ਚੰਡੀਗੜ੍ਹ, 2 ਫਰਵਰੀ (ਪੀ. ਟੀ.)- ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਦੇ ਕਈ ਹੋਰ ਆਗੂਆਂ ਨੇ ਅੱਜ ਸਮੂਹ ਪੰਜਾਬ ਵਾਸੀਆਂ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੀ ਵਧਾਈ ਦਿੱਤੀ ਹੈ। ਇਕ ਸੰਦੇਸ਼ ਵਿੱਚ ਉਪ ਮੁੱਖ ਮੰਤਰੀ ਨੇ ਕਿਹਾ ਹੈ ਕਿ ਗੁਰੂ ਰਵਿਦਾਸ ਜੀ ਨਿਮਰਤਾ ਦੇ ਪੁੰਜ ਅਤੇ ਹੱਥੀਂ ਕਿਰਤ ਦੇ ਪ੍ਰਤੀਕ ਸਨ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਗਿਆਨ ਅਤੇ ਅਧਿਆਤਮ ਦਾ ਵੱਡਾ ਸਰੋਤ ਹਨ। ਉਨ੍ਹਾਂ ਦਾ ਜੀਵਨ ਅਤੇ ਸਿੱਖਿਆਵਾਂ ਸਾਨੂੰ ਹਮੇਸ਼ਾਂ ਅਜਿਹੇ ਸੁਚੱਜੇ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ, ਜਿਥੇ ਹਰ ਇਨਸਾਨ ਨੂੰ ਜਾਤ, ਪਾਤ, ਨਸਲ ਅਤੇ ਧਰਮ ਦੇ ਵਖਰੇਵੇਂ ਤੋਂ ਉਪਰ ਉਠਦਿਆਂ ਬਣਦਾ ਸਤਿਕਾਰ ਮਿਲੇ। ਮਾਲ ਅਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸਮੂਹ ਪੰਜਾਬੀਆਂ ਨੂੰ
ਵਧਾਈ ਦਿੰਦਿਆਂ ਆਪਣੇ ਸੰਦੇਸ਼ ’ਚ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਆਪਣਾ ਸਮੁੱਚਾਹ ਜੀਵਨ ਬਰਾਬਰੀ, ਵਿਸ਼ਵ-ਵਿਆਪੀ ਭਾਈਚਾਰੇ ਅਤੇ ਸ਼ਹਿਣਸ਼ੀਲਤਾ ਦੀਆਂ ਕਦਰਾਂ ਕੀਮਤਾਂ ਦੇ ਪ੍ਰਚਾਰ ਨੂੰ ਸਮਰਪਤ ਕੀਤਾ। ਉਹਨਾਂ ਦਾ ਵਿਸ਼ਵ ਵਿਆਪੀ ਭਾਈਚਾਰੇ ਅਤੇ ਸ਼ਹਿਣਸ਼ੀਲਤਾ ਦਾ ਸੰਦੇਸ਼ ਅੱਜ ਵੀ ਪੂਰੀ ਤਰ੍ਹਾ ਪ੍ਰਾਸੰਗਿਕ ਹੈ। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਸਿਕੰਦਰ ਸਿੰਘ ਮਲੂਕਾ, ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਅਤੇ ਭਲਾਈ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਅਤੇ ਵੱਲੋਂ ਰਾਜ ਦੇ ਲੋਕਾਂ ਨੂੰ ਸ਼੍ਰੀ ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਮੌਕੇ ‘ਤੇ ਵਧਾਈ ਦਿੱਤੀ ਹੈ।



