April 26, 2026 2:20 am

ਮੁੱਖ ਮੰਤਰੀ ਨੇ ਮੰਡੀਆਂ ਵਿੱਚੋਂ ਕਿਸਾਨਾਂ ਦਾ ਇੱਕ-ਇੱਕ ਦਾਣਾ ਚੁੱਕਣ ਲਈ ਵਚਨਬੱਧਤਾ ਦੁਹਰਾਈ

ਚੰਡੀਗੜ੍ਹ, 27 ਅਪ੍ਰੈਲ (ਪੀ. ਟੀ.)- ਮੰਡੀਆਂ ਵਿਚੋਂ ਕਿਸਾਨਾਂ ਦਾ ਇੱਕ-ਇੱਕ ਦਾਣਾ ਚੁੱਕੇ ਜਾਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸੂਬਾ ਸਰਕਾਰ ਦੇ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਅਤੇ ਚੁਕਾਈ ਨੂੰ ਬਿਨ੍ਹਾਂ ਕਿਸੇ ਅੜਚਨ, ਸਮੇਂ ਸਿਰ ਅਤੇ ਨਿਰਵਿਘਨ ਯਕੀਨੀ ਬਣਾਉਣ ਲਈ ਆਪਣੀਆਂ ਸਾਰੀਆਂ ਕੋਸ਼ਿਸ਼ਾਂ ਕਰਨ ਲਈ ਆਖਿਆ ਹੈ। ਅੱਜ ਸਵੇਰੇ ਆਪਣੇ ਦਫ਼ਤਰ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸੱਦੀ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸ. ਬਾਦਲ ਨੇ ਅਧਿਕਾਰੀਆਂ ਦੇ ਨਾਲ ਕਣਕ ਦੀ ਖਰੀਦ, ਨਮੀ, ਕਣਕ ਦੀ ਸਫਾਈ, ਦਾਣੇ ਦੀ ਖਰਾਬੀ ਅਤੇ ਭੁਗਤਾਨ ਵਰਗੇ ਮੁੱਦਿਆਂ ਉਤੇ ਵਿਸਤਰਤ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਸੂਬਾ ਸਰਕਾਰ ਦੇ ਅਧਿਕਾਰੀਆਂ ਖਾਸ ਕਰ

ਸੂਬੇ ਦੀਆਂ ਖਰੀਦ ਏਜੰਸੀਆਂ ਦੇ ਪ੍ਰਬੰਧਕੀ ਡਾਇਰੈਕਟਰਾਂ ਨੂੰ ਇੱਕ-ਇੱਕ ਮੰਡੀ ਦਾ ਨਿੱਜੀ ਤੌਰ ’ਤੇ ਦੌਰਾ ਕਰਨ ਅਤੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਢੁਕਵਾਂ ਹੱਲ ਕੱਢਣ ਲਈ ਆਖਿਆ ਤਾਂ ਜੋ ਮੰਡੀਆਂ ਵਿਚ ਕਣਕ ਦੀ ਖਰੀਦ ਅਤੇ ਚੁਕਾਈ ਨੂੰ ਬਿਨ੍ਹਾਂ ਕਿਸੇ ਅੜਚਨ ਤੋਂ ਸਹੀ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ।
ਮੀਟਿੰਗ ਦੌਰਾਨ ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੇ ਪਹਿਲਾਂ ਹੀ ਮੌਜੂਦਾ ਮੰਡੀ ਸੀਜ਼ਨ ਵਾਸਤੇ ਕਣਕ ਖਰੀਦ ਨੀਤੀ ਜਾਰੀ ਕਰ ਦਿੱਤੀ ਹੈ। ਕਣਕ ਰੱਖਣ ਲਈ ਲੋੜੀਂਦੀ ਥਾਂ ਅਤੇ ਹੋਰ ਵਸਤਾਂ ਦਾ ਪ੍ਰਬੰਧ ਕਰ ਲਿਆ ਹੈ ਅਤੇ ਖਰੀਦ ਕੇਂਦਰਾਂ ਦਾ ਨੈਟਵਰਕ ਪੰਜਾਬ ਮੰਡੀ ਬੋਰਡ ਵਲੋਂ ਨੋਟੀਫਾਈ ਕੀਤਾ ਗਿਆ ਹੈ। 6 ਖਰੀਦ ਏਜੰਸੀਆਂ ਨੂੰ ਆਪਣੀਆਂ ਮੰਡੀਆਂ ਅਲਾਟ ਕਰ ਦਿੱਤੀਆਂ ਗਈਆਂ ਹਨ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਕੁਝ ਕੁ ਮੰਡੀਆਂ ਨੂੰ ਛੱਡ ਕੇ ਬਾਕੀ ਥਾਵਾਂ ’ਤੇ ਖਰੀਦ ਸਹੀ ਢੰਗ ਨਾਲ ਚਲ ਰਹੀ ਹੈ ਅਤੇ ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨੂੰ ਵੀ ਤੇਜ਼ ਕੀਤਾ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ. ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਮੰਡੀਆਂ ਵਿਚ ਕਣਕ ਦੀ ਚਲ ਰਹੀ ਖਰੀਦ ਬਾਰੇ ਮੁੱਖ ਮੰਤਰੀ ਨੂੰ ਵਿਸਥਾਰ ਵਿਚ ਜਾਣੂ ਕਰਵਾਇਆ।

Send this to a friend