ਚੰਡੀਗੜ੍ਹ, 12 ਜੁਲਾਈ (ਨਾਗਪਾਲ)- ਪੰਜਾਬ ਨੂੰ ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਵਾਲਾ ਸੂਬਾ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਹ ਸੂਬੇ ਵਿੱਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਨੂੰ ਕਾਇਮ ਰੱਖਣ ਲਈ ਆਪਣੇ ਆਖਰੀ ਸਾਹਾਂ ਤੱਕ ਪਹਿਰਾ ਦਿੰਦੇ ਰਹਿਣਗੇ। ਅੱਜ ਚੰਡੀਗੜ੍ਹ ਪ੍ਰੈਸ ਕਲੱਬ ਦੇ 35ਵੇਂ ਸਥਾਪਨਾ ਦਿਵਸ ਮੌਕੇ ਕਲੱਬ ਦੇ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਤੇ ਆਪਸੀ ਭਾਈਚਾਰਾ ਬਣਾਈ ਰੱਖਣਾ ਉਨ੍ਹਾਂ ਦੀ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਉਨ੍ਹਾਂ ਨੇ ਇਨ੍ਹਾਂ ਵਿਸ਼ਵਾਸਾਂ ਦੀ ਸਦਾ ਹੀ ਸੰਜੀਦਗੀ ਤੇ ਵਚਨਬੱਧਤਾ ਨਾਲ ਪਾਲਣਾ ਕੀਤੀ ਹੈ ਕਿਉਂਕਿ ਇਹ ਸੂਬੇ ਦੇ ਸਮੁੱਚੇ
ਵਿਕਾਸ ਤੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਸਲ ਬੁਨਿਆਦ ਹਨ। ਭਾਰਤੀ ਸਿਆਸਤ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਇਕ ਧਰਮ ਨਿਰਪੱਖ ਪਾਰਟੀ ਵਾਲੀ ਦਿੱਖ ਦੀ ਗੱਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਦੀ ਟਿਕਟ ’ਤੇ 9 ਹਿੰਦੂ, ਇਕ ਮੁਸਲਮਾਨ ਤੇ ਅਨੁਸੂਚਿਤ ਜਾਤੀਆਂ ਦੇ 22 ਉਮੀਦਵਾਰ ਜਿੱਤੇ ਸਨ। ਇਕ ਹੋਰ ਮੁੱਦੇ ਦੇ ਸਬੰਧ ਵਿੱਚ ਸ. ਬਾਦਲ ਨੇ ਸਪੱਸ਼ਟ ਕੀਤਾ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਤੇ ਗੁਰਦੀਪ ਸਿੰਘ ਖਹਿਰਾ ਨੂੰ ਤਬਦੀਲ ਕਰਨ ਨਾਲ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਕੋਈ ਖਤਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧ ਵਿੱਚ ਕਾਨੂੰਨ ਦੇ ਘੇਰੇ ਵਿੱਚ ਰਹਿੰਦੇ ਹੋਏ ਭਾਰਤ ਸਰਕਾਰ ਵੱਲੋਂ ਤਿਆਰ ਕੀਤੇ ਸਮੁੱਚੇ ਢੰਗ ਤਰੀਕਿਆਂ ਦਾ ਅਨੁਸਰਨ ਕੀਤਾ ਅਤੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀ ਅਗਾਊ ਸਹਿਮਤੀ ਲਈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸਖਤ ਜਦੋ-ਜਹਿਦ ਨਾਲ ਸ਼ਾਂਤੀ ਲਿਆਂਦੀ ਗਈ ਹੈ ਅਤੇ ਇਸ ਨੂੰ ਕਿਸੇ ਵੀ ਤਰ੍ਹਾਂ ਦੀ ਚੁਣੌਤੀ ਹੋਣ ਦੀਆਂ ਸ਼ੰਕਾਵਾਂ ਅਧਾਰਹੀਣ ਹਨ। ਉਨ੍ਹਾਂ ਨੇ ਪੱਤਰਕਾਰਾਂ ਨੂੰ ਅਜਿਹੇ ਨਾਜ਼ੁਕ ਮੁੱਦਿਆਂ ਬਾਰੇ ਰਿਪੋਰਟਿੰਗ ਕਰਦੇ ਸਮੇਂ ਸੰਕੋਚ ਵਰਤਣ ਅਤੇ ਕਿਸੇ ਵੀ ਤਰ੍ਹਾਂ ਮੁੱਦਿਆਂ ਨੂੰ ਵਧਾ ਚੜਾ ਕੇ ਪੇਸ਼ ਨਾ ਕਰਨ ਲਈ ਆਖਿਆ ਹੈ। ਉਨ੍ਹਾਂ ਨੇ ਪੱਤਰਕਾਰਾਂ ਨੂੰ ਬਿਨ੍ਹਾਂ ਕਿਸੇ ਪੱਖ ਪਾਤ ਤੋਂ ਉਸਾਰੂ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਪੱਤਰਕਾਰੀ ਬਾਹਰਮੁਖੀ ਅਤੇ ਠੋਸ ਤੱਥਾਂ ਅਧਾਰਤ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਪੱਤਰਕਾਰਾਂ ਨੂੰ ਪੱਤਰਕਾਰੀ ਦੇ ਇਨ੍ਹਾਂ ਅਸੂਲਾਂ ਉਤੇ ਪਹਿਰਾ ਦੇਣ ਲਈ ਕਿਹਾ। ਸ. ਬਾਦਲ ਨੇ ਕਿਹਾ ਕਿ ਪੱਤਰਕਾਰਾਂ ਦੇ ਪੱਖ ਤੋਂ ਸੰਤੁਲਤ ਅਤੇ ਬਾਹਰਮੁਖੀ ਪੱਤਰਕਾਰੀ ਦੇ ਰਾਹ ਤੋਂ ਪਾਸੇ ਜਾਣ ਦਾ ਰੁਝਾਨ ਸਮਾਜ ਵਿਚ ਅਸਥਿਰਤਾ ਅਤੇ ਗੜਬੜੀ ਵਾਲਾ ਮਾਹੌਲ ਪੈਦਾ ਕਰਦਾ ਹੈ ਅਤੇ ਇਸ ਦੇ ਨਾਲ ਹੀ ਲੋਕਾਂ ਦੇ ਵਿਸ਼ਵਾਸ਼ ਅਤੇ ਭਰੋਸੇਯੋਗਤਾ ਨੂੰ ਢਾਹ ਲਗਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਗੱਲਾਂ ਤੋਂ ਲਾਜਮੀ ਤੌਰ ’ਤੇ ਬਚਿਆ ਜਾਣਾ ਚਾਹੀਦਾ ਹੈ।
ਸ਼੍ਰੋਮਣੀ ਅਕਾਲੀ ਦਲ-ਭਾਜਪਾ ਵਿੱਚ ਕਥਿਤ ਤੌਰ ’ਤੇ ਤਨਾਅ ਪੂਰਨ ਸਬੰਧਾਂ ਦੇ ਸ਼ੰਕਿਆਂ ਦੇ ਸਬੰਧ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਦੋਵਾਂ ਪਾਰਟੀਆਂ ਵਿਚ ਪੂਰੀ ਤਰ੍ਹਾਂ ਮਿੱਤਰਤਾਪੂਰਨ ਸਬੰਧ ਹਨ ਅਤੇ ਇਹ ਗਠਜੋੜ ਹਮੇਸ਼ਾ ਹੀ ਚਲਦਾ ਰਹੇਗਾ। ਉਨ੍ਹਾਂ ਕਿਹਾ ਕਿ ਇਸ ਗਠਜੋੜ ਦੇ ਟੁੱਟਣ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ ਅਤੇ 2017 ਦੀਆਂ ਵਿਧਾਨ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਮਿਲ ਕੇ ਲੜੀਆਂ ਜਾਣਗੀਆਂ। ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਚੋਣਾਂ ਦੌਰਾਨ ਚੁਣੌਤੀ ਦੇ ਸਬੰਧ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਚੋਣਾਂ ਦੀ ਭਵਿੱਖਬਾਣੀ ਨਹੀਂ ਕਰ ਸਕਦਾ ਪਰ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੀ ਸ਼ਾਨਦਾਰ ਕਾਰਗੁਜਾਰੀ ਦੇ ਕਾਰਨ ਉਨ੍ਹਾਂ ਨੂੰ ਭਰੋਸਾ ਹੈ ਕਿ 2017 ਦੀਆਂ ਸੂਬਾਈ ਚੋਣਾਂ ਦੌਰਾਨ ਉਨ੍ਹਾਂ ਦੀ ਸ਼ਾਨਦਾਰ ਜਿੱਤ ਹੋਵੇਗੀ।
ਬਾਦਲ ਵਲੋਂ ਪੰਜ ਵਾਰ ਮੁੱਖ ਮੰਤਰੀ ਬਣਨ ਅਤੇ ਇਸ ਅਹੁਦੇ ’ਤੇ ¦ਮਾ ਸਮਾਂ ਰਹਿਣ ਦੇ ਪੁੱਛੇ ਕਾਰਨਾਂ ਦੇ ਸਬੰਧ ਵਿਚ ਉਨ੍ਹਾਂ ਕਿਹਾ ਕਿ ਇਹ ਸਭ ਅਕਾਲ ਪੁਰਖ ਦੀ ਮਿਹਰ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵਲੋਂ ਦਿਖਾਏ ਗਏ ਅਥਾਹ ਪਿਆਰ ਅਤੇ ਸਨੇਹ ਦੇ ਕਾਰਨ ਅਜਿਹਾ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਸਦਾ ਹੀ ਪਾਰਟੀ ਪ੍ਰਤੀ ਸੰਜੀਦਾ ਰਹੇ ਹਨ ਅਤੇ ਇਮਾਨਦਾਰੀ ਅਤੇ ਸਮਰਪਣ ਦੀ ਭਾਵਨਾ ਨਾਲ ਪਾਰਟੀ ਦਾ ਕੰਮ ਕੀਤਾ ਹੈ ਜਿਸ ਦੀ ਬਦੌਲਤ ਉਹ ਅੱਜ ਇਸ ਮੁਕਾਮ ’ਤੇ ਹਨ।
ਪੱਤਰਕਾਰਾਂ ਨੂੰ ਵਿਕਾਸ ਸਰਗਰਮੀਆਂ ਅਤੇ ਲੋਕ ਭਲਾਈ ਸਕੀਮਾਂ ਨੂੰ ਆਪਣੀ ਰਿਪੋਰਟਿੰਗ ਦਾ ਹਿੱਸਾ ਬਣਾਉਣ ਦੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਰਾਸ਼ਟਰੀ ਅਤੇ ਖੇਤਰੀ ਅਖਬਾਰਾਂ ਦੇ ਸੰਪਾਦਕਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਆਪਣੀਆਂ ਅਖਬਾਰਾਂ ਦੇ ਘੱਟੋ ਘੱਟ ਇੱਕ ਜਾਂ ਦੋ ਪੰਨੇ ਖੇਤੀਬਾੜੀ, ਸਿੱਖਿਆ ਅਤੇ ਸਿਹਤ ਵਰਗੇ ਮੁੱਦਿਆਂ ਨਾਲ ਸਬੰਧਤ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਲਈ ਸਮਰਪਤ ਕਰਨ। ਉਨ੍ਹਾਂ ਕਿਹਾ ਕਿ ‘ਵਿਕਾਸ ਪੱਤਰਕਾਰੀ’ ਨੂੰ ਹੋਰਨਾਂ ਮੁੱਦਿਆਂ ’ਤੇ ਬੜ੍ਹਤ ਦੇਣੀ ਚਾਹੀਦੀ ਹੈ। ਇਸ ਤੋਂ ਪਹਿਲਾਂ ਪੱਤਰਕਾਰੀ ਭਾਈਚਾਰੇ ਦੀ ਤਰਫੋਂ ਚੰਡੀਗੜ੍ਹ ਪ੍ਰੈਸ ਕਲੱਬ ਦੇ ਪ੍ਰਧਾਨ ਸ੍ਰੀ ਬਲਵਿੰਦਰ ਸਿੰਘ ਜੰਮੂ ਵੱਲੋਂ ਮਾਸਕ ਪੈਨਸ਼ਨ, ਹਸਪਤਾਲ ਦੀ ਬਿਨ ਨਗਦੀ ਸਹੂਲਤ, ਰੋਡਵੇਜ਼ ਦੀਆਂ ਬੱਸਾਂ ਦੀਆਂ ਸਾਰੀਆਂ ਸ਼੍ਰੇਣੀਆਂ ਵਿਚ ਮੁਫਤ ਸਫਰ ਦੀ ਸਹੂਲਤ, ਸੂਬਾ ਸਰਕਾਰ ਦੀਆਂ ਹਾਊਸਿੰਗ ਸਕੀਮਾਂ/ਪ੍ਰਾਜੈਕਟਾਂ ਵਿਚ ਪਲਾਟਾਂ/ਅਪਾਰਟਮੈਂਟਾਂ ਦੀ ਅਲਾਟਮੈਂਟ ਵਾਸਤੇ ਪੱਤਰਕਾਰਾਂ ਦਾ ਕੋਟਾ ਨਿਰਧਾਰਤ ਕਰਨ ਸਬੰਧੀ ਮੰਗਾਂ ਪੇਸ਼ ਕੀਤੀਆਂ।
ਸ. ਬਾਦਲ ਨੇ ਇਨ੍ਹਾਂ ਮੰਗਾਂ ਬਾਰੇ ਅੰਤਿਮ ਫੈਸਲਾ ਲੈਣ ਤੋਂ ਪਹਿਲਾਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਨੂੰ ਪ੍ਰੈਸ ਕਲੱਬ ਦੇ ਮੈਂਬਰਾਂ ਦੇ ਨਾਲ ਰੂਪ ਰੇਖਾ ਤਿਆਰ ਕਰਨ ਲਈ ਆਖਿਆ ਹੈ।
ਮੁੱਖ ਮੰਤਰੀ ਨੇ ‘ਐਡਵੋਕੇਟ ਭਲਾਈ ਫੰਡ’ ਦੀ ਤਰਜ਼ ਉਤੇ ਪੱਤਰਕਾਰਾਂ ਦੀ ਭਲਾਈ ਲਈ ਸਮਰਪਤ ਫੰਡ ਪੈਦਾ ਕਰਨ ਦਾ ਸੁਝਾਅ ਦਿੱਤਾ ਜਿਸ ਵਿਚ ਸੂਬਾ ਸਰਕਾਰ ਵੀ ਬਰਾਬਰ ਦਾ ਹਿੱਸਾ ਪਾਵੇਗੀ। ਇਸ ਮੌਕੇ ਮੁੱਖ ਮੰਤਰੀ ਨੇ ਪ੍ਰੈਸ ਕਲੱਬ ਨੂੰ 25 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਰਾਸ਼ਟਰੀ ਮਾਮਲਿਆਂ ਅਤੇ ਮੀਡੀਆ ਸਲਾਹਕਾਰ ਸ੍ਰੀ ਹਰਚਰਨ ਬੈਂਸ ਸਨ। ਇਸ ਦੌਰਾਨ ਪ੍ਰੈਸ ਕਲੱਬ ਦੇ ਪ੍ਰਧਾਨ ਸ੍ਰੀ ਬਲਵਿੰਦਰ ਸਿੰਘ ਜੰਮੂ ਅਤੇ ਸਕੱਤਰ ਸ੍ਰੀ ਨਲਿਨ ਅਚਾਰਿਆ ਨੇ ਪ੍ਰੋਗਰਾਮ ਦੀ ਕਾਰਵਾਈ ਚਲਾਈ। ਇਸ ਮੌਕੇ ਹਾਜਰ ਹੋਰਨਾਂ ਵਿਚ ਉਪ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਜੰਗਵੀਰ ਸਿੰਘ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀ ਰਾਹੁਲ ਤਿਵਾੜੀ ਵੀ ਹਾਜ਼ਰ ਸਨ।



