Skip to content
Independent perspectives. Global stories.
BREAKING

ਦਿੱਲੀ ਦੇ ਵੋਟਰ ਧਰਮ ਨਿਰਪੱਖਤਾ ’ਤੇ ਪਹਿਰਾ ਦੇ ਕੇ ਵਿਧਾਨ ਸਭਾ ਚੋਣਾਂ ਵਿੱਚ ਫਿਰਕਾਪ੍ਰਸਤ ਸ਼ਕਤੀਆਂ ਨੂੰ ਭਾਂਜ ਦੇਣਗੇ : ਸਰਨਾ

Share this story

ਨਵੀਂ ਦਿੱਲੀ, 4 ਫਰਵਰੀ (ਪੀ. ਟੀ.)- ਸ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਲੋਕਤੰਤਰ ਦਾ ਲਖਾਇਕ ਹੈ ਅਤੇ ਹਰੇਕ ਵਿਅਕਤੀ ਨੂੰ ਆਪਣੇ ‘ਮੱਤਦਾਨ’ ਕਿਸੇ ਵੀ ਉਮੀਦਵਾਰ ਦੇ ਹੱਕ ਵਿੱਚ ਕਰਨ ਦਾ ਅਧਿਕਾਰ ਹੈ ਪਰ ਕੁਝ ਫਿਰਕਾਪ੍ਰਸਤ ਸ਼ਕਤੀਆਂ ਚੋਣ ਜਿੱਤਣ ਦੀ ਖਾਤਰ ਕਿਸੇ ਵੀ ਕਿਸਮ ਦੀ ਹੁੱਲੜਬਾਜ਼ੀ ਕਰ ਸਕਦੇ ਹਨ ਜਿਨ੍ਹਾਂ ਤੋਂ ਦਿੱਲੀ ਵਾਸੀਆਂ ਨੂੰ ਸੁਚੇਤ ਰਹਿ ਕੇ ਇਮਾਨਦਾਰ ਤੇ ਧਰਮ ਨਿਰਪੱਖ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਕਾਮਯਾਬ ਕਰਨਾ ਚਾਹੀਦਾ ਹੈ। ਜਾਰੀ ਇੱਕ ਬਿਆਨ ਰਾਹੀਂ ਸ. ਸਰਨਾ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਨੇ ਪਹਿਲਾਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਤ ਵਿੱਚ ਪਾ ਕੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ ਤੇ ਹੁਣ ਦਿੱਲੀ ਦੇ ਨੌਜਵਾਨਾਂ ਨੂੰ ਬਰਬਾਦ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ, ਜਿਸ ਸਾਜ਼ਿਸ਼ ਨੂੰ ਸ਼੍ਰੋਮਣੀ ਅਕਾਲੀ ਦਲ ਦਿੱਲੀ ਕਿਸੇ ਵੀ ਕੀਮਤ ’ਤੇ ਕਾਮਯਾਬ ਨਹੀਂ ਹੋਣ ਦੇਵੇਗਾ।

ਉਨ੍ਹਾਂ ਖਦਸ਼ਾ ਜਾਹਿਰ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦਿੱਲੀ ਦੇ ਵੋਟਰਾਂ ਨੂੰ ਡਰਾ ਧਮਕਾ ਕੇ ਵੀ ਵੋਟਾਂ ਹਾਸਲ ਕਰਨ ਦੇ ਯਤਨ ਕਰ ਸਕਦਾ ਹੈ, ਜਿਸ ਦਾ ਲੋਕਤਾਂਤਰਿਕ ਤਰੀਕੇ ਨਾਲ ਲੋਕਾਂ ਨੂੰ ਸਾਹਮਣਾ ਕਰਨ ਲਈ ਤਿਆਰ ਬਰ ਤਿਆਰ ਰਹਿਣਾ ਪਵੇਗਾ।
ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕ ਮਨ ਬਣਾ ਚੁੱਕੇ ਹਨ ਕਿ ਉਨ੍ਹਾਂ ਨੇ ਆਪਣੇ ਵੋਟ ਦਾ ਇਸਤੇਮਾਲ ਕਿੱਥੇ ਤੇ ਕਿਵੇਂ ਕਰਨਾ ਹੈ ਜਿਸ ਵਿੱਚੋਂ ਅਕਾਲੀ-ਭਾਜਪਾ ਨੂੰ ਕੁਝ ਵੀ ਮਿਲਣ ਦੀ ਆਸ ਨਹੀਂ ਹੈ।
ਉਨ੍ਹਾਂ ਦਿੱਲੀ ਦੇ ਲੈਫਟੀਨੈਂਟ ਗਵਰਨਰ ਤੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਨਿਰਪੱਖ ਤੇ ਸ਼ਾਂਤਮਈ ਚੋਣਾਂ ਕਰਾਉਣ ਲਈ ਕੜੇ ਪ੍ਰਬੰਧ ਕਰਨ ਤਾਂ ਕਿ ਮਾਹੌਲ ਨੂੰ ਵਿਗਾੜਨ ਵਾਲੇ ਲੱਠਮਾਰਾਂ ਤੇ ਅਪੱਦਰੀਆ ਨੂੰ ਨੱਥ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਊਮੀਦ ਹੈ ਕਿ ਦਿੱਲੀ ਦੇ ਵੋਟਰ ਅਕਾਲੀ-ਭਾਜਪਾ ਗੱਠਜੋੜ ਦਾ ਬਾਈਕਾਟ ਕਰਕੇ ਧਰਮ ਨਿਰਪੱਖ ਪਾਰਟੀਆਂ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਕਾਮਯਾਬ ਕਰਨਗੇ।
ਅੱਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਧਰਮ ਨਿਰਪੱਖਤਾ ਦਾ ਪਾਠ ਪੜ੍ਹਾਉਂਦਿਆਂ ਘਰ ਵਾਪਸੀ ਦੇ ਨਾਮ ’ਤੇ ਘੱਟ ਗਿਣਤੀਆਂ ਦੇ ਲੋਕਾਂ ਦੇ ਜਬਰੀ ਧਰਮ ਤਬਦੀਲ ਕੀਤੇ ਜਾਣ ਦੀ ਸ਼ੁਰੂ ਕੀਤੀ ਪ੍ਰੀਕਿਰਿਆ ਨੂੰ ਤੁਰੰਤ ਰੋਕਣ ਦੀ ਸਬੰਧੀ ਕੀਤੀ ਨਸੀਹਤ ਦਾ ਸੁਆਗਤ ਕਰਦਿਆਂ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਤੁਰੰਤ ਓਬਾਮਾ ਦੀ ਨਸੀਹਤ ਤੇ ਅਮਲ ਕਰਨਾ ਚਾਹੀਦਾ ਹੈ ਤੇ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਫਿਰਕਾਪ੍ਰਸਤੀ ਦਾ ਮੁੱਦਾ ਬਣਾ ਕੇ ਪੇਸ਼ ਕਰਨ ਦੀ ਬਜਾਏ ਦੁਨੀਆ ਭਰ ਵਿੱਚ ਹਿੰਦੋਸਤਾਨ ਦੀ ਧਰਮ ਨਿਰਪੱਖਤਾ ਵਾਲੀ ਮੰਨੀ ਜਾਂਦੀ ਲੋਕਤੰਤਰ ਪ੍ਰਣਾਲੀ ਨੂੰ ਬਹਾਲ ਰੱਖਿਆ ਜਾਵੇ।

WRITTEN BY