Skip to content
Independent perspectives. Global stories.
BREAKING

ਲਲਕਾਰ ਰੈਲੀ ਨਾਲ ਨਸ਼ਿਆਂ ਦੇ ਰਾਜਸੀਕਰਨ ਤੋਂ ਇਲਾਵਾ ਹੋਰ ਕੋਈ ਫਾਇਦਾ ਨਹੀਂ ਹੋਣਾ : ਬਾਦਲ

Share this story

Page-3_15 ਲੁਧਿਆਣਾ, 24 ਜਨਵਰੀ (ਮਨਿੰਦਰਪਾਲ ਮਿੱਡਾ)- ਪੰਜਾਬ ਦੇ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਨਸ਼ਿਆਂ ਦੇ ਮੁੱਦੇ ’ਤੇ ਰੈਲੀਆਂ ਕਰਕੇ ਇਸ ਦਾ ਰਾਜਸੀਕਰਨ ਕਰਨ ਦੀ ਬਿਜਾਏ ਰਾਜਸੀ ਪਾਰਟੀਆਂ, ਗੈਰ ਸਰਕਾਰੀ ਸੰਗਠਨਾਂ ਅਤੇ ਆਮ ਲੋਕਾਂ ਨੂੰ ਇਸ ਭੈੜੀ ਬੁਰਾਈ ਨੂੰ ਸੂਬੇ ਵਿੱਚੋਂ ਜੜ੍ਹ ਪੁੱਟਣ ਲਈ ਇਕੱਠੇ ਹੋ ਕੇ ਹੰਭਲਾ ਮਾਰਨਾ ਚਾਹੀਦਾ ਹੈ।ਅੱਜ ਸਥਾਨਕ ਸਰਕਾਰੀ ਕਾਲਜ (ਲੜਕੀਆਂ) ਵਿਖੇ ਇੱਕ ਵੈੱਬਸਾਈਟ ‘ਆਈ. ਡੀ. ਆਈ. ਪੀ. ਆਈ. ਏ.’ ਨੂੰ ਲਾਂਚ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕੀਤੀ ਗਈ ਲਲਕਾਰ ਰੈਲੀ ਨਾਲ ਨਸ਼ਿਆਂ ਦੇ ਮੁੱਦੇ ਦਾ ਰਾਜਸੀਕਰਨ ਕਰਨ ਤੋਂ ਬਿਨਾ ਹੋਰ ਕੋਈ ਮਸਲਾ ਹੱਲ ਨਹੀਂ ਹੋਣਾ ਅਤੇ ਨਾ ਹੀ ਕੋਈ ਫਾਇਦਾ ਹੋਣਾ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਸਮੂਹ ਰਾਜਸੀ ਪਾਰਟੀਆਂ, ਗੈਰ ਸਰਕਾਰੀ ਸੰਗਠਨ ਅਤੇ ਆਮ ਲੋਕ ਇਕੱਠੇ ਹੋ ਕੇ ਇਸ ਬੁਰਾਈ ਨੂੰ ਖ਼ਤਮ ਕਰਨ ਲਈ ਇਕੱਠਾ ਹੰਭਲਾ ਮਾਰਨ ਤਾਂ ਜੋ ਇਸ ਭੈੜੀ ਬਿਮਾਰੀ ਦੀ ਸੂਬੇ ਵਿੱਚੋਂ ਜੜ੍ਹ

ਪੁੱਟੀ ਜਾ ਸਕੇ। ਸ੍ਰ. ਬਾਦਲ ਨੇ ਕਿਹਾ ਕਿ ਅਜਿਹੀਆਂ ਰੈਲੀਆਂ ਕਰਨ ਨਾਲ ਰਾਜਸੀ ਲਾਹਾ ਲੈਣ ਤੋਂ ਇਲਾਵਾ ਸੂਬੇ ਦਾ ਕੁਝ ਵੀ ਨਹੀਂ ਸੰਵਾਰਿਆ ਜਾ ਸਕਦਾ ਹੈ।
ਦਿੱਲੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਭਾਜਪਾ ਗਠਜੋੜ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਹਵਾ ਉਨ੍ਹਾਂ ਦੇ ਹੱਕ ਵਿੱਚ ਚੱਲ ਰਹੀ ਹੈ ਅਤੇ ਗਠਜੋੜ ਇਨ੍ਹਾਂ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰੇਗਾ। ਗਠਜੋੜ ਦੇ ਉਮੀਦਵਾਰਾਂ ਨੂੰ ਦਿੱਲੀ ਦੇ ਵੋਟਰਾਂ ਵੱਲੋਂ ਭਾਰੀ ਸਹਿਯੋਗ ਮਿਲ ਰਿਹਾ ਹੈ ਤਾਂ ਕਿ ਗਠਜੋੜ ਦੀ ਸਰਕਾਰ ਬਣਾ ਕੇ ਸੂਬੇ ਦਾ ਸਰਬਪੱਖੀ ਵਿਕਾਸ ਕੀਤਾ ਜਾ ਸਕੇ। ਸ੍ਰ. ਬਾਦਲ ਨੇ ਕਿਹਾ ਕਿ ਉਹ ਜਲਦ ਹੀ ਦਿੱਲੀ ਚੋਣ ਮੁਹਿੰਮ ਵਿੱਚ ਭਾਗ ਲੈਣ ਲਈ ਦਿੱਲੀ ਜਾਣਗੇ। ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਕਿਸੇ ਉਮੀਦਵਾਰ ਨੂੰ ਮੁੱਖ ਮੰਤਰੀ ਪਦ ਦਾ ਦਾਅਵੇਦਾਰ ਬਣਾ ਕੇ ਪੇਸ਼ ਕਰਨਾ ਕਿਸੇ ਵੀ ਪਾਰਟੀ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੀਮਤੀ ਕਿਰਨ ਬੇਦੀ ਨੇ ਪੁਲਿਸ ਅਤੇ ਸਮਾਜਿਕ ਖੇਤਰ ਦੇ ਨਾਲ-ਨਾਲ ਹਰ ਖੇਤਰ ਵਿੱਚ ਨਾਮਣਾ ਖੱਟਿਆ ਹੈ।
ਭਾਰਤ ਸਰਕਾਰ ਵੱਲੋਂ ਉਨ੍ਹਾਂ ਨੂੰ ਪਦਮ ਪੁਰਸਕਾਰ ਨਾਲ ਨਿਵਾਜਣ ਦੇ ਫੈਸਲੇ ਬਾਰੇ ਪੁੱਛੇ ਜਾਣ ’ਤੇ ਸ੍ਰ. ਬਾਦਲ ਨੇ ਕਿਹਾ ਕਿ ਪੰਜਾਬੀਆਂ ਵੱਲੋਂ ਹੁਣ ਤੱਕ ਮਿਲੇ ਪਿਆਰ ਅਤੇ ਸਹਿਯੋਗ ਨੂੰ ਉਹ ਸਭ ਤੋਂ ਵੱਡਾ ਸਨਮਾਨ ਮੰਨਦੇ ਹਨ। ਉਨ੍ਹਾਂ ਕਿਹਾ ਕਿ ਇਹ ਪੰਜਾਬੀਆਂ ਦਾ ਬੇਸ਼ਕੀਮਤੀ ਪਿਆਰ ਅਤੇ ਸਹਿਯੋਗ ਹੀ ਹੈ ਕਿ ਉਹ ਇੱਕ ਵਾਰ ਕੇਂਦਰੀ ਮੰਤਰੀ ਬਣਨ ਤੋਂ ਇਲਾਵਾ ਸੂਬੇ ਦੇ ਰਿਕਾਰਡ ਪੰਜਵੀਂ ਵਾਰ ਮੁੱਖ ਮੰਤਰੀ ਵਜੋਂ ਲੋਕਾਂ ਦੀ ਸੇਵਾ ਕਰ ਰਹੇ ਹਨ। ਸ੍ਰ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਵਚਨਬੱਧ ਹੈ। ਛੋਟੀਆਂ ਵੱਡੀਆਂ ਅਣਸੁਖਾਵੀਂਆਂ ਘਟਨਾਵਾਂ ਹਰੇਕ ਦੇਸ਼ ਅਤੇ ਸੂਬੇ ਵਿੱਚ ਘਟਦੀਆਂ ਰਹਿੰਦੀਆਂ ਹਨ, ਜਿਨ੍ਹਾਂ ਨੂੰ ਵੱਡਾ ਕਰਕੇ ਦੇਖਣਾ ਜਾਂ ਦਰਸਾਉਣਾ ਨਹੀਂ ਚਾਹੀਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਅਮਨ ਸ਼ਾਂਤੀ ਨੂੰ ਕਿਸੇ ਵੀ ਹੀਲੇ ਭੰਗ ਨਹੀਂ ਹੋਣ ਦੇਵੇਗੀ।
