ਤਪਾ ਮੰਡੀ, 6 ਜੁਲਾਈ (ਖੁਸ਼ਦੀਪ ਗਰਗ, ਰੋਬਿਨ ਗੋਇਲ)- ਜ਼ਿਲ੍ਹਾ ਪੁਲਿਸ ਮੁਖੀ ਉਪਿੰਦਰਜੀਤ ਸਿੰਘ ਘੁੰਮਣ ਦੇ ਦਿਸ਼ਾ ਨਿਰਦੇਸ਼ਾਂ ’ਤੇ ਚੱਲਦਿਆਂ ਸ਼ਹਿਰ ਦੀ ਪੁਲਿਸ ਵੱਲੋਂ ਨਸ਼ੇ ਦੇ ਕਾਲੇ ਕਾਰੋਬਾਰ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਨਸ਼ੇ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਹਰ ਆਮ ਵਿਅਕਤੀ ਦਾ ਸਹਿਯੋਗ ਜ਼ਰੂਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਥਾਣਾ ਤਪਾ ਦੇ ਐਸ. ਐਚ. ਓ. ਮਲਕੀਤ ਸਿੰਘ ਚੀਮਾ ਨੇ ਸ਼ਹਿਰ ਦੇ ਨੇੜਲੇ ਪਿੰਡ ਘੁੰਨਸ ਵਿਖੇ ਇੱਕ ਮੀਟਿੰਗ ਦੌਰਾਨ ਹਾਜ਼ਰੀਨ ਪਿੰਡ ਨਿਵਾਸੀਆਂ, ਗ੍ਰਾਮ ਪੰਚਾਇਤ ਅਤੇ ਹੋਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹਰ ਇੱਕ ਨਾਗਰਿਕ ਦਾ ਮੁੱਢਲਾ ਫਰਜ ਬਣਦਾ ਹੈ ਕਿ ਉਹ ਪੁਲਿਸ ਵੱਲੋਂ ਚਲਾਈ ਇਸ ਮੁਹਿੰਮ ’ਚ ਆਪਣਾ ਯੋਗਦਾਨ ਪਾਵੇ। ਉਨ੍ਹਾਂ ਇਲਾਕੇ ਦੇ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਅਗਰ ਕਿਸੇ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਸੰਬੰਧੀ ਕੋਈ ਵੀ ਜਾਣਕਾਰੀ ਮਿਲਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ
ਕਰਕੇ ਦੱਸ ਸਕਦੇ ਹਨ ਅਤੇ ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਂਅ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਗੁਰਚਰਨ ਸਿੰਘ ਸਹਾਇਕ ਥਾਣੇਦਾਰ, ਸਰਪੰਚ ਗੁਰਮੁਖ ਸਿੰਘ, ਸਾਬਕਾ ਸਰਪੰਚ ਦਲੀਪ ਸਿੰਘ, ਸਰਪੰਚ ਬੇਅੰਤ ਸਿੰਘ, ਜੱਗਾ ਸਿੰਘ, ਪੰਚ ਭੋਲਾ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਤਵੰਤੇ ਵਿਅਕਤੀ ਹਾਜ਼ਰ ਸਨ।



