ਅੰਮ੍ਰਿਤਸਰ- ਆਪ੍ਰੇਸ਼ਨ ਬਲਿਊ ਸਟਾਰ ਦੇ ਬਰਸੀ ਸਮਾਗਮ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਰਿਕਰਮਾ ਵਿਖੇ ਗਰਮ ਖਿਆਲੀ ਜਥੇਬੰਦੀਆਂ ਦੇ ਕਾਰਕੁਨਾਂ ਤੇ ਐਸਜੀਪੀਸੀ ਦੀ ਟਾਸਕ ਫੋਰਸ ਵਿਚਕਾਰ ਇੱਕ ਝੜਪ ਹੋਈ ਜਿਸ ’ਚ 6 ਵਿਅਕਤੀ ਜ਼ਖਮੀ ਹੋ ਗਏ।ਇਨ੍ਹਾਂ ਜ਼ਖਮੀਆਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।ਅੱਜ ਬਰਸੀ ਸਮਾਗਮ ਪੂਰੀ ਤਰ੍ਹਾਂ ਸ਼ਾਂਤਮਈ ਰਿਹਾ ਪਰ ਬਾਅਦ ’ਚ ਗਰਮਖਿਆਲੀ ਜਥੇਬੰਦੀਆਂ ਵੱਲੋਂ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਾਏ ਗਏ ਜਿਸ ਕਰਕੇ ਹੀ ਇਹ ਝੜਪ ਹੋਈ।ਐਸਜੀਪੀਸੀ ਦੇ ਵਧੀਕ ਸਕੱਤਰ ਦਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਕੁਝ ਨੌਜਵਾਨ ਸਵੇਰ ਤੋਂ ਲਗਾਤਾਰ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਹਥਿਆਰਾਂ ਸਮੇਤ ਘੁੰਮ ਰਹੇ ਸਨ ਅਤੇ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਗਾ ਰਹੇ ਸਨ।
ਇਨ੍ਹਾਂ ਨੂੰ ਐਸਜੀਪੀਸੀ ਦੀ ਟਾਸਕ ਫੋਰਸ ਵਲੋਂ ਬਾਹਰ ਜਾਣ ਲਈ ਕਿਹਾ ਗਿਆ ਤਾਂ ਉਨ੍ਹਾਂ ਨੇ ਐਸਜੀਪੀਸੀ ਮੁਲਾਜ਼ਮਾਂ ਨਾਲ ਵੀ ਬਦਸਲੂਕੀ ਕੀਤੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਓਥੋਂ ਬਾਹਰ ਕੱਢਣ ਲਈ ਮੁਲਾਜ਼ਮਾਂ ਨੇ ਬਲ ਪ੍ਰਯੋਗ ਕੀਤਾ।ਇਸ ਤੋਂ ਬਾਅਦ ਦੋਹਾਂ ਧਿਰਾਂ ਵਿੱਚ ਝੜਪ ਹੋਈ ਜਿਸ ਵਿੱਚ 6 ਵਿਅਕਤੀ ਜ਼ਖਮੀ ਹੋ ਗਏ।



