ਚੰਡੀਗੜ੍ਹ, 3 ਮਾਰਚ (ਪੀ. ਟੀ.)- ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਕਈ ਸਕੀਮਾਂ, ਸੈਮੀਨਾਰ ਅਤੇ ਮੁਹਿੰਮਾਂ ਸ਼ੁਰੂ ਕੀਤੀਆਂ ਹੋਈਆਂ ਹਨ। ਇਸੇ ਤਹਿਤ ਕਿਸਾਨਾਂ ਤੇ ਪਸ਼ੂ ਪਾਲਕਾਂ ਲਈ ਮਾਰਚ ਮਹੀਨੇ ਦੌਰਾਨ ਖਾਸ ਸਿਖਲਾਈ ਪ੍ਰੋਗਰਾਮ ਉਲੀਕੇ ਗਏ ਹਨ। ਇਸ ਸਬੰਧੀ ਜ਼ਿਆਦਾ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ੍ਰੀ ਗੁਲਜ਼ਾਰ ਸਿੰਘ ਰਣੀਕੇ ਨੇ ਦੱਸਿਆ ਕਿ ਖੇਤੀ ਵਿਭਿੰਨਤਾ ਲਈ ਅਤੇ ਪਸ਼ੂ ਪਾਲਕਾਂ ਨੂੰ ਵਧੇਰੇ ਮੁਨਾਫਾ ਕਮਾਉਣ ਦੀਆਂ ਆਧੁਨਿਕ ਵਿਧੀਆਂ ਦੀ ਜਾਣਕਾਰੀ ਦੇਣ ਲਈ ਰਾਜ ਸਰਕਾਰ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਨਵੰਬਰ ਮਹੀਨੇ ਦੌਰਾਨ ਪੰਜਾਬ ਡੇਅਰੀ ਵਿਕਾਸ
ਬੋਰਡ ਵੱਲੋਂ ਪੰਜਾਬ ਦੇ ਸਾਰਿਆਂ ਜ਼ਿਲ੍ਹਿਆਂ ਦੇ ਵੱਖ-ਵੱਖ 134 ਪਿੰਡਾਂ ਵਿਚ ਦੁੱਧ ਉਤਪਾਦਕਾਂ ਲਈ ਵਿਸ਼ੇਸ਼ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ। ਵੱਖ-ਵੱਖ ਤਰੀਖਾਂ ਨੂੰ ਲੱਗਣ ਵਾਲੇ ਇਨ੍ਹਾਂ ਕੈਂਪਾਂ ‘ਚ ਕਿਸਾਨਾਂ ਨੂੰ ਦੁੱਧ ਉਤਪਾਦਨ ਦੀਆਂ ਆਧੁਨਿਕ ਤਕਨੀਕਾਂ ਅਤੇ ਦੁੱਧ ਤੋਂ ਤਿਆਰ ਹੋਣ ਵਾਲੀਆਂ ਵਸਤਾਂ ਦੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਡੇਅਰੀ ਫਾਰਮਿੰਗ ਸਬੰਧੀ ਹੀ ਸਵੈ-ਰੁਜ਼ਗਾਰ ਸਕੀਮ ਅਧੀਨ ਚਲਾਏ ਜਾਣ ਵਾਲੇ ਦੋ ਹਫਤਿਆਂ ਦੇ ਡੇਅਰੀ ਸਿਖਲਾਈ ਕੋਰਸ ਦਾ ਬੈਚ 16 ਮਾਰਚ, 2015 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਰਸਾਂ ਦੀ ਜ਼ਿਆਦਾ ਜਾਣਕਾਰੀ ਲਈ ਸਬੰਧਤ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਨੂੰ ਮਿਲਿਆ ਜਾ ਸਕਦਾ ਹੈ ਜਾਂ ਮੁੱਖ ਦਫਤਰ ਦੇ ਹੈਲਪਲਾਈਨ ਨੰਬਰਾਂ 0172-5025242 ਅਤੇ 2700228 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ।



