Skip to content
Independent perspectives. Global stories.
BREAKING

ਬਾਦਲ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਕੌਮੀ ਪੱਧਰ ’ਤੇ ਮਨਾਉਣ ਦੀ ਲੋੜ ’ਤੇ ਜ਼ੋਰ

Share this story

ਮਾਤਾ ਨਾਨਕੀ ਗੁਰਮਤਿ ਸੰਮੇਲਨ ਕਰਵਾਉਣ ਲਈ ਬੀਬੀ ਜਗੀਰ ਕੌਰ ਦੀ ਪ੍ਰਸੰਸਾ
ਸ੍ਰੀ ਅਨੰਦਪੁਰ ਸਾਹਿਬ, 17 ਜੂਨ- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਇੱਥੇ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਕੌਮੀ ਪੱਧਰ ’ਤੇ ਮਨਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਭਾਈਚਾਰਕ ਸਾਂਝ ਅਤੇ ਧਰਮ ਨਿਰਪੱਖਤਾ ਨੂੰ ਬਲ ਮਿਲੇਗਾ।ਸ੍ਰੀ ਅਨੰਦਪੁਰ ਸਾਹਿਬ ਦੇ 350ਵੇਂ ਸਥਾਪਨਾ ਦਿਵਸ ਸਬੰਧੀ ਸ਼ੁਰੂ ਹੋਏ ਤਿੰਨ ਰੋਜ਼ਾ ਸਮਾਗਮਾਂ ਦੇ ਪਹਿਲੇ ਦਿਨ ਮਾਤਾ ਨਾਨਕੀ ਗੁਰਮਤਿ ਸੰਮੇਲਨ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਵੱਲੋਂ ਸਥਾਪਿਤ ਇਹ ਪਵਿੱਤਰ ਸਥਾਨ ਆਪਸੀ ਸਾਂਝ ਅਤੇ ਧਰਮ ਨਿਰਪੱਖਤਾ ਦਾ ਧੁਰਾ ਹੈ ਕਿਉਂਕਿ ਗੁਰੂ ਜੀ ਨੇ ਆਪਣਾ ਸਮੁੱਚਾ ਜੀਵਨ ਦੇਸ਼ ਅੰਦਰ ਮਨੁੱਖੀ ਅਧਿਕਾਰਾਂ ਦੀ ਰਾਖੀ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਕੌਮੀ ਪੱਧਰ ’ਤੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਉਣਾ ਨਾ ਸਿਰਫ਼ ਮਹਾਨ ਸਿੱਖ ਗੁਰੂ ਜੀ ਨੂੰ ਨਿੱਘੀ ਸ਼ਰਧਾਂਜਲੀ ਹੋਵੇਗੀ ਸਗੋਂ ਲੋਕਾਂ ਵਿੱਚ ਆਪਸੀ ਭਾਈਚਾਰੇ ਦੀ ਹੋਰ ਮਜ਼ਬੂਤੀ ਲਈ ਕਾਰਗਾਰ ਸਿੱਧ ਹੋਵੇਗੀ।

