ਜ¦ਧਰ, 22 ਮਾਰਚ (ਸੁਖਵਿੰਦਰ ਦਕੋਹਾ)- ਜ਼ਿਲ੍ਹੇ ਦੀਆਂ ਮੰਡੀਆਂ ਵਿਚ 5,46,140 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਜਦਕਿ ਪਿਛਲੇ ਸਾਲ 5,20,133 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਸੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਅੱਜ ਇਥੇ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਸਬੰਧੀ ਪ੍ਰਬੰਧਾਂ ਦੇ ਜਾਇਜ਼ੇ ਲਈ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਸਾਲ 1,69,000 ਹੈਕਟੇਅਰ ਰਕਬੇ ਵਿਚ ਕਣਕ ਦੀ ਬਿਜਾਈ ਕੀਤੀ ਗਈ ਹੈ ਅਤੇ ਕਣਕ ਦੇ ਸੀਜ਼ਨ ਦੌਰਾਨ ਚੰਗੀ ਬਾਰਿਸ਼ ਹੋਣ ਕਾਰਨ ਝਾੜ ਦੇ ਵਾਧੇ ਕਾਰਨ 8,48,000 ਮੀਟ੍ਰਿਕ ਟਨ ਕਣਕ ਦੀ ਪੈਦਾਵਾਰ ਹੋਣ ਦੀ ਸੰਭਾਵਨਾ ਹੈ ਜਦਕਿ ਪਿਛਲੇ ਸਾਲ ਵੀ ਕਣਕ ਹੇਠ ਏਨਾ ਹੀ ਰਕਬਾ ਸੀ ਪਰੰਤੂ ਜ਼ਿਲ੍ਹੇ ਵਿਚ ਕਣਕ ਦੀ ਪੈਦਾਵਾਰ 8,37,000 ਮੀਟ੍ਰਿਕ ਟਨ ਹੋਈ ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕਣਕ ਦੀ
ਖ਼ਰੀਦ ਦਾ ਕੰਮ 1 ਅਪ੍ਰੈਲ ਤੋਂ ਸ਼ੁਰੂ ਕਰ ਦਿੱਤਾ ਜਾਵੇਗਾ ਜਿਸ ਵਾਸਤੇ ਲੋੜੀਂਦੇ ਪ੍ਰਬੰਧ 31 ਮਾਰਚ ਤੱਕ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਵਾਸਤੇ 79 ਖ਼ਰੀਦ ਕੇਂਦਰ ਬਣਾਏ ਗਏ ਹਨ। ਕਣਕ ਦੀ ਖ਼ਰੀਦ ਲਈ ਵੱਖ-ਵੱਖ ਮੰਡੀਆਂ ਵੱਖ-ਵੱਖ ਖ਼ਰੀਦ ਏਜੰਸੀਆਂ ਨੂੰ ਅਲਾਟ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਪਨਗਰੇਨ, ਮਾਰਕਫੈਡ, ਪਨਸਪ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ, ਪੰਜਾਬ ਐਗਰੋ, ਫੂਡ ਕਾਰਪੋਰੇਸ਼ਨ ਆਫ ਇੰਡੀਆ ਅਤੇ ਹੋਰਨਾਂ ਵੱਖ-ਵੱਖ ਏਜੰਸੀਆਂ ਵੱਲੋਂ ਆਪਣੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਤਾਇਨਾਤੀ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਲਈ ਬਾਰਦਾਨੇ ਦੇ ਢੁਕਵੇਂ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਕਣਕ ਦੀ ਖ਼ਰੀਦ 50 ਕਿਲੋ ਬਾਰਦਾਨੇ ਦੇ ਥੈਲਿਆਂ ਵਿਚ ਕੀਤੀ ਜਾਵੇਗੀ ਅਤੇ 40 ਹਜ਼ਾਰ ਟਨ ਕਣਕ ਆਟਾ-ਦਾਲ ਸਕੀਮ ਅਧੀਨ ਖ਼ਰੀਦੀ ਜਾਵੇਗੀ ਜਿਸ ਵਾਸਤੇ ਪਲਾਸਟਿਕ ਦੇ ਥੈਲਿਆਂ ਦੀਆਂ 2,000 ਗੱਠਾਂ ਜ਼ਿਲ੍ਹੇ ਨੂੰ ਪ੍ਰਾਪਤ ਹੋਣਗੀਆਂ।