June 18, 2026 9:10 pm

ਗੁਜਰਾਤ ਦੇ ਪੰਜਾਬੀ ਕਿਸਾਨਾਂ ਦਾ ਮਾਮਲਾ ਭਾਜਪਾ ਹਾਈਕਮਾਂਡ ਕੋਲ ਉਠਾਵਾਂਗੇ : ਬਾਦਲ

ਬਠਿੰਡਾ, 3 ਅਗਸਤ (ਅਵਤਾਰ ਸਿੰਘ ਕੈਂਥ, ਵੀਰ ਸਿੰਘ ਕਾਲਾ)-ਸਥਾਨਕ ਸ਼ਹਿਰ ਦੀ ਦਾਣਾ ਮੰਡੀ ਵਿਚ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਗੁਜਰਾਤ ਵਿੱਚ ਪੰਜਾਬੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਉਹ ਭਾਰਤੀ ਜਨਤਾ ਪਾਰਟੀ ਦੀ ਹਾਈ ਕਮਾਂਡ ਨਾਲ ਇਨ੍ਹਾਂ ਪੰਜਾਬੀ ਕਿਸਾਨਾਂ ਦੇ ਉਜਾੜੇ ਦੇ ਮੁੱਦੇ ਨੂੰ ਲੈ ਕੇ ਸੰਪਰਕ ਕਰਨਗੇ। ਮੁਖ ਮੰਤਰੀ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬੀਆਂ ਖਾਸ ਕਰਨ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ ਭਾਵੇਂ ਉਹ ਦੁਨੀਆਂ ਦੇ ਕਿਸੇ ਵੀ ਕੋਨੇ ਵਿੱਚ ਵਸੇ ਹੋਣ।
parkashsinghbadal
ਸ. ਬਾਦਲ ਨੇ ਕਿਹਾ ਕਿ ਭਾਵੇਂ ਗੁਜਰਾਤ ਦੇ ਪੰਜਾਬੀ ਕਿਸਾਨਾਂ ਦਾ ਮਾਮਲਾ ਉੱਚ ਅਦਾਲਤ ਵਿੱਚ ਹੈ ਪਰ ਫੇਰ ਵੀ ਉਹ ਇਸ ਮਾਮਲੇ ਦੇ ਹੱਲ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਰਾਜਨਾਥ ਸਿੰਘ ਅਤੇ ਗੁਜਰਾਤ ਦੇ ਮੁਖ ਮੰਤਰੀ ਨਰਿੰਦਰ ਮੋਦੀ ਨਾਲ ਸੰਪਰਕ ਕਰਨਗੇ। ਮੁਖ ਮੰਤਰੀ ਸ. ਬਾਦਲ ਨੇ ਆਖਿਆ,” ਮੈਂ ਨਿੱਜੀ ਤੌਰ ‘ਤੇ ਇਨ੍ਹਾਂ ਦੋਵਾਂ ਲੀਡਰਾਂ ਨਾਲ ਇਸ ਮਸਲੇ ਸਬੰਧੀ ਸੰਪਰਕ ਕਰਾਂਗਾ ਤਾਂ ਜੋ ਗੁਜਰਾਤ  ਵਿਚਲੇ ਸਾਡੇ ਪੰਜਾਬੀ ਕਿਸਾਨ ਭਰਾਵਾਂ ਦੇ ਮਸਲੇ ਦਾ ਕੋਈ ਹੱਲ ਲੱਭਿਆ ਜਾ ਸਕੇ।” ਕਾਂਗਰਸ ਦੇ ਸੂਬਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ  ਜਾ ਰਹੇ ਬਿਆਨਾ ਦੀ ਸਖਤ ਅਲੋਚਨਾਂ ਕਰਦਿਆਂ ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਖਿਲਾਫ ਕੋਈ ਮੁੱਦਾ ਨਾ ਮਿਲਣ ਦੀ ਸੂਰਤ ਵਿੱਚ ਕਾਂਗਰਸ ਪ੍ਰਧਾਨ ਲੋਕਾਂ ਨੂੰ ਗੁੰਮਰਾਹ  