Skip to content
Independent perspectives. Global stories.
BREAKING

ਸ਼੍ਰੋਮਣੀ ਅਕਾਲੀ ਦਲ ਨੇ ਭੂਮੀ ਗ੍ਰਹਿਣ ਬਿੱਲ ਬਾਰੇ ਸਾਂਝੀ ਸੰਸਦੀ ਕਮੇਟੀ ਕੋਲ ਆਪਣਾ ਪੱਖ ਸਪੱਸ਼ਟ ਕੀਤਾ : ਬਾਦਲ

Share this story

parksah ਫਤਹਿਗੜ੍ਹ ਰਾਜਪੂਤਾਂ (ਅੰਮ੍ਰਿਤਸਰ), 4 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਭਰ ਦੇ ਕਿਸਾਨਾਂ ਦੇ ਹਿੱਤਾਂ ਦੀ ਸੁਰੱਖਿਆ ਲਈ ਸ਼੍ਰੋਮਣੀ ਅਕਾਲੀ ਦਲ ਨੇ ਭੂਮੀ ਗ੍ਰਹਿਣ ਬਿੱਲ ਬਾਰੇ ਸਾਂਝੀ ਸੰਸਦੀ ਕਮੇਟੀ (ਜੇ.ਪੀ.ਸੀ.) ਕੋਲ ਆਪਣਾ ਪੱਖ ਸਪੱਸ਼ਟ ਕਰ ਦਿੱਤਾ ਹੈ ਕਿ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਦੀ ਸਹਿਮਤੀ ਤੋਂ ਬਿਨਾਂ ਸਰਕਾਰ ਵੱਲੋਂ ਇਕ ਇੰਚ ਜ਼ਮੀਨ ਵੀ ਐਕੁਆਇਰ ਨਹੀਂ ਕੀਤੀ ਜਾਣੀ ਚਾਹੀਦੀ। ਅੱਜ ਇੱਥੇ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਸੰਸਦ ਮੈਂਬਰਾਂ ਵੱਲੋਂ ਸੰਯੁਕਤ ਕਮੇਟੀ ਦੇ ਚੇਅਰਮੈਨ ਨੂੰ ਪਹਿਲਾਂ ਹੀ ਯਾਦ ਪੱਤਰ ਸੌਂਪਿਆ ਜਾ ਚੁੱਕਾ ਹੈ ਜਿਸ ਵਿੱਚ ਇਹ ਪੱਖ ਰੱਖਿਆ ਗਿਆ ਹੈ ਕਿ ਜ਼ਮੀਨ ਕਿਸਾਨਾਂ ਦੀ ਅਣਮੋਲ ਜਾਇਦਾਦ ਹੈ ਜਿਸ ਕਰਕੇ

ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਸਰਕਾਰ ਵੱਲੋਂ ਜ਼ਮੀਨ ਐਕੁਆਇਰ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਜ਼ਮੀਨ ਨੂੰ ਜਨਤਕ ਖੇਤਰ ਵਾਲੇ ਪ੍ਰਾਜੈਕਟਾਂ ਲਈ ਐਕੁਆਇਰ ਕੀਤਾ ਜਾਵੇ ਅਤੇ ਸਰਕਾਰ ਵੱਲੋਂ ਪ੍ਰਾਈਵੇਟ ਲੋਕਾਂ ਲਈ ਜ਼ਮੀਨ ਐਕੁਆਇਰ ਨਹੀਂ ਕੀਤੀ ਜਾਣੀ ਚਾਹੀਦੀ। ਸ. ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਪਰਖੀ ਹੋਈ ਸਫਲ ਜ਼ਮੀਨ ਐਕੁਆਇਰ ਨੀਤੀ ਹੈ ਜਿਸ ਤਹਿਤ ਜਬਰੀ ਜ਼ਮੀਨ ਗ੍ਰਹਿਣ ਨਾ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਂਦਾ ਹੈ। ਜਿਸ ਵੇਲੇ ਵੀ ਜ਼ਮੀਨ ਐਕੁਆਇਰ ਕੀਤੀ ਜਾਣੀ ਹੋਵੇ ਤਾਂ ਉਸ ਵੇਲੇ ਕਿਸਾਨਾਂ ਜਾਂ ਜ਼ਮੀਨ ਮਾਲਕਾਂ ਦੇ ਹਿੱਤਾਂ ਦੀ ਰਾਖੀ ਨੂੰ ਤਰਜੀਹ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜ਼ਮੀਨ ਐਕੁਆਇਰ ਕਰਨ ਮੌਕੇ ਮਾਲਕਾਂ ਨੂੰ ਲੈਂਡ ਪੂਲਿੰਗ ਨੀਤੀ ਰਾਹੀਂ ਮਾਰਕੀਟ ਰੇਟ ਤੋਂ ਇਲਾਵਾ 30 ਫੀਸਦੀ ਉਜਾੜਾ ਭੱਤਾ ਅਤੇ ਤਜਵੀਜ਼ਤ ਪ੍ਰਾਜੈਕਟ ਵਿੱਚ ਹਿੱਸੇਦਾਰ ਬਣਨ ਦੀ ਖੁੱਲ੍ਹ ਦਿੱਤੀ ਜਾਂਦੀ ਹੈ।
     ਸ. ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੇਂਦਰ ਸਰਕਾਰ ਨੂੰ ਜ਼ੋਰ ਦੇ ਕੇ ਆਖਿਆ ਗਿਆ ਹੈ ਕਿ ਪੰਜਾਬ ਦੀ ਨੀਤੀ ਤਹਿਤ ਜ਼ਮੀਨ ਐਕੁਆਇਰ ਕਰਨ ਮੌਕੇ ਕਿਸਾਨਾਂ ਨੂੰ ਮਾਰਕੀਟ ਰੇਟ ਸਮੇਤ ਉਜਾੜਾ ਭੱਤਾ ਜਾਂ ਫਿਰ ਲੈਂਡ ਪੂਲਿੰਗ ਰਾਹੀਂ ਹਿੱਸੇਦਾਰ ਬਣਨ ਦੀ ਖੁੱਲ੍ਹ ਦਿੱਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਸ਼ਿਕਾਇਤ ਲਈ ਅਦਾਲਤ ਤੱਕ ਪਹੁੰਚ ਕਰਨ ਦੇ ਅਧਿਕਾਰ ਤੋਂ ਵੀ ਵਾਂਝਾ ਨਹੀਂ ਕਰਨਾ ਚਾਹੀਦਾ।
     ਮੁੱਖ ਮੰਤਰੀ ਨੇ ਕਿਹਾ ਕਿ ਐਕੁਆਇਰ ਕੀਤੀ ਜਾਣ ਵਾਲੀ ਜ਼ਮੀਨ ਦੇ ਮਾਰੀਕਟ ਰੇਟ ਤੈਅ ਕਰਨ ਮੌਕੇ ਸੂਬਿਆਂ ਨੂੰ ਖੁੱਲ੍ਹ ਦਿੱਤੀ ਜਾਣੀ ਚਾਹੀਦੀ ਹੈ ਅਤੇ ਇਹ ਕੀਮਤਾਂ ਸੂਬਾ ਸਰਕਾਰ, ਕੇਂਦਰ ਸਰਕਾਰ ਜਾਂ ਜਨਤਕ ਪ੍ਰਾਜੈਕਟਾਂ ਲਈ ਪ੍ਰਵਾਨਤ ਹੋਣ। ਮੁੱਖ ਮੰਤਰੀ ਨੇ ਕਿਹਾ ਕਿ ਜ਼ਮੀਨ ਐਕੁਆਇਰ ਬਾਰੇ ਕੌਮੀ ਨੀਤੀ ਨੂੰ ਅੰਤਮ ਰੂਪ ਦੇਣ ਮੌਕੇ ਪੰਜਾਬ ਦੇ ਮਾਡਲ ਨੂੰ ਅਪਣਾਉਣਾ ਚਾਹੀਦਾ ਹੈ।
ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਵਿੱਚ ਕਾਂਗਰਸ ਦੇ ਡਿਪਟੀ ਆਗੂ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਭਰ ਵਿੱਚ ਸ਼ੁਰੂ ਕੀਤੇ ‘ਜਨ ਸੰਪਰਕ’ ਪ੍ਰੋਗਰਾਮ ’ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੰਦਿਆਂ ਆਖਿਆ ਕਿ ਉਹ ਪੰਜਾਬ ਦੇ ਇਕ ਵੀ ਪਿੰਡ ਦਾ ਨਾਮ ਦੱਸਣ ਜਿੱਥੇ ਉਹ ਸਾਲ 2002-07 ਵਿੱਚ ਆਪਣੇ ਕਾਰਜਕਾਲ ਦੌਰਾਨ ਲੋਕਾਂ ਦੀਆਂ ਦੁੱਖ-ਤਕਲੀਫਾਂ ਸੁਣਨ ਗਏ ਹੋਣ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਸੰਗਤ ਦਰਸ਼ਨ ਪ੍ਰੋਗਰਾਮ ਹੀ ਪ੍ਰਭਾਵਸ਼ਾਲੀ ਵਸੀਲਾ ਹੈ ਜਿੱਥੇ ਸਥਾਨਕ ਪ੍ਰਸ਼ਾਸਨ ਦੀ ਹਾਜ਼ਰੀ ਵਿੱਚ ਸਾਰੇ ਮਸਲੇ ਮੌਕੇ ’ਤੇ ਹੱਲ ਹੋ ਜਾਂਦੇ ਹਨ।
ਸ. ਬਾਦਲ ਨੇ ਕਿਹਾ,‘‘ਸੰਗਤ ਦਰਸ਼ਨ ਪ੍ਰੋਗਰਾਮ ਦੋ-ਪਾਸੀਂ ਸੰਚਾਰ ਜ਼ਰੀਆ ਹੈ ਜਿਸ ਨਾਲ ਸ਼ਾਸਨ ਨੂੰ ਹੋਰ ਵਧੇਰੇ ਜੁਆਬਦੇਹ ਅਤੇ ਪਾਰਦਰਸ਼ਤਾ ਬਣਾਇਆ ਜਾ ਸਕਦਾ ਹੈ। ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤਾ ਜਨ ਸੰਪਰਕ ਪ੍ਰੋਗਰਾਮ ਜਿੱਥੇ ਆਪਣੇ ਨਿੱਜੀ ਸਿਆਸੀ ਮੁਫਾਦਾਂ ਨੂੰ ਉਭਾਰਨਾ ਹੈ, ਉਥੇ ਲੋਕਾਂ ਦੀਆਂ ਭਾਵਨਾਵਾਂ ਦਾ ਸ਼ੋਸ਼੍ਯਣ ਕਰਕੇ ਸੱਤਾ ਹਥਿਆਉਣਾ ਹੈ।’’
ਸ. ਬਾਦਲ ਨੇ ਕਿਹਾ,‘‘ਕੈਪਟਨ ਅਮਰਿੰਦਰ ਸਿੰਘ ਆਪਣੇ ਸੱਤਾਕਾਲ ਦੌਰਾਨ ਮੁੱਖ ਮੰਤਰੀ ਵਜੋਂ ਰਾਜੇ ਵਾਂਗ ਲੋਕਾਂ ’ਤੇ ਰਾਜ ਕਰਦੇ ਰਹੇ ਸਨ ਜਦਕਿ ਮੈਂ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਦੇ ਤੌਰ ’ਤੇ ਲੋਕ ਸੇਵਕ ਵਜੋਂ ਨਿਮਰਤਾ ਤੇ ਸਮਰਪਿਤ ਭਾਵਨਾ ਨਾਲ ਪੰਜਾਬ ਦੀ ਸੇਵਾ ਲਈ ਤਤਪਰ ਹਾਂ। ਮੈਂ ਆਪਣੇ ਆਖਰੀ ਸਾਹਾਂ ਤੱਕ ਸੰਜੀਦਗੀ, ਜੋਸ਼ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਦਾ ਰਹਾਂਗਾ।’’