ਇਸ ਤੋਂ ਪਹਿਲਾਂ ਸਮਾਗਮ ਦੌਰਾਨ ਵੈੱਬਸਾਈਟ ‘ਆਈ. ਡੀ. ਆਈ. ਪੀ. ਆਈ. ਏ.’ ਨੂੰ ਲਾਂਚ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਇਸ ਪੋਰਟਲ ਨਾਲ ਸੂਬੇ ਵਿੱਚ ਸਿੱਖਿਆ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਜਾ ਸਕਣਗੀਆਂ। ਇਸ ਪੋਰਟਲ ਜ਼ਰੀਏ ਵਿਦਿਆਰਥੀਆਂ ਨੂੰ ਆਪਣੀ ਸਿੱਖਿਆ ਅਤੇ ਰੁਚੀ ਦੇ ਮੁਤਾਬਿਕ ਕਿੱਤਾ ਚੁਣਨ ’ਚ ਸਹਾਇਤਾ ਮਿਲੇਗੀ। ਉਨ੍ਹਾਂ ਇਸ ਪੋਰਟਲ ਨੂੰ ਬਣਾਉਣ ਵਾਲੇ ਸ੍ਰ. ਹਰਪ੍ਰੀਤ ਸਿੰਘ ਦੂਆ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਵਿੱਚ ਚੱਲ ਰਹੇ 6 ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਪਨਾਉਣ ਤਾਂ ਜੋ ਉਹ ਆਪਣੇ ਸੁਨਹਿਰੀ ਭਵਿੱਖ ਦੀ ਸਿਰਜਣਾ ਕਰ ਸਕਣ।
ਇਸ ਮੌਕੇ ਉਨ੍ਹਾਂ ਕਾਰੋਬਾਰੀ ਖੇਤਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਦੇ ਵਿਕਾਸ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਲਈ ਅੱਗੇ ਆਉਣ। ਇਸ ਮੌਕੇ ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਸਲਾਹਕਾਰ ਸ੍ਰ. ਮਹੇਸ਼ਇੰਦਰ ਸਿੰਘ ਗਰੇਵਾਲ, ਪੰਜਾਬ ਯੋਜਨਾ ਕਮਿਸ਼ਨ ਦੇ ਉੱਪ ਚੇਅਰਮੈਨ ਸ੍ਰੀ ਰਾਜਿੰਦਰ ਭੰਡਾਰੀ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਐੱਸ. ਕਰੂਣਾ ਰਾਜੂ, ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਯੂਨੀਵਰਸਿਟੀ ਲਖਨਊ ਦੇ ਉੱਪ ਕੁਲਪਤੀ ਸ੍ਰੀ ਆਰ. ਸੀ. ਸੋਬਤੀ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਕੁਲਪਤੀ ਸ੍ਰੀ ਅਸ਼ੋਕ ਮਿੱਤਲ, ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ, ਡਾ. ਅਮਰਜੀਤ ਸਿੰਘ ਦੂਆ, ਸ੍ਰ. ਤ੍ਰਿਪਤਦੀਪ ਸਿੰਘ ਦੂਆ, ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਸ੍ਰੀ ਮਦਨ ਲਾਲ ਬੱਗਾ ਤੇ ਸ੍ਰ. ਹਰਭਜਨ ਸਿੰਘ ਡੰਗ, ਸੀਨੀਅਰ ਅਕਾਲੀ ਆਗੂ ਸ੍ਰ. ਅਮਰਜੀਤ ਸਿੰਘ ਭਾਟੀਆ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਹਾਜ਼ਰ ਸਨ।

WRITTEN BY