Skip to content
Independent perspectives. Global stories.
BREAKING

ਸ੍ਰੀ ਅਨੰਦਪੁਰ ਸਾਹਿਬ ਦਾ 350 ਸਾਲਾ ਸਥਾਪਨਾ ਦਿਵਸ ਸਰਕਾਰੀ ਪੱਧਰ ’ਤੇ ਮਨਾਉਣ ਦਾ ਐਲਾਨ

Share this story

ਹੋਲੇ ਮਹੱਲੇ ਮੌਕੇ ਅਕਾਲੀ ਕਾਨਫਰੰਸ ’ਚ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਤੇ ਹੋਰ ਉ¤ਚ ਨੇਤਾਵਾਂ ਨੇ ਹਾਜ਼ਰੀ ਭਰੀ

Page-1_10 ਸ੍ਰੀ ਅਨੰਦਪੁਰ ਸਾਹਿਬ, 5 ਮਾਰਚ- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਇੱਥੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਦੀ ਕੌਮੀ ਜਮਹੂਰੀ ਗੱਠਜੋੜ ਸਰਕਾਰ ਨੇ ਮੁਲਕ ਵਿੱਚ ਹਕੀਕੀ ਫੈਡਰਲ ਢਾਂਚਾ ਸਥਾਪਤ ਕਰਨ ਦੀ ਦਿਸ਼ਾ ਵਿੱਚ ਕਈ ਠੋਸ ਕਦਮ ਪੁੱਟ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਸਬੰਧ ਵਿੱਚ ਲੰਮੇ ਸਮੇਂ ਤੋਂ ਲਏ ਜਾ ਰਹੇ ਸਟੈਂਡ ਦੀ ਪੁਸ਼ਟੀ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਹੋਲੇ ਮਹੱਲੇ ਮੌਕੇ ਅੱਜ ਇੱਥੇ ਕਰਵਾਈ ਗਈ ਇਕ ਵਿਸ਼ਾਲ ਰਾਜਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕੇਂਦਰੀ ਟੈਕਸਾਂ ਵਿੱਚ ਸੂਬਿਆਂ ਦਾ ਹਿੱਸਾ 32 ਫੀਸਦੀ ਤੋਂ ਵਧਾ ਕੇ 42 ਕਰਨ ਅਤੇ ਯੋਜਨਾ ਕਮਿਸ਼ਨ ਦੀ ਥਾਂ ਸੂਬਿਆਂ ਨੂੰ ਵਧੇਰੇ ਨੁਮਾਇੰਦਗੀ

ਦੇ ਆਧਾਰ ’ਤੇ ਨੀਤੀ ਅਯੋਗ ਕਾਇਮ ਕਰਨ ਨਾਲ ਹੁਣ ਕੇਂਦਰ ਸਰਕਾਰ ਦੀਆਂ ਨੀਤੀਆਂ ਘੜਨ ਤੇ ਸਕੀਮਾਂ ਬਣਾਉਣ ਵਿੱਚ ਸੂਬਿਆਂ ਦੀ ਭੂਮਿਕਾ ਵਧ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਿਛਲੇ ਲੰਮੇ ਸਮੇਂ ਤੋਂ ਇਹ ਕਹਿੰਦਾ ਆ ਰਿਹਾ ਹੈ ਕਿ ਸੂਬਿਆਂ ਨੂੰ ਵੱਧ ਅਧਿਕਾਰਾਂ ਨਾਲ ਸ਼ਕਤੀਸ਼ਾਲੀ ਬਣਾ ਕੇ ਹੀ ਮੁਲਕ ਨੂੰ ਤਕੜਾ ਜਾ ਸਕਦਾ ਹੈ।     ਕੇਂਦਰ ਦੀ ਮੋਦੀ ਸਰਕਾਰ ਦੀ ਕਾਰਗੁਜ਼ਾਰੀ ਅਤੇ ਇਸ ਵੱਲੋਂ ਪੰਜਾਬ ਸਬੰਧੀ ਅਪਣਾਏ ਗਏ ਰਵੱਈਏ ਪ੍ਰਤੀ ਪੂਰੀ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਸ. ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਥੋੜ੍ਹੇ ਸਮੇਂ ਵਿੱਚ ਹੀ ਪੰਜਾਬ ਨੂੰ ਬਹੁਤ ਵੱਡੇ ਪ੍ਰਾਜੈਕਟ ਦੇਣ ਨਾਲ ਕਾਂਗਰਸ ਸਰਕਾਰਾਂ ਵੱਲੋਂ ਸੂਬੇ ਨਾਲ ਕੀਤੀ ਜਾ ਰਹੀ ਬੇਇਨਸਾਫੀ ਤੇ ਵਿਤਕਰੇਬਾਜ਼ੀ ਦਾ ਦੌਰ ਹੁਣ ਖਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇਸੰਜ਼ (ਏਮਜ਼) ਅਤੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਹੌਰਟੀਕਲਚਰ ਰਿਸਰਚ ਬਣਨ ਨਾਲ ਜਿੱਥੇ ਪੰਜਾਬ ਨੂੰ ਬਿਹਤਰੀਨ ਸਿਹਤ ਸਹੂਲਤਾਂ ਤੇ ਖੇਤੀ ਵਿਭਿੰਨਤਾ ਨੂੰ ਹੁਲਾਰਾ ਮਿਲੇਗਾ, ਉਥੇ ਜਲ੍ਹਿਆਂ ਵਾਲਾ ਬਾਗ ਲਈ ਵਿਸ਼ੇਸ਼ ਪ੍ਰਾਜੈਕਟ ਐਲਾਨਣ ਅਤੇ ਅੰਮ੍ਰਿਤਸਰ ਦੇ ਵਿਰਾਸਤੀ ਸ਼ਹਿਰ ਬਣਨ ਨਾਲ ਇਹ ਇਤਿਹਾਸਕ ਨਗਰੀ ਤਰੱਕੀ ਤੇ ਵਿਕਾਸ ਦੀਆਂ ਅਗਲੇਰੀਆਂ ਮੰਜ਼ਲਾਂ ਨੂੰ ਛੂਹੇਗੀ। ਸ. ਬਾਦਲ ਨੇ ਇਸ ਮੌਕੇ ਐਲਾਨ ਕੀਤਾ ਕਿ ਇਸ ਵਰ੍ਹੇ ਆ ਰਹੇ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਨੂੰ ਪੰਜਾਬ ਸਰਕਾਰ ਵੱਲੋਂ ਸਰਕਾਰੀ ਤੌਰ ’ਤੇ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੌਕੇ ਕੀਤੇ ਜਾਣ ਵਾਲੇ ਵਿਸ਼ਾਲ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਮੁਲਕ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਨਾਲ-ਨਾਲ ਦੇਸ਼ ਦੀਆਂ ਹੋਰ ਉ¤ਘੀਆਂ ਸਿਆਸੀ, ਧਾਰਮਿਕ ਤੇ ਸਮਾਜਿਕ ਹਸਤੀਆਂ ਨੂੰ ਸੱਦਾ ਦਿੱਤਾ ਜਾਵੇਗਾ। ਪੰਜਾਬੀਆਂ ਨੂੰ ਇਕ ਬਹਾਦਰ ਤੇ ਜਬਰ-ਜ਼ੁਲਮ ਦੇ ਖਿਲਾਫ਼ ਜੂਝਣ ਵਾਲੀ ਕੌਮ ਦਾ ਦਰਜਾ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਮੁਲਕ ਨੂੰ ਆਜ਼ਾਦ ਕਰਾਉਣ ਤੇ ਫਿਰ ਇਸ ਆਜ਼ਾਦੀ ਨੂੰ ਬਰਕਰਾਰ ਰੱਖਣ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਹੀ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਕੁਰਬਾਨੀ ਦਾ ਇਹ ਜਜ਼ਬਾ ਮਹਾਨ ਸਿੱਖ ਗੁਰੂ ਸਾਹਿਬਾਨ ਵੱਲੋਂ ਵਿਰਾਸਤ ਵਿੱਚ ਮਿਲਿਆ ਹੈ। ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਬੁਨਿਆਦੀ ਢਾਂਚੇ ਦਾ ਲਾਮਿਸਾਲ ਵਿਕਾਸ ਕਰਵਾਉਣ ਦੇ ਨਾਲ-ਨਾਲ ਅਕਾਲੀ-ਭਾਜਪਾ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਲਈ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਹੋਈਆਂ ਹਨ। ਉਨ੍ਹਾਂ ਇਸ ਸਬੰਧ ਵਿੱਚ ਆਟਾ-ਦਾਲ, ਬੁਢਾਪਾ ਪੈਨਸ਼ਨ, ਸ਼ਗਨ ਸਕੀਮ ਦਾ ਜ਼ਿਕਰ ਕਰਦਿਆਂ ਆਖਿਆ ਕਿ ਕਰਜ਼ੇ ਦੇ ਬੋਝ ਹੇਠ ਦੱਬੇ ਹੋਏ ਕਿਸਾਨਾਂ ਨੂੰ ਰਾਹਤ ਦੇਣ ਲਈ ਟਿਊਬਵੈਲਾਂ ਨੂੰ ਦਿੱਤੀ ਜਾ ਰਹੀ ਮੁਫਤ ਬਿਜਲੀ ਦੀ ਸਹੂਲਤ ’ਤੇ ਹਰ ਸਾਲ 5000 ਕਰੋੜ ਰੁਪਏ ਤੋਂ ਵੱਧ ਰਕਮ ਖਰਚ ਕੀਤੀ ਜਾ ਰਹੀ ਹੈ। ਸ. ਬਾਦਲ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਤੇ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਸਰਕਾਰ ਦੀ ਸਭ ਤੋਂ ਪਹਿਲੀ ਤਰਜੀਹ ਰਹੀ ਹੈ। ਉਨ੍ਹਾਂ ਕਿਹਾ ਕਿ ਗਰੀਬ ਪਰ ਹੁਸ਼ਿਆਰ ਬੱਚਿਆਂ ਲਈ ਮੈਰੀਟੋਰੀਅਸ ਸਕੂਲਾਂ ਦੀ ਸਥਾਪਨਾ ਦੇ ਨਾਲ-ਨਾਲ ਵੱਡੇ ਪੱਧਰ ’ਤੇ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਕਾਇਮ ਕੀਤੀਆਂ ਗਈਆਂ ਹਨ। ਸੂਬੇ ਵਿੱਚ ਖੋਲ੍ਹੇ ਗਏ ਨਵੇਂ ਕੈਂਸਰ ਹਸਪਤਾਲਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਮੁਰਾਦ ਰੋਗ ਤੋਂ ਪੀੜਤ ਵਿਅਕਤੀਆਂ ਦਾ ਇਲਾਜ ਬਿਲਕੁਲ ਮੁਫਤ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਹੁਣੇ-ਹੁਣੇ ਹੋਈਆਂ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀਆਂ ਚੋਣਾਂ ਵਿੱਚ ਅਕਾਲੀ-ਭਾਜਪਾ ਗੱਠਜੋੜ ਨੂੰ ਮਿਲੇ ਵੱਡੇ ਹੁੰਗਾਰੇ ਲਈ ਸੂਬੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਉਹ ਸ਼੍ਰੋਮਣੀ ਅਕਾਲੀ ਦਲ ਲਈ ਚੁਣੌਤੀ ਨਹੀਂ ਸਮਝਦੇ। ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ’ਤੇ ਪੂਰਨ ਭਰੋਸਾ ਹੈ ਕਿ ਉਹ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਗਏ ਲਾਮਿਸਾਲ ਵਿਕਾਸ ਅਤੇ ਇੱਥੇ ਕਾਇਮ ਰੱਖੀ ਗਈ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਮੁੜ ਮਾਨਤਾ ਦੇਣਗੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਇਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਅਗਲੇ ਦੋ ਵਰ੍ਹਿਆਂ ਵਿੱਚ ਪੰਜਾਬ ਦੀ ਨੁਹਾਰ ਬਦਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ 18000 ਕਰੋੜ ਰੁਪਏ ਖਰਚ ਕੇ ਪੰਜਾਬ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਨੂੰ ਚਾਰ ਅਤੇ ਛੇ ਮਾਰਗੀ ਬਣਾਉਣ ਦੇ ਨਾਲ-ਨਾਲ ਸੂਬੇ ਦੇ ਸਾਰੇ ਵੱਡੇ ਪਿੰਡਾਂ ਵਿੱਚ ਸੇਵਾ ਕੇਂਦਰ ਸਥਾਪਤ ਕੀਤੇ ਜਾਣਗੇ ਤਾਂ ਕਿ ਕਿਸੇ ਵੀ ਵਿਅਕਤੀ ਨੂੰ ਆਪਣੇ ਰੋਜ਼ਮਰਾ ਦੇ ਕੰਮਕਾਜ ਲਈ ਦਫ਼ਤਰਾਂ ਵਿੱਚ ਖੱਜਲ-ਖੁਆਰ ਨਾ ਹੋਣਾ ਪਵੇ। ਸ. ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਸਾਰੀ ਤਰੱਕੀ ਦਾ ਸਿਹਰਾ ਅਕਾਲੀ ਸਰਕਾਰਾਂ ਨੂੰ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਹਵਾਈ ਅੱਡੇ, ਥਰਮਲ ਪਲਾਂਟ, ਡੈਮ ਅਤੇ ਪ੍ਰਮੁੱਖ ਸੜਕਾਂ ਵਰਗੇ ਪ੍ਰਾਜੈਕਟ ਸਰਦਾਰ ਪਰਕਾਸ਼ ਸਿੰਘ ਬਾਦਲ ਦੀ ਅਗਾਂਹਵਧੂ ਸੋਚ ਸਦਕਾ ਹੀ ਹੋਂਦ ਵਿੱਚ ਆਏ ਹਨ। ਪੰਜਾਬ ਦੀ ਆਰਥਿਕ ਹਾਲਤ, ਰੇਤਾ-ਬੱਜਰੀ ਦੀ ਕਿੱਲਤ ਅਤੇ ਨਸ਼ਾਖੋਰੀ ਬਾਰੇ ਕੀਤੇ ਜਾਂਦੇ ਕੂੜ ਪ੍ਰਚਾਰ ਲਈ ਕਾਂਗਰਸ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਉਪ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸੀ ਆਗੂ ਇਹ ਭੰਡੀ ਪ੍ਰਚਾਰ ਇਸ ਲਈ ਕਰ ਰਹੇ ਹਨ ਕਿਉਂਕਿ ਕਿਸੇ ਵੀ ਕਾਂਗਰਸ ਸਰਕਾਰ ਨੇ ਪੰਜਾਬ ਦੇ ਵਿਕਾਸ ਲਈ ਡੱਕਾ ਭੰਨ ਕੇ ਦੂਹਰਾ ਨਹੀਂ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਥੋੜ੍ਹੇ ਸਮੇਂ ਵਿੱਚ ਹੀ ਪੰਜਾਬ ਦੇ ਲੋਕਾਂ ਨੂੰ ਰੇਤਾ-ਬੱਜਰੀ ਸਸਤੇ ਭਾਅ ’ਤੇ ਆਮ ਮਿਲੇਗਾ ਕਿਉਂਕਿ ਮੋਦੀ ਸਰਕਾਰ ਨੇ ਉਨ੍ਹਾਂ ਸਾਰੀਆਂ ਖੱਡਾਂ ਵਿੱਚੋਂ ਰੇਤਾ-ਬੱਜਰੀ ਕੱਢਣ ਦੀ ਇਜਾਜ਼ਤ ਦੇ ਦਿੱਤੀ ਹੈ, ਜਿਹੜੀਆਂ ਪਿਛਲੀ ਕਾਂਗਰਸ ਸਰਕਾਰ ਨੇ ਬੰਦ ਕਰਵਾ ਦਿੱਤੀਆਂ ਸਨ। ਉਪ ਮੁੱਖ ਮੰਤਰੀ ਨੇ ਇਸ ਮੌਕੇ ਐਲਾਨ ਕੀਤਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕ ਵਿਸ਼ਵ ਪੱਧਰੀ ਖੇਡ ਸਟੇਡੀਅਮ ਬਣਾਇਆ ਜਾਵੇਗਾ ਅਤੇ ਬੰਗਾ-ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ਸੜਕ ਨੂੰ ਛੇ ਮਾਰਗੀ ਕੌਮੀ ਹਾਈਵੇ ਬਣਵਾਉਣ ਲਈ ਉਹ ਕੇਂਦਰੀ ਸੜਕੀ ਆਵਾਜਾਈ ਮੰਤਰੀ ਸ੍ਰੀ ਨਿਤਿਨ ਗਡਕਰੀ ਨੂੰ ਮਿਲਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਇਸ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਆ ਰਹੇ 350 ਸਾਲਾ ਸਥਾਪਨਾ ਦਿਵਸ ਮੌਕੇ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਮੌਕੇ ਬੋਲਦਿਆਂ ਕੇਂਦਰ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਖੇਤੀ ਅਰਥਚਾਰੇ ਨੂੰ ਮਜ਼ਬੂਤ ਕਰਨ ਲਈ ਅਸਰਦਾਰ ਤੇ ਫੌਰੀ ਕਦਮ ਚੁੱਕੇ ਜਾਣ ਤਾਂ ਕਿ ਮੁਲਕ ਦੀ 65 ਫੀਸਦੀ ਵਸੋਂ ਦੀ ਰੋਜ਼ੀ-ਰੋਟੀ ਦੇ ਵਸੀਲੇ ਖੇਤੀਬਾੜੀ ਨੂੰ ਮੁੜ ਲਾਹੇਵੰਦ ਕਿੱਤਾ ਬਣਾਇਆ ਜਾ ਸਕੇ।
ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਦੇ ਕੈਬਨਿਟ ਮੰਤਰੀ ਤੇ ਭਾਜਪਾ ਆਗੂ ਸ੍ਰੀ ਮਦਨ ਮੋਹਨ ਮਿੱਤਲ ਨੇ ਇਸ ਹਲਕੇ ਦੇ ਵਿਕਾਸ ਲਈ ਕੀਤੇ ਕਾਰਜਾਂ ਲਈ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਇਸ ਕਾਨਫਰੰਸ ਨੂੰ ਹੋਰਨਾਂ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਮਨਜੀਤ ਸਿੰਘ ਜੀ.ਕੇ., ਕੈਬਨਿਟ ਮੰਤਰੀ ਡਾ.  ਦਲਜੀਤ ਸਿੰਘ ਚੀਮਾ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ, ਰਾਜ ਸਭਾ ਮੈਂਬਰ ਸ. ਬਲਵਿੰਦਰ ਸਿੰਘ ਭੂੰਦੜ, ਸਾਬਕਾ ਕੇਂਦਰ ਮੰਤਰੀ ਸ. ਬਲਵੰਤ ਸਿੰਘ ਰਾਮੂੰਵਾਲੀਆ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿਗ ਕਮੇਟੀ ਮੈਂਬਰ ਸ. ਅਮਰਜੀਤ ਸਿੰਘ ਚਾਵਲਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸ. ਅਜੀਤ ਸਿੰਘ ਕੋਹਾੜ, ਜਥੇਦਾਰ ਤੋਤਾ ਸਿੰਘ ਤੇ ਸ. ਸੋਹਣ ਸਿੰਘ ਠੰਡਲ (ਤਿੰਨੋ ਕੈਬਨਿਟ ਮੰਤਰੀ) ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਜਨਰਲ ਸਕੱਤਰ ਸ. ਮਨਜਿੰਦਰ ਸਿੰਘ ਸਿਰਸਾ ਹਾਜ਼ਰ ਸਨ।

WRITTEN BY