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਵੱਲੋਂ ਉਨ੍ਹਾਂ ਪ੍ਰਤੀ ਦਿਖਾਏ ਪਿਆਰ ਤੇ ਸਨੇਹ ਲਈ ਉਹ ਬਾਗੋਬਾਗ ਹਨ ਜਿਸ ਨਾਲ ਉਨ੍ਹਾਂ ਨੂੰ ਆਪਣੀ ਪਾਰਟੀ ਦੇ ਮਿਸ਼ਨ ‘ਰਾਜ ਨਹੀਂ ਸੇਵਾ’ ਤਹਿਤ ਸਮੁੱਚਾ ਜੀਵਨ ਲੋਕਾਂ ਦੀ ਸੇਵਾ ਦੇ ਲੇਖੇ ਲਾਉਣ ਲਈ ਹੋਰ ਉਤਸ਼ਾਹਿਤ ਕਰਦਾ ਹੈ।
     ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਮਹਿਸੂਸ ਹੋਇਆ ਕਿ ਇਸ ਇਲਾਕੇ ਦੇ ਸਰਬਪੱਖੀ ਵਿਕਾਸ ਲਈ  ਅਜੇ ਬਹੁਤ ਕੁਝ ਕੀਤਾ ਜਾਣਾ ਹੈ ਤਾਂ ਕਿ ਹੇਠਲੇ ਪੱਧਰ ਤੱਕ ਵਿਕਾਸ ਦੀ ਝਲਕ ਪਵੇ।
ਉਨ੍ਹਾਂ ਐਲਾਨ ਕੀਤਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਸਾਂਝੇ ਤੌਰ ’ਤੇ ਵਿਆਪਕ ਅਧਿਐਨ ਕੀਤਾ ਜਾਵੇਗਾ ਤਾਂ ਕਿ ਸਾਰੇ ਵਰਗਾਂ ਤੇ ਖੇਤਰਾਂ ਦੇ ਵਿਕਾਸ ਨੂੰ ਪੜਾਅਵਾਰ ਯਕੀਨੀ ਬਣਾਇਆ ਜਾ ਸਕੇ।
     ਇਸ ਦੌਰਾਨ ਮੁੱਖ ਮੰਤਰੀ ਨੇ ਪਿੰਡ ਫਤਹਿਪੁਰ ਰਾਜਪੂਤਾ ਵਿਖੇ ਸ੍ਰੀ ਨਨਕਾਣਾ ਸਾਹਿਬ ਵਿਖੇ ਸ਼ਹੀਦ ਹੋਏ ਸੂਰਬੀਰਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਸ ਮੌਕੇ ਜੰਡਿਆਲਾ ਗੁਰੂ ਦੇ ਵਿਧਾਇਕ ਸ. ਬਲਜੀਤ ਸਿੰਘ ਜਲਾਲ ਉਸਮਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਡਾ. ਐਸ.ਕੇ. ਰਾਜੂ, ਸ੍ਰੀ ਏ.ਕੇ. ਮਿੱਤਲ ਡੀ.ਆਈ.ਜੀ (ਬਾਰਡਰ ਰੇਂਜ), ਸ੍ਰੀ ਪ੍ਰਦੀਪ ਸੱਭਰਵਾਲ ਡਿਪਟੀ ਕਮਿਸ਼ਨਰ, ਸ੍ਰੀ ਜਸਦੀਪ ਸਿੰਘ ਐਸ.ਐਸ.ਪੀ (ਦਿਹਾਤੀ), ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡਾਂ ਦੇ ਮੈਂਬਰ, ਸਰਪੰਚ ਤੇ ਲੋਕ ਵੱਡੀ ਗਿਣਤੀ ਵਿਚ ਹਾਜ਼ਰ ਸਨ।

WRITTEN BY