ਸ੍ਰੀ ਅਨੰਦਪੁਰ ਸਾਹਿਬ- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਲੜਕੀਆਂ ਨਾਲ ਲਿੰਗ ਦੇ ਆਧਾਰ ’ਤੇ ਵਿਤਕਰਾ ਬੰਦ ਕਰ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਗੁਰੂ ਸਾਹਿਬਾਨਾਂ ਵਲੋਂ ਦਿੱਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਅਨੁਸਾਰ ਲੜਕੀਆਂ ਨੂੰ ਬਰਾਬਰ ਦਾ ਹੱਕ ਦੇਣਾ ਚਾਹੀਦਾ ਹੈ। ਅੱਜ ਇੱਥੇ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਮੌਕੇ ਮਾਤਾ ਨਾਨਕੀ ਇਸਤਰੀ ਗੁਰਮਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਸਤਰੀਆਂ ਸਮਾਜ ਦੀਆਂ ਸਿਰਜਕ ਹਨ ਅਤੇ ਵਰਤਮਾਨ ਸਮੇਂ ਔਰਤਾਂ ਨੂੰ ਆਪਣੀ ਭੂਮਿਕਾ ਦੀ ਪਛਾਣ ਕਰਦਿਆਂ ਸਮਾਜਿਕ ਕੁਰੀਤੀਆਂ ਵਿਰੁੱਧ ਉ¤ਠ ਖੜਨਾ ਚਾਹੀਦਾ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਬੇਬੇ ਨਾਨਕੀ ਜੀ, ਮਾਤਾ
ਖੀਵੀ ਜੀ, ਬੀਬੀ ਭਾਨੀ ਜੀ, ਮਾਤਾ ਗੁਜ਼ਰੀ ਜੀ, ਮਾਤਾ ਸੁੰਦਰੀ ਜੀ ਤੇ ਮਾਈ ਭਾਗੋ ਜੀ ਨੇ ਆਪੋ ਆਪਣੇ ਜੀਵਨ ਕਾਲ ਦੌਰਾਨ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਮੋਹਰੀ ਭੂਮਿਕਾ ਨਿਭਾਈ ਅਤੇ ਸਾਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸਮਾਜ ਦੀ ਭਲਾਈ ਵਿਚ ਆਪਣਾ ਰੋਲ ਨਿਭਾਉਣਾ ਚਾਹੀਦਾ ਹੈ।
ਸ੍ਰੀਮਤੀ ਬਾਦਲ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਨੂੰ ਸਜਦਾ ਕਰਦਿਆਂ ਕਿਹਾ ਕਿ ਇਹ ਧਰਤੀ ਸਮਾਜਿਕ ਤੇ ਰਾਜਨੀਤਕ ਬਦਲਾਅ ਦੀ ਗਵਾਹ ਰਹੀ ਹੈ ਅਤੇ ਇੱਥੋਂ ਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵਿਸਾਖੀ ਵਾਲੇ ਦਿਨ ਸੰਨ 1699 ਨੂੰ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ । ਸਮਾਗਮ ਦੌਰਾਨ ਵਿਸ਼ਵ ਦੇ ਕੋਨੇ-ਕੋਨੇ ਤੋਂ ਆਈ ਸੰਗਤ ਨੂੰ ਜੀ ਆਇਆਂ ਕਹਿੰਦਿਆਂ ਸ੍ਰੀਮਤੀ ਬਾਦਲ ਨੇ ਕਿਹਾ ਕਿ ਸਾਡੇ ਗੁਰੂ ਸਾਹਿਬਾਨਾਂ ਨੇ ਅਣਗਿਣਤ ਕੁਰਬਾਨੀਆਂ ਦੇ ਜਬਰ -ਜੁਲਮ ਦਾ ਟਾਕਰਾ ਕੀਤਾ ਅਤੇ ਹੁਣ ਸਾਨੂੰ ਗੁਰੂ ਸਾਹਿਬਾਨ ਜੀ ਵਲੋਂ ਦਿੱਤੇ ਫਲਸਫੇ ਅਨੁਸਾਰ ਜੀਵਨ ਜਿਊਣਾ ਚਾਹੀਦਾ ਹੈ। ਉਨ੍ਹਾਂ ਨੇ ਇਸ ਇਤਿਹਾਸਕ ਸਮਾਗਮ ਨੂੰ ਵੱਡੀ ਪੱਧਰ ’ਤੇ ਮਨਾਉਣ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੂੰ ਸਿਰੋਪਾਓ ਨਾਲ ਵੀ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਮੁੱਖ ਤੌਰ ’ਤੇ ਮੁੱਖ ਸੰਸਦੀ ਸਕੱਤਰ ਫਰਜ਼ਾਨਾ ਆਲਮ, ਵਿਧਾਇਕ ਵਨਿੰਦਰ ਕੌਰ ਲੂੰਬਾ, ਹਰਪ੍ਰੀਤ ਕੌਰ ਮੁਖਮੈਲਪੁਰ , ਸਾਬਕਾ ਸਾਂਸਦ ਬੀਬੀ ਪਰਮਜੀਤ ਕੌਰ ਗੁਲਸ਼ਨ , ਪੰਜਾਬ ਪੰਜਾਬ ਰਾਜ ਵੂਮੈਨ ਕਮਿਸ਼ਨ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ ਲਾਂਡਰਾ, ਬੀਬੀ ਅਮਨਜੌਤ ਕੌਰ ਰਾਮੁੂਵਾਲੀਆ ਚੇਅਰਪਰਸਨ ਜਿਲ੍ਹਾ ਯੋਜਨਾ ਬੋਰਡ , ਮੁਹਾਲੀ, ਬੀਬੀ ਵੀਰਪਾਲ ਕੌਰ ਤਰਮਾਲਾ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ, ਸਾਬਕਾ ਮੇਅਰ ਬੀਬੀ ਹਰਜਿੰਦਰ ਕੌਰ, ਇਸਤਰੀ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਬੀਬੀ ਗੁਰਦੇਵ ਕੌਰ ਸੰਘਾ ਅਤੇ ਬੀਬੀ ਰਾਜਿਵੰਦਰ ਕੌਰ , ਮੰਜੂ ਕੁਰੈਸ਼ੀ ਤੇ ਬੀਬੀ ਸਤਬੀਰ ਕੌਰ ਮਨਹੇੜਾ ਸ਼ਾਮਿਲ ਸਨ।



