ਫਗਵਾੜਾ, 30 ਜਨਵਰੀ (ਪੀ. ਟੀ.)- ਸਮਾਜਵਾਦ ਤੇ ਧਰਮ ਨਿਰਪੱਖਤਾ ਭਾਰਤੀ ਸੰਵਿਧਾਨ ਦਾ ਮੁੱਖ ਆਧਾਰ ਹੈ ਅਤੇ ਸੰਵਿਧਾਨ ਦੇ ਅਜਿਹੇ ਸਿਧਾਂਤਾਂ ਨਾਲ ਛੇੜ-ਛਾੜ ਕਰਨਾ ਰਾਸ਼ਟਰ ਹਿੱਤ ਵਿੱਚ ਨਹੀਂ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਸ੍ਰ. ਪਰਕਾਸ਼ ਸਿੰਘ ਬਾਦਲ ਨੇ ਅੱਜ ਫਗਵਾੜਾ ਸਬ-ਡਵੀਜ਼ਨ ਦੇ ਪਿੰਡਾਂ ਦੇ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਪਿੰਡ ਮੇਹਟਾਂ ਵਿਖੇ ਕੀਤਾ। ਕਾਂਗਰਸੀ ਆਗੂ ਕੈਪਟਨ ਅਮਰਿੰਦਰ ਸਿੰਘ ਦੁਆਰਾ ਰਾਜ ਵਿੱਚ ਆਰਥਿਕ ਐਮਰਜੈਂਸੀ ਦਾ ਹਾਲਾਤ ਪੈਦਾ ਹੋਣ ਦੇ ਦਿੱਤੇ ਗਏ ਬਿਆਨ ਦੀ ਆਲੋਚਨਾ ਕਰਦਿਆਂ ਉਹਨਾਂ ਕਿਹਾ ਕਿ ਉਹਨਾਂ ਨੂੰ ਅਜਿਹੇ ਆਧਾਰਹੀਣ ਬਿਆਨ ਦੇਣ ਦੀ ਥਾਂ ‘ਤੇ ਆਪਣੀ ਪਾਰਟੀ ਦੇ ਦਿਨੋ-ਦਿਨ ਲੋਕਾਂ ਵਿੱਚੋਂ ਉੱਠਦੇ ਜਾ ਰਹੇ ਵਿਸ਼ਵਾਸ ਦੀ ਚਿੰਤਾ ਕਰਨੀ ਚਾਹੀਦੀ ਹੈ। ਸ. ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਦੀ ਬਜਾਏ ਆਪਣੀ ਪਾਰਟੀ ਦੀ ਚਿੰਤਾ ਕਰਨ।
ਕਾਂਗਰਸ ਪਾਰਟੀ ‘ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਾਰਟੀ ਦਾ ਪੰਜਾਬ ਵਿਰੋਧੀ ਸਟੈਂਡ ਸੂਬੇ ਲਈ ਹਮੇਸ਼ਾਂ ਘਾਤਕ ਸਿੱਧ ਹੋਇਆ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਜਾਣ-ਬੁੱਝ ਕੇ ਸੂਬੇ ਨੂੰ ਪੰਜਾਬੀ ਬੋਲਦੇ ਇਲਾਕਿਆਂ ਤੇ ਚੰਡੀਗੜ ਤੋਂ ਵਾਂਝਾ ਰੱਖਿਆ ਹੈ। ਉਹਨਾਂ ਕਿਹਾ ਕਿ ਦੇਸ਼ ਵਿੱਚ ਪੰਜਾਬ ਹੀ ਇੱਕ ਅਜਿਹਾ ਸੂਬਾ ਹੈ, ਜਿਸ ਕੋਲ ਆਪਣੀ ਰਾਜਧਾਨੀ ਨਹੀਂ ਹੈ। ਮੁੱਖ ਮੰਤਰੀ ਨੇ ਅੱਜ ਫਗਵਾੜਾ ਸਬ-ਡਵੀਜ਼ਨ ਦੇ ਪਿੰਡਾਂ ਮੌਲੀ, ਮੇਹਟਾਂ, ਨੰਗਲ ਮੱਝਾ ਅਤੇ ਰਾਣੀਪੁਰ ਕੰਬੋਆ ਵਿਖੇ 45 ਪਿੰਡਾਂ ਦੀਆਂ ਪੰਚਾਇਤਾਂ ਤੇ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਉਹਨਾਂ ਦੇ ਤੁਰੰਤ ਨਿਪਟਾਰੇ ਲਈ ਆਦੇਸ਼ ਦਿੱਤੇ। ਮੁੱਖ ਮੰਤਰੀ ਵੱਲੋਂ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਲੱਗਭੱਗ 5 ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ ਗਿਆ।
ਇਸ ਮੌਕੇ ਮੁੱਖ ਸੰਸਦੀ ਸਕੱਤਰ ਸ੍ਰੀ ਸੋਮ ਪ੍ਰਕਾਸ਼ ਕੈਂਥ, ਚੇਅਰਮੈਨ ਮਾਰਕਫੈੱਡ ਪੰਜਾਬ ਸ੍ਰ. ਜਰਨੈਲ ਸਿੰਘ ਵਾਹਦ, ਚੇਅਰਮੈਨ ਮਾਰਕੀਟ ਕਮੇਟੀ ਫਗਵਾੜਾ ਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਸ੍ਰ. ਸਰਵਣ ਸਿੰਘ ਕੁਲਾਰ, ਡੀ. ਆਈ. ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ ਪ੍ਰਮੁੱਖ ਸਕੱਤਰ ਡਾ. ਐੱਸ. ਕਰੁਨਾ ਰਾਜੂ, ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਦਲਜੀਤ ਸਿੰਘ ਮਾਂਗਟ, ਐੱਸ. ਐੱਸ. ਪੀ. ਸ੍ਰੀ ਆਸੀਸ਼ ਚੌਧਰੀ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਸ੍ਰੀ ਇਕਬਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਪਰਮਜੀਤ ਸਿੰਘ ਅਤੇ ਐੱਸ. ਡੀ. ਐੱਮ. ਫਗਵਾੜਾ ਸ੍ਰੀ ਕੇਸ਼ਵ ਹਿੰਗੋਨੀਆ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।



