾਅ ਦੇਣ ਤਾਂ ਕਿ ਉਨ੍ਹਾਂ ਦੀ ਭਲਾਈ ਲਈ ਹੋਰ ਕਦਮ ਚੁੱਕੇ ਜਾ ਸਕਣ।
ਇਸ ਮੌਕੇ ਮੁੱਖ ਮੰਤਰੀ ਨੇ ਪਰਵਾਸੀ ਪੰਜਾਬੀ ਭਾਈਚਾਰੇ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਵੀ ਜ਼ਿਕਰ ਕੀਤਾ।
ਇਸ ਤੋਂ ਪਹਿਲਾਂ ਐਨ.ਆਰ.ਆਈਜ਼. ਮਾਮਲਿਆਂ ਬਾਰੇ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਪਰਵਾਸੀ ਪੰਜਾਬੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਸੰਗਤ ਦਰਸ਼ਨ ਪ੍ਰੋਗਰਾਮਾਂ ਨੂੰ ਕਰਵਾਉਣ ਲਈ ਮੁੱਖ ਮੰਤਰੀ ਦੀ ਦੂਰਦ੍ਰਿਸ਼ਟੀ ਦੀ ਸ਼ਲਾਘਾ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਸ. ਸ਼ਰਨਜੀਤ ਸਿੰਘ ਢਿੱਲੋਂ, ਸ. ਦਰਸ਼ਨ ਸਿੰਘ ਸ਼ਿਵਾਲਿਕ, ਸ. ਮਨਪ੍ਰੀਤ ਸਿੰਘ ਇਯਾਲੀ ਅਤੇ ਸ. ਰਣਜੀਤ ਸਿੰਘ ਢਿੱਲੋਂ (ਸਾਰੇ ਵਿਧਾਇਕ), ਉਪ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਜੰਗਵੀਰ ਸਿੰਘ, ਵਿਧਾਇਕ ਐਡਮਿੰਟਨ (ਕੈਨੇਡਾ) ਸ੍ਰੀ ਪੀਟਰ ਸੰਧੂ, ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ  ਦੇ ਚੇਅਰਮੈਨ ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਥੇਦਾਰ ਹੀਰਾ ਸਿੰਘ ਗਾਬੜੀਆ, ਸਾਬਕਾ ਸੰਸਦ ਮੈਂਬਰ ਸ. ਅਮਰੀਕਾ ਸਿੰਘ ਆਲੀਵਾਲ, ਸਾਬਕਾ ਮੰਤਰੀ ਸ. ਜਗਦੀਸ਼ ਸਿੰਘ ਗਰਚਾ ਤੇ ਸ. ਈਸ਼ਰ ਸਿੰਘ ਮੇਹਰਬਾਨ, ਵਧੀਕ ਮੁੱਖ ਸਕੱਤਰ ਸ੍ਰੀ ਜਗਪਾਲ ਸਿੰਘ ਸੰਧੂ, ਵਿੱਤ ਕਮਿਸ਼ਨਰ ਮਾਲ ਸ੍ਰੀ ਕਰਨ ਅਵਤਾਰ ਸਿੰਘ, ਐਨ.ਆਰ.ਆਈਜ਼ ਮਾਮਲਿਆਂ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਸੰਜੇ ਕੁਮਾਰ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਐਸ. ਕਰੁਣਾਰਾਜੂ, ਆਈ.ਜੀ. (ਐਨ.ਆਰ.ਆਈ. ਸੈੱਲ) ਗੁਰਪ੍ਰੀਤ ਦਿਓ, ਪਟਿਆਲਾ ਡਿਵੀਜ਼ਨ ਦੇ ਕਮਿਸ਼ਨਰ ਸ੍ਰੀ ਏ.ਐਸ. ਪੰਨੂ  ਤੋਂ ਇਲਾਵਾ ਲੁਧਿਆਣਾ, ਸੰਗਰੂਰ, ਪਟਿਆਲਾ, ਸ਼ਹੀਦ ਭਗਤ ਸਿੰਘ ਨਗਰ, ਫਤਹਿਗੜ੍ਹ ਸਾਹਿਬ, ਐਸ.ਏ.ਨਗਰ (ਮੁਹਾਲੀ) ਅਤੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਹਾਜ਼ਰ ਸਨ।

WRITTEN BY