ਚੰਡੀਗੜ੍ਹ, 11 ਫਰਵਰੀ (ਪੀ. ਟੀ.)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਤਰਨ ਤਾਰਨ ਵਿਖੇ ਹੋਈ ਗੋਲੀਬਾਰੀ ਦੀ ਘਟਨਾ ਦੀ ਜਾਂਚ ਲਈ ਬਾਰਡਰ ਰੇਂਜ ਦੇ ਆਈ.ਜੀ. ਸ੍ਰੀ ਈਸ਼ਵਰ ਚੰਦਰ ਅਤੇ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਸ੍ਰੀ ਜਤਿੰਦਰ ਸਿੰਘ ਔਲਖ ’ਤੇ ਅਧਾਰਿਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਗਠਿਤ ਕਰ ਦਿੱਤੀ ਹੈ। ੍ਯਮੁੱਖ ਮੰਤਰੀ ਨੇ ਬਾਰਡਰ ਰੇਂਜ ਦੇ ਆਈ.ਜੀ. ਅਤੇ ਤਰਨ ਤਾਰਨ ਦੇ ਜ਼ਿਲ੍ਹਾ ਪੁਲੀਸ ਮੁਖੀ ਨੂੰ ਅਜਿਹੀ ਕੋਈ ਘਟਨਾ ਦੁਬਾਰਾ ਵਾਪਰਨ ਤੋਂ ਰੋਕਣ ਲਈ ਸਾਰੇ ਸੰਭਵ ਕਦਮ ਚੁੱਕਣ ਅਤੇ ਹਰ ਕੀਮਤ ’ਤੇ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਨੂੰ ਯਕੀਨੀ ਬਣਾਉਣ ਵਾਸਤੇ ਨਿਰਦੇਸ਼ ਦਿੱਤੇ ਹਨ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ. ਬਾਦਲ ਇਸ ਮਾਮਲੇ ਦੀ ਖੁਦ
ਜਾਣਕਾਰੀ ਹਾਸਲ ਕਰਨ ਲਈ ਆਈ.ਜੀ. ਬਾਰਡਰ ਰੇਂਜ ਅਤੇ ਐਸ.ਐਸ.ਪੀ. ਤਰਨ ਤਾਰਨ ਨਾਲ ਲਗਾਤਾਰ ਸੰਪਰਕ ਵਿੱਚ ਹਨ। ਮੁੱਖ ਮੰਤਰੀ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਅਮਨ-ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਨੇ ਇਸ ਮਾਮਲੇ ’ਤੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਇਕਾਈ ਦੇ ਪ੍ਰਧਾਨ ਸ੍ਰੀ ਕਮਲ ਸ਼ਰਮਾ ਨਾਲ ਵੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਤੇ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੂੰ ਇਸ ਮਾਮਲੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਬਾਰੇ ਪਤਾ ਲਾਉਣ ਲਈ ਆਖਿਆ।



