ਚੰਡੀਗੜ੍ਹ, 11 ਅਪ੍ਰੈਲ (ਪੀ.ਟੀ.)- ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਮੂਹ 10 ਨਗਰ ਨਿਗਮਾਂ ਦੇ ਮੇਅਰਾਂ, ਡਿਪਟੀ ਮੇਅਰਾਂ ਤੇ ਕੌਂਸਲਰਾਂ ਦੇ ਭੱਤਿਆਂ ਵਿੱਚ ਵਾਧਾ ਕੀਤਾ ਗਿਆ ਹੈ। ਇਹ ਜਾਣਕਾਰੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।
ਸ੍ਰੀ ਜੋਸ਼ੀ ਨੇ ਕਿਹਾ ਕਿ ਵਿਭਾਗ ਵੱਲੋਂ ਸਾਰੀਆਂ 10 ਨਗਰ ਨਿਗਮਾਂ ਦੇ ਮੇਅਰਾਂ, ਸੀਨੀਅਰ ਡਿਪਟੀ ਮੇਅਰਾਂ, ਡਿਪਟੀ ਮੇਅਰਾਂ ਤੇ ਕੌਂਸਲਰਾਂ ਦੇ ਭੱਤਿਆਂ ਵਿੱਚ ਵਾਧਾ ਕਰਨ ਦੀ ਤਜਵੀਜ਼ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਵਾਧਾ ਡੇਢ ਗੁਣਾ ਕੀਤਾ ਗਿਆ ਹੈ। ਭੱਤਿਆਂ ਵਿੱਚ ਕੀਤੇ ਵਾਧੇ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੇਅਰ ਦਾ ਮਾਣ ਭੇਟਾ 20 ਹਜ਼ਾਰ ਰੁਪਏ ਤੋਂ ਵਧਾ ਕੇ 30 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤਾ ਗਿਆ ਹੈ। ਇਸੇ ਤਰ੍ਹਾਂ ਸੀਨੀਅਰ ਡਿਪਟੀ ਮੇਅਰ ਦਾ ਮਾਣ ਭੇਟਾ 16 ਹਜ਼ਾਰ ਰੁਪਏ ਤੋਂ ਵਧਾ ਕੇ 24 ਹਜ਼ਾਰ ਰੁਪਏ ਅਤੇ ਡਿਪਟੀ ਮੇਅਰ ਦਾ ਮਾਣ ਭੇਟਾ 12,500 ਰੁਪਏ ਤੋਂ ਵਧਾ ਕੇ 18,725 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਹਲਕਾ ਭੱਤਿਆਂ ਵਿੱਚ ਵਾਧਾ ਕਰਦਿਆਂ 10 ਹਜ਼ਾਰ ਰੁਪਏ ਤੋਂ ਵਧਾ ਕੇ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤੇ ਹਨ। ਇਸੇ ਤਰ੍ਹਾਂ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਟੈਲੀਫੋਨ ਭੱਤੇ 2 ਹਜ਼ਾਰ ਰੁਪਏ ਤੋਂ ਵਧਾ ਕੇ 3 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤੇ ਹਨ। ਕੌਂਸਲਰਾਂ ਦੇ ਭੱਤਿਆਂ ਵਿੱਚ ਕੀਤੇ ਵਾਧੇ ਬਾਰੇ ਦੱਸਦਿਆਂ ਸ੍ਰੀ ਜੋਸ਼ੀ ਨੇ ਕਿਹਾ ਕਿ ਸਮੂਹ ਨਗਰ ਨਿਗਮਾਂ ਦੇ ਕੌਂਸਲਰਾਂ ਦੇ ਹਲਕਾ ਭੱਤੇ 10 ਹਜ਼ਾਰ ਰੁਪਏ ਤੋਂ ਵਧਾ ਕੇ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਅਤੇ ਟੈਲੀਫੋਨ ਭੱਤੇ 2 ਹਜ਼ਾਰ ਰੁਪਏ ਤੋਂ ਵਧਾ ਕੇ 3 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਭੱਤਿਆਂ ਵਿੱਚ ਵਾਧਾ ਸਾਰੀਆਂ ਨਗਰ ਨਿਗਮਾਂ ਵਿੱਚ ਲਾਗੂ ਹੋਵੇਗਾ।