ਸ੍ਰੀ ਅਨੰਦਪੁਰ ਸਾਹਿਬ ਦੀ ਸਥਾਪਨਾ ਨੂੰ ਭਾਰਤੀ ਇਤਿਹਾਸ ਦੇ ਪੰਨਿਆਂ ’ਚ ਕ੍ਰਾਂਤੀਕਾਰੀ ਕਦਮ ਦੱਸਦਿਆਂ ਸ. ਬਾਦਲ ਨੇ ਕਿਹਾ ਕਿ ਇਸ ਪਵਿੱਤਰ ਧਰਤੀ ’ਤੇ ਸਮਾਜਿਕ ਏਕਤਾ ਅਤੇ ਧਰਮ ਨਿਰਪੱਖਤਾ ਦਾ ਮੁੱਢ ਬੰਨ੍ਹਿਆ ਗਿਆ ਸੀ ਅਤੇ ਨਾਲ ਹੀ ਇਸੇ ਪਵਿੱਤਰ ਥਾਂ ’ਤੇ ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਿਰਜਣਾ ਕੀਤੀ ਸੀ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਇਸ ਨਿਵੇਕਲੀ ਪਹਿਲਕਦਮੀ ਨੇ ਜਾਤ-ਪਾਤ ਰਹਿਤ ਅਤੇ ਧਰਮ ਨਿਰਪੱਖ ਸਮਾਜ ਲਈ ਨਵੇਂ ਮੀਲ ਪੱਥਰ ਸਥਾਪਤ ਕੀਤੇ।
ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੀ ਅਮੀਰ ਵਿਰਾਸਤ ਦੀ ਸਾਂਭ ਸੰਭਾਲ ਲਈ ਲਾਮਿਸਾਲ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਮਕਸਦ ਲਈ 1000 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਜਿਸ ਤਹਿਤ ਮਹੱਤਵਪੂਰਨ ਯਾਦਗਾਰਾਂ ਦੀ ਉਸਾਰੀ ਕੀਤੀ ਗਈ ਹੈ ਜਿਨ੍ਹਾਂ ਵਿੱਚ ਵਿਰਾਸਤ-ਏ-ਖਾਲਸਾ, ਬਾਬਾ ਬੰਦਾ ਸਿੰਘ ਬਹਾਦਰ ਜੰਗ-ਏ-ਆਜ਼ਾਦੀ ਯਾਦਗਾਰ, ਛੋਟਾ ਘੱਲੂਘਾਰਾ ਅਤੇ ਵੱਡਾ ਘੱਲੂਘਾਰਾ ਤੋਂ ਇਲਾਵਾ ਕਈ ਵਿਰਾਸਤੀ ਪ੍ਰੋਜੈਕਟ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜੰਗ-ਏ-ਆਜ਼ਾਦੀ ਵਾਰ ਹੀਰੋਜ਼ ਯਾਦਗਾਰ ਅਤੇ ਮਿਊਜ਼ੀਅਮ, ਬਾਬਾ ਜੀਵਨ ਸਿੰਘ ਮੈਮੋਰੀਅਲ, ਸ਼੍ਰੀ ਗੁਰੂ ਰਵਿਦਾਸ ਮੈਮੋਰੀਅਲ ਅਤੇ ਕਈ ਹੋਰ ਵਿਰਾਸਤੀ ਪ੍ਰੋਜੈਕਟ ਉਸਾਰੀ ਅਧੀਨ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਯਾਦਗਾਰਾਂ ਦੀ ਉਸਾਰੀ ਦਾ ਇਕੋ ਇੱਕ ਮਕਸਦ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਅਮੀਰ ਵਿਰਸੇ ਅਤੇ ਇਤਿਹਾਸਕ ਵਿਰਾਸਤਾਂ ਤੋਂ ਜਾਣੂ ਕਰਵਾਉਣਾ ਹੈ।
ਦੇਸ਼ ਦੀ ਆਜ਼ਾਦੀ ਅਤੇ ਹੋਰਨਾਂ ਸੰਘਰਸ਼ਾਂ ਵਿੱਚ ਪੰਜਾਬ ਵੱਲੋਂ ਪਾਏ ਗਏ ਅਥਾਹ ਯੋਗਦਾਨ ਦੀ ਗੱਲ ਕਰਦਿਆਂ ਸ. ਬਾਦਲ ਨੇ ਕਿਹਾ ਕਿ ਮੁੱਢ ਤੋਂ ਹੀ ਪੰਜਾਬ ਦੇਸ਼ ਦੇ ਵੱਖ-ਵੱਖ ਸੰਘਰਸ਼ਾਂ ਵਿੱਚ ਮੋਹਰੀ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਆਜ਼ਾਦੀ ਦੀ ਲੜਾਈ ਹੋਵੇ, ਭਾਵੇਂ ਸਰਹੱਦਾਂ ਦੀ ਸੁਰੱਖਿਆ ਪੰਜਾਬ ਨੇ ਹਮੇਸ਼ਾ ਹੀ ਮਿਸਾਲੀ ਭੂਮਿਕਾ ਨਿਭਾਈ ਹੈ।
ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ 350 ਸਾਲਾ ਸਥਾਪਨਾ ਦਿਵਸ ਦੇ ਉਦਘਾਟਨੀ ਸਮਾਰੋਹ ਦੌਰਾਨ ਮਾਤਾ ਨਾਨਕੀ ਗੁਰਮਤਿ ਸੰਮੇਲਨ ਕਰਵਾਉਣ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਸਤਰੀ ਅਕਾਲੀ ਦਲ ਵੱਲੋ ਸਮੇਂ-ਸਮਂੇ ਔਰਤਾਂ ਦੇ ਹਿੱਤਾ ਦੀ ਰਾਖੀ ਲਈ ਵਿਸ਼ੇਸ ਯਤਨ ਕੀਤੇ ਗਏ ਹਨ। ਉਨਾਂ ਕਿਹਾ ਕਿ ਔਰਤ ਦਾ ਸਮਾਜ ਵਿਚ ਅਹਿਮ ਸਥਾਨ ਹੈ ਅਤੇ ਗੁਰੂ ਸਾਹਿਬਾਨ ਨੇ ਔਰਤਾਂ ਨੂੰ ਬਰਾਬਰਤਾ ਅਤੇ ਪੂਰਾ ਮਾਣ ਸਤਿਕਾਰ ਦਿੱਤਾ ਹੈ। ਉਨ੍ਹਾਂ ਔਰਤਾਂ ਨੂੰ ਸੱਦਾ ਦਿੱਤਾ ਕਿ ਸੂਬੇ ਵਿੱਚੋਂ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਲਈ ਆਪਣਾ ਭਰਪੂਰ ਯੋਗਦਾਨ ਪਾਉਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਫੂਡ ਪ੍ਰੋਸੈਸਿੰਗ ਮੰਤਰੀ ਭਾਰਤ ਸਰਕਾਰ, ਸ੍ਰੀ ਸੁਖਦੇਵ ਸਿੰਘ ਢੀਂਡਸਾ ਰਾਜ ਸਭਾ ਮੈਂਬਰ, ਸ੍ਰੀ ਬਲਵਿੰਦਰ ਸਿੰਘ ਭੂੰਦੜ ਰਾਜ ਸਭਾ ਮੈਂਬਰ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਲੋਕ ਸਭਾ ਮੈਂਬਰ, ਬਾਬਾ ਹਰਨਾਮ ਸਿੰਘ ਖਾਲਸਾ, ਸ੍ਰੀ ਦਲਜੀਤ ਸਿੰਘ ਚੀਮਾ ਸਿੱਖਿਆ ਮੰਤਰੀ ਪੰਜਾਬ, ਸ੍ਰੀ ਮਹੇਸ਼ਇੰਦਰ ਸਿੰਘ ਗਰੇਵਾਲ ਸਲਾਹਕਾਰ ਮੁੱਖ ਮੰਤਰੀ ਪੰਜਾਬ, ਸ੍ਰੀ ਪਵਨ ਟੀਨੂੰ ਮੁੱਖ ਸੰਸਦੀ ਸਕੱਤਰ, ਸ੍ਰੀ ਨੰਦ ਲਾਲ ਗੁੱਜਰ ਅਤੇ ਸ੍ਰੀਮਤੀ ਫਰਜਾਨਾ ਆਲਮ, ਸ੍ਰੀ ਐਸ.ਆਰ ਕਲੇਰ ਵਿਧਾਇਕ, ਸੇਵਾ ਮੁਕਤ ਜੱਜ ਨਿਰਮਲ ਸਿੰਘ, ਸ੍ਰੀਮਤੀ ਵਨਿੰਦਰ ਕੌਰ ਲੂੰਬਾ, ਸ਼੍ਰੀਮਤੀ ਹਰਪ੍ਰੀਤ ਕੌਰ ਮੁਖਮੇਲਪੁਰ ਅਤੇ ਸ੍ਰੀ ਬਲਜੀਤ ਸਿੰਘ ਜਲਾਲਉਸਮਾ ਵਿਧਾਇਕ, ਸ੍ਰੀ ਹੀਰਾ ਸਿੰਘ ਗਾਬੜੀਆ ਸਾਬਕਾ ਮੰਤਰੀ, ਬੀਬੀ ਪਰਮਜੀਤ ਕੌਰ ਗੁਲਸ਼ਨ, ਬੀਬੀ ਪਰਮਜੀਤ ਕੌਰ ਲਾਂਡਰਾਂ, ਬੀਬੀ ਗੁਰਦੇਵ ਕੌਰ ਸੰਘਾ, ਬੀਬੀ ਰਾਜਵਿੰਦਰ ਕੌਰ ਤੇ ਵਿਸ਼ੇਸ ਪ੍ਰਮੁੱਖ ਸਕੱਤਰ ਸ੍ਰੀ ਕੇ.ਜੇ.ਐਸ ਚੀਮਾ ਹਾਜ਼ਰ ਸਨ।

WRITTEN BY