April 26, 2026 3:44 am

ਹਰਿਆਣਾ ਸਰਕਾਰ ਵੱਲੋਂ ਬਾਹਰਲੇ ਸੂਬੇ ਦੇ ਕਿਸਾਨਾਂ ਤੋਂ ਕਣਕ ਦੀ ਖ਼ਰੀਦ ’ਤੇ ਲਾਈ ਰੋਕ ਕਾਰਨ ਸਰਹੱਦੀ ਖੇਤਰਾਂ ਦੇ ਕਿਸਾਨ ਨਿਰਾਸ਼ਾ ਦੇ ਆਲਮ ’ਚ

ਮੂਨਕ, 27 ਅਪ੍ਰੈਲ- ਪੰਜਾਬ ਨਾਲ ਲੱਗਦੇ ਸੂਬੇ ਹਰਿਆਣਾ ਵਿੱਚ ਬਾਹਰਲੇ ਰਾਜਾਂ ਤੋਂ ਆਉਣ ਵਾਲੀ ਕਣਕ ਦੀ ਫ਼ਸਲ ’ਤੇ ਰੋਕ ਲਗਾ ਦਿੱਤੀ ਗਈ ਹੈ, ਜਿਸ ਕਾਰਨ  ਹਰਿਆਣਾ ਦੀਆਂ ਮੰਡੀਆਂ ਜਾਖਲ, ਟੋਹਾਣਾ, ਰਤੀਆ, ਕੁਲਾਂ ਆਦਿ ਨਾਲ ਲੱਗਦੇ ਪੰਜਾਬ ਦੇ ਪਿੰਡਾਂ ਦੇ ਵਸਨੀਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਇਸ ਇਲਾਕੇ ਦੇ ਦਰਜਨਾਂ ਪਿੰਡ ਅਜਿਹੇ ਹਨ ਜੋ ਕਿ ਕਿਸੇ ਨਾ ਕਿਸੇ ਤਰੀਕੇ ਨਾਲ ਹਰਿਆਣੇ ਦੀਆਂ ਉਪਰੋਕਤ ਮੰਡੀਆਂ ਨਾਲ ਜੁੜੇ ਹੋਏ ਹਨ। ਜੀਵਨ ਦੀਆਂ ਹਰ ਤਰ੍ਹਾਂ ਦੀਆਂ ਰੋਜ਼ਾਨਾ ਲੋੜਾਂ ਲਈ ਕਿਸਾਨਾਂ ਨੂੰ ਇਨ੍ਹਾਂ ਮੰਡੀਆਂ ਵਿੱਚ ਜਾਣਾ ਪੈਂਦਾ

ਹੈ। ਦੂਜਾ ਪੰਜਾਬ ਵਿੱਚ ਕਣਕ ਦੀ ਹੋ ਰਹੀ ਖ਼ਰੀਦ ਦੇ ਮਾੜੇ ਪ੍ਰਬੰਧਾਂ ਦੇ ਚੱਲਦਿਆਂ ਅਤੇ ਪੰਜਾਬ ਦੇ ਮੁਕਾਬਲੇ ਹਰਿਆਣੇ ਦੀਆਂ ਮੰਡੀਆਂ ਵਿੱਚ ਕੇਂਦਰ ਵੱਲੋਂ ਕਣਕ ਦੀ ਕੁਆਲਟੀ ਵਿੱਚ ਦਿੱਤੀ ਛੋਟ ਕਾਰਨ ਪੰਜਾਬ ਦੇ ਕਿਸਾਨ ਹਰਿਆਣਾ ਦੀਆਂ ਮੰਡੀਆਂ ਵਿੱਚ ਫ਼ਸਲ ਵੇਚਣ ਨੂੰ ਤਰਜੀਹ ਦੇਣ ਲੱਗੇ ਸਨ। ਹੁਣ ਹਰਿਆਣਾ ਸਰਕਾਰ ਵੱਲੋਂ ਪਾਬੰਦੀ ਲਗਾਉਣ ਕਾਰਨ ਕਿਸਾਨਾਂ ਵਿੱਚ ਨਿਰਾਸ਼ਾ ਦਾ ਆਲਮ ਛਾਇਆ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਹਲਕਾ ਦਿੜ੍ਹਬਾ ਦੇ ਪ੍ਰਧਾਨ ਮਲਕੀਤ ਸਿੰਘ ਖੇਤਲਾ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਹਰਿਆਣਾ ਸਰਕਾਰ ਨਾਲ ਗੱਲਬਾਤ ਕਰਕੇ ਇਸ ਰੋਕ ਨੂੰ ਹਟਾਉਣ ਲਈ ਕਦਮ ਚੁੱਕਣ, ਤਾਂ ਜੋ ਕਿਸਾਨਾਂ ਨੂੰ ਪ੍ਰੇਸ਼ਾਨੀ ਤੋਂ ਨਿਜਾਤ ਮਿਲ ਸਕੇ।

Send this to a friend