ਕਰਨ ਲਈ ਅਜਿਹੇ ਬੇਬੁਨਿਆਦ ਦਾਅਵੇ  ਕਰ ਰਹੇ ਹਨ ਕਿ ਪੰਜਾਬ ਸਰਕਾਰ ਨੇ ਕੇਂਦਰੀ ਯੂਨੀਵਰਸਿਟੀ ਦੀ ਥਾਂ ਬਦਲ ਕੇ ਇਸਨੂੰ ਗੁਰਦਾਸਪੁਰ ਤੋਂ ਬਠਿੰਡਾ ਲੈ ਆਂਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਖੁਦ ਇਸ ਯੂਨੀਵਰਸਿਟੀ ਨੂੰ ਬਠਿੰਡਾ ਵਿਖੇ ਸਥਾਪਤ ਕਰਨ ਵਿੱਚ ਦਿਲਚਸਪੀ ਰੱਖਦੀ ਸੀ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਕੇਂਦਰੀ ਯੂਨੀਵਰਸਿਟੀ ਦੀ ਸਥਾਪਤੀ ਲਈ ਫਰੀ ਜ਼ਮੀਨ ਮੁਹੱਈਆ ਕਰਵਾਈ। ਸ. ਬਾਦਲ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਲੀਡਰਸ਼ਿਪ ਨੂੰ ਅਜਿਹੀ ਬੇਬੁਨਿਆਦ ਬਿਆਨਬਾਜ਼ੀ ਤੋਂ ਗੁਰੇਜ ਕਰਨਾ ਚਾਹੀਦਾ ਹੈ ਕਿਉਂਕਿ ਪੰਜਾਬ ਦੇ ਲੋਕ ਕਾਂਗਰਸੀ ਆਗੂਆਂ ਦੇ ਅਜਿਹੇ ਹਥਕੰਡਿਆਂ ਤੋਂ ਸੁਚੇਤ ਹਨ। ਇਕ ਸਵਾਲ ਦੇ ਜਵਾਬ ਵਿੱਚ ਮੁਖ ਮੰਤਰੀ ਨੇ ਸੀ.ਬੀ.ਆਈ ਨੂੰ ਵਧੇਰੇ ਇਖਤਿਆਰ ਦੇਣ ਦੇ ਹੱਕ ਵਿੱਚ ਹਾਮੀ ਭਰੀ ਤਾਂ ਜੋ ਇਹ ਏਜੰਸੀ ਆਪਣਾ ਫਰਜ ਵਧੇਰੇ ਕਾਰਗਰ ਤਰੀਕੇ ਨਾਲ ਨਿਭਾ ਸਕੇ। ਇਸ ਮੌਕੇ ਉਨ੍ਹਾਂ ਅੱਜ ਇਥੇ ਬਠਿੰਡਾ ਜ਼ਿਲ੍ਹੇ ਦੇ ਨਵੇਂ ਚੁਣੇ ਗਏ 295 ਸਰਪੰਚਾਂ ਅਤੇ 2269 ਪੰਚਾਂ ਨੂੰ ਸਹੁੰ ਚੁਕਵਾਉਣ ਸਮਾਗਮ ਉਪਰੰਤ ਸਰਪੰਚਾਂ/ਪੰਚਾਂ ਦੇ ਸਹੁੰ ਚੁੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਮੁਖ ਮੰਤਰੀ ਨੇ ਕਿਹਾ ਸੀ ਕਿ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਅਤੇ ਹਲਕੇ ਦੇ ਵਿਕਾਸ ਲਈ ਅਣਥੱਕ ਮਿਹਨਤ ਕੀਤੀ ਹੈ ਅਤੇ ਬਠਿੰਡਾ ਹਲਕੇ ਦੇ ਹੋਏ ਵਿਕਾਸ ਨੂੰ ਲੋਕਾਂ ਵੱਲੋਂ ਏਨਾਂ ਹੁੰਗਾਰਾ ਮਿਲਿਆ ਹੈ ਕਿ ਖੁਦ ਕਾਂਗਰਸੀ ਆਗੂ ਰਾਹੁਲ ਗਾਂਧੀ ਵੀ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਨਹੀਂ ਹਰਾ ਸਕਦੇ। ਉਨ੍ਹਾਂ ਕਾਂਗਰਸੀ ਆਗੂਆਂ ਨੂੰ ਕਿਹਾ ਕਿ ਉਹ ਪੀ.ਪੀ.ਪੀ. ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਸਮਰਥਨ ਦੇਣ ਦੀ ਬਜਾਏ ਸਿਧੇ ਗਾਂਧੀ ਪਰਿਵਾਰ ਦੇ ਮੈਂਬਰ ਰਾਹੁਲ ਗਾਂਧੀ ਨੂੰ ਹੀ ਬਠਿੰਡਾ ਤੋਂ ਚੋਣ ਮੈਦਾਨ ਵਿੱਚ ਉਤਾਰ ਲੈਣ। ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੀ ਆਲੋਚਨਾਂ ਕਰਦਿਆਂ ਸ. ਬਾਦਲ ਨੇ ਕਿਹਾ ਕਿ ਕੇਂਦਰ ਦੀਆਂ ਨੀਤੀਆਂ ਕਾਰਨ ਪੰਜਾਬ ਦੀ ਕਿਸਾਨੀ ਦਾ ਬਹੁਤ ਨੁਕਸਾਨ ਹੋਇਆ ਹੈ।
ਸ. ਬਾਦਲ ਨੇ ਚੁਣੇ ਹੋਏ ਸਰਪੰਚਾਂ/ਪੰਚਾਂ ਨੂੰ ਪਿੰਡਾਂ ਦੇ ਵਿਕਾਸ ਲਈ ਚਾਰ ਸਾਲਾ ਪਲਾਨ ਤਿਆਰ ਕਰਨ ਲਈ ਕਿਹਾ ਤਾਂ ਜੋ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਪਿੰਡਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ। ਸ. ਬਾਦਲ ਨੇ ਕਿਹਾ ਕਿ ਪੰਚਾਇਤਾਂ ਆਪਸੀ ਝਗੜੇਬਾਜ਼ੀ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਸਰਗਰਮ ਹੋਣ ਅਤੇ ਇਸ ਵਿਕਾਸ ਲਈ ਪੰਜਾਬ ਸਰਕਾਰ ਹਰ ਪ੍ਰਕਾਰ ਦਾ ਯਤਨ ਕਰੇਗੀ। ਉਨ੍ਹਾਂ ਅਧਿਕਾਰੀਆਂ ਨੂੰ ਨਾਲ ਹੀ ਹਦਾਇਤ ਵੀ ਕੀਤੀ ਕਿ ਨਵੇਂ ਚੁਣੇ ਗਏ ਸਰਪੰਚਾਂ/ਪੰਚਾਂ ਨੂੰ ਪੂਰਾ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇ। ਸ. ਬਾਦਲ ਨੇ ਕਿਹਾ ਕਿ ਆਟਾ ਦਾਲ  ਸਕੀਮ ਤਹਿਤ ਹੁਣ 15 ਲੱਖ ਦੀ ਥਾਂ 30 ਲੱਖ ਪਰਿਵਾਰਾਂ  ਨੂੰ ਇਸ ਸਕੀਮ ਤਹਿਤ ਕਵਰ ਕੀਤਾ ਜਾਵੇਗਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੇਂਡੂ ਪੰਚਾਇਤਾਂ ਸਮਾਜਿਕ ਕੁਰੀਤੀਆਂ ਨੂੰ ਖਤਮ ਕਰਨ ਲਈ ਜ਼ਮੀਨੀ ਪੱਧਰ ਉੱਪਰ ਬਹੁਤ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਨੰਨ੍ਹੀ ਛਾਂ ਮੁਹਿੰਮ ਤਹਿਤ ਸ਼ੁਰੂ ਕੀਤੇ ਗਰੀਨ ਪੰਜਾਬ ਮਿਸ਼ਨ ਨਾਲ ਜੁੜਨ ਲਈ ਪੰਚਾਇਤਾਂ ਨੂੰ ਅਪੀਲ ਕਰਦਿਆਂ ਮੈਂਬਰ ਪਾਰਲੀਮੈਂਟ ਨੇ ਪੰਚਾਇਤਾਂ ਨੂੰ ਪੇਂਡੂ ਖੇਤਰਾਂ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਆਖਿਆ ਤਾਂ ਜੋ ਪੰਜਾਬ ਦੇ ਵਾਤਾਵਰਣ ਨੂੰ ਸ਼ੁੱਧ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਖਾਸ ਕਰ ਬਠਿੰਡਾ ਜ਼ਿਲ੍ਹੇ ਦੇ ਲੋਕਾਂ ਵੱਲੋਂ ਮਿਲੇ ਸਹਿਯੋਗ ਸਦਕਾ ਲੜਕਿਆਂ ਅਤੇ ਲੜਕੀਆਂ ਜਨਮ ਦਰ ਵਿਚਲਾ ਪਾੜਾ ਕਾਫੀ ਘਟਿਆ ਹੈ। ਮੈਂਬਰ ਪਾਰਲੀਮੈਂਟ ਨੇ ਪੰਚਾਂ /ਸਰਪੰਚਾਂ ਖਾਸਕਰ ਮਹਿਲਾ ਪੰਚਾਂ -ਸਰਪੰਚਾਂ ਨੂੰ ਭਰੂਣ ਹੱਤਿਆ ਅਤੇ ਦਾਜ ਦਹੇਜ ਵਰਗੀਆਂ ਸਮਾਜਿਕ ਕੁਰੀਤੀਆਂ ਨੂੰ ਖਤਮ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਆ। ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਨਵੇਂ ਚੁਣੇ ਗਏ ਪੰਚਾਂ/ਸਰਪੰਚਾਂ ਨੂੰ ਵਧਾਈ ਦਿੰਦਿਆਂ ਪਿੰਡਾਂ ਵਿੱਚ ਵਿਕਾਸ ਮੁਖੀ ਪਹੁੰਚ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਪੰਚਾਂ/ਸਰਪੰਚਾਂ ਨੂੰ ਪ੍ਰਤੀਬੱਧਤਾ ਤੇ ਇਮਾਨਦਾਰੀ ਨਾਲ ਲੋਕਾਂ ਦੀ ਮੁਸ਼ਕਿਲਾਂ ਹੱਲ ਕਰਨ ਲਈ ਪ੍ਰੇਰਿਆ। ਇਸ ਮੌਕੇ ਸਿੰਚਾਈ ਮੰਤਰੀ ਪੰਜਾਬ ਜਨਮੇਜਾ ਸਿੰਘ ਸੇਖੋਂ, ਸਿੱਖਿਆ ਮੰਤਰੀ ਪੰਜਾਬ ਸਿੰਕਦਰ ਸਿੰਘ ਮਲੂਕਾ ਅਤੇ ਮੁਖ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ, ਮੁਖ ਮੰਤਰੀ ਪੰਜਾਬ ਦੇ ਵਿਸ਼ੇਸ਼ ਪ੍ਰਮੁਖ ਸਕੱਤਰ ਕੇ.ਜੇ.ਐਸ.ਚੀਮਾਂ, ਡਿਪਟੀ ਕਮਿਸ਼ਨਰ ਕਮਲ ਕਿਸ਼ੋਰ ਯਾਦਵ, ਜ਼ਿਲ੍ਹਾ ਪੁਲੀਸ ਮੁਖੀ ਰਵਚਰਨ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੁਹੰਮਦ ਤਇਅਬ, ਵਧੀਕ ਡਿਪਟੀ ਕਮਿਸ਼ਨਰ ਰਾਜੀਵ ਪ੍ਰਾਸ਼ਰ, ਮੇਅਰ ਬਲਜੀਤ ਸਿੰਘ ਬੀੜ ਬਹਿਮਣ,ਐਸ ਜੀ ਪੀ ਸੀ ਮੈਂਬਰ ਅਮਰੀਕ ਸਿੰਘ ਕੋਟਸ਼ਮੀਰ,ਹਲਕਾ ਇੰਚਾਰਜ ਤਲਵੰਡੀ ਸਾਬੋ ਬਲਵੀਰ ਸਿੰਘ ਸਿੱਧੂ, ਜ਼ਿਲ੍ਹਾ ਪ੍ਰੈਸ ਸਕੱਤਰ ਡਾ. ਓਮ ਪ੍ਰਕਾਸ਼ ਸ਼ਰਮਾਂ ਅਤੇ ਹੋਰ ਹਾਜ਼ਰ ਸਨ।

Send this to a friend